Actionpunjab

Action Punjab Logo
Breaking News

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ



ਚੰਡੀਗੜ੍ਹ, 8 ਮਾਰਚ:
ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1000-1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਬਾਗ਼ਬਾਨੀ ਖੇਤਰ ਦੇ ਵਿਕਾਸ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਜਟ ਪੰਜਾਬ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। 

Scroll to Top