ਜ਼ੀਰਾ: ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਵਿਖੇ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਦੇ ਦੋ ਛੋਟੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਕੇ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਦੋਵੇਂ ਬੱਚਿਆਂ ਦਾ ਪਿਤਾ ਇੱਕ ਭੱਠੇ ‘ਤੇ ਪ੍ਰਵਾਸੀ ਮਜ਼ਦੂਰ ਵਜੋਂ ਕੰਮ ਕਰਦਾ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰ ਯੂ.ਪੀ. ਤੋਂ ਪੰਜਾਬ ‘ਚ ਕੰਮ ਲਈ ਆਇਆ ਸੀ। ਜਿੱਥੇ ਪਿਤਾ ਜ਼ੀਰਾ ਵਿਖੇ ਇੱਟਾਂ ਬਣਾਉਣ ਵਾਲੇ ਭੱਠੇ ‘ਤੇ ਕੰਮ ਕਰਦਾ ਹੈ।
ਦੱਸ ਦੇਈਏ ਕਿ ਲੰਘੇ ਦਿਨ ਉਸਦੇ ਦੋ ਛੋਟੇ ਬੱਚੇ, ਜੋ ਕਿ ਆਪਣੀ ਮਾਸੀ ਨੂੰ ਕਿਸੇ ਹੋਰ ਖੇਤ ਵਿੱਚ ਮਿਲਣ ਲਈ ਜਾ ਰਹੇ ਸਨ, ‘ਤੇ ਰਸਤੇ ਵਿੱਚ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਇੱਕ ਲੜਕੇ ਦੇ ਟੁਕੜੇ-ਟੁਕੜੇ ਕਰ ਦਿੱਤੇ ਅਤੇ ਦੂਜੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਜਿਸਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਕੁੱਤੇ ਨੇ ਵੱਢਿਆ ਤਾਂ ਮਿਲੇਗਾ 10 ਹਜ਼ਾਰ ਰੁਪਏ ਦਾ ਮੁਆਵਜ਼ਾ, ਹਾਈਕੋਰਟ ਦਾ ਅਹਿਮ ਫੈਸਲਾ
ਪੀੜਤ ਪਿਤਾ ਨੇ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੀ ਕਿਸੇ ਨਾ ਕਿਸੇ ਤਰ੍ਹਾਂ ਮਦਦ ਜ਼ਰੂਰ ਕਰੇ। ਦੂਜੇ ਪਾਸੇ ਇਸ ਘਟਨਾ ਸਬੰਧੀ ਕਿਸਾਨ ਆਗੂ ਮੰਗਲ ਸਿੰਘ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾਵੇ ਕਿਉਂਕਿ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਜ਼ਦੂਰ ਦੀ ਮਦਦ ਕਰਨੀ ਚਾਹੀਦੀ ਹੈ।
– ACTION PUNJAB NEWS