Actionpunjab

Action Punjab Logo
Breaking News

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ



ਚੰਡੀਗੜ੍ਹ, 16 ਮਾਰਚ:
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼ੀ ਮਿਲ ਸਕੇ।
ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਅਮਰਿੰਦਰ ਸਿੰਘ ਟਿਵਾਣਾ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਰੇਵਨਿਊ ਵਿਭਾਗ ਤੋਂ ਅਧੀਨ ਸਕੱਤਰ ਪਰਵਿੰਦਰਕੌਰ ਪਾਲ ਅਤੇ ਲੀਗਲ ਰੀਮੇਮਬਰੈਂਸ ਵਿਭਾਗ ਤੋਂ ਜੁਆਇੰਟ ਐਲ.ਆਰ. ਉਦੇਪਾਲ ਸਿੰਘ ਹੁੰਦਲ ਸਮੇਤ  ਹੋਰ ਅਧਿਕਾਰੀ ਹਾਜ਼ਰ ਸਨ। 

Scroll to Top