Actionpunjab

Action Punjab Logo
Breaking News

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ



ਕੋਟਕਪੂਰਾ, 11 ਜੂਨ    ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨ, ਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂ, ਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਵਧੇਗੀ ਅਤੇ ਯੋਗਤਾ ਦੇ ਆਧਾਰ ਤੇ ਅੱਗੇ ਵਧਣ ਦਾ ਵਿਸ਼ਵਾਸ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਭਵਿੱਖ ਵਿੱਚ ਪੰਜਾਬ ਨੂੰ ਹੋਰ ਤਰੱਕੀਸ਼ੀਲ ਅਤੇ ਖੁਸ਼ਹਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸੇਵਾ, ਪਾਰਦਰਸ਼ਤਾ ਅਤੇ ਵਿਕਾਸ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਸਿਹਤ ਸੁਰੱਖਿਆ ਯੋਜਨਾ ਅਤੇ ਮਾਵਾਂ-ਧੀਆਂ ਦੇ ਸਨਮਾਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇੱਕ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਕੈਂਪਾਂ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਯੋਜਨਾ ਦਾ ਲਾਭ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ। 

Scroll to Top