Actionpunjab

Action Punjab Logo
Breaking News

Author name: Action Punjab

Action Punjab
Punjab

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ।   ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ ਅਤੇ ਲੋਕ ਰੋਜ਼ਾਨਾ ਕਸਰਤ ਨਾਲ ਸਿਹਤਮੰਦ ਹੋਣਗੇ।   ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ।   ਉਨ੍ਹਾਂ ਦੱਸਿਆ ਕਿ ਇਹ ਓਪਨ ਜ਼ਿੰਮ ਵਾਰਡ ਨੰਬਰ 19, ਵਾਰਡ ਨੰਬਰ 20, ਵਾਰਡ ਨੰਬਰ 13, ਵਾਰਡ ਨੰਬਰ 14, ਵਾਰਡ ਨੰਬਰ 16, ਵਾਰਡ ਨੰਬਰ 6 ਅਤੇ ਵਾਰਡ ਨੰਬਰ 5 ਦੇ ਪਾਰਕਾਂ ਵਿਖੇ ਲਗਾਏ ਗਏ ਹਨ।   ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ।    ਇਸ ਮੌਕੇ ਚੇਅਰਮੈਨ ਇੰਮਪਰੁਵਮੇਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਪ੍ਰਧਾਨ ਨਗਰ ਕੌਂਸਲ ਰੂਪਨਗਰ ਅਸ਼ੋਕ ਵਾਹੀ, ਸੀਨੀਅਰ ਵਾਈਸ ਪ੍ਰਧਾਨ ਐਮਸੀ ਰਾਜੂ ਸਤਿਆਲ, ਸੰਦੀਪ ਜੋਸ਼ੀ, ਸੁਖਦੇਵ ਸਿੰਘ ਮੀਆਂਪੁਰ, ਨਵਪ੍ਰੀਤ ਸ਼ਰਮਾ, ਸੰਤੋਖ ਸਿੰਘ ਵਾਲੀਆ, ਨੀਲਮ ਰਾਣੀ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਬਾਲਾ, ਕੁਲਦੀਪ ਸਿੰਘ, ਅਮਨਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਪਰਵਿੰਦਰ ਬਾਠ, ਵਿੱਕੀ ਧਵਨ, ਸਰਕਾਰੀ ਕਾਲਜ ਰੋਪੜ ਤੋਂ ਪ੍ਰੋ. ਹਰਮਨਦੀਪ ਕੌਰ, ਪ੍ਰੋ. ਧਰਮਿੰਦਰ ਸਿੰਘ, ਪ੍ਰੋ. ਨਿਰਮਲ ਸਿੰਘ ਬਰਾੜ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਨੇਹਾ ਸੇਤੀਆ, ਪ੍ਰੋ. ਹਰੀਸ਼ ਕੁਮਾਰ, ਪ੍ਰੋ. ਹਰਪ੍ਰੀਤ ਕੌਰ (ਅੰਗ੍ਰੇਜ਼ੀ), ਪ੍ਰੋ. ਨੀਰੂ ਚੋਪੜਾ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਰੀਨੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 

Punjab

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ 'ਕਲੀਨ ਚਿੱਟ' 'ਤੇ ਦਿੱਤੀ ਵਧਾਈ

ਹੁਸ਼ਿਆਰਪੁਰ, 28 ਫਰਵਰੀ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇੱਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ ‘ਕਲੀਨ ਚਿੱਟ’ ਦਾ ਸਵਾਗਤ ਕਰਦਿਆਂ ਇਸਨੂੰ ਸੱਚ ਅਤੇ ਨਿਆਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਜ਼ਿਆਦਾ ਸਮੇਂ ਤੱਕ ਨਹੀਂ ਟਿਕ ਸਕਦੀਆਂ।ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ਦੀ ਨਿਆਂਪਾਲਿਕਾ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਨਕਾਰਾਤਮਕ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਸੇਵਾ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਦੁਹਰਾਇਆ ਕਿ ਪਾਰਟੀ ਲੀਡਰਸ਼ਿਪ ਨੇ ਹਰ ਚੁਣੌਤੀ ਦਾ ਸਾਹਮਣਾ ਤਾਕਤ ਅਤੇ ਸਬਰ ਨਾਲ ਕੀਤਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੱਚਾਈ ਨੂੰ ਅਸਥਾਈ ਤੌਰ ‘ਤੇ ਪਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਇਸਨੂੰ ਹਰਾਇਆ ਨਹੀਂ ਜਾ ਸਕਦਾ। ਇਹ ਫੈਸਲਾ ਨਾ ਸਿਰਫ਼ ਸਾਡੀ ਲੀਡਰਸ਼ਿਪ ਦੀ ਇਮਾਨਦਾਰੀ ਦੀ ਜਿੱਤ ਹੈ, ਸਗੋਂ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਦੀ ਵੀ ਜਿੱਤ ਹੈ। 

Punjab

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 27 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 27 ਫਰਵਰੀਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ।ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਵਿਚ ਅਪੀਲ ਕਰਨ ਦੇ ਤਰੀਕੇ ਬਾਰੇ ਵੀ ਜਾਗਰੂਕ ਕੀਤਾ।ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ‘ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ-ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।ਇਸ ਤੋਂ ਇਲਾਵਾ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ। 

Punjab

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

ਬਰਨਾਲਾ/ ਧਨੌਲਾ, 27 ਫਰਵਰੀ       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ।         ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਤੋਂ ਬੁੱਗਰਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕਿਹਾ ਕਿ ਅੱਜ ਕਰੀਬ ਪੌਣੇ 19 ਕਰੋੜ ਰੁਪਏ ਦੀ ਲਾਗਤ ਨਾਲ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਲਾਕੇ ਦੀਆਂ ਪੁਰਾਣੀਆਂ 10 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਵੇਲੇ ਇਨ੍ਹਾਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਮਾਨ ਸਰਕਾਰ ਵਲੋਂ 18 ਫੁੱਟੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਧਨੌਲਾ ਤੋਂ ਬੁੱਗਰਾਂ ਸੜਕ (8 ਕਿਲੋਮੀਟਰ ਲੰਬੀ) ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ ‘ਤੇ 7.46 ਕਰੋੜ ਰੁਪਏ ਖ਼ਰਚ ਹੋਣਗੇ। ਇਸ ਤੋਂ ਇਲਾਵਾ ਸੰਗਰੂਰ – ਬਰਨਾਲਾ ਰੋਡ ਤੋਂ ਕੋਠੇ ਗੋਬਿੰਦਪੁਰਾ ਸੜਕ ‘ਤੇ 2.85 ਕਰੋੜ ਰੁਪਏ ਦੀ ਲਾਗਤ ਆਵੇਗੀ। ਕੱਟੂ ਤੋਂ ਸੇਖਾ ਸੜਕ ਵੀ 18 ਫੁੱਟ ਚੌੜੀ ਹੋਣੀ ਹੈ ਜਿਸ ਉੱਤੇ 3.35 ਕਰੋੜ ਰੁਪਏ ਦੀ ਲਾਗਤ ਆਵੇਗੀ। ਉੱਪਲੀ ਤੋਂ ਸੇਖਾ ਸੜਕ ਦੇ ਨਿਰਮਾਣ ‘ਤੇ 5.14 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।    ਉਨ੍ਹਾਂ ਕਿਹਾ ਕਿ ਸਿਰਫ਼ ਬਰਨਾਲਾ ਜ਼ਿਲ੍ਹੇ ਦੀਆਂ ਸੜਕਾਂ ਦੇ ਸੁਧਾਰ ਲਈ ਸਰਕਾਰ ਨੇ 248 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ।    ਉਨ੍ਹਾਂ ਕਿਹਾ ਕਿ ਇਹ ਸੜਕਾਂ ਜਾਂ ਤਾਂ ਘੱਟ ਚੌੜੀਆਂ ਹਨ ਜਾਂ ਕਈ ਰਸਤੇ ਕੱਚੇ ਹਨ ਜਿਨ੍ਹਾਂ ਉੱਤੇ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। 

Punjab

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ

ਫਿਰੋਜ਼ਪੁਰ,27 ਫ਼ਰਵਰੀ (            ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਵਿੱਚ ਸਿਹਤ ਵਿਭਾਗ ਵਲੋ ਲਗਾਏ ਗਏ ਮੇਗਾ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਤੋ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪੁੱਜੀ ਜਿਨ੍ਹਾਂ ਵਲੋ ਲੋਕਾਂ ਦੀ ਸਿਹਤ ਸੰਬੰਧੀ ਜਾਂਚ ਕਰ ਦਵਾਈਆਂ ਦਿਤੀਆਂ ਗਈਆਂ।              ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਪਿੰਡ ਵਾਸੀਆਂ ਦੇ ਲੈਬ ਟੈਸਟ ਕੀਤੇ ਵੀ ਗਏ। ਦੁਪਹਿਰ ਤੱਕ 50 ਦੇ ਕਰੀਬ ਕੀਤੇ ਗਏ ਲੈਬ ਟੈਸਟਾਂ ਚੋਂ ਸਿਰਫ਼ 4 ਟੈਸਟਾਂ ਵਿੱਚ ਪੀਲੀਏ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੇ ਨਮੂਨੇ ਲੈ ਜਾਂਚ ਲਈ ਲੈਬੋਰੋਟਰੀ ਭੇਜੇ ਗਏ। ਜਿਲ੍ਹਾ ਫੂਡ ਅਫ਼ਸਰ ਦੀ ਟੀਮ ਵੱਲੋ ਪਿੰਡ ਵਿੱਖੇ ਕੁੱਝ ਦੁਕਾਨਾਂ ਤੋਂ ਖਾਣ ਵਾਲੀਆਂ ਚੀਜ਼ਾਂ ਦੇ ਸੈਂਪਲ ਵੀ ਜਾਂਚ ਲਈ ਭਰੇ ਗਏ ਹਨ।                       ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਕਲੋਰੀਨ ਦੀਆ ਗੋਲੀਆਂ ਵੰਡੀਆਂ ਗਈਆਂ ਅਤੇ ਘਰ ਘਰ ਜਾ ਕੇ ਸਰਵੇ ਵੀ ਕੀਤਾ ਜਾ ਰਿਹਾ ਹੈ।                         ਇਸ ਮੇਗਾ ਕੈਂਪ ਵਿੱਚ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਹਨਾਂ ਵੱਲੋ ਪੀੜਤ ਵਿਅਕਤੀਆਂ ਦੇ ਘਰ ਜਾ ਉਹਨਾਂ ਦਾ ਹਾਲ ਜਾਣਿਆ ਅਤੇ ਹਰ ਪ੍ਰਕਾਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਸਿਵਲ ਸਰਜਨ ਵਲੋ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਵਿਖੇ ਪਹੁਚ ਕੇ ਬੱਚਿਆ ਦਾ ਹਾਲ ਜਾਣਿਆ। ਆਪਣੀ ਫੇਰੀ ਦੌਰਾਨ ਉਹਨਾਂ ਪਿੰਡ ਦੇ ਸਰਪੰਚ ,ਮੈਂਬਰ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਸਿਹਤ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ।               ਇਸ ਮੌਕੇ ਉਹਨਾਂ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋ ਮੀਟਿੰਗ ਕਰਕੇ ਵੱਖ-ਵੱਖ ਵਿਭਾਗਾਂ ਨੂੰ ਪਿੰਡ ਵਾਸੀਆਂ ਦੀ ਹਰ ਸੰਭਵ ਮਦਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸਿਹਤ ਦਾ ਖਿਆਲ ਰੱਖ ਰਹੀਆਂ ਹਨ। 

Punjab

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

  ਮਾਲੇਰਕੋਟਲਾ, 27 ਫਰਵਰੀ:                  ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।                 ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨਾਂ ਲਈ ਤਿਆਰ ਕੀਤੀ ‘ਸਕਸ਼ਮ ਐਪ’ਬਾਰੇ ਵਿਆਪਕ ਜਾਗਰੂਕਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਦਿਵਿਆਂਗ ਵੋਟਰ ਆਪਣੀ ਰਜਿਸਟ੍ਰੇਸ਼ਨ ਅਤੇ ਵੋਟ ਵਿੱਚ ਸੋਧ ਘਰ ਬੈਠੇ ਕਰ ਸਕਦੇ ਹਨ, ਇਸ ਤੋਂ ਇਲਾਵਾ ਮਤਦਾਨ ਦੇ ਦਿਨ ਵ੍ਹੀਲਚੇਅਰ, ਆਵਾਜਾਈ ਅਤੇ ਸਹਾਇਕ ਵਲੰਟੀਅਰ ਵਰਗੀਆਂ ਸਹੂਲਤਾਂ ਲਈ ਅਗਾਊਂ ਬੇਨਤੀ ਵੀ ਦਰਜ ਕਰਵਾ ਸਕਦੇ ਹਨ। ਇਹ ਐਪ ਗੂਗਲ ਪਲੇ ਸਟੋਰ ਅਤੇ ਐਪ ਸਟੋਰ ’ਤੇ ਮੁਫਤ ਉਪਲਬਧ ਹੈ।                 ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਵ੍ਹੀਲਚੇਅਰ, ਰੈਂਪ, ਤਰਜੀਹੀ ਮਤਦਾਨ ਵਿਵਸਥਾ, ਬ੍ਰੇਲ ਲਿਪੀ ਨਾਲ ਯੁਕਤ ਈ.ਵੀ.ਐਮ., ਸੰਕੇਤਕ ਭਾਸ਼ਾ ਸਬੰਧੀ ਜਾਣਕਾਰੀ ਪੋਸਟਰ ਅਤੇ ਹੋਰ ਆਵਸ਼ਯਕ ਸੁਵਿਧਾਵਾਂ ਦੇ ਪ੍ਰਬੰਧ ਸੁਨਿਸ਼ਚਿਤ ਕੀਤੇ ਜਾਣ, ਤਾਂ ਜੋ ਹਰ ਵੋਟਰ ਆਤਮ-ਗੌਰਵ ਅਤੇ ਆਸਾਨੀ ਨਾਲ ਆਪਣੇ ਮਤ ਦਾ ਪ੍ਰਯੋਗ ਕਰ ਸਕੇ।                 ਇਸ ਮੌਕੇ ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਹਰਪ੍ਰੀਤ ਸਿੰਘ, ਐਸ.ਡੀ.ਓ. (ਪੀ.ਡਬਲਿਊ.ਡੀ.) ਇੰਜੀਨੀਅਰ ਅਮਨਦੀਪ ਕੁਮਾਰ, ਪ੍ਰਿੰਸੀਪਲ ਕਮਲੇਸ਼, ਜ਼ਿਲ੍ਹਾ ਚੋਣ ਕੋਆਰਡੀਨੇਟਰ ਮੁਹੰਮਦ ਸਦੀਕ, ਚੋਣ ਸ਼ਾਖਾ ਤੋਂ ਮਨਪ੍ਰੀਤ ਸਿੰਘ ਅਤੇ ਮੁਹੰਮਦ ਬਸ਼ੀਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Punjab

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ ‘ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ “ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ” ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿੱਖਿਆ, ਸਿਹਤ ਅਤੇ ਲੋਕ ਭਲਾਈ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਨ ਦਾ ਸੰਕਲਪ ਮਜ਼ਬੂਤ ਹੋਇਆ ਹੈ। ਪਾਰਟੀ ਵਰਕਰਾਂ ਨੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਨਾ ਸਿਰਫ ‘ਆਪ’ ਲਈ ਸਗੋਂ ਲੋਕਤੰਤਰ ਲਈ ਮਾਣ ਵਾਲੀ ਗੱਲ ਦੱਸਿਆ। 

Punjab

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ ‘ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ‘ਸੱਚਾਈ ਅਤੇ ਇਮਾਨਦਾਰੀ’ ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ। ਮੰਤਰੀ ਬੈਂਸ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ  ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ ‘ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਤਿੱਖਾ ਹਮਲਾ ਬੋਲਦਿਆਂ ਬੈਂਸ ਨੇ ਕਿਹਾ ਕਿ ਕੇਂਦਰ ਦੀ ਸ਼ਹਿ ‘ਤੇ ਮਨੀਸ਼ ਸਿਸੋਦੀਆ ਨੂੰ ਦੋ ਸਾਲ ਅਤੇ ਅਰਵਿੰਦ ਕੇਜਰੀਵਾਲ ਨੂੰ ਛੇ ਮਹੀਨੇ ਤੱਕ ਸਲਾਖਾਂ ਪਿੱਛੇ ਰੱਖਿਆ ਗਿਆ। ਇਨ੍ਹਾਂ ਲੋਕਾਂ ਨੇ ਇਹ ਵੀ ਨਹੀਂ ਸੋਚਿਆ ਕਿ ਮਨੀਸ਼ ਸਿਸੋਦੀਆ ਦੀ ਪਤਨੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਸੀ ਅਤੇ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ। ਰਾਜਨੀਤੀ ਆਪਣੀ ਜਗ੍ਹਾ ਹੈ, ਪਰ ਵਿਰੋਧੀਆਂ ਨੇ ਅਣਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਅੱਜ ਅਦਾਲਤ ਦੇ ਫੈਸਲੇ ਨੇ ਇਨ੍ਹਾਂ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਕਰਾਰਾ ਤਮਾਚਾ ਜੜਿਆ ਹੈ। ਮੰਤਰੀ ਬੈਂਸ ਨੇ ਕਿਹਾ ਕਿ ਪੂਰਾ ਦੇਸ਼ ਹੁਣ ਸਮਝ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ‘ਕੰਮ ਦੀ ਰਾਜਨੀਤੀ’ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਅਤੇ ਵਿਸ਼ਵ ਪੱਧਰੀ ਹਸਪਤਾਲਾਂ ਦੀ ਉਸਾਰੀ ਹੀ ਉਹ ਅਸਲੀ ‘ਅਪਰਾਧ’ ਸੀ, ਜਿਸ ਦੀ ਸਜ਼ਾ ਉਨ੍ਹਾਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੁਰੂ ਸਾਹਿਬ  ਦੀ ਕਿਰਪਾ ਸਦਕਾ ਸੱਚ ਦੀ ਜਿੱਤ ਹੋਈ। ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀਆਂ ਨੂੰ ਚੇਤਾਵਨੀ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਸਮੇਂ ਲਈ ਇੱਕ ਸ਼ੁਭ ਸੰਕੇਤ ਹੈ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਧਵਸਤ ਕਰ ਦਿਆਂਗੇ। ਜਨਤਾ ਵਿਰੋਧੀਆਂ ਦੇ ਹਰ ਜ਼ੁਲਮ ਦਾ ਹਿਸਾਬ ਵੋਟ ਦੀ ਚੋਟ ਨਾਲ ਲਵੇਗੀ। ਉਨ੍ਹਾਂ ਕਿਹਾ ਕਿ 2029 ਵਿੱਚ ਦੇਸ਼ ਦੀ ਰਾਜਨੀਤੀ ਦੀ ਕਮਾਨ ਅਰਵਿੰਦ ਕੇਜਰੀਵਾਲ ਸੰਭਾਲਣਗੇ ਅਤੇ  ਭਾਰਤ ਨੂੰ ‘ਆਪ’ ਦੇ ਦਿੱਲੀ-ਪੰਜਾਬ ਮਾਡਲ ਦੀ ਤਰਜ਼ ‘ਤੇ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ। 

Punjab

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, 'ਆਪ' ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ‘ਆਮ ਆਦਮੀ ਪਾਰਟੀ’ ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂਗ ਬਿਖਰ ਗਈ ਹੈ। ਭਾਜਪਾ ਨੇ ਆਪਣੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੀ ਸੀਨੀਅਰ ਲੀਡਰਸ਼ਿਪ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ, ਪਰ ਉਹ ਭੁੱਲ ਗਏ ਸਨ ਕਿ ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ। ਕੇਂਦਰ ਦੀ ਭਾਜਪਾ ਸਰਕਾਰ ‘ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਅਤੇ ਜ਼ੁਲਮ ਵਿਰੁੱਧ ਅਰਵਿੰਦ ਕੇਜਰੀਵਾਲ ਅਤੇ ਸਾਡੀ ਲੀਡਰਸ਼ਿਪ ਨੇ ਡਟ ਕੇ ਲੜਾਈ ਲੜੀ। ਇਹ ਫੈਸਲਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਜੇਕਰ ਪੂਰੇ ਦੇਸ਼ ਵਿੱਚ ਕੋਈ ਇਮਾਨਦਾਰੀ ਅਤੇ ਸੱਚਾਈ ਦੀ ਰਾਜਨੀਤੀ ਕਰ ਰਿਹਾ ਹੈ, ਤਾਂ ਉਹ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਮਕਸਦ ਸਿਰਫ਼ ਸਾਨੂੰ ਰੋਕਣਾ ਸੀ, ਪਰ ਜਨਤਾ ਦੀ ਕਚਹਿਰੀ ਤੋਂ ਬਾਅਦ ਹੁਣ ਕਾਨੂੰਨ ਦੀ ਅਦਾਲਤ ਨੇ ਵੀ ਉਨ੍ਹਾਂ ਨੂੰ ਆਈਨਾ ਦਿਖਾ ਦਿੱਤਾ ਹੈ। ਕੁਲਦੀਪ ਧਾਲੀਵਾਲ ਨੇ ਦੇਸ਼ ਭਰ ਦੇ ‘ਆਪ’ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਹਰ ਉਸ ਵਿਅਕਤੀ ਦੀ ਜਿੱਤ ਹੋਈ ਹੈ ਜਿਸ ਦਾ ਲੋਕਤੰਤਰ ਅਤੇ ਨਿਆਂਪਾਲਿਕਾ ਵਿੱਚ ਵਿਸ਼ਵਾਸ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਮੈਨੂੰ ਮਾਣ ਹੈ ਕਿ ਮੈਂ ਅਰਵਿੰਦ ਕੇਜਰੀਵਾਲ ਵਰਗੇ ਸੱਚੇ ਅਤੇ ਨਿਡਰ ਆਗੂ ਦੀ ਪਾਰਟੀ ਦਾ ਸਿਪਾਹੀ ਹਾਂ। ਸਾਡੇ ਆਗੂਆਂ ਨੇ ਜੇਲ੍ਹ ਜਾਣਾ ਸਵੀਕਾਰ ਕੀਤਾ ਪਰ ਝੁਕਣਾ ਨਹੀਂ।” ਅੱਜ ਦਾ ਦਿਨ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ਸੱਚਾਈ ਦੀ ਜਿੱਤ ਦੇ ਪ੍ਰਤੀਕ ਵਜੋਂ ਯਾਦ ਰੱਖਿਆ ਜਾਵੇਗਾ। 

Scroll to Top