Sunday, October 13, 2024
More

    Latest Posts

    ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਵੱਡੀ ਕਾਰਵਾਈ, ਪਾਰਟੀ ਖਿਲਾਫ਼ ਕੂੜ ਪ੍ਰਚਾਰ ਕਰਨ ਵਾਲੇ ਵੱਡੇ ਲੀਡਰਾਂ ਨੂੰ ਪਾਰਟੀ ‘ਚੋਂ ਕੱਢਿਆ | ਮੁੱਖ ਖਬਰਾਂ | Action Punjab

    ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (SAD) ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਮੰਗਲਵਾਰ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਹੇਠ ਲਿਖੇ ਆਗੂਆਂ, ਜਿਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ  ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ।

    ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੈ ‘ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ  ਦੀ ਮੀਟਿੰਗ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਨ੍ਹਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ। ਪਰ ਇਨ੍ਹਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖਿਲਾਫ ਖੁੱਲ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

    ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਨ੍ਹਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਨ੍ਹਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਨ੍ਹਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

    7 ਹਲਕਾ ਇੰਚਾਰਜ ਵੀ ਹਟਾਏ

    ਅਕਾਲੀ ਆਗੂ ਭੁੰਦੜ ਨੇ ਅੱਗੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਲਦੀ ਇਨ੍ਹਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਇਨ੍ਹਾਂ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.