Chandigarh News: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਸਮਾਂਬੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ, ਜਿਨ੍ਹਾਂ ਦੀ ਕਣਕ ਦੀ ਫ਼ਸਲ ਹਾਲ ਹੀ ਵਿੱਚ ਪਏ ਮੀਂਹ ਕਾਰਨ ਨੁਕਸਾਨੀ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਅੰਤਰਿਮ ਰਾਹਤ ਦੇਣ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ ਜਦੋਂ ਤੱਕ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਅਸਲ ਮੁਆਵਜ਼ਾ ਨਹੀਂ ਮਿਲ ਜਾਂਦਾ, ਜਿਸ ਵਿੱਚ ਕੁਝ ਸਮਾਂ ਲੱਗਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 15,000 ਰੁਪਏ ਦਾ ਮੁਆਵਜ਼ਾ ਵੀ ਬਹੁਤ ਘੱਟ ਹੈ ਕਿਉਂਕਿ ਕਿਸਾਨਾਂ ਦਾ ਨੁਕਸਾਨ ਬਹੁਤ ਜ਼ਿਆਦਾ ਹੈ ਅਤੇ ਮੰਗ ਕੀਤੀ ਕਿ ਮੁਆਵਜ਼ਾ ਘੱਟੋ-ਘੱਟ 30,000 ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬੇਮੌਸਮੀ ਮੀਂਹ ਨੇ ਸੂਬੇ ਭਰ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੈਦਾਵਾਰ ‘ਤੇ ਵੀ ਅਸਰ ਪਵੇਗਾ ਅਤੇ ਅੰਤ ‘ਚ ਉਨ੍ਹਾਂ ਕਿਸਾਨਾਂ ਦੀ ਆਮਦਨ ‘ਤੇ ਵੀ ਅਸਰ ਪਵੇਗਾ ਜੋ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਦੱਸਦੀਆਂ ਹਨ ਕਿ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ।
“ਇਸਦਾ ਮਤਲਬ ਹੈ ਕਿ ਇਸ ਵਿੱਚ ਹੋਰ ਸਮਾਂ ਲੱਗੇਗਾ ਅਤੇ ਉਦੋਂ ਤੱਕ ਕਿਸਾਨਾਂ ਨੂੰ ਕੁਝ ਅੰਤਰਿਮ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਅਗਲੀ ਫਸਲ ਬੀਜਣ ਅਤੇ ਰੋਜ਼ਾਨਾ ਦੇ ਕੰਮਾਂ ਨੂੰ ਸੰਭਾਲ ਸਕਣ”, ਉਨ੍ਹਾਂ ਨੇ ਸਰਕਾਰ ਨੂੰ ਰਾਹਤ ਉਪਾਅ ਪ੍ਰਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ।
– ACTION PUNJAB NEWS