Saturday, October 12, 2024
More

    Latest Posts

    ਜੂਨ ’84 ਘੱਲੂਘਾਰਾ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ ਤੇ ਨਾ ਹੀ ਗੁਨਾਹਗਾਰ ਬਖ਼ਸ਼ੇ ਜਾ ਸਕਦੇ ਹਨ: ਜਥੇਦਾਰ ਗਿਆਨੀ ਰਘਬੀਰ ਸਿੰਘ | ਮੁੱਖ ਖਬਰਾਂ | ActionPunjab



    ਅੰਮ੍ਰਿਤਸਰ: ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।

    ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ। ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ। 

    ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲਾ ਕਰਕੇ ਜੋ ਵਹਿਸ਼ੀਆਨਾ ਕਾਰਾ ਕੀਤਾ ਸੀ, ਸਿੱਖ ਕੌਮ ਉਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਨਾ ਹੀ ਇਸ ਦੇ ਗੁਨਾਹਗਾਰਾਂ ਨੂੰ ਬਖ਼ਸ਼ਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 40 ਸਾਲ ਬੀਤਣ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅੱਲ੍ਹੇ ਹਨ। ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰਕਾਰੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਲਈ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਹਰ ਸਾਲ ਦਰਸ਼ਨ ਕਰਵਾਏ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸਤਿਕਾਰ ਦੇਣ ਲਈ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਤਤਕਾਲੀ ਸਰਕਾਰ ਦੇ ਇਸ ਘਿਨੌਣੇ ਕਾਰੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।

    ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬਲਕਾਰ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

    ਜੂਨ 1984 ਦੇ ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

    ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ-ਵੱਖ ਤਸਵੀਰਾਂ ਸਰਕਾਰ ਵੱਲੋਂ ਕੀਤੇ ਗਏ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਦਿਨੀਂ 1984 ਦੇ ਘੱਲੂਘਾਰੇ ਦੇ ਦੁਖਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਲਗਾਉਣ ਦਾ ਆਦੇਸ਼ ਕੀਤਾ ਗਿਆ ਸੀ, ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.