ਜਾਣਕਾਰੀ ਦਿੰਦੇ ਹੋਏ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ।
ਬਲਕਾਰ ਸਿੰਘ ਚੀਮਾ ਦੀ ਯਾਦ ਵਿੱਚ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਆਲ ਇੰਡੀਆ ਬਾਸਕਟਬਾਲ ਟੂਰਨਾਮੈਂਟ ਵਿੱਚ ਦੇਸ਼ ਭਰ ਤੋਂ ਟੀਮਾਂ ਆਉਣਗੀਆਂ। ਪਿੰਡ ਦਬੂਲੀਆ ਵਿਖੇ 28 ਫਰਵਰੀ ਤੋਂ 4 ਮਾਰਚ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ ਪੁਰਸ਼ ਅਤੇ ਮਹਿਲਾ ਵਰਗ ਦੀਆਂ 8-8 ਟੀਮਾਂ ਭਾਗ ਲੈਣਗੀਆਂ।
,
‘ਆਪ’ ਹਲਕਾ ਇੰਚਾਰਜ ਅਤੇ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਜੇਤੂ ਟੀਮ ਨੂੰ 2 ਲੱਖ ਰੁਪਏ, ਉਪ ਜੇਤੂ ਨੂੰ ਡੇਢ ਲੱਖ ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਟੂਰਨਾਮੈਂਟ ਦੇ ਸਰਵੋਤਮ ਖਿਡਾਰੀ ਨੂੰ ਬੁਲੇਟ ਬਾਈਕ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਰੇਕ ਮੈਚ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਇਨਾਮ ਵੀ ਦਿੱਤੇ ਜਾਣਗੇ।
ਸੱਜਣ ਸਿੰਘ ਨੇ ਕਿਹਾ ਕਿ ਇਹ ਸਮਾਗਮ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਪੰਜਾਬ ਸਰਕਾਰ ਦੇ ਉਪਰਾਲੇ ‘ਖੇਡਾਂ ਵਤਨ ਪੰਜਾਬ ਦੀਆ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਖੇਡ ਕਲੱਬਾਂ, ਖੇਡ ਪ੍ਰੇਮੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਨਸ਼ਾ ਛੁਡਾਊ ਮੁਹਿੰਮ ਵਿੱਚ ਸਹਿਯੋਗ ਦੀ ਅਪੀਲ ਕੀਤੀ ਹੈ।