ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਜਗਰਾਉਂ ਦੇ ਪਟਵਾਰੀ ਖਿਲਾਫ ਰਿਸ਼ਵਤ ਲੈਣ ਦਾ ਮਾਮਲਾ ਦਰਜ ਕੀਤਾ ਹੈ। ਬਿਊਰੋ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
,
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਪਤਨੀ ਨੇ ਜ਼ਮੀਨ ਹੋਰ ਵਿਅਕਤੀਆਂ ਨੂੰ ਵੇਚ ਦਿੱਤੀ ਸੀ, ਪਰ ਖਰੀਦਦਾਰਾਂ ਦੇ ਨਾਂ ’ਤੇ ਰਜਿਸਟਰੀ ਨਹੀਂ ਕਰਵਾਈ। ਸ਼ਿਕਾਇਤਕਰਤਾ ਅਨੁਸਾਰ ਮਾਲ ਪਟਵਾਰੀ ਵਿਕਾਸ ਸੋਨੀ ਨੇ ਰਜਿਸਟਰੀ ਦੀ ਕਾਪੀ ਜਾਰੀ ਕਰਨ ਦੇ ਬਦਲੇ 8000 ਰੁਪਏ ਰਿਸ਼ਵਤ ਮੰਗੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ।
ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਨੇ 1500 ਰੁਪਏ ਲੈ ਲਏ ਅਤੇ ਬਾਕੀ 3500 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ। ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਤੋਂ ਬਾਅਦ ਦੋਸ਼ੀ ਪਟਵਾਰੀ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।