ਮਲੋਟ ਸ਼ਹਿਰ ਦੇ ਪਟੇਲ ਨਗਰ ਦੇ ਅਮਰਜੀਤ ਸਿੰਘ (35) ਦੀ ਇੱਥੋਂ ਨੇੜਲੇ ਪਿੰਡ ਸਰਾਵਾਂ ਬੋਦਲਾ ਵਿਖੇ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਵਿੱਚ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਗਈ।
ਅਮਰਜੀਤ ਦੀ ਮਾਂ ਮਨਜੀਤ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਸੋਮਵਾਰ ਨੂੰ ਉਸ ਦੇ ਬੇਟੇ ‘ਤੇ ਤਸ਼ੱਦਦ ਕੀਤਾ ਗਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਥਾਣਾ ਕਬਰਵਾਲਾ ਦੀ ਪੁਲੀਸ ਨੇ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮਨਜੀਤ ਕੌਰ ਨੇ ਦੋਸ਼ ਲਾਇਆ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਸੀ ਅਤੇ ਉਸ ਨੂੰ ਕਰੀਬ ਪੰਜ ਮਹੀਨੇ ਪਹਿਲਾਂ ਡੇਰੇ ਵਿੱਚ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। “ਸਾਨੂੰ ਅਮਰਜੀਤ ਨੂੰ ਮਿਲਣ ਨਹੀਂ ਦਿੱਤਾ ਗਿਆ, ਪਰ ਸਾਨੂੰ ਹਰ ਮਹੀਨੇ ਫੀਸ ਦੇਣ ਲਈ ਕਿਹਾ ਗਿਆ। ਸੋਮਵਾਰ ਨੂੰ ਜਦੋਂ ਅਸੀਂ ਅਮਰਜੀਤ ਨੂੰ ਘਰ ਵਾਪਸ ਲਿਆਉਣ ਲਈ ਗਏ ਤਾਂ ਉਸ ਨੇ ਸਾਨੂੰ ਦੱਸਿਆ ਕਿ ਉਸ ਦੀ ਕੁੱਟਮਾਰ ਕੀਤੀ ਗਈ ਕਿਉਂਕਿ ਅਸੀਂ ਸਮੇਂ ਸਿਰ ਫੀਸ ਅਦਾ ਕਰਨ ਵਿੱਚ ਅਸਫਲ ਰਹੇ। ਉਹ ਬਹੁਤ ਕਮਜ਼ੋਰ ਹੋ ਗਿਆ ਸੀ। ਉਸਨੂੰ ਸਿਵਲ ਹਸਪਤਾਲ, ਮਲੋਟ ਅਤੇ ਬਾਅਦ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਬਠਿੰਡਾ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ, ”ਉਸਨੇ ਕਿਹਾ।
ਇਸੇ ਦੌਰਾਨ ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਨੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਇਕ ਬੇਟੀ ਅਤੇ ਇਕ ਬੇਟਾ ਹੈ। ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਨਸ਼ਾ ਛੁਡਾਊ ਕੇਂਦਰ ਵਿੱਚ ਕਰੀਬ 50 ਹੋਰ ਨਸ਼ੇੜੀ ਦਾਖਲ ਹਨ।
ਮੁਕਤਸਰ ਦੇ ਚੀਫ਼ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਨੇ ਕਿਹਾ, “ਨਸ਼ਾ ਛੁਡਾਊ ਕੇਂਦਰ ਸਿਹਤ ਵਿਭਾਗ ਵੱਲੋਂ ਮਨਜ਼ੂਰ ਨਹੀਂ ਹੈ। ਅਸੀਂ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਉਣ ਲਈ ਡਿਪਟੀ ਕਮਿਸ਼ਨਰ ਨੂੰ ਲਿਖ ਰਹੇ ਹਾਂ।”
ਇਸ ਦੌਰਾਨ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਭੇਜ ਦਿੱਤਾ ਗਿਆ ਹੈ।