ਮੁਹਾਲੀ ਜ਼ਿਲ੍ਹੇ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਵਿੱਚ ਕੰਮ ਕਰ ਰਹੀਆਂ ਐਨ.ਜੀ.ਓਜ਼ ਲਈ ‘ਜੁਵੇਨਾਈਲ ਜਸਟਿਸ ਐਕਟ’ ਤਹਿਤ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ ਜੋ ਬੱਚਿਆਂ ਨੂੰ ਰਿਹਾਇਸ਼, ਭੋਜਨ, ਸਿੱਖਿਆ ਅਤੇ ਡਾਕਟਰੀ ਦੇਖਭਾਲ ਵਰਗੀਆਂ ਮੁਫ਼ਤ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ।
,
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਜੇਕਰ ਅਜਿਹੀ ਕੋਈ ਸੰਸਥਾ ਅਜੇ ਤੱਕ ਰਜਿਸਟਰਡ ਨਹੀਂ ਹੋਈ ਹੈ ਤਾਂ ਉਸ ਨੂੰ 12 ਦਸੰਬਰ 2024 ਤੋਂ ਪਹਿਲਾਂ ਆਪਣੀ ਰਜਿਸਟਰੇਸ਼ਨ ਕਰਵਾਉਣੀ ਪਵੇਗੀ। ਰਜਿਸਟ੍ਰੇਸ਼ਨ ਲਈ ਸਬੰਧਤ ਸੰਸਥਾਵਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਕਮਰਾ ਨੰਬਰ 536, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੰਪਰਕ ਕਰਨਾ ਹੋਵੇਗਾ।
ਬਿਹਤਰ ਦੇਖਭਾਲ ਲਈ ਚੁੱਕੇ ਗਏ ਕਦਮ
ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਬਿਹਤਰ ਦੇਖਭਾਲ ਪ੍ਰਦਾਨ ਕਰਨ ਲਈ ਚੁੱਕਿਆ ਗਿਆ ਹੈ। ਨਵਪ੍ਰੀਤ ਕੌਰ ਨੇ ਸਮੂਹ ਸਬੰਧਤ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ, ਨਹੀਂ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਰਜਿਸਟਰੇਸ਼ਨ ਲਈ ਲੋੜੀਂਦੇ ਦਸਤਾਵੇਜ਼
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੇ ਰਜਿਸਟ੍ਰੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਸੰਸਥਾ ਦਾ ਸਰਟੀਫਿਕੇਟ, ਬੱਚਿਆਂ ਦੀ ਸੂਚੀ, ਸੰਸਥਾ ਦੀਆਂ ਗਤੀਵਿਧੀਆਂ ਦਾ ਵੇਰਵਾ ਅਤੇ ਵਿੱਤੀ ਰਿਕਾਰਡ ਸ਼ਾਮਲ ਹਨ।