ਚੰਡੀਗੜ੍ਹ/ਅੰਮ੍ਰਿਤਸਰ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਦਿੱਲੀ ਦੀ ਤਰਜ਼ ‘ਤੇ ਖੋਲ੍ਹੇ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਅਤੇ ਅੱਜ ਵੀ ਮੁੱਖ ਮੰਤਰੀ ਵੱਲੋਂ ਦਾਅਵਾ ਕੀਤਾ ਗਿਆ ਕਿ ਇੱਕ ਕਰੋੜ ਲੋਕ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ, ਪਰ ਇਨ੍ਹਾਂ ਦਾਅਵਿਆਂ ਦੀ ਪੋਲ ਖੁਦ ਆਮ ਆਦਮੀ ਦੇ ਕਲੀਨਿਕ ਖੋਲ੍ਹ ਰਹੇ ਹਨ। ਅੰਮ੍ਰਿਤਸਰ ‘ਚ ਆਮ ਆਦਮੀ ਕਲੀਨਿਕ ਦਾ ਹਾਲ ਕੁੱਝ ਅਜਿਹਾ ਹੈ ਕਿ ਇਹ ਖੁਦ ਬਿਮਾਰ ਹੋਇਆ ਪਿਆ ਹੈ, ਜਿਸ ‘ਚ ਕੰਮ ਕਰਦੇ ਮੁਲਾਜ਼ਮਾਂ ਨੂੰ 4 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਉਨ੍ਹਾਂ ਦੀ ਹਾਲਤ ਇਹ ਹੈ ਕਿ ਉਧਾਰ ਲੈ ਕੇ ਖਾ ਰਹੇ ਹਨ।
ਆਮ ਆਦਮੀ ਕਲੀਨਿਕ ‘ਚ ਕੰਮ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਦੇ ਵਿੱਚ ਕੰਮ ਕਰ ਰਹੇ ਸਲੀਪਰ ਤੇ ਹੈਲਪਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸਦੇ ਚਲਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਪੰਜਾਬ ਸਰਕਾਰ ਬੜੇ ਦਾਅਵੇ ਕੀਤੇ ਸਨ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਪਰ ਹੁਣ ਤੱਕ ਉਨ੍ਹਾਂ ਨੂੰ ਚਾਰ ਮਹੀਨੇ ਤੋਂ ਤਨਖਾਹਾਂ ਹੀ ਨਹੀਂ ਮਿਲ ਰਹੀਆਂ, ਜਿਸਦੇ ਚਲਦੇ ਸਾਡੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਕੋਲ ਪੈਸੇ ਫੜ-ਫੜ ਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਾਂ ਪਰ ਕਿੰਨਾ ਚਿਰ ਇਹ ਕੰਮ ਚੱਲੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇਣ ਦਾ ਲਾਭ ਵੀ ਤਾਂ ਹੀ ਹੋਵੇਗਾ, ਜੇਕਰ ਉਨ੍ਹਾਂ ਦੇ ਬੱਚਿਆਂ ਦੇ ਮੂੰਹ ਵਿੱਚ ਵੀ ਰੋਟੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਿਛਲੇ ਚਾਰ ਮਹੀਨੇ ਦੀਆਂ ਬਣਦੀਆਂ ਤਨਖਾਵਾਂ ਨਾ ਦਿੱਤੀਆਂ ਗਈਆਂ ਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।