ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕਤਾ ਕੈਂਪਾਂ ਦੀ ਲੜੀ 2 ਦਸੰਬਰ ਤੋਂ ਮਲੋਟ ਵਿੱਚ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੰਤਰ-ਰਾਸ਼ਟਰੀ ਦਿਵਯਾਂਗ ਦਿਵਸ ਮਨਾਉਣ ਲਈ 3 ਦਸੰਬਰ ਨੂੰ ਫਰੀਦਕੋਟ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਦਿਵਯਾਂਗਾਂ ਦੀ ਭਲਾਈ ਲਈ ਸਮਰਪਿਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਮੰਤਰੀ ਨੇ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਲਈ ਸੁਰੱਖਿਅਤ ਮਾਹੌਲ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਲਈ ਜ਼ਰੂਰੀ ਸਿਹਤ ਜਾਂਚ ਮੁਹੱਈਆ ਕਰਵਾਉਣਾ ਅਤੇ ਵੱਖ-ਵੱਖ ਸਿਹਤ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਇਹ ਪਹਿਲਕਦਮੀ ਉਨ੍ਹਾਂ ਦੀ ਸੁਰੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਸਰਕਾਰ ਦੀ ਵਿਆਪਕ ਰਣਨੀਤੀ ਦਾ ਹਿੱਸਾ ਹੈ।