Actionpunjab

Action Punjab Logo
Breaking News

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ



ਚੰਡੀਗੜ੍ਹ, 19 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟੀਚਾ ਹੈ।”
ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “275 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ ਅਤੇ ਇੱਕ ਮੈਡੀਕਲ ਕਾਲਜ ਹੋਵੇਗਾ,ਜਿਸ ਵਿੱਚ ਸਾਲਾਨਾ ਐਮ.ਬੀ.ਬੀ.ਐਸ. ਲਈ 100 ਸੀਟਾਂ ਹੋਣਗੀਆਂ, ਜਿਸ ਨਾਲ ਨਾ ਕੇਵਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਵਾਧਾ ਹੋਵੇਗਾ ਸਗੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਦੀ ਮਹਿੰਗੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।”
ਇਸ ਪੇਸ਼ਕਦਮੀ ਦੇ ਸਾਕਾਰਤਮਕ ਪ੍ਰਭਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ, “ਇੱਕ ਵਾਰ ਚਾਲੂ ਹੋਣ ਤੋਂ ਬਾਅਦ, ਸੰਸਥਾ ਨਾ ਸਿਰਫ਼ 100 ਐਮ.ਬੀ.ਬੀ.ਐਸ. ਸੀਟਾਂ ਵਿੱਚ ਵਾਧਾ ਕਰੇਗੀ , ਸਗੋਂ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੇਵਾਵਾਂ ਵੀ ਪ੍ਰਦਾਨ ਕਰੇਗੀ। ਇਹ ਸੰਸਥਾ ਰੁਜ਼ਗਾਰ ਦਾ ਇੱਕ ਵੱਡਾ ਸਰੋਤ ਹੋਵੇਗੀ, ਜਿਸ ਨਾਲ 1000 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ ਅਤੇ ਬਹੁਤਾਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ।”
ਸਿਹਤ ਸੰਭਾਲ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ,“ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ, ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਨੂੰ ਸ਼ਹਿਰੀ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਬੇਗੋਵਾਲ ਦੇ ਸਰਕਾਰੀ ਹਸਪਤਾਲ ਨੂੰ ਪੇਂਡੂ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਦੋਵੇਂ ਕਪੂਰਥਲਾ ਦੇ ਨਵੇਂ ਮੈਡੀਕਲ ਕਾਲਜ ਨਾਲ ਜੁੜਕੇ ਕੰਮ ਕਰਨਗੇ।”
5 ਲੱਖ ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ ਛੇ ਵੱਡੇ ਆਪ੍ਰੇਸ਼ਨ ਥੀਏਟਰ, 500 ਦੀ ਸਮਰੱਥਾ ਵਾਲਾ ਆਡੀਟੋਰੀਅਮ, ਐਮਆਰਆਈ ਅਤੇ ਸੀਟੀ ਸਕੈਨ ਵਰਗੀਆਂ ਉੱਨਤ ਡਾਇਗਨੌਸਟਿਕ ਸਹੂਲਤਾਂ, ਇੱਕ ਕੇਂਦਰੀ ਲੈਬਾਰਿਟਰੀ, ਇੱਕ ਬਲੱਡ ਬੈਂਕ ਅਤੇ ਹੁਨਰ ਲੈਬਾਂ ਅਤੇ ਅਜਾਇਬ ਘਰਾਂ ਨਾਲ ਲੈਸ ਆਧੁਨਿਕ ਸਿੱਖਿਆ ਵਿਭਾਗ ਸ਼ਾਮਲ ਹੋਣਗੇ।
ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਅਮਿਤ ਤਲਵਾੜ ਵੀ ਮੌਜੂਦ ਸਨ। 

Scroll to Top