ਚੰਡੀਗੜ੍ਹ: ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।ਜਾਣਕਾਰੀ ਅਨੁਸਾਰ ਵਿਧਾਇਕ ਗੱਜਣਮਾਜਰਾ ਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ। ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਲ ਹੋ ਸਕਦਾ ਹੈ।
ਈਡੀ ਨੇ ਦਾਅਵਾ ਕੀਤਾ ਹੈ ਕਿ ਜਿਸ ਮੰਤਵ ਲਈ ਕਰਜ਼ਾ ਲਿਆ ਗਿਆ ਸੀ, ਉਸ ਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਸੂਤਰਾਂ ਮੁਤਾਬਕ ਵਿਧਾਇਕ ਤਾਰਾ ਕਾਰਪੋਰੇਸ਼ਨ ਨਾਂ ਦੀ ਕੰਪਨੀ ਵਿੱਚ ਡਾਇਰੈਕਟਰ ਹੈ।
ਉੱਥੇ ਹੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਦੀ ਸਿਹਤ ਵਿਗੜ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ PGI ਵਿੱਚ ਭਰਤੀ ਕਰਵਾਇਆ ਗਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਵਿਧਾਇਕ ਦਾ ਜਲੰਧਰ ਵਿੱਚ ਮੈਡੀਕਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਪਿੱਛੋਂ ਵਿਧਾਇਕ ਨੂੰ ਰਾਤ 2 ਵਜੇ ਈਡੀ ਅਧਿਕਾਰੀਆਂ ਵੱਲੋਂ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।
ਈਡੀ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਹਿਲਾਂ ਵੀ ਕਈ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਪੇਸ਼ ਨਹੀਂ ਹੋਏ। ਈਡੀ ਅਧਿਕਾਰੀ ਨੋਟਿਸ ਲੈ ਕੇ ਗਏ ਸਨ। ਅਧਿਕਾਰੀਆਂ ਨੇ ਦੋਸ਼ ਲਾਇਆ ਕਿ ਵਿਧਾਇਕ ਪੁੱਛਗਿੱਛ ਵਿੱਚ ਸਹਿਯੋਗ ਤੋਂ ਇਨਕਾਰੀ ਕਰ ਰਿਹਾ ਹੈ। ਈਡੀ ਵੱਲੋਂ ਪਹਿਲਾਂ ਵੀ ਵਿਧਾਇਕ ਗੱਜਣਮਾਜਰਾ ਦੇ ਵੱਖ-ਵੱਖ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਚੁੱਕੇ ਹਨ।
– ACTION PUNJAB NEWS