ਬਰਨਾਲਾ ਜ਼ਿਲ੍ਹੇ ਦੇ ਭਦੌੜ ਨੇੜਲੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਪੰਚ ਸੁਖਜੀਤ ਸਿੰਘ (26) ’ਤੇ ਕੱਲ੍ਹ ਕਈ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਰਪੰਚ ਦੇ ਗੰਭੀਰ ਸੱਟਾਂ ਲੱਗਣ ਕਾਰਨ ਬਰਨਾਲਾ ਸਿਵਲ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਮੌਤ ਹੋ ਗਈ। ਇਸ ਹਮਲੇ ਵਿੱਚ ਸੁਖਜੀਤ ਦਾ ਪਿਤਾ ਅਮਰਜੀਤ ਸਿੰਘ ਵੀ ਜ਼ਖ਼ਮੀ ਹੋ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿਖੇ ਮ੍ਰਿਤਕ ਅਤੇ ਵਿਰੋਧੀ ਧਿਰ ਦਰਮਿਆਨ ਕਥਿਤ ਤੌਰ ‘ਤੇ ਤਕਰਾਰ ਤੋਂ ਬਾਅਦ ਵਾਪਰੀ। ਹਮਲੇ ਦੇ ਸਮੇਂ ਸਰਪੰਚ ਆਪਣੀ ਰਿਹਾਇਸ਼ ‘ਤੇ ਹੀ ਸੀ।
ਬਰਨਾਲਾ ਦੇ ਸੀਨੀਅਰ ਪੁਲੀਸ ਕਪਤਾਨ (ਐਸਐਸਪੀ) ਸੰਦੀਪ ਮਲਿਕ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਸਰਪੰਚ ਨਾਲ ਤਕਰਾਰ ਤੋਂ ਬਾਅਦ ਵਿਰੋਧੀ ਧਿਰ ਨੇ ਕੁਝ ਵਿਅਕਤੀਆਂ ਨੂੰ ਇਕੱਠਾ ਕਰਕੇ ਉਸ ’ਤੇ ਹਮਲਾ ਕਰ ਦਿੱਤਾ। ਐਸਐਸਪੀ ਨੇ ਦੱਸਿਆ ਕਿ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।