No Budget For Punjab: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2024-25 ਲਈ ਆਮ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਰੁਜ਼ਗਾਰ ਪ੍ਰਾਪਤ ਲੋਕਾਂ ਲਈ ਵੱਡੇ ਐਲਾਨ ਕੀਤੇ ਗਏ ਹਨ। ਬਜਟ ਬਾਰੇ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਕਿ ਆਮ ਬਜਟ ਅੰਮ੍ਰਿਤਕਾਲ ਦਾ ਅਹਿਮ ਬਜਟ ਹੈ। ਇਹ ਪੰਜ ਸਾਲਾਂ ਲਈ ਸਾਡੀ ਦਿਸ਼ਾ ਤੈਅ ਕਰੇਗਾ ਅਤੇ 2047 ਤੱਕ ਇੱਕ ਵਿਕਸਤ ਭਾਰਤ ਦੀ ਨੀਂਹ ਰੱਖੇਗਾ।
ਪਰ ਸਭ ਤੋਂ ਹੈਰਾਨੀ ਦੀ ਗੱਲ੍ਹ ਇਹ ਹੈ ਕਿ ਇਸ ਬਜਟ ’ਚ ਪੰਜਾਬ ਕਿਸੇ ਵੀ ਤਰ੍ਹਾਂ ਦੀ ਹੋਈ ਮੰਗ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਜਦਕਿ ਬਜਟ ਭਾਸ਼ਣ ਵਿੱਚ ਵਿੱਤ ਮੰਤਰੀ ਨੇ ਬਿਹਾਰ ਵਿੱਚ ਵੱਖ-ਵੱਖ ਸੜਕੀ ਪ੍ਰੋਜੈਕਟਾਂ ਲਈ 26,000 ਕਰੋੜ ਰੁਪਏ ਦੀ ਤਜਵੀਜ਼ ਰੱਖੀ। ਉਨ੍ਹਾਂ ਕਿਹਾ ਕਿ ਸਰਕਾਰ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਦੇ ਸਰਬਪੱਖੀ ਵਿਕਾਸ ਲਈ ਕਈ ਵੱਡੇ ਐਲਾਨ ਕੀਤੇ ਹਨ।
ਬਿਹਾਰ ਵਿੱਚ ਹਵਾਈ ਅੱਡੇ, ਮੈਡੀਕਲ ਕਾਲਜ ਅਤੇ ਖੇਡਾਂ ਦਾ ਬੁਨਿਆਦੀ ਢਾਂਚਾ ਵੀ ਸਥਾਪਿਤ ਕਰੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਹਰ ਸਾਲ ਇਕ ਲੱਖ ਵਿਦਿਆਰਥੀਆਂ ਨੂੰ ਸਿੱਧੇ ਈ-ਵਾਉਚਰ ਮੁਹੱਈਆ ਕਰਵਾਏਗੀ, ਜਿਸ ਵਿਚ ਕਰਜ਼ੇ ਦੀ ਰਕਮ ‘ਤੇ ਤਿੰਨ ਫੀਸਦੀ ਵਿਆਜ ਸਬਸਿਡੀ ਵੀ ਸ਼ਾਮਲ ਹੋਵੇਗੀ।
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਬਜਟ ਵਿੱਚ ਵੱਡਾ ਐਲਾਨ ਕੀਤਾ ਗਿਆ ਹੈ। ਬਜਟ ਪੇਸ਼ ਕਰਦੇ ਹੋਏ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਹਿਮਾਚਲ ‘ਚ ਮੀਂਹ ਅਤੇ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ ਹੈ। ਸੂਬੇ ਨੂੰ ਬੁਨਿਆਦੀ ਢਾਂਚਾ ਬਣਾਉਣ ਲਈ ਬਜਟ ਦਿੱਤਾ ਜਾਵੇਗਾ। ਹਾਲੇ ਇਹ ਨਹੀਂ ਦੱਸਿਆ ਗਿਆ ਕਿ ਸੂਬੇ ਨੂੰ ਕਿੰਨਾ ਬਜਟ ਮਿਲੇਗਾ।
ਦੱਸ ਦਈਏ ਕਿ ਪਿਛਲੇ ਸਾਲ ਮਾਨਸੂਨ ਦੌਰਾਨ ਹਿਮਾਚਲ ਵਿੱਚ ਭਾਰੀ ਤਬਾਹੀ ਹੋਈ ਸੀ। ਹਿਮਾਚਲ ਤੋਂ ਇਲਾਵਾ ਉਤਰਾਖੰਡ ਅਤੇ ਅਸਾਮ ਨੂੰ ਵੀ ਇਸ ਤਰ੍ਹਾਂ ਦੀ ਮਦਦ ਮਿਲੇਗੀ। ਹੜ੍ਹਾਂ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਖ-ਵੱਖ ਰਾਜਾਂ ਨੂੰ 11,500 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।
ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਸੂਬੇ ਅਸਾਮ, ਹਿਮਾਚਲ ਪ੍ਰਦੇਸ਼, ਸਿੱਕਮ ਅਤੇ ਉਤਰਾਖੰਡ ਨੂੰ ਹੜ੍ਹ ਪ੍ਰਬੰਧਨ ਲਈ ਮਦਦ ਕੀਤੀ ਜਾਵੇਗੀ। ਪਰ ਪੰਜਾਬ ਦੇ ਲਈ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ।
ਕਾਬਿਲੇਗੌਰ ਹੈ ਕਿ ਹਿਮਾਚਲ ਪ੍ਰਦੇਸ਼ ਪੰਜਾਬ ਦਾ ਗੁਆਂਢੀ ਸੂਬਾ ਹੈ। ਪੰਜਾਬ ’ਚ ਕਈ ਵਾਰ ਹੜ੍ਹ ਵਰਗੇ ਹਾਲਾਤ ਵੀ ਬਣੇ ਹਨ ਅਤੇ ਹੜ੍ਹਾਂ ਕਾਰਨ ਕਿਸਾਨ ਅਤੇ ਖੇਤਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪਰ ਇਸ ਬਜਟ ’ਚ ਪੰਜਾਬ ਲਈ ਕੁਝ ਵੀ ਐਲਾਨ ਨਹੀਂ ਕੀਤਾ ਗਿਆ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਰਾਹਤ ਦਿੱਤੀ ਗਈ। ਇਸ ਵਾਰ ਦੇ ਬਜਟ ’ਚ ਪੰਜਾਬ ਦੇ ਹੱਥ ਖਾਲੀ ਹੀ ਹਨ। ਜਿਸ ਕਾਰਨ ਪੰਜਾਬ ਦੇ ਸਾਂਸਦਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Union Budget 2024-25 Live Updates : ਹਰ ਵਰਗ ਨੂੰ ਸ਼ਕਤੀ ਦੇਣ ਵਾਲਾ ਬਜਟ; ਪਿੰਡ, ਗਰੀਬ ਤੇ ਕਿਸਾਨ ਨੂੰ ਸਮਰਪਿਤ ਬਜਟ- ਪੀਐੱਮ ਮੋਦੀ
– ACTION PUNJAB NEWS