ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਗੁਰਿੰਦਰ ਸਿੰਘ ਗਰੋਵਰ, ਪੰਚਾਇਤ ਅਫਸਰ-ਕਮ-ਪ੍ਰਸ਼ਾਸਕ, ਬਲਾਕ ਵੇਰਕਾ, ਅੰਮ੍ਰਿਤਸਰ ਨੂੰ 24,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਹੈ।
,
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ 2019-2024 ਤੱਕ ਪਿੰਡ ਮਾਹਣੀ ਕੋਹਾੜਾ ਦਾ ਸਰਪੰਚ ਸੀ ਅਤੇ ਉਸ ਨੇ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਕੀਤੀਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕਰ ਦਿੱਤੇ ਅਤੇ ਬਾਅਦ ਵਿੱਚ ਨਕਦੀ ਲੈ ਲਈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਧਿਕਾਰੀ ਉਕਤ ਵਿਕਾਸ ਫੰਡ ਵਿੱਚੋਂ 12,50,000 ਰੁਪਏ ਦਾ ਯੂਜ਼ਰ ਸਰਟੀਫਿਕੇਟ (ਯੂਸੀ) ਜਾਰੀ ਕਰਨ ਦੇ ਬਦਲੇ 2 ਫੀਸਦੀ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ। ਦੋਸ਼ੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤਕਰਤਾ ਪਾਸੋਂ 24,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।