Actionpunjab

Action Punjab Logo
Breaking News

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ



ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
 
ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ।
 
ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
 
ਨਸ਼ਿਆਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤੇ ਗਏ ਹਨ । ਸੜਕਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।
 
ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਸਨਮਾਨ ਵਜੋਂ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।
 
ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।
 
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਆਮ ਲੋਕ ਅਤੇ ਪਾਰਟੀ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 
Scroll to Top