Actionpunjab

Action Punjab Logo
Breaking News

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ



ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ।
ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 5000 ਪੁਲਿਸ ਕਰਮੀਆਂ ਦੀ ਨਫ਼ਰੀ ਤਾਇਨਾਤ ਕੀਤੀ ਗਈ ਹੈ। ਹਵਾਈ ਨਿਗਰਾਨੀ ਅਤੇ ਭੀੜ ਦੀ ਨਿਗਰਾਨੀ ਲਈ ਛੇ ਡਰੋਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ’ਤੇ ਕੀਤੀ ਜਾਵੇਗੀ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਬਹੁਤ ਹੀ ਨਿਮਰਤਾ ਨਾਲ ਪੇਸ਼ ਆਉਣ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੇ ਸ਼ਾਂਤੀਪੂਰਨ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰੂਪਨਗਰ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਮਰੱਥਾ ਅਨੁਸਾਰ ਕੁੱਲ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ ਅਤੇ ਸੰਗਤਾਂ ਦੇ ਮਾਰਗਦਰਸ਼ਨ ਲਈ ਪਾਰਕਿੰਗ ਅਤੇ ਰੂਟਾਂ ਲਈ ਇੱਕ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਨੂੰ ਸ਼ਟਲ ਬੱਸ ਸੇਵਾਵਾਂ, ਪਾਰਕਿੰਗ ਪੁਆਇੰਟਾਂ, ਡਾਕਰਟਰੀ ਸਹੂਲਤਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਵੇਰਵਿਆਂ ਵਿੱਚ ਮਦਦ ਕਰਨ ਲਈ ਵੱਖ-ਵੱਖ ਥਾਵਾਂ ’ਤੇ ਕਿਊਆਰ-ਕੋਡ ਅਧਾਰਤ ਜਾਣਕਾਰੀ ਪ੍ਰਣਾਲੀਆਂ ਸਥਾਪਤ ਕੀਤੀਆਂ ਗਈਆਂ ਹਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਹਿਰ ਦੀਆਂ ਪਹੁੰਚ ਸੜਕਾਂ ਨੂੰ ਕਵਰ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਟ੍ਰੈਫਿਕ ਦੀ ਆਮਦ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਵਿਖੇ ਸੀਸੀਟੀਵੀ ਕੰਟਰੋਲ ਰੂਮ ਰਾਹੀਂ 24 ਘੰਟੇ ਲਾਈਵ ਨਿਗਰਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਚਰਨ ਗੰਗਾ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਭੀੜ ਪ੍ਰਬੰਧਨ ਲਈ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਸਿੱਖ ਭਾਈਚਾਰੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ  ਹੁੰਦੀ ਹੈ। 

Scroll to Top