ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿੱਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।
ਜਾਰੀ ਇੱਕ ਬਿਆਨ ਵਿੱਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ ’ਤੇ ਮਨਾਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਤਾਂ ਕੋਰੋਨਾ ਦੌਰਾਨ ਵੀ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾਂਦੀ ਰਹੀ ਹੈ। ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹੀ ਇਹ ਸੇਵਾ ਜਾਰੀ ਰਹੀ, ਪਰੰਤੂ ਹੁਣ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ਦੀ ਗੱਲ ਆਖੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰਾਂ ਵਿੱਚ ਲੰਗਰ ਸਮੇਂ ਪੂਰੀ ਤਰ੍ਹਾਂ ਸਾਫ਼ ਸਫ਼ਾਈ ਰੱਖੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਖੁੱਲ੍ਹ ਦੇਣ ਦਾ ਫ਼ੈਸਲਾ ਤਾਂ ਸਵਾਗਤਯੋਗ ਹੈ ਪਰ ਲੰਗਰ ਤੇ ਕੜਾਹ ਪ੍ਰਸ਼ਾਦ ਦੀ ਮਨਾਹੀ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਕੀਤੀ ਜਾਵੇ। ਉਨ੍ਹਾਂ ਅਖਿਆ ਕਿ ਇਸ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਦੀ ਤਰਜ਼ਮਾਨੀ ਹੋਣੀ ਚਾਹੀਦੀ ਹੈ।