ਬਟਾਲਾ: ਬਟਾਲਾ ਪੁਲਿਸ ਅਧੀਨ ਪੈਂਦੇ ਸਰਹੱਦੀ ਪਿੰਡ ਹਰੂਵਾਲ ‘ਚ ਫ਼ਸਲ ਦੀ ਕਟਾਈ ਤੋਂ ਬਾਅਦ ਸਰਚ ਅਭਿਆਨ ਦੌਰਾਨ ਪੁਲਿਸ ਨੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ.ਪੰਜਾਬ ਗੌਰਵ ਯਾਦਵ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਰੂਵਾਲ ‘ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਸਬੰਧੀ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਹਰੂਵਾਲ `ਚ ਝੋਨੇ ਦੀ ਫ਼ਸਲ ਦੀ ਕੱਟਾਈ ਹੋਣ ਤੋਂ ਬਾਅਦ ਜਦੋਂ ਪੁਲਿਸ ਵੱਲੋਂ ਇੱਕ ਵਾਰ ਫਿਰ ਤੋਂ ਇਲਾਕੇ ‘ਚ ਸਰਚ ਅਭਿਆਨ ਚਲਾਇਆ ਗਿਆ ਤਾਂ ਪੁਲਿਸ ਨੂੰ ਖੇਤ ‘ਚੋਂ ਇੱਕ ਲਿਫ਼ਾਫਾ ਮਿਲਿਆ। ਜਿਸ ‘ਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਹੈਰੋਇਨ ਨੂੰ ਕਬਜ਼ੇ ‘ਚ ਲੈ ਕੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਮੁਕੱਦਮਾ ਨੰ. 134 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰ ਦਿੱਤਾ ਹੈ।
– ACTION PUNJAB NEWS