Saturday, September 21, 2024
More

    Latest Posts

    ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ | ਮੁੱਖ ਖਬਰਾਂ | Action Punjab


    ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ। ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ, ਜਨਰਲ ਪ੍ਰਬੰਧਕ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਅਤੇ ਇੰਚਾਰਜ  ਮਲਕੀਤ ਸਿੰਘ ਬਹਿੜਵਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।

    ਇਸ ਮੌਕੇ ਜਥੇ ਦੇ ਆਗੂ ਖੁਸ਼ਵਿੰਦਰ ਸਿੰਘ ਭਾਟੀਆ ਨੇ ਆਖਿਆ ਕਿ ਭਾਵੇਂ ਪੂਰੀ ਦੁਨੀਆਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਸਜਾਏ ਜਾਂਦੇ ਹਨ, ਪਰੰਤੂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਦਾ ਹਿੱਸਾ ਬਣਨਾ ਸ਼ਰਧਾਲੂਆਂ ਲਈ ਸੁਭਾਗੇ ਪਲ ਹਨ। ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜੇ ਦੇਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਨਹੀਂ ਲਗਦੇ ਉਨ੍ਹਾਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ। ਭਾਟੀਆ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ 1684 ਸ਼ਰਧਾਲੂਆਂ ਵਿੱਚੋਂ 788 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਸ਼ਰਧਾਲੂਆਂ ਦੇ ਮਨਾਂ ਵਿਚ ਰੋਸ ਹੈ।

    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗਿਆ ਜਥਾ ਪਾਕਿਸਤਾਨ ਸਥਿਤ ਹੋਰਨਾਂ ਇਤਿਹਾਸਕ ਗੁਰ-ਅਸਥਾਨਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖੂਪੁਰਾ) ਵਿਖੇ ਨਤਮਸਤਕ ਹੋਵੇਗਾ। 27 ਨਵੰਬਰ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਸਮੇਂ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ 29 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਸਨ ਅਬਦਾਲ ਲਈ ਜਾਣਗੇ ਅਤੇ 30 ਨਵੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪਹੁੰਚੇਗਾ। 2 ਦਸੰਬਰ ਨੂੰ ਸੰਗਤਾਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਸ਼ਾਮ ਨੂੰ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਵਾਪਸ ਪਰਤ ਆਵੇਗਾ। 3 ਦਸੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਰੁਕੇਗਾ, ਜਿਥੋਂ 4 ਦਸੰਬਰ ਨੂੰ ਜਥੇ ਦੀ ਭਾਰਤ ਵਾਪਸੀ ਹੋਵੇਗੀ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.