Actionpunjab

Action Punjab Logo
Breaking News

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ



ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ:      ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ।

ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿਸ਼ਚਿੰਤ ਹੋ ਕੇ ਯਾਤਰਾ ਕਰ ਸਕਣ। ਇਸ ਨਾਲ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜਿਕ ਸਾਂਝ ਅਤੇ ਸਦਭਾਵਨਾ ਨੂੰ ਵੀ ਬਲ ਮਿਲਦਾ ਹੈ।

ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ।

ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਬਜ਼ੁਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਹੋਰ ਧਾਰਮਿਕ ਅਸਥਾਨਾਂ ਲਈ ਇਸ ਤਰ੍ਹਾਂ ਦੀਆਂ ਯਾਤਰਾਵਾਂ ਜਾਰੀ ਰਹਿਣਗੀਆਂ।

ਬੱਸ ਰਵਾਨਗੀ ਦੌਰਾਨ ਬਜ਼ੁਰਗ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਸਪਸ਼ਟ ਦਿਖਾਈ ਦੇ ਰਹੀ ਸੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਨੂੰ ਦਿਲੋਂ ਸਰਾਹਿਆ। 

Scroll to Top