Actionpunjab

Action Punjab Logo
Breaking News

Author name: Action Punjab

Action Punjab
Punjab

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਚੰਡੀਗੜ੍ਹ, 21 ਅਪ੍ਰੈਲ- ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਨਾਲ ਰਣਨੀਤਕ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਵੈਲਯੂ ਐਡੀਸ਼ਨ, ਬਰਾਮਦ ਆਧਾਰਤ ਵਿਕਾਸ ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਤਾਲਮੇਲ, ਖ਼ਾਸ ਕਰ ਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਪੰਜਾਬ ਦੇ ਰਣਨੀਤਕ ਫੋਕਸ ਨੂੰ ਵੀ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬ ਨੂੰ ਹਾਲੈਂਡ ਦੇ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਰੁਝੇਵਿਆਂ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਹੇਗ ਵਿੱਚ ਨਿਵੇਸ਼ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ ਵਿੱਚ ਸੂਬੇ ਦੀਆਂ ਉਦਯੋਗਿਕ ਸ਼ਕਤੀਆਂ ਅਤੇ ਉੱਭਰ ਰਹੇ ਮੌਕਿਆਂ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਨੀਦਰਲੈਂਡ ਦੇ ਉਦਯੋਗਪਤੀਆਂ, ਵਪਾਰਕ ਪ੍ਰਤੀਨਿਧੀਆਂ ਅਤੇ ਭਾਈਵਾਲਾਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਵੈਲਯੂ ਐਡਿਡ ਨਿਰਮਾਣ, ਉਦਯੋਗਿਕ ਵਿਕਾਸ ਅਤੇ ਬਰਾਮਦ ਆਧਾਰਤ ਵਿਕਾਸ ਵੱਲ ਪੰਜਾਬ ਦੀ ਤਬਦੀਲੀ `ਤੇ ਚਾਨਣਾ ਪਾਇਆ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਵੀ ਪ੍ਰਦਰਸ਼ਿਤ ਕੀਤਾ, ਜਿਸ ਵਿੱਚ ਇਸ ਦਾ ਮਜ਼ਬੂਤ ਨਿਰਮਾਣ ਮਾਹੌਲ, ਹੁਨਰਮੰਦ ਕਾਰਜਬਲ, ਪ੍ਰਗਤੀਸ਼ੀਲ ਨੀਤੀਆਂ ਅਤੇ ਨਿਵੇਸ਼ਕ-ਅਨੁਕੂਲ ਸ਼ਾਸਨ ਢਾਂਚਾ ਸ਼ਾਮਲ ਹੈ। ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਮਜ਼ਬੂਤ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਤੇ ਵੀ ਜ਼ੋਰ ਦਿੱਤਾ, ਜੋ ਖੁੱਲ੍ਹੇਪਣ ਅਤੇ ਨਵੀਨਤਾ ਦੇ ਸਾਂਝੇ ਮੁੱਲਾਂ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਤੀ ਸੂਬਾ ਸਰਕਾਰ ਦੀ ਸਰਗਰਮ ਅਤੇ ਸੁਧਾਰ-ਮੁਖੀ ਪਹੁੰਚਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਦੇਸ਼ ਵਿੱਚ ਸਭ ਤੋਂ ਵੱਧ ਮੁਕਾਬਲੇ ਵਾਲੀ ਨੀਤੀ ਹੈ। ਭਗਵੰਤ ਸਿੰਘ ਮਾਨ ਨੇ ਸਿੰਗਲ-ਵਿੰਡੋ ਕਲੀਅਰੈਂਸ ਅਤੇ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ਵਿੱਚ ਫਾਸਟ ਟਰੈਕ ਪੰਜਾਬ ਪੋਰਟਲ ਦੀ ਪ੍ਰਭਾਵਸ਼ੀਲਤਾ ਬਾਰੇ ਵੀ ਜਾਣੂ ਕਰਵਾਇਆ। ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਸਾਂਝੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਉੱਦਮੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਵਿਸ਼ਵ-ਵਿਆਪੀ ਨਿਵੇਸ਼ਕਾਂ ਨੂੰ ‘ਪੰਜਾਬ ਵਿੱਚ ਆਓ, ਨਿਵੇਸ਼ ਕਰੋ ਅਤੇ ਅੱਗੇ ਵਧੋ’ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਫਾਇਦਿਆਂ ਨੂੰ ਵੀ ਉਜਾਗਰ ਕੀਤਾ ਅਤੇ ਨਿਰਵਿਘਨ ਨਿਵੇਸ਼ਾਂ ਨੂੰ ਆਰਾਮਦਾਇਕ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਪੰਜਾਬ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ, ਪ੍ਰਗਤੀਸ਼ੀਲ ਕਿਸਾਨ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਹੁਨਰਮੰਦ ਮਨੁੱਖੀ ਸ਼ਕਤੀ `ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਡੱਚ ਕੰਪਨੀਆਂ ਨੂੰ ਨਵੇਂ ਨਿਵੇਸ਼ਾਂ ਲਈ ਪੰਜਾਬ ਨੂੰ ਇਕ ਸੰਭਾਵੀ ਸਥਾਨ ਵਜੋਂ ਵਿਚਾਰਨ ਦਾ ਵੀ ਸੱਦਾ ਦਿੱਤਾ। ਮੁੱਖ ਮੰਤਰੀ ਨੇ ਇਕ ਭਾਈਚਾਰਕ ਪ੍ਰੋਗਰਾਮ ਦੌਰਾਨ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਜਿਸ ਨਾਲ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਡੂੰਘਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਸੱਭਿਆਚਾਰਕ ਅਤੇ ਆਰਥਿਕਤਾ ਰਾਹੀਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਨੀਦਰਲੈਂਡਜ਼ ਵਿੱਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਨੂੰ ਸਵੀਕਾਰ ਕੀਤਾ। ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇ ਸੁਝਾਅ ਵੀ ਮੰਗੇ ਅਤੇ ਪੰਜਾਬ ਦੀ ਵਿਕਾਸ ਯਾਤਰਾ ਵਿੱਚ ਮੁੱਖ ਭਾਈਵਾਲਾਂ ਵਜੋਂ ਪਰਵਾਸੀ ਪੰਜਾਬੀਆਂ ਨਾਲ ਜੁੜਨ ਦੀ ਸਰਕਾਰ ਦੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਨੀਦਰਲੈਂਡਜ਼ ਵਿੱਚ ਭਾਰਤੀ ਸਫ਼ੀਰ ਕੁਮਾਰ ਤੁਹਿਨ ਅਤੇ ਹੋਰ ਵੀ ਹਾਜ਼ਰ ਸਨ।  

Punjab

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ਵਿੱਚ ਇਸ ਦੀ ਸਪਲਾਈ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਇੱਕ ਟੀਕਾਗਤ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਦੀਪਕ ਸਿੰਘ ਉਰਫ਼ ਦੀਪੂ ਨੂੰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਨੂੰ ਹੋਰ 2.6 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਮਿਲੀ, ਜਿਸ ਨਾਲ ਇਸ ਦੀ ਕੁੱਲ ਬਰਾਮਦਗੀ 4.04 ਕਿਲੋ ਹੈਰੋਇਨ ਹੋ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਧਾਰਤ ਹੈਂਡਲਰ ਬਾਰੇ ਹੋਰ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਤਿੰਨ ਹੋਰ ਮੁਲਜ਼ਮਾਂ ਰਜਿੰਦਰ ਉਰਫ਼ ਘੁੱਦੂ, ਰਣਦੀਪ ਉਰਫ਼ ਦਿਲ ਅਤੇ ਗੁਰਪ੍ਰੀਤ ਉਰਫ਼ ਗੋਪੀ ਨੂੰ 1.01 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਵੱਲੋਂ ਕੀਤੇ ਹੋਰ ਖੁਲਾਸੇ ਦੇ ਆਧਾਰ ‘ਤੇ, ਉਨ੍ਹਾਂ ਦੇ ਚੌਥੇ ਸਾਥੀ, ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਨੂੰ ਵੀ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਕਮਿਸ਼ਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੀਪਕ ਉਰਫ਼ ਦੀਪੂ ‘ਤੇ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਖੰਨਾ ਥਾਣੇ ਵਿਖੇ ਅਪਰਾਧਿਕ ਕੇਸ ਦਰਜ ਹੈ। ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 77 ਮਿਤੀ 08-04-2026 ਅਤੇ ਥਾਣਾ ਛਾਉਣੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 61 ਮਿਤੀ 17-04-2026 ਦਰਜ ਕੀਤੇ ਗਏ ਹਨ।  

Punjab

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।  

Punjab

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਅਪ੍ਰੈਲ :– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 26 ਸਰਕਾਰੀ ਕਰਮਚਾਰੀ ਸ਼ਾਮਲ ਹਨ।  ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਉਂਦਿਆਂ ਚਾਰ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 5,000 ਰੁਪਏ ਤੋਂ 30,000  ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।  

Punjab

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਫਿਰੋਜ਼ਪੁਰ, 21 ਅਪ੍ਰੈਲ 2026.       ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ|                  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ|           ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ ਫਿਰੋਜਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।             ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਬਾਗਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ੳਹਨਾਂ ਵੱਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੇਟ(ਰਾਜ ਸਭਾ) ਵੱਲੋਂ ਚਲਾਈ ਜਾ ਰਹੀ ਸੰਨ ਫਾਊਂਡੇਸ਼ਨ ਰਾਹੀਂ ਸਾਰਾਗੜ੍ਹੀ ਪੋ੍ਰਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਜ਼ੋ ਆਉਣ ਵਾਲੇ ਸਮੇਂ ਦੋਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਬੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਕਈ ਤਰਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਕਣਕ-ਝੋਨੇ ਦੀ ਕਾਸ਼ਤ ਨੂੰ ਛੱਡ ਕੇ ਸਬਜ਼ੀਆਂ ਦੀਕਾਸ਼ਤ ਵਰਗੇ ਲਾਹੇਵੰਦ ਧੰਦੇ ਅਪਣਾ ਰਹੇ ਹਨ। ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੈਬਰਾਂ ਨੂੰ ਮਿਰਚ ਦਾ ਨਿਰਯਾਤ ਕਰਨ ਉਪਰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਜਾਰੀ ਰੱਖਣ ਤਾਂ ਜੋ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਹਨਾਂ ਤੋ ਪ੍ਰੇਰਨਾ ਲੈ ਕੇ ਫਸਲੀ ਵਿਭਿੰਨਤਾ ਅਪਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ  ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।      ਇਸ ਮੌਕੇ ਵਾਇਸ ਚਾਂਸਲਰ ਪੀ.ਏ.ਯੂ ਲੁਧਿਆਣਾ ਡਾ: ਸਤਬੀਰ ਸਿੰਘ ਗੋਸਲ, ਐਮ.ਐਲ.ਏ ਗੁਰੂਹਰਸਹਾਏ ਸ੍ਰ. ਫੌਜਾ ਸਿੰਘ ਸਰਾਰੀ, ਐਮ.ਐਲ.ਏ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ, ਸੀ.ਈ.ਓ ਸੰਨ ਫਾਉੂਂਡੇਸ਼ਨ ਸ੍ਰ.ਗੁਰਬੀਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਹਰਜਿੰਦਰ ਸਿੰਘ, ਮਿਸ: ਰਵਦੀਪ ਕੌਰ ਏ.ਆਈ.ਐਫ, ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਬਾਗਬਾਨੀ ਵਿਕਾਸ ਅਫਸਰ—ਕਮ—ਨੋਡਲ ਅਫਸਰ (ਮਿਰਚ) ਪੰਜਾਬ ਡਾ. ਸਿਮਰਨ ਸਿੰਘ, ਜਗਮੀਤ ਸਿੰਘ ਸਹਿਜਾਦੀ, ਸ਼ਮਸ਼ੇਰ ਸਿੰਘ ਹਕੂਮਤ ਸਿੰਘ ਵਾਲਾ, ਬਲਵਿੰਦਰ ਸਿੰਘ ਮਾਹਲਮ ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ। 

Punjab

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ।ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ‘ਗੈਂਗਸਟਰਾਂ ’ਤੇ ਵਾਰ’ ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ। ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ ਹੋਏ ਸਨ, ਉੱਥੇ ਮਾਰਚ ਵਿੱਚ ਇਹ ਗਿਣਤੀ ਸਿਫ਼ਰ ਹੋ ਗਈ ਹੈ।ਸਿਰਫ਼ ਹੱਤਿਆਵਾਂ ਹੀ ਨਹੀਂ, ਸਗੋਂ ਗੈਂਗਸਟਰਾਂ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ 69 ਫੀਸਦੀ ਦੀ ਭਾਰੀ ਕਮੀ ਵੇਖੀ ਗਈ ਹੈ। ਸਾਲ ਦੇ ਪਹਿਲੇ ਮਹੀਨੇ ਵਿੱਚ ਫਾਇਰਿੰਗ ਦੀਆਂ 29 ਘਟਨਾਵਾਂ ਦੇ ਮੁਕਾਬਲੇ 20 ਅਪ੍ਰੈਲ ਤੱਕ ਇਹ ਗਿਣਤੀ ਘਟ ਕੇ ਸਿਰਫ਼ 9 ਰਹਿ ਗਈ।ਇਸੇ ਤਰ੍ਹਾਂ ਜ਼ਬਰਨ ਵਸੂਲੀ ਦੇ ਮਾਮਲਿਆਂ ਵਿੱਚ ਵੀ 10.9 ਫੀਸਦੀ  ਕਮੀ ਆਈ ਹੈ। ਜਨਵਰੀ ਵਿੱਚ 110 ਮਾਮਲਿਆਂ ਦੇ ਮੁਕਾਬਲੇ ਮਾਰਚ ਵਿੱਚ ਇਹ ਗਿਣਤੀ ਘਟ ਕੇ 98 ਰਹਿ ਗਈ ਹੈ।ਟੋਲ-ਫਰੀ ਐਂਟੀ-ਗੈਂਗਸਟਰ ਹੈਲਪਲਾਈਨ(93946-93946) ਦੀ ਸਥਾਪਨਾ ਤੋਂ ਬਾਅਦ, ਜ਼ਬਰਨ ਵਸੂਲੀ ਨਾਲ ਸਬੰਧਤ ਕਾਲਾਂ ਦੀ ਸ਼ਿਕਾਇਤ ਕਰਨ ਲਈ ਜ਼ਿਆਦਾ ਨਾਗਰਿਕ ਅੱਗੇ ਆ ਰਹੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਨੇ ਨਾ ਸਿਰਫ਼ ਸੂਬੇ ਵਿੱਚ ਅਪਰਾਧ ਦਰ ਨੂੰ ਕੰਟਰੋਲ ਕੀਤਾ ਹੈ, ਸਗੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਰਾਹੀਂ ਲੋਕਾਂ ਦਾ ਭਰੋਸਾ ਵੀ ਜਿੱਤਿਆ ਹੈ। ਰਿਕਾਰਡ ਤੋਂ ਪਤਾ ਲਗਦਾ ਹੈ ਕਿ ਅਪਰਾਧੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਕਿੰਨੀ ਸੁਹਿਰਦਤਾ ਨਾਲ ਕੰਮ ਕੀਤਾ ਗਿਆ ਹੈ। ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਪੁਲਿਸ ਗੈਂਗਸਟਰ ਕਲਚਰ ਦੇ ਮੁਕੰਮਲ ਖ਼ਾਤਮੇ ਲਈ ਨਿਰੰਤਰ ਕਾਰਵਾਈ ਕਰ ਰਹੀ ਹੈ।’’ਵਿਸ਼ਲੇਸ਼ਣ ਅਨੁਸਾਰ, ਇਸ ਮਿਆਦ ਦੌਰਾਨ ਜ਼ਬਰਨ ਵਸੂਲੀ ਦੇ ਕੁੱਲ ਮਾਮਲਿਆਂ ਵਿੱਚ ਵੀ ਲਗਭਗ 11 ਫੀਸਦੀ ਦੀ ਕਮੀ ਆਈ ਹੈ। ਇਸ ਮੁਹਿੰਮ ਦਾ ਪ੍ਰਭਾਵ ਹਿੰਸਕ ਅਪਰਾਧਕ ਗਤੀਵਿਧੀਆਂ ’ਤੇ ਵੀ ਸਪੱਸ਼ਟ ਰੂਪ ਵਿੱਚ ਦਿਖ ਰਿਹਾ ਹੈ। ਇਸ ਦੀ ਕਾਮਯਾਬੀ ਸਿਰਫ਼ ਸ਼ਹਿਰਾਂ ਅਤੇ ਜ਼ਿਲਿ੍ਹਆਂ ਤੱਕ ਹੀ ਸੀਮਤ ਨਹੀਂ ਸਗੋਂ ਸਰਹੱਦੀ ਇਲਾਕਿਆਂ ਵਿੱਚ ਵੀ ਵੇਖੀ ਜਾ ਰਹੀ ਹੈ।ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਸੰਗਠਿਤ ਅਪਰਾਧ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ, ਜੋ ਪਹਿਲਾਂ ਗੈਂਗਸਟਰ ਕਲਚਰ ਦੇ ਵਾਧੇ ਦਾ ਵੱਡਾ ਸਾਧਨ ਬਣ ਰਿਹਾ ਸੀ।ਇਸ ਬਾਰੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਹ ਆਪਰੇਸ਼ਨ ਸਿਰਫ਼ ਵੱਡੇ ਗੈਂਗਸਟਰਾਂ ’ਤੇ ਨਕੇਲ ਕੱਸਣ ਤੱਕ ਸੀਮਿਤ ਨਹੀਂ ਸਗੋਂ ਪੰਜਾਬ ਵਿੱਚ ਉਨ੍ਹਾਂ ਦੇ ਪੂਰੇ ਨੈੱਟਵਰਕ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਛੋਟੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਗੈਂਗ ਵਿੱਚ ਭਰਤੀ ਕਰਨ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਅਜਿਹੇ ਤੱਤਾਂ ’ਤੇ ਸਖ਼ਤੀ ਨਾਲ ਕਾਰਵਾਈ ਕਰਕੇ ਅਸੀਂ ਉਨ੍ਹਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਹੈ ਅਤੇ ਸੂਬੇ ਵਿੱਚ ਅਪਰਾਧ ਪ੍ਰਤੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਮਜ਼ਬੂਤ ਕੀਤਾ ਹੈ।” 

Punjab

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ  ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. ਕਮਿਸ਼ਨ ਦਫਤਰ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਸ਼ਿਕਾਇਤ ਤੇ ਕਾਰਵਾਈ ਕਰਦਿਆਂ ਐਸ.ਸੀ. ਕਮਿਸ਼ਨ ਚੇਅਰਮੈਨ ਨੇ ਪਹਿਲਾਂ ਸਬੰਧਤ ਵਿਭਾਗ ਤੋਂ ਪਿਛਲੇ 15 ਸਾਲਾਂ ਦੌਰਾਨ ਮਲਟੀਪਰਪਜ਼ ਹੈਲਥ ਵਰਕਰ (ਮੇਲ)ਤੋਂ ਮਲਟੀਪਰਪਜ ਹੈਲਥ ਵਰਕਰ ਸੁਪਰਵਾਈਜ਼ਰ (ਮੇਲ) ਵਜੋਂ ਹੋਈਆਂ ਤਰੱਕੀਆਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਰੋਸਟਰ ਚੈਕਿੰਗ ਟੀਮ ਵੱਲੋਂ ਵੈਰੀਫਾਈ ਕੀਤੇ ਰੋਸਟਰ ਰਜਿਸਟਰ ਦੀ ਮੰਗ ਕੀਤੀ ਸੀ । ਸਬੰਧਤ ਵਿਭਾਗ ਦੇ ਦਫਤਰੀ ਅਮਲੇ ਨੇ ਪਿਛਲੇ ਸਾਲ 21 ਨਵੰਬਰ 2025 ਨੂੰ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ 22 ਤੋਂ ਪਿਛਲੇ 12 ਸਾਲਾਂ ਦਾ ਪੜਤਾਲਿਆ ਰਿਕਾਰਡ  ਐਸ.ਸੀ.ਕਮਿਸ਼ਨ ਦੇ  ਦਫਤਰ ਵਿਖੇ 27 ਨਵੰਬਰ ਨੂੰ ਪੇਸ਼ ਕੀਤਾ  ਸੀ। ਮੁੱਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਪੇਸ਼ ਕੀਤੇ ਰਿਕਾਰਡ ਵਿੱਚ ਰਾਖਵਾਂਕਰਨ ਨੀਤੀ ਨੂੰ ਬਿਲਕੁਲ ਵੀ ਲਾਗੂ ਨਹੀਂ ਕੀਤਾ ਗਿਆ ਸੀ। ਚੇਅਰਮੈਨ ਗੜ੍ਹੀ  ਵੱਲੋਂ ਇਸ ਰਿਕਾਰਡ ਨੂੰ ਰੋਸਟਰ ਮਾਹਿਰਾਂ ਤੋਂ ਚੈੱਕ ਕਰਵਾਉਣ ਉਪਰੰਤ ਪਾਇਆ ਗਿਆ ਕਿ  ਪੇਸ਼ ਰਿਕਾਰਡ ਵਿੱਚ 1 ਅੰਗਹੀਣ ਅਤੇ 8 ਆਮ ਵਰਗ ਦੇ ਕਰਮਚਾਰੀ ਕਰਮਚਾਰੀਆਂ ਨੂੰ ਅਨੁਸੂਚਿਤ ਜਾਤੀ ਕਰਮਚਾਰੀਆਂ ਦੇ ਤੌਰ ’ਤੇ ਦਰਸਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਤਰੱਕੀ ਪ੍ਰਾਪਤ ਕਰਨ ਵਾਲੇ 19 ਆਮ ਵਰਗ ਦੇ ਕਰਮਚਾਰੀਆਂ ਨਾਲ ਸਬੰਧਤ ਵੇਰਵੇ ਵੀ ਰਿਕਾਰਡ ਵਿੱਚੋਂ ਗਾਇਬ ਹਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਪੇਸ਼ ਰਿਕਾਰਡ ਵਿੱਚ ਕੁੱਲ 374 ਕਰਮਚਾਰੀਆਂ ਦੀਆਂ ਤਰੱਕੀਆਂ ਵਿੱਚ ਐਸ.ਸੀ. ਕਰਮਚਾਰੀਆਂ ਲਈ 20 ਫੀਸਦ ਰਾਖਵੇਂਕਰਨ ਤਹਿਤ 75  ਆਸਾਮੀਆਂ ਦਰਸਾਈਆਂ ਗਈਆਂ ਹਨ।  ਪਰ ਇਨ੍ਹਾਂ ਵਿਚੋਂ 69 ਰਾਖਵੀਆਂ ਆਸਾਮੀਆਂ ’ਤੇ ਆਮ ਵਰਗ ਦੇ ਕਰਮਚਾਰੀ ਪਾਏ ਗਏ, ਜੋ ਨਿਯਮਾਂ ਨੂੰ ਛਿੱਕੇ ਟੰਗੇ ਜਾਣ ਦਾ ਪ੍ਰਤੱਖ ਪ੍ਰਮਾਣ ਹੈ ।  ਚੇਅਰਮੈਨ ਗੜੀ ਨੇ ਸਬੰਧਤ ਵਿਭਾਗ ਦੇ ਰਿਕਾਰਡ ਦੀ ਜਾਂਚ ਕਰਦਿਆਂ ਪਾਇਆ ਕਿ ਐਸ.ਸੀ. ਵਰਗ ਦੇ ਕਰਮਚਾਰੀਆਂ ਲਈ ਤਰੱਕੀਆਂ ਵਿੱਚ 20 ਫੀਸਦ ਰਾਖਵੇਂਕਰਨ  ਦੀ ਰਿਜ਼ਰਵੇਸ਼ਨ ਨੀਤੀ ਦੇ ਨਾਲ-ਨਾਲ ਸੀਨੀਆਰਤਾ-ਕਮ-ਮੈਰਿਟ ਵਿੱਚ ਵੀ ਘੋਰ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ-ਸਮੇਂ ’ਤੇ ਮਾਨਯੋਗ ਅਦਾਲਤਾਂ ਵੱਲੋਂ ਦਿੱਤੇ ਫ਼ੈਸਲਿਆਂ, ਭਲਾਈ ਵਿਭਾਗ ਦੇ ਜਾਰੀ ਪੱਤਰਾਂ ਅਤੇ ਰਿਜ਼ਰਵੇਸ਼ਨ ਐਕਟ 2006 ਤੇ 2018 ਨੂੰ ਵੀ ਦਰ-ਕਿਨਾਰ ਕੀਤਾ ਗਿਆ । ਇਨ੍ਹਾਂ ਬੇਨਿਯਮੀਆਂ ਦਾ ਨੋਟਿਸ ਲੈਂਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ 29 ਅਪ੍ਰੈਲ ਨੂੰ ਰੋਸਟਰ ਚੈਕਿੰਗ ਟੀਮ ਨੰਬਰ -22 ਦੇ ਵਿਸ਼ਵਾ ਨਾਥ ( ਸੁਪਰਡੈਂਟ) , ਰੇਸ਼ਮ ਸਿੰਘ ( ਸੁਪਰਡੈਂਟ) , ਗਗਨਦੀਪ ਕੌਰ ਸੰਧੂ ( ਸੀਨੀਅਰ ਸਹਾਇਕ) ਅਤੇ ਸਿਹਤ ਵਿਭਾਗ ਦੇ ਤੋਸ਼ਪਿੰਦਰ ਸਿੰਘ ( ਸੁਪਰਡੈਂਟ ) ਨੂੰ ਨਿੱਜੀ ਤੌਰ ’ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਦੇ  ਡਾਇਰੈਕਟਰ ਨੂੰ ਵੀ ਮੌਜੂਦ ਰਹਿਣ ਦੇ ਹੁਕਮ ਦਿੱਤੇ ਗਏ ਹਨ।  ਐਸ.ਸੀ. ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੜ੍ਹੀ ਸਾਹਿਬ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ,‘‘ਪੰਜਾਬ ਦੇ ਵਿਭਾਗਾਂ ਵਿੱਚ ਸੰਵਿਧਾਨਿਕ ਹੱਕਾਂ ਨਾਲ ਕਿਸੇ ਤਰ੍ਹਾਂ ਦੀਆਂ ਵੀ ਬੇਨਿਯਮੀਆਂ ਜਾਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ । ਐਸ.ਸੀ. ਵਰਗ ਦੇ ਕਰਮਚਾਰੀਆਂ ਦੇ ਸੰਵਿਧਾਨਿਕ ਹੱਕਾਂ ਨੂੰ ਢਾਹ ਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਤਰ੍ਹਾਂ ਦੀਆਂ ਕੁਤਾਹੀਆਂ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਖਿਲਾਫ ਐਸ.ਸੀ./ ਐਸ.ਟੀ. ਅੱਤਿਆਚਾਰ ਰੋਕੂ ਐਕਟ 1989 ਅਤੇ ਪ੍ਰਮੁੱਖ ਸਕੱਤਰ ਪੰਜਾਬ ਜੀ ਦੇ 9 ਜੁਲਾਈ, 2009 ਦੇ ਪੱਤਰ ਅਨੁਸਾਰ ਕਾਰਵਾਈ ਕੀਤੀ ਜਾਵੇਗੀ।’’ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਲਾਈ ਵਿਭਾਗ ਦੀ ਡਾਇਰੈਕਟਰ ਨੂੰ ਪਿਛਲੇਰੀ ਫੁੱਲ ਕਮਿਸ਼ਨ ਮੀਟਿੰਗ ਦੌਰਾਨ, ਰੋਸਟਰ ਰਜਿਸਟਰ ਕਮੇਟੀਆਂ ਨੂੰ ਵਿਭਾਗ ਵਲੋਂ ਕਾਨੂੰਨੀ ਪੱਖਾਂ ਲਈ ਅਪਡੇਟਡ ਵਰਕਸ਼ਾਪ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਸਨ, ਇਹਨਾਂ ਨਿਰਦੇਸ਼ਾਂ ਦੀ ਪਾਲਣਾ ਬਾਰੇ ਸਮੀਖਿਆ ਵੀ ਕੀਤੀ ਜਾਵੇਗੀ।  

Punjab

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।  ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ ‘ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40,000/- ਰੁਪਏ ਲੈ ਲਏ । ਬੁਲਾਰੇ ਨੇ ਦੱਸਿਆ ਕਿ ਫਿਰ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਤੋਂ 40,000/- ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਪਨਾਉਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ  ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 33,500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।  

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਅਪ੍ਰੈਲ– ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।  ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਮੰਗਾਂ ਨੂੰ ਧੀਰਜ, ਹਮਦਰਦੀ ਅਤੇ ਪੂਰੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਫੈਸਲਾਕੁੰਨ ਪ੍ਰਸ਼ਾਸਨਿਕ ਕਦਮ ਚੁੱਕੇ।  ਮੁਲਾਜ਼ਮਾਂ ਦੇ ਮੁੱਦਿਆਂ ਪ੍ਰਤੀ ਹਮਦਰਦੀ ਅਤੇ ਵਿਹਾਰਕ ਪਹੁੰਚ ਅਪਣਾਉਂਦਿਆਂ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਅਤੇ ਤਰਕਸੰਗਤ ਮੰਗਾਂ ਨੂੰ ਪੂਰਾ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ, ਜਿਨ੍ਹਾਂ ਮਾਮਲਿਆਂ ਵਿੱਚ ਵਿਸ਼ੇਸ਼ ਵਿੱਤੀ ਪ੍ਰਵਾਨਗੀਆਂ ਦੀ ਲੋੜ ਹੈ, ਉਨ੍ਹਾਂ ਲਈ ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਵਿਚਾਰ ਅਤੇ ਮਨਜ਼ੂਰੀ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਨੂੰ ਵਿਸਤ੍ਰਿਤ ਤਜਵੀਜ਼ਾਂ ਤਿਆਰ ਕਰਕੇ ਭੇਜਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਯੂਨੀਅਨ ਨੁਮਾਇੰਦਿਆਂ ਨਾਲ ਸਰਗਰਮੀ ਨਾਲ ਰਾਬਤਾ ਕਾਇਮ ਕਰਕੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਫ਼ਤਰੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆ ਕੇ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਕੰਮਕਾਜੀ ਸਮੂਹਾਂ ਦੀ ਭਲਾਈ, ਵਿੱਤੀ ਸੁਰੱਖਿਆ ਅਤੇ ਪੇਸ਼ੇਵਰ ਸੰਤੁਸ਼ਟੀ ਨੂੰ ਯਕੀਨੀ ਬਣਾਉਣਾ ਹੈ।” ਇਨ੍ਹਾਂ ਮੀਟਿੰਗਾਂ ਦੌਰਾਨ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤੋਂ ਜਸਮੇਲ ਕੌਰ ਬੀਰਕਲਾਂ, ਖੁਸ਼ਪ੍ਰੀਤ ਕੌਰ ਅਤੇ ਦੇਵ ਰਾਜ ਵਰਮਾ, ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਤੋਂ ਹਰਜਿੰਦਰ ਕੌਰ, ਸਿਮਰਜੀਤ ਕੌਰ, ਮੁਕੇਸ਼ ਰਾਣੀ ਅਤੇ ਜ਼ੈਲ ਕੌਰ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਅਤੇ ਪੰਜਾਬ ਨੰਬਰਦਾਰ ਯੂਨੀਅਨ ਤੋਂ ਗੁਰਪਾਲ ਸਿੰਘ ਸਮਰਾ, ਰਛਪਾਲ ਸਿੰਘ, ਸੁਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।  

Punjab

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ। ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।  

Scroll to Top