Actionpunjab

Action Punjab Logo
Breaking News

Author name: Action Punjab

Action Punjab
Punjab

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 9 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤਲਬ ਕੀਤਾ ਗਿਆ ਹੈ। 

Punjab

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 9 ਫਰਵਰੀ:–ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ।ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ।ਸ. ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।” ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੰਗੂਵਾਲ ਡਬਲ ਪੁਲ ਇੱਕ ਰਣਨੀਤਕ ਪ੍ਰੋਜੈਕਟ ਹੈ। ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਖਾਸ ਕਰਕੇ ਗੁਰੂ ਕਾ ਲਾਹੌਰ ਵਿਖੇ ਵਿਆਹ ਪੁਰਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਜਿੱਥੇ ਵੱਡੀ ਸੌਖ ਹੋਵੇਗੀ ਉੱਥੇ ਟ੍ਰੈਫਿਕ ਦੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਕਿਹਾ, “ਇਸ ਨਾਲ ਸੰਗਤ ਲਈ ਨਿਰਵਿਘਨ ਯਾਤਰਾ ਯਕੀਨੀ ਬਣਾਏਗੀ।”ਇਸ ਤੋਂ ਇਲਾਵਾ, ਅਟਾਰੀ ਪਿੰਡ ਦਾ ਪੁਲ ਅਟਾਰੀ ਪਿੰਡ ਨੂੰ ਸਿੱਧੇ ਕੌਮੀ ਰਾਜਮਾਰਗ ਨਾਲ ਜੋੜੇਗਾ ਜਿਸ ਨਾਲ ਲੰਬੇ ਚੱਕਰ ਖਤਮ ਹੋਣਗੇ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਾਓਵਾਲ ਪੁਲ ਨਾਲ ਖੇਤਰ ਵਿੱਚ ਰੁਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।ਸਿੱਖਿਆ ਮੰਤਰੀ ਨੇ ਕਿਹਾ ਕਿ ਸਰਸਾ ਨੰਗਲ ਪੁਲ ਪ੍ਰੋਜੈਕਟ ਦਾ ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਇਸ ਦਾ ਕੰਮ 14 ਅਪ੍ਰੈਲ ਦੇ ਆਸਪਾਸ ਸ਼ੁਰੂ ਹੋ ਜਾਵੇਗਾ।ਸ. ਬੈਂਸ ਨੇ ਨੰਗਲ ਤੋਂ ਕਲਮਾ ਮੋੜ ਸੜਕ ਅਤੇ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਸਬੰਧੀ ਯੋਜਨਾਵਾਂ ਬਾਰੇ ਵੀ ਯੋਜਨਾ ਸਾਂਝੀ ਕੀਤੀ। ਨੰਗਲ ਤੋਂ ਕਲਮਾ ਮੋੜ ਸੜਕ 10 ਕਰੋੜ ਰੁਪਏ ਦੀ ਲਾਗਤ ਨਾਲ ਭਾਰੀ ਉਦਯੋਗਿਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਣਾਈ ਜਾਵੇਗੀ, ਜਦੋਂ ਕਿ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਨੂੰ ਅਪਗ੍ਰੇਡ ਕਰਨ ਨਾਲ ਬੱਸ ਸੰਪਰਕ ਵਿੱਚ ਸੁਧਾਰ ਹੋਵੇਗਾ ਅਤੇ ਖੇੜਾ ਕਲਮੋਟ ਵਿੱਚ ਪਾਣੀ ਭਰਨ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸੜਕ ਦੇ ਦੋਵੇਂ ਪਾਸੇ ਕੰਕਰੀਟ ਦੀ ਡਰੇਨ ਬਣਾਈ ਜਾਵੇਗੀ। ਇਹ ਪ੍ਰਾਜੈਕਟ ਲਗਭਗ 12.5 ਕਰੋੜ ਰੁਪਏ ਨਾਲ ਤਿਆਰ ਹੋਵੇਗਾ। ਇਨ੍ਹਾਂ ਦੋਵਾਂ ਪ੍ਰੋਜੈਕਟਾਂ ‘ਤੇ ਕੰਮ ਅਗਲੇ ਦੋ ਹਫ਼ਤਿਆਂ ਦੇ ਅੰਦਰ ਸ਼ੁਰੂ ਹੋ ਜਾਵੇਗਾ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਉੱਥੇ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੜਕੀ ਸੰਪਰਕ ਬਿਹਤਰ ਹੋਵੇਗਾ।  ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮਹਿਜ਼ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ, ਬਲਕਿ ਲੋਕਾਂ ਦੀਆਂ ਜਿੰਦਗੀਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਜ਼ਰੀਆ ਸਾਬਤ ਹੋਣਗੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਟਿਕਾਊ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। 

Punjab

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ, 9 ਫਰਵਰੀ:ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦਾ ਬਣਿਆ ਇੱਕ ਜ਼ਿਗਾਨਾ, ਦੋ .32 ਬੋਰ ਅਤੇ ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਕਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਤਸਕਰੀ ਲਈ ਕਰਦੇ  ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸਰਹੱਦ ਪਾਰ ਦੇ ਤਸਕਰੀ ਸਬੰਧਾਂ ਬਾਰੇ ਪੁਖਤਾ ਤੇ ਗੁਪਤ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ, ਗੁਰਪ੍ਰੀਤ ਉਰਫ਼ ਗੋਪੀ, ਸੁਖਰਾਜ ਉਰਫ਼ ਜੋਗਾ ਅਤੇ ਸਾਜਨ ਉਰਫ਼ ਗੁਰਸਾਜਨ ਉਰਫ਼ ਲੱਡਾ ਨੂੰ ਇੱਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਹੋਈਆਂ ਬਰਾਮਦਗੀਆਂ ਦੌਰਾਨ ਚਾਰ ਹੋਰ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ, ਜੋ ਸੰਗਠਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦੀ ਹੈ।ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਜੁਰਾਇਮ-ਪੇਸ਼ਾ ਅਪਰਾਧੀ ਹਨ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਅਧੀਨ ਮਾਮਲਿਆਂ ਵਿੱਚ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ ਦੁਬਈ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਇਸ ਨੈੱਟਵਰਕ ਦੇ ਵਿੱਤੀ ਟਰੇਲ ਅਤੇ ਹਵਾਲਾ ਲਿੰਕਾਂ ਦੀ ਜਾਂਚ ਵੀ ਕਰ ਰਹੀਆਂ ਹਨ।ਇਸ ਸਬੰਧ ਵਿੱਚ ਐਫਆਈਆਰ ਨੰਬਰ 21 ਮਿਤੀ 03-02-2026  ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(8) ਅਤੇ ਐਨਡੀਪੀਐਸ ਐਕਟ ਦੀ ਧਾਰਾ 21ਬੀ, 27ਏ ਅਤੇ 29 ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ। 

Punjab

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਫਰਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਨ੍ਹਾਂ ਨੂੰ ਸਰਕਾਰ ਨਾਲ ਜਲਦ ਤੋਂ ਜਲਦ ਟੇਕ ਅੱਪ ਕਰਕੇ ਯੋਗ ਹੱਲ ਯਕੀਨੀ ਬਣਾਇਆ ਜਾਵੇਗਾ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਹ ਲਾਜ਼ਮੀ ਹੈ ਕਿ ਸਮਾਜ ਦਾ ਹਰ ਵਰਗ ਤਰੱਕੀ ਦੀ ਮੁੱਖ ਧਾਰਾ ਨਾਲ ਜੁੜੇ। ਉਨ੍ਹਾਂ ਕਿਹਾ ਕਿ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ ਸਨਮਾਨ, ਸਮਾਨ ਅਵਸਰ ਅਤੇ ਨਿਆਂ ਮਿਲੇ ਬਿਨਾਂ ਰੰਗਲਾ ਪੰਜਾਬ ਦੀ ਕਲਪਨਾ ਅਧੂਰੀ ਹੈ। “ਜਦੋਂ ਹਰ ਘਰ ਵਿੱਚ ਖੁਸ਼ਹਾਲੀ, ਹਰ ਮਨ ਵਿੱਚ ਵਿਸ਼ਵਾਸ ਅਤੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ, ਤਦੋਂ ਹੀ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣੇਗਾ,” ਉਨ੍ਹਾਂ ਭਰੋਸਾ ਦਿਵਾਇਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੁਚੱਜੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ।ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ,ਆਈ.ਏ.ਐਸ, ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

Punjab

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

ਚੰਡੀਗੜ੍ਹ, 9 ਫਰਵਰੀ:ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ  4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ  ਬਰਾਮਦਗੀ ਕੀਤੀ ਜਾ ਸਕੇ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸ.ਆਈ.ਟੀ. ਦੇ ਚੇਅਰਮੈਨ ਆਈ.ਜੀ.ਪੀ. ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਨੇ ਖਾਸ ਤੌਰ ’ਤੇ ਉੱਚ-ਮੁੱਲ ਵਾਲੇ ਜੀ.ਯੂ.ਸੀ.1 ਕਾਰਡਾਂ (ਬੇਸ ਬੈਂਡ ਯੂਨਿਟਾਂ) ਨੂੰ ਨਿਸ਼ਾਨਾ ਬਣਾਇਆ, ਜੋ ਕਿ 4ਜੀ ਅਤੇ 5ਜੀ ਸਿਗਨਲਾਂ ਦੇ ਸੰਚਾਰ ਲਈ ਬਹੁਤ ਅਹਿਮ ਹੁੰਦੇ ਹਨ। ਉਨ੍ਹਾਂ ਕਿਹਾ,‘‘ ਚੋਰੀ ਦੀ ਪੂਰੀ ਕਾਰਵਾਈ ਨੂੰ ਦੋ ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਅੰਜਾਮ ਦਿੱਤਾ ਗਿਆ, ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ,’’। ਇਨ੍ਹਾਂ ਚੋਰੀਆਂ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਦੂਰਸੰਚਾਰ ਸੇਵਾਵਾਂ ਵਿੱਚ ਕਾਫ਼ੀ ਪ੍ਰਭਾਵਿਤ ਰਹੀਆਂ,ਜਿਸ ਨਾਲ ਲੋਕਾਂ  ਜ਼ਰੂਰੀ ਵਾਇਸ ਅਤੇ ਡੇਟਾ ਕਨੈਕਟੀਵਿਟੀ ਤੋਂ ਵਾਂਝੀ ਰਹੇ।ਆਈ.ਜੀ.ਪੀ. ਨੇ ਕਿਹਾ ਕਿ ਤਕਨੀਕੀ ਨਿਗਰਾਨੀ ਅਤੇ ਮਨੁੱਖੀ ਬੌਧਿਕਤਾ ਦੀ ਵਰਤੋਂ ਕਰਦਿਆਂ ਪੰਜਾਬ ਪੁਲਿਸ ਨੇ ਇਨ੍ਹਾਂ ਚੋਰੀਆਂ ਵਿੱਚ ਸ਼ਾਮਲ ਨੈੱਟਵਰਕਾਂ ਨੂੰ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਹੈ, ਜਦੋਂ ਕਿ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਅਪਰਾਧਿਕ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਹੋਰ ਜਾਂਚ ਜਾਰੀ ਹੈ।’’ਪੰਜਾਬ ਪੁਲਿਸ ਨੇ ਸਾਰੇ ਸਮਾਜ ਵਿਰੋਧੀ ਤੱਤਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰ ਦੇਣ ਜਾਂ ਫਿਰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ । ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਸਮਰਪਿਤ ਵਿਸ਼ੇਸ਼ ਕਰੈਕ ਟੀਮਾਂ ਬਣਾਈਆਂ ਗਈਆਂ ਹਨ। ਅਗਲੇਰੀ ਜਾਂਚ ਕੀਤੀ ਜਾ ਰਹਹ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। 

Punjab

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 9 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।ਆਪ੍ਰੇਸ਼ਨ ਪ੍ਰਹਾਰ-2 ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 1895 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1250 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 40 ਭਗੌੜੇ ਅਪਰਾਧੀ ਅਤੇ 298 ਇਹਤਿਆਤਨ ਹਿਰਾਸਤ ਵਿੱਚ ਲਏ ਵਿਅਕਤੀ, ਸ਼ਾਮਲ ਹਨ। ਇਸ ਤੋਂ ਇਲਾਵਾ 666 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 345ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 26.4 ਕਿਲੋਗ੍ਰਾਮ ਹੈਰੋਇਨ, 772 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 345 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,331 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Punjab

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 9 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ, 10 ਫਰਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।ਪੰਜਾਬ ਭਵਨ ਵਿਖੇ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ ਚੇਅਰਪਰਸਨਾਜ ਨਾਲ ਪਹਿਲੀ ਅਧਿਕਾਰਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭਲਾਈ ਬੋਰਡਾਂ ਨੂੰ ਸਰਗਰਮੀ, ਜ਼ਿੰਮੇਵਾਰੀ ਅਤੇ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।  ਉਨ੍ਹਾਂ ਨੇ ਚੇਅਰਪਰਸਨਾਜ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਭਾਈਚਾਰਿਆਂ ਦੇ ਮੁੱਦਿਆਂ, ਮੰਗਾਂ ਅਤੇ ਤਰਜੀਹਾਂ ਦੀ ਯੋਜਨਾਬੱਧ ਢੰਗ ਨਾਲ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਕਾਰਵਾਈ ਰਾਹੀਂ ਹੱਲ ਕੀਤਾ ਜਾਵੇ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਭਲਾਈ ਬੋਰਡਾਂ ਦੇ ਚੇਅਰਪਰਸਨਾਜ ਦੁਆਰਾ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਬੜੇ ਹੀ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਅਤੇ ਸਮਾਂਬੱਧ ਨਿਰਦੇਸ਼ ਜਾਰੀ ਕੀਤੇ, ਨਾਲ ਹੀ ਨਿਯਮਤ ਪਾਲਣਾ ਰਿਪੋਰਟਾਂ ਦੀ ਮੰਗ ਵੀ ਕੀਤੀ, ਜਿਸ ਨਾਲ ਦੇਰੀ ਜਾਂ ਪ੍ਰਕਿਰਿਆਤਮਕ ਢਿੱਲ-ਮੱਠ ਦੀ ਕੋਈ ਗੁੰਜਾਇਸ਼ ਨਹੀਂ ਛੱਡੀ ਗਈ।ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦਾ ਦ੍ਰਿਸ਼ਟੀਕੋਣ ਭਲਾਈ ਬੋਰਡਾਂ ਦੇ ਗਠਨ ਤੋਂ ਕਿਤੇ ਵੱਧ ਹੈ। “ਸਾਡਾ ਉਦੇਸ਼ ਹਰ ਯੋਗ ਨਾਗਰਿਕ ਨੂੰ ਭਲਾਈ ਯੋਜਨਾਵਾਂ ਦੀ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸਿੱਧੀ ਸਪੁਰਦਗੀ ਨੂੰ ਯਕੀਨੀ ਬਣਾਉਣਾ ਹੈ,” ਉਨ੍ਹਾਂ ਕਿਹਾ, ਉਨ੍ਹਾਂ ਕਿਹਾ ਕਿ ਸਰਕਾਰ “ਸਭ ਲਈ ਨਿਆਂ, ਸਭ ਲਈ ਵਿਕਾਸ” ਦੇ ਸਿਧਾਂਤ ‘ਤੇ ਅਟੁੱਟ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਸਮਾਜ ਦੇ ਕਿਸੇ ਵੀ ਵਰਗ ਨੂੰ ਅਣਗੌਲਿਆ ਜਾਂ ਹਾਸ਼ੀਏ ‘ਤੇ ਧੱਕਿਆ ਮਹਿਸੂਸ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮਿਸ਼ਨ ਵਿੱਚ, ਭਲਾਈ ਬੋਰਡਾਂ ਤੋਂ ਸਰਕਾਰੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦੀ ਉਮੀਦ ਕੀਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਮਾਜ ਦੇ ਵਿਭਿੰਨ ਵਰਗਾਂ ਦੀ ਭਲਾਈ ਅਤੇ ਉੱਨਤੀ ਨੂੰ ਯਕੀਨੀ ਬਣਾਉਣ ਲਈ ਕਈ ਭਲਾਈ ਬੋਰਡਾਂ ਦਾ ਗਠਨ ਕੀਤਾ ਹੈ। ਇਨ੍ਹਾਂ ਵਿੱਚ ਕੰਬੋਜ ਭਲਾਈ ਬੋਰਡ, ਬਾਜ਼ੀਗਰ ਅਤੇ ਟਪਰੀਵਾਸ ਭਲਾਈ ਬੋਰਡ, ਬ੍ਰਾਹਮਣ ਭਲਾਈ ਬੋਰਡ, ਖੱਤਰੀ ਅਰੋੜਾ ਭਲਾਈ ਬੋਰਡ, ਦਲਿਤ ਵਿਕਾਸ ਭਲਾਈ ਬੋਰਡ, ਰਾਏ ਸਿੱਖ ਭਲਾਈ ਬੋਰਡ, ਰਾਜਪੂਤ ਭਲਾਈ ਬੋਰਡ, ਵਿਮੁਕਤ ਜਾਤੀ ਭਲਾਈ ਬੋਰਡ, ਪ੍ਰਜਾਪਤੀ ਭਲਾਈ ਬੋਰਡ, ਸੈਣੀ ਭਲਾਈ ਬੋਰਡ, ਰਾਮਗੜ੍ਹੀਆ ਭਲਾਈ ਬੋਰਡ, ਅਗਰਵਾਲ ਭਲਾਈ ਬੋਰਡ, ਗੁੱਜਰ ਭਲਾਈ ਬੋਰਡ, ਬੈਰਾਗੀ ਭਲਾਈ ਬੋਰਡ, ਸਵਰਣਕਾਰ ਭਲਾਈ ਬੋਰਡ, ਸੈਨ ਸਮਾਜ ਭਲਾਈ ਬੋਰਡ, ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ, ਪ੍ਰਵਾਸੀ ਭਲਾਈ ਬੋਰਡ, ਕਨੌਜੀਆ ਭਲਾਈ ਬੋਰਡ, ਮਸ਼ੀਹ ਭਲਾਈ ਬੋਰਡ ਅਤੇ ਸੂਫੀ ਸੰਤ ਸਮਾਜ ਭਲਾਈ ਬੋਰਡ ਸ਼ਾਮਲ ਹਨ।ਉਨ੍ਹਾਂ ਅੱਗੇ ਕਿਹਾ ਕਿ ਇਹ ਭਲਾਈ ਬੋਰਡ ਆਪਣੇ ਭਾਈਚਾਰਿਆਂ ਨੂੰ ਦਰਪੇਸ਼ ਸਮਾਜਿਕ, ਆਰਥਿਕ ਅਤੇ ਵਿਦਿਅਕ ਚੁਣੌਤੀਆਂ ਦਾ ਲੋੜ-ਅਧਾਰਤ ਮੁਲਾਂਕਣ ਕਰਨਗੇ, ਸਰਕਾਰ ਨੂੰ ਠੋਸ ਨੀਤੀਗਤ ਸਿਫਾਰਸ਼ਾਂ ਸੌਂਪਣਗੇ ਅਤੇ ਪ੍ਰਸ਼ਾਸਨ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਅਤੇ ਜਵਾਬਦੇਹ ਸੰਸਥਾਗਤ ਪੁਲ ਵਜੋਂ ਕੰਮ ਕਰਨਗੇ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ ਕਿ ਉਹ ਰਾਜ ਭਰ ਵਿੱਚ ਸਮਾਵੇਸ਼ੀ ਵਿਕਾਸ, ਸਮਾਜਿਕ ਨਿਆਂ ਅਤੇ ਇੱਕ ਸਦਭਾਵਨਾਪੂਰਨ ਅਤੇ ਬਰਾਬਰੀ ਵਾਲੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ।ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ, ਆਈ.ਏ.ਐਸ., ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ. ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

Punjab

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਜ਼ਿੰਮੇਵਾਰ ਹਨ। ਧਾਲੀਵਾਲ ਨੇ ਰਾਜਪਾਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਸ ਯਾਤਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨਾਲ ਬੈਠੇ ਹੋਣ, ਉਹ ਯਾਤਰਾ ਨਸ਼ਾ ਖ਼ਤਮ ਕਰਨ ਲਈ ਨਹੀਂ ਸਗੋਂ ਅਪਰਾਧੀਆਂ ਨੂੰ ਬਚਾਉਣ ਦੀ ਕੋਸ਼ਿਸ਼ ਜਾਪਦੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਸਾਹਿਬ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇਹ ਸਮਝਣਾ ਚਾਹੀਦਾ ਸੀ ਕਿ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਨਸ਼ੇ ਦਾ ‘ਛੇਵਾਂ ਦਰਿਆ’ ਕੌਣ ਲੈ ਕੇ ਆਇਆ ਸੀ। 2007 ਤੋਂ 2017 ਤੱਕ ਪੰਜਾਬ ਵਿੱਚ ਜਿਨ੍ਹਾਂ ਦੀ ਸਰਕਾਰ ਰਹੀ, ਉਨ੍ਹਾਂ ਦੇ ਰਾਜ ਵਿੱਚ ਹੀ ਨਸ਼ਾ ਫਲਿਆ-ਫੁੱਲਿਆ ਅਤੇ ਅੱਜ ਉਹੀ ਲੋਕ ਰਾਜਪਾਲ ਨਾਲ ਮੰਚ ਸਾਂਝਾ ਕਰ ਰਹੇ ਹਨ। ਇਹ ਉਹੀ ਲੋਕ ਹਨ ਜਿਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਨਸ਼ਾ ਤਸਕਰਾਂ ਨੂੰ ਪਨਾਹ ਦਿੱਤੀ। ‘ਆਪ’ ਆਗੂ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਜਿਨ੍ਹਾਂ ਤਾਕਤਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ, ਉਹ ਕਿਸ ਮੂੰਹ ਨਾਲ ਨਸ਼ਿਆਂ ਵਿਰੁੱਧ ਯਾਤਰਾ ਕੱਢ ਰਹੇ ਹਨ। ਰਾਜਪਾਲ ਸਾਹਿਬ ਅੱਜ ਉਨ੍ਹਾਂ ਹੀ ਤਾਕਤਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਜਿਨ੍ਹਾਂ ਨੇ ਪੰਜਾਬ ਦਾ ਭਵਿੱਖ ਹਨੇਰੇ ਵਿੱਚ ਧੱਕਿਆ। ਧਾਲੀਵਾਲ ਨੇ ਕਿਹਾ ਕਿ ਜੇਕਰ ਰਾਜਪਾਲ ਵਾਕਈ ਗੰਭੀਰ ਹਨ, ਤਾਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਅਤੇ ਸੰਸਥਾਵਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਜੋ ਪਿਛਲੇ ਕਈ ਸਾਲਾਂ ਤੋਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਵਿਰੁੱਧ ਇਮਾਨਦਾਰੀ ਨਾਲ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਰਿਹਾ ਹੈ ਅਤੇ ਅਸੀਂ ਪਿਛਲੇ 4 ਸਾਲਾਂ ਤੋਂ ਇਸ ਵਿਰੁੱਧ ਫੈਸਲਾਕੁੰਨ ਜੰਗ ਲੜ ਰਹੇ ਹਾਂ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਰਾਜਪਾਲ ਦੀ ਯਾਤਰਾ ਵਿੱਚ ਪੰਜਾਬ ਨੂੰ ਬਰਬਾਦ ਕਰਨ ਵਾਲੇ ਗੁਨਾਹਗਾਰਾਂ ਦਾ ਸ਼ਾਮਲ ਹੋਣਾ ਬੇਹੱਦ ਨਿਰਾਸ਼ਾਜਨਕ ਹੈ। ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ ਅਤੇ ਉਹ ਜਾਣਦੀ ਹੈ ਕਿ ਕੌਣ ਨਸ਼ਿਆਂ ਵਿਰੁੱਧ ਲੜ ਰਿਹਾ ਹੈ ਅਤੇ ਕੌਣ ਨਸ਼ਾ ਵੇਚਣ ਵਾਲਿਆਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀ ਮੁਹਿੰਮ ਜਾਰੀ ਰੱਖੇਗੀ, ਪਰ ਨਸ਼ਾ ਤਸਕਰਾਂ ਦੇ ਸਿਆਸੀ ਆਕਾਵਾਂ ਨਾਲ ਮਿਲ ਕੇ ਕੱਢੀ ਜਾਣ ਵਾਲੀ ਅਜਿਹੀ ਕਿਸੇ ਵੀ ਯਾਤਰਾ ਦਾ ਪੰਜਾਬ ਦੇ ਲੋਕ ਸਮਰਥਨ ਨਹੀਂ ਕਰਨਗੇ। 

Punjab

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਦਹਾਕਿਆਂ ਤੋਂ ਗੁਪਤ ਸੱਤਾ-ਸਾਂਝਾਕਰਨ ਦਾ ਗਠਜੋੜ ਚਲਾਉਣ ਦਾ ਦੋਸ਼ ਲਾਇਆ, ਜਿਸ ਨੇ ਸਿਆਸੀ ਵਿਰੋਧੀ ਹੋਣ ਦਾ ਦਿਖਾਵਾ ਕਰਦਿਆਂ ਪੰਜਾਬ ਨੂੰ ਲੁੱਟਿਆ। ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਇੱਕ ਵੀਡੀਓ ਕਲਿੱਪ ਚਲਾਈ, ਜਿਸ ਵਿੱਚ ਬਿੱਟੂ ਖੁਦ ਮੰਨ ਰਹੇ ਹਨ ਕਿ 2017 ਵਿੱਚ ਉਨ੍ਹਾਂ ਨੇ ਭਗਵੰਤ ਮਾਨ ਨੂੰ ਹਰਾਉਣ ਅਤੇ ਸੁਖਬੀਰ ਬਾਦਲ ਦੀ ਜਿੱਤ ਯਕੀਨੀ ਬਣਾਉਣ ਦੀ ਯੋਜਨਾ ਬਣਾਈ ਸੀ। ਪੰਨੂ ਨੇ ਕਿਹਾ ਕਿ ਇਹ ਕਾਂਗਰਸ ਅਤੇ ਅਕਾਲੀ ਲੀਡਰਸ਼ਿਪ ਵਿਚਾਲੇ ਨਾਪਾਕ ਗਠਜੋੜ ਨੂੰ ਬੇਨਕਾਬ ਕਰਦਾ ਹੈ। ਪੰਨੂ ਨੇ ਕਿਹਾ ਕਿ।ਇਹ ‘ਆਪ’ ਦਾ ਦੋਸ਼ ਨਹੀਂ ਹੈ। ਇਹ ਉਨ੍ਹਾਂ ਦਾ ਆਪਣਾ ਆਗੂ ਬੋਲ ਰਿਹਾ ਹੈ। ਰਵਨੀਤ ਬਿੱਟੂ ਨੇ ਖੁੱਲ੍ਹੇਆਮ ਕਬੂਲ ਕੀਤਾ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਬੰਦ ਕਮਰਿਆਂ ਵਿੱਚ ਮਿਲ ਕੇ ਕੰਮ ਕਰਦੇ ਸਨ, ਇਹ ਤੈਅ ਕਰਦੇ ਸਨ ਕਿ ਕੌਣ ਜਿੱਤੇਗਾ, ਕੌਣ ਹਾਰੇਗਾ ਅਤੇ ਕਿਹੜੀ ਸੀਟ ਕਿਸ ਨੂੰ ਜਾਵੇਗੀ। ਪੰਜ ਸਾਲ ਇੱਕ ਨੇ ਲੁੱਟਿਆ, ਫਿਰ ਅਗਲੇ ਪੰਜ ਸਾਲ ਦੂਜੇ ਨੇ, ‘ਆਪ’ ਤੋਂ ਪਹਿਲਾਂ ਇਹੀ ਪੰਜਾਬ ਦੀ ਸਿਆਸਤ ਸੀ ਪੰਨੂ ਨੇ ਦੋਸ਼ ਲਾਇਆ ਕਿ ਸਾਲਾਂ ਬੱਧੀ ਪੰਜਾਬ ਇੱਕ ‘ਫਿਕਸ ਮੈਚ’ ਮਾਡਲ ‘ਤੇ ਚੱਲਿਆ—“ਪੰਜ ਸਾਲ ਤੁਸੀਂ ਰਾਜ ਕਰੋ, ਪੰਜ ਸਾਲ ਅਸੀਂ। ਤੁਸੀਂ ਸਾਨੂੰ ਸਵਾਲ ਨਾ ਪੁੱਛੋ, ਅਸੀਂ ਤੁਹਾਨੂੰ ਨਹੀਂ ਪੁੱਛਾਂਗੇ। ਉਨ੍ਹਾਂ ਨੇ ਇੱਕ-ਦੂਜੇ ਨੂੰ ਬਚਾਇਆ। ਉਨ੍ਹਾਂ ਕਿਹਾ, “ਇਹ ਸ਼ਾਸਨ ਨਹੀਂ ਸੀ; ਇਹ ਸੰਗਠਿਤ ਸਿਆਸੀ ਭ੍ਰਿਸ਼ਟਾਚਾਰ ਸੀ। ਪੰਨੂ ਨੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਕਾਂਗਰਸ ਅਤੇ ਅਕਾਲੀ ਆਗੂਆਂ ਵਿਚਕਾਰ ਹਲਕੇ ਪਹਿਲਾਂ ਹੀ ਤੈਅ ਕੀਤੇ ਗਏ ਸਨ- ਪਟਿਆਲਾ ਇੱਕ ਲਈ, ਲੰਬੀ ਦੂਜੇ ਲਈ, ਲਹਿਰਾਗਾਗਾ, ਸੁਨਾਮ, ਬਠਿੰਡਾ, ਸੰਗਰੂਰ, ਦੋਆਬਾ, ਮਾਝਾ, ਹਰ ਖੇਤਰ ਵਿੱਚ ਅਕਾਲੀ ਅਤੇ ਕਾਂਗਰਸੀ ਆਗੂਆਂ ਵਿਚਕਾਰ ਅੰਦਰੂਨੀ ਸੌਦੇਬਾਜ਼ੀ ਸੀ। ਉਨ੍ਹਾਂ ਅੱਗੇ ਕਿਹਾ ਕਿ।ਆਗੂ ਬਠਿੰਡਾ ਵਿੱਚ ਇੱਕ ਗੱਲ ਕਹਿੰਦੇ ਸਨ, ਸੰਗਰੂਰ ਵਿੱਚ ਦੂਜੀ, ਅਤੇ ਚੰਡੀਗੜ੍ਹ ਪਹੁੰਚਦਿਆਂ ਹੀ ਆਪਣਾ ਬਿਆਨ ਫਿਰ ਬਦਲ ਲੈਂਦੇ ਸਨ। ਉਨ੍ਹਾਂ ਨੂੰ ਇਹ ਵੀ ਯਾਦ ਨਹੀਂ ਰਹਿੰਦਾ ਸੀ ਕਿ ਉਨ੍ਹਾਂ ਨੇ ਕਿੱਥੇ ਕੀ ਕਿਹਾ ਹੈ। ਪੰਨੂ ਨੇ ਕਿਹਾ ਕਿ ਜਦੋਂ ਸੰਗਰੂਰ ਦੇ ਇੱਕ ਪਿੰਡ ਦਾ ਇੱਕ ਆਮ ਆਦਮੀ ਸਿਆਸਤ ਵਿੱਚ ਆਇਆ ਅਤੇ ਉਨ੍ਹਾਂ ਦੇ ਗਠਜੋੜ ਦਾ ਪਰਦਾਫਾਸ਼ ਕਰਨਾ ਸ਼ੁਰੂ ਕੀਤਾ, ਤਾਂ ਸਾਰਾ ਸਿਸਟਮ ਘਬਰਾ ਗਿਆ। ਉਨ੍ਹਾਂ ਨੇ 2017 ਵਿੱਚ ਭਗਵੰਤ ਮਾਨ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ, 2019 ਵਿੱਚ ਫਿਰ ਕੋਸ਼ਿਸ਼ ਕੀਤੀ। ਪਰ ਸੰਗਰੂਰ 2014 ਵਿੱਚ ਹੀ ਸੱਚਾਈ ਸਮਝ ਗਿਆ ਸੀ। ਜਦੋਂ ਮਾਨ ਸਾਹਿਬ ਸੰਗਰੂਰ ਤੋਂ ਦੋ ਵਾਰ ਜਿੱਤੇ, ਤਾਂ ਇਹ ਸੰਦੇਸ਼ ਪੂਰੇ ਪੰਜਾਬ ਵਿੱਚ ਗਿਆ ਅਤੇ 2022 ਵਿੱਚ ਲੋਕਾਂ ਨੇ ਆਪਣਾ ਫੈਸਲਾ ਸੁਣਾ ਦਿੱਤਾ। ਪੰਨੂ ਨੇ ਕਿਹਾ ਕਿ 2022 ਵਿੱਚ ਪੰਜਾਬ ਨੇ ਪੂਰੇ ਪੁਰਾਣੇ ਸਿਸਟਮ ਨੂੰ ਰੱਦ ਕਰ ਦਿੱਤਾ, ਕੈਪਟਨ ਅਮਰਿੰਦਰ ਸਿੰਘ ਹਾਰ ਗਏ, ਬਿਕਰਮ ਮਜੀਠੀਆ ਹਾਰ ਗਏ, ਪ੍ਰਕਾਸ਼ ਸਿੰਘ ਬਾਦਲ ਹਾਰ ਗਏ, ਸੁਖਬੀਰ ਬਾਦਲ ਹਾਰ ਗਏ ਅਤੇ ਨਵਜੋਤ ਸਿੱਧੂ ਹਾਰ ਗਏ। ਉਨ੍ਹਾਂ ਕਿਹਾ ਕਿ ਇਹ ਕੋਈ ਇਤਫ਼ਾਕ ਨਹੀਂ ਸੀ। ਇਹ ਭ੍ਰਿਸ਼ਟ ਪ੍ਰਣਾਲੀ ਦੇ ਡਿੱਗੇ ਹੋਏ ਥੰਮ੍ਹ ਸਨ। ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਇਸ ਲਈ ਬੁਖਲਾਹਟ ਵਿੱਚ ਹੈ ਕਿਉਂਕਿ ਪੰਜਾਬ ਚਾਰ ਸਾਲਾਂ ਵਿੱਚ ਬਦਲ ਗਿਆ ਹੈ। 45 ਸਾਲਾਂ ਬਾਅਦ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਸੜਕ ਸੁਰੱਖਿਆ ਫੋਰਸ (ਐਸ ਐਸ ਐਫ) ਮਿੰਟਾਂ ਵਿੱਚ ਐਮਰਜੈਂਸੀ ਸਹਾਇਤਾ ਯਕੀਨੀ ਬਣਾਉਂਦੀ ਹੈ, 16 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਪਾਰਦਰਸ਼ੀ ਸ਼ਾਸਨ ਮਿਲ ਰਿਹਾ ਹੈ। ਉਹ ਕੰਮ ਦੀ ਗੱਲ ਨਹੀਂ ਕਰਦੇ। ਉਹ ਸਿਰਫ਼ ਇਹੀ ਕਹਿੰਦੇ ਹਨ ਕਿ ‘ਸਾਨੂੰ ਆਉਣ ਦਿਓ, ਅਸੀਂ ਭਗਵੰਤ ਮਾਨ ਨੂੰ ਗ੍ਰਿਫ਼ਤਾਰ ਕਰਾਂਗੇ’। ਪੰਨੂ ਨੇ ਸਵਾਲ ਕੀਤਾ ਕਿ ਕਿਸ ਲਈ ਗ੍ਰਿਫ਼ਤਾਰ ਕਰੋਗੇ? ਕਿਸਾਨਾਂ ਨੂੰ ਪਾਣੀ ਦੇਣ ਲਈ? ਹਾਦਸੇ ਦੇ ਪੀੜਤਾਂ ਨੂੰ ਬਚਾਉਣ ਲਈ? ਜਾਂ ਲੁੱਟ ਰੋਕਣ ਲਈ? ਪੰਨੂ ਨੇ ਕਿਹਾ ਕਿ ‘ਆਪ’ ਦੇ ਸਟੈਂਡ ਦਾ ਸਭ ਤੋਂ ਵੱਡਾ ਸਬੂਤ ਇਹ ਹੈ ਕਿ ਸਾਬਕਾ ਕਾਂਗਰਸੀ ਆਗੂ ਖੁਦ ਹੁਣ ਇਕਬਾਲ-ਏ-ਜੁਰਮ ਕਰ ਰਿਹਾ ਹੈ। ਰਵਨੀਤ ਬਿੱਟੂ ਅੱਜ ਕੇਂਦਰੀ ਮੰਤਰੀ ਹਨ। ਉਹ ਝੂਠ ਨਹੀਂ ਬੋਲ ਰਹੇ ਜਦੋਂ ਉਹ ਕਹਿੰਦੇ ਹਨ ਕਿ ਉਨ੍ਹਾਂ ਨੂੰ ਭਗਵੰਤ ਮਾਨ ਨੂੰ ਹਰਾਉਣ ਅਤੇ ਸੁਖਬੀਰ ਬਾਦਲ ਦੀ ਮਦਦ ਕਰਨ ਦਾ ਸੰਦੇਸ਼ ਦੇ ਕੇ ਭੇਜਿਆ ਗਿਆ ਸੀ। ਸਵਾਲ ਸਿਰਫ ਇਹ ਹੈ ਕਿ ਉਨ੍ਹਾਂ ਨੂੰ ਕਿਸ ਨੇ ਭੇਜਿਆ ਸੀ? ਅੰਤ ਵਿੱਚ ਪੰਨੂ ਨੇ ਕਿਹਾ ਕਿ ਪੰਜਾਬ ਅੱਜ ਜਾਣਦਾ ਹੈ ਕਿ ਕੌਣ ਮਿਲ ਕੇ ਖੇਡਾਂ ਖੇਡਦਾ ਸੀ ਅਤੇ ਕੌਣ ਲੋਕਾਂ ਨਾਲ ਖੜ੍ਹਾ ਸੀ। ਗੁਪਤ ਸੌਦਿਆਂ ਦਾ ਦੌਰ ਖਤਮ ਹੋ ਗਿਆ ਹੈ। ਇਮਾਨਦਾਰ ਸਿਆਸਤ ਦਾ ਦੌਰ ਸ਼ੁਰੂ ਹੋ ਗਿਆ ਹੈ, ਅਤੇ ਇਹੀ ਉਹ ਗੱਲ ਹੈ ਜੋ ਉਹ ਬਰਦਾਸ਼ਤ ਨਹੀਂ ਕਰ ਪਾ ਰਹੇ। 

Scroll to Top