Actionpunjab

Action Punjab Logo
Breaking News

Author name: Action Punjab

Action Punjab
Punjab

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ*

ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖ਼ਰੀਦਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ,ਜੋ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗੈਰ-ਕਾਨੂੰਨੀ ਹਥਿਆਰਾਂ ਨੂੰ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਖੇਤਰ ਵਿੱਚ ਸਪਲਾਈ ਕਰ  ਰਹੇ ਸਨ।  ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਮੁਕੰਮਲ ਰੂਪ ਵਿੱਖ ਖ਼ਾਤਮਾ ਕੀਤਾ ਜਾ  ਸਕੇ। ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਯੋਜਨਾਬੱਧ ਆਪ੍ਰੇਸ਼ਨ ਤਹਿਤ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਪਹਿਲਾਂ ਦੀਪਕ ਉਰਫ਼ ਦੀਪੂ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਉਸਦੀ ਨਿਸ਼ਾਨਦੇਹੀ ’ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਦੀਪਕ ਦੇ ਖੁਲਾਸੇ ’ਤੇ, ਉਸਦੇ ਦੋ ਹੋਰ ਸਾਥੀਆਂ ਅਰੁਣ ਉਰਫ਼ ਸਾਬੂ ਅਤੇ ਸੁਖਜਿੰਦਰ ਉਰਫ਼ ਸੁੱਖਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਸੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਹ ਗੈਰ-ਕਾਨੂੰਨੀ ਹਥਿਆਰ  ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਖ਼ਰੀਦੇ ਸਨ, ਜਿਸਨੂੰ ਪੁਲਿਸ ਦੀ ਮੁਸਤੈਦ ਕਾਰਵਾਈ ਨੇ ਸਫਲਤਾਪੂਰਵਕ ਟਾਲ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਦੀਪਕ ਉਰਫ਼ ਦੀਪੂ ਅਤੇ ਅਰੁਣ ਉਰਫ਼ ਸਾਬੂ ਦੀ, ਪਹਿਲਾਂ ਵੀ ਇਰਾਦਾ ਕਤਲ , ਚੋਰੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਮੂਲੀਅਤ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।  

Punjab

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਅਕਸ਼ੈ ਉਰਫ਼ ਪ੍ਰਿੰਸ ਨਾਮੀ ਵਿਅਕਤੀ, ਜੁਲਾਈ 2025 ਵਿੱਚ ਅਬੋਹਰ ਵਿਖੇ ‘ਵੀਅਰ ਵੈੱਲ’ ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਕਾਰਵਾਈ ਜੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਐਸਏਐਸ ਨਗਰ ਵੱਲ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਇਸ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਦੇਖੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਕਰਮੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ, ਜਿਸਨੇ ਤੁਰੰਤ ਹਾਈਵੇਅ ਦੀਆਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕੇ ਲਾ ਲਏ। ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਹਾਈਵੇਅ ‘ਤੇ ਜਨੇਤਪੁਰ ਲਿੰਕ ਰੋਡ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਕਰ ਲਿਆ। ਹੋਰ ਵੇਰਵੇ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲ ਗਈ ਹੈ। ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6) ਤੇ 25(7)(i) ਦੇ ਤਹਿਤ ਥਾਣਾ ਡੇਰਾਬੱਸੀ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 162 ਮਿਤੀ 18.04.2026 ਦਰਜ ਕੀਤੀ ਗਈ ਹੈ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਚੰਡੀਗੜ੍ਹ; 20 ਅਪ੍ਰੈਲ: ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ। ਇਹ ਕਦਮ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ, ਆਈਟੀ ਅਤੇ ਅਤਿ ਆਧੁਨਿਕ ਮੋਬਿਲਟੀ ਸਲਿਊਸ਼ਨਜ਼ ਵਿੱਚ ਮੋਹਾਲੀ ਦੀ ਮੁੱਖ ਕੇਂਦਰ ਵਜੋਂ ਉੱਭਰ ਰਹੀ ਸਥਿਤੀ ਦਾ ਲਾਭ ਉਠਾ ਕੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਆਪਣੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਸ਼ਾਮਲ ਕਰਨ ਲਈ ਪੰਜਾਬ ਸਰਕਾਰ ਦੀ ਕੇਂਦਰਿਤ ਰਣਨੀਤੀ ਦਾ ਹਿੱਸਾ ਹੈ। ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ.ਐਕਸ.ਪੀ. ਸੈਮੀਕੰਡਕਟਰਜ਼ ਦੇ ਪਬਲਿਕ ਪਾਲਿਸੀ ਹੈੱਡ ਡਾ. ਅੰਕਿਤ ਪਾਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਡਵਾਂਸਡ ਇਲੈਕਟ੍ਰਾਨਿਕਸ, ਸੈਮੀਕੰਡਕਟਰ ਡਿਜ਼ਾਇਨ ਅਤੇ ਨਵੀਨ ਖੋਜ-ਅਧਾਰਤ ਈਕੋਸਿਸਟਮ ਵਿੱਚ ਸਹਿਯੋਗ ਦੇ ਮੌਕੇ ਲੱਭਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਜ਼ਬੂਤ ਪ੍ਰਤਿਭਾ ਪੂਲ ਅਤੇ ਉੱਭਰ ਰਹੇ ਇਲੈਕਟ੍ਰਾਨਿਕਸ ਈਕੋਸਿਸਟਮ ਦਾ ਲਾਭ ਉਠਾਉਣ ਲਈ ਮੋਹਾਲੀ ਇੱਕ ਰਣਨੀਤਿਕ ਸਥਾਨ ਰੱਖਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨ.ਐਕਸ.ਪੀ. ਨੂੰ ਕਾਲਕਟ ਭਵਨ, ਮੋਹਾਲੀ ਵਿਖੇ ‘ਸਿਲੀਕਾਨ ਵੈਲੀ’ ਵਰਗਾ ਈਕੋਸਿਸਟਮ ਵਿਕਸਤ ਕਰਨ ਦੀਆਂ ਸੂਬਾ ਸਰਕਾਰ ਦੀਆਂ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ, ਜੋ ਰਣਨੀਤਕ ਤੌਰ ‘ਤੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਈਟੀ ਸਿਟੀ ਨੇੜੇ ਸਥਿਤ ਹੈ। ਮੁੱਖ ਮੰਤਰੀ ਨੇ ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਸਿਸਟਮ ਡਿਜ਼ਾਇਨ ਸਲਿਊਸ਼ਨਜ਼ ਅਤੇ ਐਨ.ਐਕਸ.ਪੀ. ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸੰਭਾਵੀ ਸਹਿਯੋਗ ਬਾਰੇ ਚਰਚਾ ਕੀਤੀ, ਜਿਸਦਾ ਉਦੇਸ਼ ਨਵੀਨਤਾ ਤੇ ਖੋਜ ਨੂੰ ਉਤਸ਼ਾਹਿਤ ਕਰਨਾ, ਸਟਾਰਟਅੱਪਸ ਨੂੰ ਸਮਰਥਨ ਦੇਣਾ ਅਤੇ ਅਤਿ-ਆਧੁਨਿਕ ਤਕਨਾਲੋਜੀ ਹੱਲਾਂ ਦਾ ਸਹਿ-ਵਿਕਾਸ ਕਰਨਾ ਹੈ। ਉਨ੍ਹਾਂ ਨੇ ਨਿਅਰ ਫੀਲਡ ਕਮਿਊਨੀਕੇਸ਼ਨ (ਐਨਐਫਸੀ), ਐਡਵਾਂਸਡ ਡਰਾਈਵਰ ਅਸਿਸਟੈਂਸ ਸਿਸਟਮ (ਏਡੀਏਐਸ) ਅਤੇ ਸਕਿਓਰ ਕੁਨੈਕਟੀਵਿਟੀ ਤਕਨਾਲੋਜੀਆਂ, ਜੋ ਆਲਮੀ ਉਦਯੋਗ ਰੁਝਾਨਾਂ ਨਾਲ ਇਕਸਾਰ ਹਨ, ਵਰਗੇ ਖੇਤਰਾਂ ਵਿੱਚ ਹੱਲ ਵਿਕਸਤ ਕਰਨ ਲਈ ਪੰਜਾਬ ਦੇ ਉੱਭਰ ਰਹੇ ਆਟੋਮੋਟਿਵ ਅਤੇ ਆਟੋ-ਕੰਪੋਨੈਂਟ ਈਕੋਸਿਸਟਮ ਦਾ ਲਾਭ ਉਠਾਉਣ ਦੀ ਵੀ ਵਕਾਲਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਮੌਜੂਦ ਪ੍ਰਤਿਭਾ ਦੇ ਮਜ਼ਬੂਤ ਈਕੋਸਿਸਟਮ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਈ.ਆਈ.ਟੀ. ਰੋਪੜ, ਆਈ.ਐਸ.ਬੀ. ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ, ਜੋ ਉੱਚ-ਗੁਣਵੱਤਾ ਵਾਲਾ ਖੋਜ ਅਤੇ ਇੰਜੀਨੀਅਰਿੰਗ ਕਾਰਜਬਲ ਤਿਆਰ ਕਰਨ ਲਈ ਸਾਕਾਰਾਤਕ ਕੰਮ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਐਨ.ਐਕਸ.ਪੀ. ਨੂੰ ਸੂਬੇ ਵਿੱਚ ਮੌਜੂਦ ਭਰਪੂਰ ਸੰਭਾਵਨਾਵਾਂ ਅਤੇ ਸਾਂਝੇ ਰੂਪ ਵਿੱਚ ਕੰਮ ਕਰਨ ਸਬੰਧੀ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਵਿਕਾਸ ਦੇ ਖੇਤਰਾਂ ਵਿੱਚ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣ ਦੀ ਵੀ ਵਕਾਲਤ ਕੀਤੀ ਤਾਂ ਜੋ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਨੀਦਰਲੈਂਡ ਵਿੱਚ ਪੰਜਾਬ ਸਰਕਾਰ ਦੇ ਚੱਲ ਰਹੇ ਨਿਵੇਸ਼ ਪ੍ਰੋਤਸਾਹਨ ਪ੍ਰੋਗਰਾਮ ਦੇ ਹਿੱਸੇ ਵਜੋਂ ਉਹ ਰਣਨੀਤਕ ਭਾਈਵਾਲੀ ਦੀ ਪੜਚੋਲ ਕਰਨ ਅਤੇ ਤਰਜੀਹੀ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਆਲਮੀ ਪੱਧਰ ਦੀਆਂ ਪ੍ਰਮੁੱਖ  ਕੰਪਨੀਆਂ ਨਾਲ ਵਪਾਰਕ ਸਬੰਧ ਸਥਾਪਿਤ ਕਰਨ ਦੀ ਰਾਹ ’ਤੇ ਹਨ।’’ ਉਨ੍ਹਾਂ ਨੇ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਨਿਰਮਾਣ (ਈਐਸਡੀਐਮ), ਆਈਟੀ ਅਤੇ ਅਤਿ-ਆਧੁਨਿਕ ਮੋਬਿਲਟੀ ਸਲਿੳਸ਼ਨਜ਼ ਲਈ ਉੱਭਰ ਰਹੇ ਕੇਂਦਰ ਵਜੋਂ ਸਥਾਪਤ ਹੋਣ ਬਾਰੇ ਪੰਜਾਬ ਦਾ ਪੱਖ ਵੀ ਪੇਸ਼ ਕੀਤਾ। ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਵੀ ਦੱਸਿਆ, ਜਿਸ ਤਹਿਤ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰਾਂ ਨੂੰ ਲਾਹੇਵੰਦ ਸੈਕਟਰ ਵਜੋਂ ਪਛਾਣਿਆ ਗਿਆ ਹੈ, ਜਿਸ ਵਿੱਚ ਸਥਿਰ ਪੂੰਜੀ ਨਿਵੇਸ਼ ਦੇ 125 ਫੀਸਦੀ ਤੱਕ ਦੇ ਪ੍ਰੋਤਸਾਹਨ ਹਨ। ਉਨ੍ਹਾਂ ਨੇ ਮੋਹਰੀ ਆਲਮੀ ਕੰਪਨੀਆਂ, ਜਿਨ੍ਹਾਂ ਵਿੱਚ ਇਨਫੋਸਿਸ ਸ਼ਾਮਲ ਹੈ, ਦੁਆਰਾ ਆਈਟੀ ਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕੀਤੇ ਗਏ ਨਿਵੇਸ਼ਾਂ ਅਤੇ ਸੈਮੀ-ਕੰਡਕਟਰ ਲੈਬਾਰਟਰੀ (ਐਸਸੀਐਲ), ਮੋਹਾਲੀ ਦੇ ਚੱਲ ਰਹੇ ਵਿਸਥਾਰ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਸਰਕਾਰ ਦੇ ਸੈਮੀਕੰਡਕਟਰ ਮਿਸ਼ਨ ਅਧੀਨ ਟਾਟਾ ਗਰੁੱਪ ਦੀ ਸ਼ਮੂਲੀਅਤ ਨਾਲ ਸਮਰੱਥਾ ਵਧਾਉਣ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘‘ਸੂਬਾ ਸਰਕਾਰ ਦੇ ਸਰਗਰਮ ਯਤਨਾਂ ਸਦਕਾ ਪੰਜਾਬ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰਿਆ ਹੈ।” ਇਸ ਮੌਕੇ ਵਿਚਾਰ-ਵਟਾਂਦਰੇ ਦੌਰਾਨ ਐਨਐਕਸਪੀ ਨੇ ਖੋਜ ਅਤੇ ਵਿਕਾਸ, ਏਮਬੈਡਡ ਸਿਸਟਮ ਅਤੇ ਆਟੋਮੋਟਿਵ ਸੈਮੀਕੰਡਕਟਰ ਸਲਿਊਸ਼ਨਜ਼ ’ਤੇ ਧਿਆਨ ਕੇਂਦਰਿਤ ਕਰਦਿਆਂ ਭਾਰਤ ਵਿੱਚ ਆਪਣੀ ਮਜ਼ਬੂਤ ਵਿਸ਼ਵਵਿਆਪੀ ਮੌਜੂਦਗੀ ਅਤੇ ਵਿਆਪਕ ਸਾਖ ਨੂੰ ਉਜਾਗਰ ਕੀਤਾ। ਕੰਪਨੀ ਨੇ ਉੱਭਰ ਰਹੇ ਵਿਸ਼ਵਵਿਆਪੀ ਰੁਝਾਨਾਂ, ਜਿਸ ਵਿੱਚ ਇੰਟੈਲੀਜੈਂਟ ਐੱਜ ਪ੍ਰਣਾਲੀਆਂ, ਆਟੋਮੋਟਿਵ ਇਲੈਕਟ੍ਰਾਨਿਕਸ, ਆਈਓਟੀ ਅਤੇ ਸੁਰੱਖਿਅਤ ਕਨੈਕਟੀਵਿਟੀ ਤਕਨਾਲੋਜੀਆਂ ਦੇ ਗਤੀਸ਼ੀਲ ਵਿਕਾਸ ਸ਼ਾਮਲ ਹਨ, ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਵੀ ਮੌਜੂਦ ਸਨ।  

Punjab

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਚੰਡੀਗੜ੍ਹ, 20 ਅਪ੍ਰੈਲ-ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ ‘ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡਖੇਤੀ ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ  ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ  ਖਿੜਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ ,ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ  ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ  ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ। 

Punjab

ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ 'ਤੇ ਛਾਪੇਮਾਰੀ; 216 ਗ੍ਰਿਫ਼ਤਾਰ

ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।ਮੁਹਿੰਮ ਦੇ 90ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 216 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,605 ਹੋ ਗਈ ਹੈ।ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 67 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 415ਵੇਂ ਦਿਨ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.9 ਕਿਲੋ ਗ੍ਰਾਮ ਹੈਰੋਇਨ, 393 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 415 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,803 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Punjab

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਚੰਡੀਗੜ੍ਹ; 20 ਅਪ੍ਰੈਲ 2026: ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ‘ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਠੋਸ ਕਾਰਵਾਈ ਦਾ ਇੱਕ ਮਾਡਲ ਬਣ ਕੇ ਉੱਭਰਿਆ ਹੈ, ਜੋ ਭਾਰਤ ਦੇ ਅੰਦਰ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਾ ਹੋਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਅੱਗੇ ਵਧ ਰਿਹਾ ਹੈ। 20 ਜਨਵਰੀ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਲਾਜਿਸਟਿਕ ਨੈੱਟਵਰਕ, ਫੰਡਿੰਗ ਅਤੇ ਸੰਚਾਰ ਸਿਸਟਮ ਨੂੰ ਵੀ ਖਤਮ ਕਰਨਾ ਸੀ। ਪਿਛਲੇ ਤਿੰਨ ਮਹੀਨਿਆਂ ਵਿੱਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 62,302 ਛਾਪੇ ਮਾਰੇ, ਜਿਨ੍ਹਾਂ ਵਿੱਚ 915 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੁੱਲ ਮਿਲਾ ਕੇ 22,605 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 461 ਗੈਂਗਸਟਰਾਂ ਦੇ ਸਾਥੀ ਅਤੇ 22,144 ਲੋੜੀਂਦੇ ਮੁਲਜ਼ਮ ਸ਼ਾਮਲ ਹਨ। ਇਸ ਅਭਿਆਨ ਹੇਠ ਨਿਵਾਰਕ ਕਾਰਵਾਈ ‘ਤੇ ਵੀ ਕਾਫ਼ੀ ਜ਼ੋਰ ਦਿੱਤਾ ਗਿਆ। ਕੁੱਲ 10,254 ਮੁਲਜ਼ਮਾਂ ਨੂੰ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚ 444 ਸਾਥੀ ਅਤੇ 9,810 ਲੋੜੀਂਦੇ ਮੁਲਜ਼ਮ ਸਨ। ਇਸ ਤੋਂ ਇਲਾਵਾ 16,439 ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿੱਚ 1,277 ਸਾਥੀ ਅਤੇ 15,162 ਲੋੜੀਂਦੇ ਮੁਲਜ਼ਮ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 49,298 ਮੁਲਜ਼ਮਾਂ ਖ਼ਿਲਾਫ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿੱਚ 2,182 ਸਾਥੀ ਅਤੇ 47,116 ਲੋੜੀਂਦੇ ਮੁਲਜ਼ਮ ਸ਼ਾਮਲ ਹਨ, ਜੋ ਕਾਰਵਾਈ ਦੀ ਗਹਿਰਾਈ ਅਤੇ ਵਿਸ਼ਾਲਤਾ ਨੂੰ ਦਰਸਾਉਂਦਾ ਹੈ। ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ, ਜਿਸ ਨਾਲ ਅਪਰਾਧੀ ਨੈੱਟਵਰਕ ਦੀ ਕਾਰਵਾਈ ਸਮਰੱਥਾ ਕਮਜ਼ੋਰ ਹੋਈ। ਪੁਲਿਸ ਨੇ ਇਸ ਦੌਰਾਨ 408 ਹਥਿਆਰ, 148 ਤੇਜ਼ਧਾਰ ਹਥਿਆਰ, 1197 ਕਾਰਤੂਸ, 122 ਮੈਗਜ਼ੀਨ, 2.5 ਕਿਲੋਗ੍ਰਾਮ ਵਿਸਫੋਟਕ ਅਤੇ 6 ਹੈਂਡ ਗ੍ਰੇਨੇਡ ਬਰਾਮਦ ਕੀਤੇ। ਇਸ ਅਭਿਆਨ ਨੇ ਨਸ਼ੇ ਦੇ ਨੈੱਟਵਰਕ ‘ਤੇ ਵੀ ਵੱਡਾ ਪ੍ਰਹਾਰ ਕੀਤਾ। ਪੁਲਿਸ ਨੇ 378.45 ਕਿਲੋਗ੍ਰਾਮ ਹੈਰੋਇਨ, 301.947 ਕਿਲੋਗ੍ਰਾਮ ਅਫੀਮ, 2,838.77 ਕਿਲੋਗ੍ਰਾਮ ਭੁੱਕੀ, 12,37,318 ਨਸ਼ੀਲੀਆਂ ਗੋਲੀਆਂ, 7373.82 ਗ੍ਰਾਮ ਨਸ਼ੀਲਾ ਪਾਊਡਰ, 101.459 ਕਿਲੋਗ੍ਰਾਮ ਗਾਂਜਾ ਅਤੇ 790 ਗ੍ਰਾਮ ‘ਆਈਈਸੀ’ ਬਰਾਮਦ ਕੀਤੀ। ਇਸ ਤੋਂ ਇਲਾਵਾ 1,05,31,171 ਰੁਪਏ ਦੀ ਡਰੱਗ ਮਨੀ, 50,66,740 ਰੁਪਏ ਨਕਦ ਅਤੇ 273 ਗ੍ਰਾਮ ਸੋਨਾ ਵੀ ਜ਼ਬਤ ਕੀਤਾ ਗਿਆ। ਗੈਰ-ਕਾਨੂੰਨੀ ਵਪਾਰ ‘ਤੇ ਲਗਾਮ ਕਸਦੇ ਹੋਏ ਪੁਲਿਸ ਨੇ 24,520.25 ਲੀਟਰ ਗੈਰਕਾਨੂੰਨੀ ਸ਼ਰਾਬ ਵੀ ਜ਼ਬਤ ਕੀਤੀ, ਜਿਸ ਵਿੱਚ 10,984.75 ਬੋਤਲਾਂ ਅਤੇ 176 ਪੇਟੀਆਂ ਸ਼ਾਮਲ ਹਨ। ਗੈਂਗਸਟਰਾਂ ਦੇ ਲਾਜਿਸਟਿਕ ਨੈੱਟਵਰਕ ਨੂੰ ਤੋੜਨ ਲਈ 4,229 ਮੋਬਾਈਲ ਫੋਨ, 815 ਵਾਹਨ ਅਤੇ 31 ਡਰੋਨ ਬਰਾਮਦ ਕੀਤੇ। ਐਂਟੀ ਗੈਂਗਸਟਰ ਟਾਸਕ ਫੋਰਸ  ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ,“ਇਹ ਅਭਿਆਨ ਸਿਰਫ਼ ਗੈਂਗ ਜਾਂ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਤੱਕ ਸੀਮਿਤ ਨਹੀਂ, ਸਗੋਂ ਕਰਨਾ ਇਸ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਜੜੋਂ ਖਤਮ ਹੈ। ਹਰ ਪੁਲਿਸ ਕਰਮਚਾਰੀ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਇਸ ਅਭਿਆਨ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਹਰ ਜ਼ਿਲ੍ਹੇ, ਪਿੰਡ ਅਤੇ ਸ਼ਹਿਰ ਵਿੱਚ ਸਥਾਨਕ ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।” ਉਹਨਾਂ ਨੇ ਅੱਗੇ ਕਿਹਾ, “ਤਿੰਨ ਮਹੀਨਿਆਂ ਵਿੱਚ ਇਸ ਅਭਿਆਨ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਹੁਣ ਸਿਰਫ਼ ਗੈਂਗਸਟਰ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕ ਵੀ ਕਾਰਵਾਈ ਤੋਂ ਡਰ ਰਹੇ ਹਨ। ਪੁਲਿਸ ਦੀ ਸਰਗਰਮ ਭੂਮਿਕਾ ਅਤੇ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਦਾ ਪੱਧਰ ਇਸ ਅਭਿਆਨ ਦੀ ਸਫਲਤਾ ਨੂੰ ਦਰਸਾਉਂਦਾ ਹੈ।” ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੇ ਅਭਿਆਨ ਤੋਂ ਪ੍ਰੇਰਣਾ ਲੈਂਦੇ ਹੋਏ ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ ਸੰਗਠਿਤ ਅਪਰਾਧ ‘ਤੇ ਇੱਕ ਵਿਆਪਕ ਪ੍ਰਹਾਰ ਵਜੋਂ ਤਿਆਰ ਕੀਤਾ ਹੈ। ਇਸ ਆਪਰੇਸ਼ਨ ਵਿੱਚ ਅਪਰਾਧੀਆਂ ਦੀ ਟ੍ਰੈਕਿੰਗ ਅਤੇ ਨਿਗਰਾਨੀ ਲਈ ਆਰਟੀਫ਼ਿਸ਼ਲ ਇੰਟੈਲੀਜੈਂਸ ਸਮੇਤ ਆਧੁਨਿਕ ਤਕਨਾਲੋਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਨਾਲ ਹੀ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਭਰੋਸੇਯੋਗ ਜਾਣਕਾਰੀ ‘ਤੇ ਇਨਾਮ ਦੇਣ ਲਈ ਐਂਟੀ-ਗੈਂਗਸਟਰ ਹੈਲਪਲਾਈਨ (93946-93946) ਵੀ ਸ਼ੁਰੂ ਕੀਤੀ ਗਈ ਹੈ। ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ, “ਹੁਣ ਪੰਜਾਬ ਪੁਲਿਸ ਕੋਲ ‘ਗੈਂਗਸਟਰਾਂ ‘ਤੇ ਵਾਰ’ ਆਪਰੇਸ਼ਨ ਰਾਹੀਂ ਅਪਰਾਧੀਆਂ ਨੂੰ ਤੇਜ਼ੀ ਨਾਲ ਟ੍ਰੈਕ ਕਰਨ ਲਈ ਵਿਆਪਕ ਡਾਟਾ ਮੌਜੂਦ ਹੈ। ਪੰਜਾਬ ਵਿੱਚ ‘ਗੈਂਗਸਟਰ ਕਲਚਰ’ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਪੁਲਿਸ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਆਪਰੇਸ਼ਨ ਨੇ ਕਈ ਕੇਸਾਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ ਅਤੇ ਹੋਰ ਰਾਜਾਂ ਵਿੱਚ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਯਕੀਨੀ ਬਣਾਈ ਹੈ। ਇਨ੍ਹਾਂ ਗਿਰੋਹਾਂ ਦੇ ਨੈੱਟਵਰਕ ਅਤੇ ਫੰਡਿੰਗ ਨੂੰ ਕਾਫ਼ੀ ਹੱਦ ਤੱਕ ਪ੍ਰਭਾਵਿਤ ਕੀਤਾ ਗਿਆ ਹੈ ਅਤੇ ਇਹ ਅਭਿਆਨ ਅੱਗੇ ਵੀ ਹੋਰ ਵਧੇਰੇ ਚੌਕਸੀ ਨਾਲ ਜਾਰੀ ਰਹੇਗਾ।”  

Punjab

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ:      ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿਸ਼ਚਿੰਤ ਹੋ ਕੇ ਯਾਤਰਾ ਕਰ ਸਕਣ। ਇਸ ਨਾਲ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜਿਕ ਸਾਂਝ ਅਤੇ ਸਦਭਾਵਨਾ ਨੂੰ ਵੀ ਬਲ ਮਿਲਦਾ ਹੈ। ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ। ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਬਜ਼ੁਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਹੋਰ ਧਾਰਮਿਕ ਅਸਥਾਨਾਂ ਲਈ ਇਸ ਤਰ੍ਹਾਂ ਦੀਆਂ ਯਾਤਰਾਵਾਂ ਜਾਰੀ ਰਹਿਣਗੀਆਂ। ਬੱਸ ਰਵਾਨਗੀ ਦੌਰਾਨ ਬਜ਼ੁਰਗ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਸਪਸ਼ਟ ਦਿਖਾਈ ਦੇ ਰਹੀ ਸੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਨੂੰ ਦਿਲੋਂ ਸਰਾਹਿਆ। 

Punjab

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ‘ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026’ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ, ਉੱਥੇ ਹੀ ਪਹਿਲਾਂ ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਸਿਆਸਤ ਕਰਨ ਵਾਲੇ ਹੁਣ ਚੁੱਪ ਰਹਿਣ ਨੂੰ ਤਰਜੀਹ ਦੇ ਰਹੇ ਹਨ। ਇਹ ਚੁੱਪ ਸਿਆਸੀ ਤੌਰ ‘ਤੇ ਬਹੁਤ ਕੁਝ ਬਿਆਨ ਕਰਦੀ ਹੈ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਸੀ, ਤਾਂ ਵਿਰੋਧੀ ਪਾਰਟੀਆਂ ਨੇ ਇਸ ਨੂੰ ਸਿਆਸੀ ਬਿਆਨਬਾਜ਼ੀ ਕਹਿ ਕੇ ਖਾਰਜ ਕਰ ਦਿੱਤਾ ਸੀ। ਉਹ ਕਹਿੰਦੇ ਸਨ, ‘ਕਾਨੂੰਨ ਲਿਆਓ, ਫਿਰ ਦੇਖਾਂਗੇ। ਅੱਜ ਇਹ ਕਾਨੂੰਨ ਨਾ ਸਿਰਫ਼ ਪਾਸ ਹੋ ਗਿਆ ਹੈ ਬਲਕਿ ਪੂਰੀ ਤਰ੍ਹਾਂ ਲਾਗੂ ਵੀ ਹੋ ਚੁੱਕਾ ਹੈ, ਅਤੇ ਉਹੀ ਲੋਕ ਹੁਣ ਸ਼ਾਂਤ ਹੋ ਗਏ ਹਨ। ਬਲਤੇਜ ਪੰਨੂ ਨੇ ਦੱਸਿਆ ਕਿ ਇਹ ਬਿੱਲ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤਾ ਗਿਆ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ‘ਤੇ ਪੂਰਾ ਦਿਨ ਚੱਲੀ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਸੀ ਕਿ ਇਹ ਸੈਸ਼ਨ ਸਿਰਫ਼ ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਬੁਲਾਇਆ ਗਿਆ ਸੀ, ਫਿਰ ਵੀ ਕੁਝ ਲੋਕਾਂ ਨੇ ਇਸ ਵਿਸ਼ੇਸ਼ ਇਜਲਾਸ ਨੂੰ ਬੁਲਾਉਣ ਦੇ ਇਰਾਦੇ ‘ਤੇ ਵੀ ਸਵਾਲ ਚੁੱਕੇ ਸਨ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਆਗੂਆਂ ਵੱਲੋਂ ਵਾਰ-ਵਾਰ ਇਹ ਸ਼ੰਕੇ ਪੈਦਾ ਕੀਤੇ ਜਾ ਰਹੇ ਸਨ ਕਿ ਰਾਜਪਾਲ ਬਿੱਲ ਨੂੰ ਮਨਜ਼ੂਰੀ ਨਹੀਂ ਦੇਣਗੇ ਜਾਂ ਇਸ ਨੂੰ ਰਾਸ਼ਟਰਪਤੀ ਦੀ ਸਹਿਮਤੀ ਲਈ ਰੋਕ ਦਿੱਤਾ ਜਾਵੇਗਾ। ਅਜਿਹੇ ਸਾਰੇ ਦਾਵਿਆਂ ਦੇ ਉਲਟ, ਰਾਜਪਾਲ ਨੇ ਬਿਨਾਂ ਦੇਰੀ ਬਿੱਲ ‘ਤੇ ਦਸਤਖਤ ਕੀਤੇ ਹਨ ਅਤੇ ਇਹ ਹੁਣ ਅਧਿਕਾਰਤ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਾ ਹੈ ਅਤੇ ਇਹ ਕਾਨੂੰਨ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਹੈ। ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਨਵਾਂ ਕਾਨੂੰਨ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾਵਾਂ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਤਹਿਤ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਸਮੇਤ ਸਖ਼ਤ ਉਪਬੰਧ ਕੀਤੇ ਗਏ ਹਨ, ਜੋ ਸਜ਼ਾ ਅਤੇ ਡਰ ਦੋਵੇਂ ਯਕੀਨੀ ਬਣਾਉਂਦੇ ਹਨ। ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਅਦਬੀ ‘ਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਵਿੱਚ ਅਸਫਲ ਰਹੀ, ਹਾਲਾਂਕਿ ਉਹ ਅਜਿਹੇ ਬਿੱਲ ਲਿਆਏ ਸਨ ਜੋ ਕਦੇ ਕਾਨੂੰਨ ਬਣਨ ਦੇ ਮਕਸਦ ਨਾਲ ਨਹੀਂ ਸਨ ਲਿਆਂਦੇ ਗਏ। ਉਨ੍ਹਾਂ ਨੇ ਯਕੀਨੀ ਬਣਾਇਆ ਕਿ ਸਿਆਸੀ ਲਾਹੇ ਲਈ ਇਹ ਮੁੱਦਾ ਜਿਉਂਦਾ ਰਹੇ। ਕੁਝ ਲੋਕਾਂ ਨੇ ਇਸ ਮੁੱਦੇ ‘ਤੇ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਅਤੇ ਉਹ ਚਾਹੁੰਦੇ ਸਨ ਕਿ ਇਹ ਸਿਲਸਿਲਾ ਜਾਰੀ ਰਹੇ। ਪੁਰਾਣੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਚਾਹੇ 2015 ਦੀਆਂ ਘਟਨਾਵਾਂ ਹੋਣ, 1986 ਵਿੱਚ ਨਕੋਦਰ ਦੀ ਘਟਨਾ ਹੋਵੇ ਜਾਂ 1978 ਦੀ, ਸਭ ਜਾਣਦੇ ਹਨ ਕਿ ਉਸ ਸਮੇਂ ਕੌਣ ਸੱਤਾ ਵਿੱਚ ਸੀ ਅਤੇ ਉਹ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਕਿਵੇਂ ਅਸਫਲ ਰਹੇ। 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦੌਰਾਨ, ਵਾਰ-ਵਾਰ ਉਕਸਾਵੇ ਅਤੇ ਧਮਕੀਆਂ ਦੇ ਬਾਵਜੂਦ, ਤਤਕਾਲੀ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਵਿੱਚ ਅਸਫਲ ਰਹੀ। ਮਹੀਨਿਆਂ ਬੱਧੀ ਅਪਮਾਨਜਨਕ ਭਾਸ਼ਾ ਵਾਲੇ ਪੋਸਟਰ ਲੱਗੇ ਰਹੇ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਬਲਤੇਜ ਪੰਨੂ ਨੇ ਪਿਛਲੀਆਂ ਸਰਕਾਰਾਂ ਵੱਲੋਂ ਜਾਂਚ ਦੇ ਤਰੀਕਿਆਂ ਦੀ ਵੀ ਆਲੋਚਨਾ ਕੀਤੀ ਅਤੇ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਰਗੇ ਕਮਿਸ਼ਨਾਂ ਦੀਆਂ ਰਿਪੋਰਟਾਂ ਨੂੰ ਅਣਗੌਲਿਆ ਕੀਤਾ ਗਿਆ। ਗੰਭੀਰ ਨਤੀਜਿਆਂ ਨੂੰ ਮਾਮੂਲੀ ਬਣਾ ਦਿੱਤਾ ਗਿਆ ਅਤੇ ਰਿਪੋਰਟਾਂ ਦੀਆਂ ਕਾਪੀਆਂ ਜਨਤਕ ਤੌਰ ‘ਤੇ ਕੌਡੀਆਂ ਦੇ ਭਾਅ ਵੰਡੀਆਂ ਗਈਆਂ। ਕਾਨੂੰਨ ਬਣਾਉਣ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਬਿੱਲ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ ਕਾਨੂੰਨੀ ਮਾਹਿਰਾਂ ਅਤੇ ਧਾਰਮਿਕ ਆਗੂਆਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ। ਇਹ ਕੋਈ ਜਲਦਬਾਜ਼ੀ ਵਿੱਚ ਲਿਆ ਗਿਆ ਫੈਸਲਾ ਨਹੀਂ ਸੀ, ਸਗੋਂ ਸਖ਼ਤ ਸਜ਼ਾ ਅਤੇ ਡਰ ਪੈਦਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਕਾਨੂੰਨ ਬਣਨ ਤੋਂ ਬਾਅਦ ਵੀ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਨਾ ਹੀ ਇਸ ਦੀ ਲੀਡਰਸ਼ਿਪ ਨੇ ਇਸ ਦੇ ਸਮਰਥਨ ਜਾਂ ਵਿਰੋਧ ਵਿੱਚ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪ ਵੀ ਓਨੀ ਹੀ ਚਿੰਤਾਜਨਕ ਹੈ। ਐਸਜੀਪੀਸੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਨਾ ਕਰਨਾ ਸਿਆਸੀ ਦਬਾਅ ਅਤੇ ਸਪੱਸ਼ਟਤਾ ਦੀ ਘਾਟ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦਾ ਇਕਲੌਤਾ ਵਿਧਾਇਕ ਵੀ ਵਿਧਾਨ ਸਭਾ ਦੇ ਉਸ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਨਹੀਂ ਹੋਇਆ ਜਿੱਥੇ ਇਹ ਬਿੱਲ ਪਾਸ ਕੀਤਾ ਗਿਆ ਸੀ। ਇਹ ਇਤਿਹਾਸ ਵਿੱਚ ਦਰਜ ਹੋਵੇਗਾ ਕਿ ਕੌਣ ਗੁਰੂ ਗ੍ਰੰਥ ਸਾਹਿਬ ਦੀ ਮਰਯਾਦਾ ਦੀ ਰਾਖੀ ਲਈ ਖੜ੍ਹਾ ਸੀ ਅਤੇ ਕਿਸ ਨੇ ਗੈਰ-ਹਾਜ਼ਰ ਰਹਿਣਾ ਚੁਣਿਆ। ਬਲਤੇਜ ਪੰਨੂ ਨੇ ਕਿਹਾ ਕਿ 13 ਅਪ੍ਰੈਲ ਨੂੰ ਬਿੱਲ ਪੇਸ਼ ਹੋਣ ਤੋਂ ਲੈ ਕੇ 17 ਅਪ੍ਰੈਲ ਨੂੰ ਰਾਜਪਾਲ ਦੀ ਸਹਿਮਤੀ ਅਤੇ 20 ਅਪ੍ਰੈਲ ਤੱਕ ਨੋਟੀਫਿਕੇਸ਼ਨ ਜਾਰੀ ਹੋਣਾ ‘ਆਪ’ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ। ਸਿਰਫ਼ ਕੁਝ ਹੀ ਦਿਨਾਂ ਵਿੱਚ ਇਸ ਕਾਨੂੰਨ ਨੇ ਪੂਰਾ ਰੂਪ ਲੈ ਲਿਆ ਅਤੇ ਲਾਗੂ ਹੋ ਗਿਆ, ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਸੁਖਬੀਰ ਸਿੰਘ ਬਾਦਲ ਦੀ ਚੁੱਪ ਦੱਸਦੀ ਹੈ ਕਿ ਉਹ ਪੰਜਾਬ ਅਤੇ ਇਸ ਦੀਆਂ ਧਾਰਮਿਕ ਭਾਵਨਾਵਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਬਜਾਏ ਨਿੱਜੀ ਅਤੇ ਸਿਆਸੀ ਹਿੱਤਾਂ ਦੀ ਰਾਖੀ ਕਰਨ ‘ਤੇ ਜ਼ਿਆਦਾ ਕੇਂਦਰਿਤ ਹਨ। 

Punjab

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸੰਗਰੂਰ 20 ਅਪ੍ਰੈਲ : ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਸਮਾਂ ਸੀਮਾਂ ਅੰਦਰ ਪਾਉਂਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ 2026 ਤੱਕ ਸੂਬੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਕਰੀਬ 3872735.53 ਮੀਟ੍ਰਿਕ ਟਨ ਆਮਦ ਹੋਈ ਹੈ ਜਿਸ ਵਿੱਚੋਂ ਕਰੀਬ 3416926.10 ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਅਤੇ 6163.30 ਮੀਟ੍ਰਿਕ ਟਨ ਵਪਾਰਿਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਖ਼ਰੀਦ ਕੀਤੀ ਗਈ ਹੈ। ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਹੁਣ ਤੱਕ  ਕਰੀਬ 1818.31 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਕੀਤੀ ਜਾ ਚੁੱਕ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਸਮੂਹ 170 ਮੰਡੀਆਂ ਵਿੱਚ  9 ਲੱਖ 50 ਹਜਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਆਸ ਹੈ ਜਿਸ ਵਿੱਚ ਹੁਣ ਤੱਕ ਕਰੀਬ ਕਰੀਬ 400238.97 ਮੀਟ੍ਰਿਕ ਟਨ ਜੀਣਸ ਦਾ ਆਮਦ ਹੋਈ ਹੈ ਜਿਸ ਵਿਚੋਂ ਕਰੀਬ 352766 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 351.81 ਲੱਖ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 30158.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ । ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆ ਖ਼ਰੀਦ ਪ੍ਰੀਕ੍ਰਿਆਂ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪਬ੍ਰੰਧਾਂ ਸਬੰਧੀ ਫੀਡ ਬੈਕ ਲੈਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ‘ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਮੰਡੀ ਵਿੱਚ ਪੁੱਜੇ ਕਿਸਾਨਾਂ ਅਤੇ ਆੜਤੀਆਂ ਨੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦ ਕਰ ਲਈ ਗਈ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਗਈ ਹੈ।ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ  ਦੇ 09 ਸੀਜਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ‘ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ‘ਤੇ ਮਾਣ ਪ੍ਰਗਟ ਕੀਤਾ।  

Punjab

ਪੰਜਾਬ ਵਿੱਚ ਤਪਦੀ ਗਰਮੀ: 18 ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਤੋਂ ਪਾਰ, ਬਠਿੰਡਾ ਸਭ ਤੋਂ ਗਰਮ

ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਦੇ ਘੱਟੋ-ਘੱਟ 18 ਸ਼ਹਿਰਾਂ ਵਿੱਚ ਪਾਰਾ 35 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬਠਿੰਡਾ ਰਿਹਾ ਸਭ ਤੋਂ ਗਰਮ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਬਠਿੰਡਾ ਸ਼ਹਿਰ ਸਭ ਤੋਂ ਵੱਧ ਗਰਮ ਦਰਜ ਕੀਤਾ ਗਿਆ ਹੈ, ਜਿੱਥੇ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ ਸਮੇਂ ਸੜਕਾਂ ‘ਤੇ ਆਵਾਜਾਈ ਕਾਫ਼ੀ ਘੱਟ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਨੂੰ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ, ਕਿਉਂਕਿ ਤੇਜ਼ ਗਰਮੀ ‘ਲੂ’ ਦਾ ਰੂਪ ਲੈ ਸਕਦੀ ਹੈ। 24 ਅਪ੍ਰੈਲ ਤੱਕ ਰਾਹਤ ਦੀ ਕੋਈ ਉਮੀਦ ਨਹੀਂ ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ। ਮੌਸਮ ਦੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ। 24 ਅਪ੍ਰੈਲ ਤੱਕ ਮੀਂਹ ਜਾਂ ਬੱਦਲਵਾਈ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਲੋਕਾਂ ਨੂੰ ਇਸ ਅੱਤ ਦੀ ਗਰਮੀ ਤੋਂ ਫਿਲਹਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਸਾਵਧਾਨੀ ਹੀ ਬਚਾਅ ਹੈ ਮੌਸਮ ਦੇ ਮਾਹਰਾਂ ਦਾ ਕਹਿਣਾ ਹੈ ਕਿ ਗਰਮੀ ਤੋਂ ਬਚਣ ਲਈ ਸਰੀਰ ਵਿੱਚ ਪਾਣੀ ਦੀ ਮਾਤਰਾ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। ਬਾਹਰ ਨਿਕਲਦੇ ਸਮੇਂ ਸਿਰ ਢੱਕ ਕੇ ਰੱਖਣਾ ਅਤੇ ਸੂਤੀ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਖਾਸ ਤੌਰ ‘ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਦੇ ਵਸਨੀਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਇਸ ਪ੍ਰਕੋਪ ਲਈ ਤਿਆਰ ਰਹਿਣਾ ਹੋਵੇਗਾ, ਕਿਉਂਕਿ ਮੌਸਮ ਫਿਲਹਾਲ ਮਿਹਰਬਾਨ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ।

Scroll to Top