Thursday, February 29, 2024
More

  Latest Posts

  HSGMC ਦੀਆਂ ਚੋਣਾਂ ਦਾ ਪ੍ਰੋਗਰਾਮ ਵਾਪਸ ਲਿਆ ਗਿਆ | Action Punjab


  HSGMC elections schedule withdrawn: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਲਈ ਬੁੱਧਵਾਰ ਨੂੰ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਨੂੰ ਵਾਪਸ ਲੈ ਲਿਆ ਗਿਆ ਹੈ। ਹਰਿਆਣਾ ਗੁਰਦੁਆਰਾ ਚੋਣਾਂ ਲਈ ਚੋਣ ਕਮਿਸ਼ਨਰ ਜਸਟਿਸ ਐਚ.ਐਸ. ਭੱਲਾ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਸੈਕੰਡਰੀ ਐਜੂਕੇਸ਼ਨ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਸਮਾਂ ਵਾਪਸ ਲੈਣ ਦੀ ਬੇਨਤੀ ਕੀਤੀ ਹੈ।

  ਡਾਇਰੈਕਟਰ ਨੇ ਉਜਾਗਰ ਕੀਤਾ ਕਿ ਅਨੁਸੂਚਿਤ ਚੋਣਾਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੀਆਂ 10ਵੀਂ ਅਤੇ 12ਵੀਂ ਜਮਾਤ ਲਈ ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਨਾਲ ਮੇਲ ਖਾਂਦੀਆਂ ਹਨ। ਜਸਟਿਸ ਭੱਲਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਵਾਪਸ ਲੈ ਲਿਆ ਗਿਆ ਹੈ। ਹੁਣ ਕਿਹਾ ਗਿਆ ਕਿ ਨਵਾਂ ਚੋਣ ਪ੍ਰੋਗਰਾਮ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

  SGPC ਪ੍ਰਧਾਨ ਦੀ ਪ੍ਰੈਸ ਕਾਨਫਰੰਸ ਮਗਰੋਂ HSGMC ਚੋਣਾਂ ਦਾ ਪ੍ਰੋਗਰਾਮ ਵਾਪਿਸ ਲਿਆ 

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ।

  ‘ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ’

  ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ (HSGMC Elections) ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।

  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।

  ‘ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ’

  ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ। ਇਸਦਾ ਮਤਲਬ ਹੈ ਕਿ ਹਰ ਵੀਹ ਪਿੰਡਾਂ ਪਿੱਛੇ ਇਕ ਬੂਥ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

  ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਖਿਲਾਫ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੋਲ ਰੋਸ ਦਰਜ ਕਰਵਾਇਆ ਹੈ। ਉਹਨਾਂ ਕਿਹਾ ਕਿ ਬੋਰਡ ਵਿਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ 12 ਕਰ ਦਿੱਤੀ ਗਈ ਹੈ ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਬੋਰਡ ’ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ ਜਿਸਦੀ ਸਮੁੱਚੀ ਸਿੱਖ ਸੰਗਤ ਨੇ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਕਰਦਿਆਂ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

  ਇਸ ਦੌਰਾਨ ਪ੍ਰੈਸ ਕਾਨਫਰੰਸ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕਿਸੇ ਸਰਕਾਰ ਦਾ ਦਖਲ ਨਹੀਂ ਹੋਣਾ ਚਾਹੀਦਾ ਤੇ ਸਿੱਖਾਂ ਨੂੰ ਸਮੇਂ ਦੀ ਕਸਵੱਟੀ ’ਤੇ ਪਰਖੇ ਅਨੁਸਾਰ ਆਪਣੇ ਗੁਰਧਾਮਾਂ ਦਾ ਪ੍ਰਬੰਧ ਆਪ ਸੰਭਾਲਣ ਦੇਣਾ ਚਾਹੀਦਾ ਹੈ।

  ਉਹਨਾਂ ਕਿਹਾ ਕਿ ਹਰਿਆਣਾ ਵਿਚ ਗੁਰਦੁਆਰਾ ਚੋਣਾਂ ਲਈ ਪ੍ਰਕਿਰਿਆ ਸਿੱਖ ਸੰਗਤ ਵੱਲੋਂ ਚੁੱਕੇ ਸਾਰੇ ਇਤਰਾਜ਼ ਵਿਚਾਰਨ ਤੇ ਦੂਰ ਕਰਨ ਮਗਰੋਂ ਹੀ ਸ਼ੁਰੂ ਹੋਣੀ ਚਾਹੀਦੀ ਹੈ ਤੇ ਉਹਨਾਂ ਨੇ ਮਹਾਰਾਸ਼ਟਰ ਕੈਬਨਿਟ ਨੂੰ ਵੀ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਦੀ ਵੀ ਅਪੀਲ ਕੀਤੀ।

  ਇਹ ਵੀ ਪੜ੍ਹੋ:
  actionpunjab
  Author: actionpunjab

  Latest Posts

  Don't Miss

  Stay in touch

  To be updated with all the latest news, offers and special announcements.