Actionpunjab

Action Punjab Logo
Breaking News

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ



ਚੰਡੀਗੜ੍ਹ, 23 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 488 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 123ਵੇਂ ਦਿਨ ਪੁਲਿਸ ਟੀਮਾਂ ਨੇ 222 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31,430 ਹੋ ਗਈ ਹੈ।

ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 448ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.4 ਕਿਲੋਗ੍ਰਾਮ ਹੈਰੋਇਨ, 279 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 448 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,306 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Scroll to Top