ਫ਼ਰੀਦਕੋਟ ਦੇ ਸ਼ਹਿਰ ਕੋਟਕਪੂਰਾ ਵਿੱਚ ਵੀਰਵਾਰ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਗੁਰਦੁਆਰਾ ਚੁੱਲ੍ਹਾ ਸਾਹਿਬ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਇਸ ਉਪਰੰਤ ਸ਼ਹਿਰ ਵਿੱਚ ਮਸ਼ਾਲ ਮਾਰਚ ਕੱਢਿਆ ਗਿਆ।
,
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਹਨ। ਕਿਸਾਨ ਆਗੂ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਕਿਸਾਨਾਂ ਪ੍ਰਤੀ ਚੰਗਾ ਨਹੀਂ ਹੈ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ਼ਹਿਰ ਦੇ ਵਪਾਰੀ ਆਗੂ ਓਮਕਾਰ ਗੋਇਲ ਨੇ ਕਿਹਾ ਕਿ ਸਰਕਾਰ ਦਾ ਰਵੱਈਆ ਕਿਸਾਨਾਂ ਪ੍ਰਤੀ ਹੀ ਨਹੀਂ ਸਗੋਂ ਵਪਾਰੀਆਂ ਸਮੇਤ ਹੋਰ ਵਰਗਾਂ ਪ੍ਰਤੀ ਵੀ ਚੰਗਾ ਹੈ ਅਤੇ ਸਾਰਿਆਂ ਨੂੰ ਇਕਜੁੱਟ ਹੋ ਕੇ ਸਰਕਾਰ ਵਿਰੁੱਧ ਸੰਘਰਸ਼ ਕਰਨਾ ਚਾਹੀਦਾ ਹੈ।