Actionpunjab

Action Punjab Logo
Breaking News

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ



ਚੰਡੀਗੜ੍ਹ 7 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਭੋ ਜ਼ਿਲ੍ਹਾ ਬਠਿੰਡਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੀਆਰਟੀਸੀ ਡਿਪੂ ਬਠਿੰਡਾ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਹੈ, ਜੋ ਆਪਣਾ ਬੱਸ ਰੂਟ ਬਦਲਣਾ ਚਾਹੁੰਦਾ ਸੀ। ਇਸ ਸਬੰਧ ਵਿੱਚ ਮੁਲਜ਼ਮ ਕੇਵਲ ਕ੍ਰਿਸ਼ਨ, ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਬੱਸ ਰੂਟ ਬਦਲਣ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਹ ਕੋਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਦੇ ਚਲਦਿਆਂ ਉਸਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਕੰਡਕਟਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਇਸ ਸਬੰਧ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਹਿ-ਮੁਲਜ਼ਮ ਫਿਟਰ ਕੇਵਲ ਕ੍ਰਿਸ਼ਨ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Scroll to Top