Jalandhar News : ਜਲੰਧਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਚੰਨੀ ਦੀ ਮੈਂਬਰ ਪਾਰਲੀਮੈਂਟ ਵੱਜੋਂ ਚੋਣ ਨੂੰ ਜਲੰਧਰ ਦੇ ਗੌਰਵ ਲੂਥਰਾ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਚੁਨੌਤੀ ਦਿੱਤੀ ਹੈ। ਉਨ੍ਹਾਂ ਹਾਈਕੋਰਟ ਨੂੰ ਪਟੀਸ਼ਨ ਰਾਹੀਂ ਚੰਨੀ ਵੱਲੋਂ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀਆਂ ਦੇਣ ਲਈ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।
ਪਟੀਸ਼ਨਕਰਤਾ ਗੌਰਵ ਲੂਥਰਾ ਨੇ ਚੰਨੀ ਦੀ ਚੋਣ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਚੰਨੀ ਨੇ ਚੋਣ ਕਮਿਸ਼ਨ ਨੂੰ ਚੋਣ ਖਰਚਿਆਂ ਸਮੇਤ ਕਈ ਗਲਤ ਜਾਣਕਾਰੀਆਂ ਦਿੱਤੀਆਂ ਹਨ, ਇੰਨਾ ਹੀ ਨਹੀਂ, ਉਨ੍ਹਾਂ ਨੇ ਆਪਣੇ ਚੋਣ ਖਰਚੇ ਦਾ ਪੂਰਾ ਵੇਰਵਾ ਵੀ ਹਾਈਕੋਰਟ ਨੂੰ ਨਹੀਂ ਦਿੱਤਾ ਹੈ।
ਪਟੀਸ਼ਨਕਰਤਾ ਦਾ ਆਰੋਪ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਕਈ ਰੈਲੀਆਂ ਕੀਤੀਆਂ ਗਈਆਂ, ਜਿਨ੍ਹਾਂ ਲਈ ਚੋਣ ਕਮਿਸ਼ਨ ਤੋਂ ਕੋਈ ਮਨਜੂਰੀ ਨਹੀਂ ਲਈ ਗਈ। ਇਸ ਦੇ ਬਾਵਜੂਦ ਚੋਣ ਕਮਿਸ਼ਨ ਨੇ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਪਟੀਸ਼ਨਰ ਨੇ ਕਿਹਾ ਕਿ ਇਸ ਬਾਰੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ, ਜਿਸ ‘ਤੇ ਕੋਈ ਕਾਰਵਾਈ ਨਹੀਂ ਹੋਈ।
ਇਸ ਲਈ ਹੁਣ ਗੌਰਵ ਲੂਥਰਾ ਨੇ ਚਰਨਜੀਤ ਸਿੰਘ ਚੰਨੀ ਦੀ ਚੋਣ ਵਿਰੁੱਧ ਹਾਈ ਕੋਰਟ ਵਿੱਚ ਚੋਣ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ’ਤੇ ਹੁਣ ਹਾਈ ਕੋਰਟ 12 ਅਗਸਤ ਨੂੰ ਸੁਣਵਾਈ ਕਰੇਗਾ।
– ACTION PUNJAB NEWS