Saturday, December 9, 2023
More

    Latest Posts

    ਗੁਰੂ ਕੀਆਂ ਲਾਡਲੀਆਂ ਫੌਜਾਂ ਵਲੋਂ ਸਿੱਖ ਮਾਰਸ਼ਲ ਆਰਟ ਦੇ ਜੰਗਜੂ ਕਰਤਬਾਂ ਦਾ ਕੀਤਾ ਗਿਆ ਪ੍ਰਦਰਸ਼ਨ/Sikh martial arts performed by beloved nihang singh army of Guru Gobind Singh | ਧਰਮ ਅਤੇ ਵਿਰਾਸਤ | ActionPunjab


    ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਗਾਰਿਆਂ ਦੀ ਛਤਰ ਛਾਇਆ ਹੇਠ ਰਵਾਇਤੀ ਮਹੱਲਾ ਸਜਾਇਆ ਗਿਆ।  

    ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਤੋਂ ਅਰਦਾਸ ਉਪਰੰਤ ਮਹੱਲਾ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਇਸ ਤੋਂ ਪਹਿਲਾਂ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਯਾਦਾ ਮੁਤਾਬਕ ਗੁਰਦੁਆਰਾ ਮੱਲ ਅਖਾੜਾ ਵਿਖੇ ਆਖੰਡ ਪਾਠਾਂ ਦੇ ਭੋਗ ਪਾਏ ਗਏ। 

    ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਅਤੇ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ।

    ਬੁੱਢਾ ਦਲ ਦੇ ਹੈੱਡ ਗ੍ਰੰਥੀ ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸੁੰਦਰ ਫੁਲਹਾਰਾਂ ਨਾਲ ਸਿੰਗਾਰਿਆਂ ਗਿਆ ਸੀ। ਮਹੱਲੇ ਵਿਚ ਸ਼ਾਮਲ ਹੋਣ ਲਈ ਪੁਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਾਰੀਆਂ ਆਈਆਂ ਸੰਗਤਾਂ ਸਮੇਤ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਰਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ।

    ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਅਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। 

    ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਗੁਰਦੁਆਰਾ ਸ਼ਹੀਦਗੰਜ ਰੇਲਵੇ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ। ਜਿਥੇ ਘੋੜਿਆਂ ਦੀ ਦੌੜ ਤੇ ਨਿਹੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ। ਢੋਲ-ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ।

    ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਸ਼ਹੀਦ ਮਿਸਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ ਸਮੇਤ ਅਨੇਕਾਂ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਿਰ ਸਨ।

    ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।
    ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ-ਜਥੇਦਾਰ ਗਿਆਨੀ ਰਘਬੀਰ ਸਿੰਘ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.