Actionpunjab

Action Punjab Logo
Breaking News

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ



ਮਾਨਸਾ, 7 ਅਪ੍ਰੈਲ:
ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫਾਟਕ ਰੋਡ ਉਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
 ਨਿਰੀਖਣ ਦੌਰਾਨ ਅਧਿਕਾਰੀਆਂ ਨੂੰ ਤਾੜਨਾ ਕੀਤੀ ਗਈ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਣਗਹਿਲੀ ਪਾਈ ਗਈ ਤਾਂ ਸਬੰਧਤ ਠੇਕੇਦਾਰਾਂ ਖਿਲਾਫ ਤੁਰੰਤ ਕਾਰਵਾਈ ਹੋਵੇਗੀ।
ਉਨ੍ਹਾਂ ਵਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਕਰੀਬ 16.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ-ਆਧੁਨਿਕ ਕਾਰਡੀਅਕ ਕੇਅਰ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ ਗਿਆ। ਉਹਨਾਂ ਦੱਸਿਆ ਕਿ ਇੱਥੇ ਪਾਰਕਿੰਗ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਜਨਤਕ ਪੈਸੇ ਦੀ ਦੁਰਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ (ਬੀ ਐਡ ਆਰ), ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਤਾਂ ਜੋ ਆਮ ਲੋਕਾਂ ਨੂੰ ਵਧੇਰੇ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਐਕਸੀਅਨ  ਲੋਕ ਨਿਰਮਾਣ ਵਿਭਾਗ ਪ੍ਰਤੀਕ ਸਿੰਗਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਰਜਸਾਧਕ ਅਫਸਰ ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Scroll to Top