ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ।
ਪੰਜਾਬ ਦੇ ਮੋਗਾ ‘ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਪਤੀ-ਪਤਨੀ ਨੂੰ ਪੁਲਸ ਨੇ 170 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
,
ਐਸਪੀ ਐਚ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਹੈ। ਡੀਜੀਪੀ ਪੰਜਾਬ ਅਤੇ ਐਸਐਸਪੀ ਮੋਗਾ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਅੱਜ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 32 ਪੇਟੀਆਂ ਸ਼ਰਾਬ ਬਰਾਮਦ ਹੋਈ। ਜਿਸ ਤੋਂ ਬਾਅਦ ਕਾਰ ਚਾਲਕ ਅਮਰਜੀਤ ਸਿੰਘ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ, ਜਦਕਿ ਉਸਦਾ ਦੂਜਾ ਸਾਥੀ ਸੁਖਪਾਲਵਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ।
ਕਾਬੂ ਕੀਤੇ ਕਥਿਤ ਦੋਸ਼ੀ ਅਮਰਜੀਤ ਸਿੰਘ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਦੇਖ-ਰੇਖ ‘ਚ ਉਸ ਦੇ ਘਰ ‘ਚ ਭਾਰੀ ਮਾਤਰਾ ‘ਚ ਸ਼ਰਾਬ ਰੱਖੀ ਹੋਈ ਸੀ। ਜਿਸ ’ਤੇ ਪੁਲੀਸ ਨੇ ਅਮਰਜੀਤ ਦੇ ਘਰ ਛਾਪਾ ਮਾਰ ਕੇ 138 ਪੇਟੀਆਂ ਸ਼ਰਾਬ ਬਰਾਮਦ ਕੀਤੀ। ਪੁਲੀਸ ਨੇ ਅਮਰਜੀਤ ਦੀ ਪਤਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਅਮਰਜੀਤ ਖ਼ਿਲਾਫ਼ ਪਹਿਲਾਂ ਹੀ ਦੋ ਕੇਸ ਦਰਜ ਹਨ, ਜਦੋਂਕਿ ਸੁਖ ਪਲਵਿੰਦਰ ਖ਼ਿਲਾਫ਼ ਇੱਕ ਕੇਸ ਦਰਜ ਹੈ। ਮੁਲਜ਼ਮ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।