Actionpunjab

Action Punjab Logo
Breaking News

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ



ਲਹਿਰਾਗਾਗਾ, 22 ਫਰਵਰੀ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।
ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਹੈ। ਸ਼ਰਧਾਲੂਆਂ ਲਈ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾ ਰਿਹਾ ਹੈ।
ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰ ਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ। ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ।
ਕਾਂਤਾ ਗੋਇਲ ਅਤੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ। ਇਸ ਮੌਕੇ ਆਪ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ, ਪਿੰਡਾਂ ਦੇ ਪੰਚ ਤੇ ਸਰਪੰਚ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ। 

Scroll to Top