ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ 25 ਦਸੰਬਰ ਤੋਂ 27 ਦਸੰਬਰ ਤੱਕ ਫਤਹਿਗੜ੍ਹ ਸਾਹਿਬ ਵਿਖੇ ਹੋਵੇਗਾ।
ਸ਼ੁਕਲਾ ਨੇ ਡੀਆਈਜੀ (ਰੋਪੜ ਰੇਂਜ) ਹਰਚਰਨ ਸਿੰਘ ਭੁੱਲਰ ਅਤੇ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਰਵਜੋਤ ਗਰੇਵਾਲ ਦੇ ਨਾਲ ਸ਼ਹੀਦੀ ਸਭਾ ਲਈ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਡੀਐਸਪੀ- ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲੀਸ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਇਸ ਸਾਲ ਸ਼ਹੀਦੀ ਸਭਾ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਦਰਸ਼ਨਾਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ਼ੁਕਲਾ ਨੇ ਦੱਸਿਆ ਕਿ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਨੂੰ 100 ਬੱਸਾਂ ਤੱਕ ਵਧਾ ਦਿੱਤਾ ਗਿਆ ਹੈ।