Farmers Protest 2.0: ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦੀਆਂ ਕੇਂਦਰ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਉੱਤੇ ਹੰਝੂ ਗੈਸ,ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਵਰਗੇ ਢੰਗ ਤਰੀਕਿਆਂ ਰਾਹੀ ਜਬਰ ਕਰਨ ਦੀ ਜੋਰਦਾਰ ਨਿਖੇਧੀ ਕੀਤੀ ਹੈ।
ਪੰਜਾਬ ਦੀਆਂ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਤੇ ਹਾਈਵੇਅ/ਸੜਕਾਂ ਵਿੱਚ ਲੋਹੇ ਦੀਆਂ ਕਿੱਲਾਂ, ਕੰਡਿਆਲੀਆਂ ਤਾਰਾਂ, ਸੜਕਾਂ ਪੱਟਣ ਅਤੇ ਕੰਕਰੀਟ ਦੀਆਂ ਦੀਵਾਰਾਂ ਬਣਾਉਣ ਅਤੇ ਇੰਟਰਨੈੱਟ ਪਾਬੰਦੀਆਂ ਵਿਰੁੱਧ ਸਖਤ ਗੁੱਸਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਕੇ ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ। ਸੰਯੁਕਤ ਕਿਸਾਨ ਮੋਰਚਾ ਨੇ ਜੋਰ ਦੇ ਕੇ ਆਖਿਆ ਹੈ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ।
ਸੰਯੁਕਤ ਕਿਸਾਨ ਮੋਰਚਾ ਵਲੋਂ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਜਮਹੂਰੀ ਢੰਗ ਨੂੰ ਤਾਨਾਸ਼ਾਹੀ ਢੰਗ ਨਾਲ ਨਜਿੱਠੇ ਜਾਣ ਵਿਰੁੱਧ ਆਪਣੀ ਸਖ਼ਤ ਅਸੰਤੁਸ਼ਟੀ ਅਤੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦਿੱਲੀ ਅਤੇ ਹਰਿਆਣਾ ਦੇ ਆਸ-ਪਾਸ ਧਾਰਾ 144 ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਵਾਜਾਈ ਨੂੰ ਇੱਕ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਭਾਜਪਾ ਸਰਕਾਰਾਂ ਲੋਕਾਂ ਨੂੰ ਡਰਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਮੋਦੀ ਸਰਕਾਰ ਪ੍ਰਦਰਸ਼ਨਕਾਰੀਆਂ ਨਾਲ ਦੇਸ਼ ਦੇ ਦੁਸ਼ਮਣਾਂ ਵਾਂਗ ਪੇਸ਼ ਆ ਰਹੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਵਲੋਂ ਭਾਰਤ ਬੰਦ ਦੀਆਂ ਤਿਆਰੀਆਂ ਵਿੱਚ ਜੁਟੇ ਕਿਸਾਨ ਸਭਾ ਦੇ ਆਗੂ ਰਾਮ ਨਰਾਇਣ ਕੁਰਰੀਆ, ਉਨ੍ਹਾਂ ਦੀ ਪਤਨੀ ਅਤੇ ਏਆਈਡੀਡਬਲਿਊਏ ਦੇ ਆਗੂ ਐਡਵੋਕੇਟ ਅੰਜਨਾ ਕਰੁਰੀਆ ,ਕਿਸਾਨ ਸੰਘਰਸ਼ ਸਮਿਤੀ ਦੇ ਆਗੂ ਐਡ. ਅਰਾਧਨਾ ਭਾਰਗਵ, ਬੀਕੇਯੂ (ਟਿਕੈਤ) ਦੇ ਆਗੂ ਅਨਿਲ ਯਾਦਵ, ਐਨਏਪੀਐਮ ਆਗੂ ਰਾਜਕੁਮਾਰ ਸਿਨਹਾ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਕਈ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਵੀ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਲੋਕਾਂ ਦੀਆਂ ਰੋਜ਼ੀ-ਰੋਟੀ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਉਭਰ ਰਹੇ ਸੰਘਰਸ਼ਾਂ ਦੇ ਚੱਲਦਿਆਂ ਲੋਕਾਂ ਦੇ ਵਿਰੋਧ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਸਫਲ ਹੋ ਜਾਣਗੀਆਂ। ਮੋਰਚੇ ਨੇ ਭਾਜਪਾ ਸਰਕਾਰਾਂ ਨੂੰ ਯਾਦ ਦਿਵਾਇਆ ਹੈ ਕਿ ਹੈ ਕਿ ਭਾਰਤ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਦਿੰਦਾ ਹੈ। ਜਿਸਨੂੰ ਭਾਜਪਾ ਆਪਣੇ ਫਾਸ਼ੀਵਾਦੀ ਤਾਨਾਸ਼ਾਹ ਤਰੀਕਿਆਂ ਨਾਲ ਕੁਚਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜਬਰ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ। ਕਿਸਾਨ ਅਤੇ ਮਜ਼ਦੂਰ ਹਰ ਵਰਗ ਦੇ ਲੋਕਾਂ ਦੇ ਸਹਿਯੋਗ ਨਾਲ 16 ਫਰਵਰੀ 2024 ਨੂੰ ਭਾਰਤ ਬੰਦ ਸਫਲ ਬਣਾਉਣਗੇ।
ਜਾਰੀ ਕਰਤਾ
ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ,ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ,ਸਤਨਾਮ ਸਿੰਘ ਬਹਿਰੂ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ,ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ, ਬਲਵਿੰਦਰ ਸਿੰਘ ਮੱਲੀਨੰਗਲ, ਬੂਟਾ ਸਿੰਘ ਸ਼ਾਦੀਪੁਰ ਅਤੇ ਬੋਘ ਸਿੰਘ ਮਾਨਸਾ।
ਇਹ ਖ਼ਬਰਾਂ ਵੀ ਪੜ੍ਹੋ: