Actionpunjab

Action Punjab Logo
Breaking News

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ



ਦਿੜ੍ਹਬਾ, 14 ਮਾਰਚ
ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ ਕਾਇਮ ਕਰਨ ਵਾਲੀਆਂ 100 ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਤਰੱਕੀ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ, ਸਮਾਜ ਅਤੇ ਦੇਸ਼ ਵੀ ਮਜ਼ਬੂਤ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਰਜਿਸਟਰੇਸ਼ਨ ਪ੍ਰਕਿਰਿਆ 13 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ, ਜਿਸ ਨਾਲ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਲਾਭ ਮਿਲੇਗਾ।
“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਯੋਜਨਾ ਤਹਿਤ ਪੰਜਾਬ ਦੀਆਂ ਬਾਲਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਰਕਮ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਘਰੇਲੂ ਖਰਚੇ ਪੂਰੇ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਲਾਗੂ ਕਰ ਰਹੀ ਹੈ, ਤਾਂ ਜੋ ਉਹ ਖੁਦਮੁਖਤਿਆਰ ਬਣ ਕੇ ਆਪਣੇ ਪਰਿਵਾਰ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਮਹਿਲਾਵਾਂ ਹੋਰਾਂ ਲਈ ਪ੍ਰੇਰਣਾ ਦਾ ਸਰੋਤ ਹਨ।
ਸ੍ਰ. ਚੀਮਾ ਨੇ ਇਹ ਵੀ ਦੱਸਿਆ ਕਿ ਦਿੜ੍ਹਬਾ ਇਲਾਕਾ ਆਪਣੀ ਪਰੰਪਰਾਗਤ ਕਲਾ ਫੁਲਕਾਰੀ ਲਈ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ ਉਹਨਾਂ ਵੱਲੋਂ ਪੇਸ਼ ਕੀਤੇ ਬਜਟ ਦਾ ਕਵਰ ਵੀ ਦਿੜ੍ਹਬਾ ਵਿਖੇ ਤਿਆਰ ਕੀਤੀ ਜਾਣ ਵਾਲੀ ਫੁਲਕਾਰੀ ਨਾਲ ਸਜਾਇਆ ਗਿਆ, ਜਿਸ ਨਾਲ ਇਸ ਕਲਾ ਨੂੰ ਵਿਸ਼ਵ ਪੱਧਰ ‘ਤੇ ਪਹਿਚਾਣ ਮਿਲੀ ਹੈ ਅਤੇ ਸਥਾਨਕ ਮਹਿਲਾਵਾਂ ਨੂੰ ਉਤਸ਼ਾਹ ਮਿਲਿਆ ਹੈ।
ਸਮਾਗਮ ਦੇ ਅੰਤ ‘ਤੇ ਵਿੱਤ ਮੰਤਰੀ ਵੱਲੋਂ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਦੀ ਸਰਾਹਨਾ ਕੀਤੀ ਗਈ।
ਇਸ ਮੌਕੇ ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ ਸਮੇਤ ਆਪ ਦੇ ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਹਲਕਾ ਵਾਸੀ ਹਾਜ਼ਰ ਸਨ। 

Scroll to Top