ਲਹਿਰਾਗਾਗਾ, 05 ਮਈ:ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ, ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡਾਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਵਿੱਚ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ 03 ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਕੁਨੈਕਟਿਵਿਟੀ ਮਜ਼ਬੂਤ ਹੋਵੇਗੀ।
ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਰਾਮਗੜ੍ਹ ਸੰਧੂਆਂ ਤੋਂ ਨੰਗਲਾ ਅਤੇ ਸ਼ਿਵ ਮੰਦਰ ਤੱਕ 03.62 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਾਈ ਰਾਮਗੜ੍ਹ ਸੰਧੂਆਂ ਸੜਕ ਤੋਂ ਖਾਈ ਅੜਵਾਸ ਸੜਕ ਤਕ 02.65 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ।
ਪਿੰਡ ਭਾਈ ਕੀ ਪਿਸ਼ੌਰ ਦੀ ਫਿਰਨੀ ਤੋਂ ਸਮਾਧ ਭੰਗੂਆਂ ਤੱਕ 2.21 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਇਹ ਪ੍ਰੋਜੈਕਟ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੇ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੋਰ ਗਤੀ ਦੇਣਗੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।
ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।




