ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ (Ape Guru Chela) ਨਗਰ ਕੀਰਤਨ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਵਿਖੇ ਰਾਤਰੀ ਵਿਸ਼ਰਾਮ ਕਰਨ ਉਪਰੰਤ ਖਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਭਾਈ ਅਮਰਜੀਤ ਸਿੰਘ ਚਾਵਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।
ਨਗਰ ਕੀਰਤਨ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਤੋਂ ਚਲ ਕੇ ਡੇਲਿਆਂਵਾਲੀ, ਰਾਮੇਆਣਾ, ਫਰੀਦਕੋਟ, ਮੱਲਣ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਾ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ। ਰਸਤੇ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਸੁੰਦਰ ਗੇਟ ਬਣਾਏ ਗਏ ਸਨ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਗਏ। ਸੰਗਤਾਂ ਵੱਲੋਂ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਨਗਰ ਕੀਰਤਨ ਨਾਲ ਚਲ ਰਹੀ ਸ਼ਸ਼ਤਰਾਂ ਵਾਲੀ ਬਸ ਵਿੱਚ ਸ਼ਸ਼ੋਭਿਤ ਗੁਰੂ ਸਾਹਿਬ ਦੇ ਸ਼ਸ਼ਤਰਾਂ ਦੇ ਵੀ ਸੰਗਤ ਨੇ ਉਤਸ਼ਾਹ ਨਾਲ ਦਰਸ਼ਨ ਕੀਤੇ।
ਦੱਸਣਯੋਗ ਹੈ ਕਿ ਆਪੇ ਗੁਰੁ ਚੇਲਾ ਨਗਰ ਕੀਰਤਨ 15 ਜਨਵਰੀ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਲਈ ਰਵਾਨਾ ਹੋਵੇਗਾ।