ਚੰਡੀਗੜ੍ਹ, 3 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਹੈ ਅਤੇ ਹੁਣ ਆਮ ਨਾਗਰਿਕਾਂ ਨੂੰ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੇਵਾ ਕੇਂਦਰਾਂ ‘ਤੇ ਮਹੀਨਾ ਆਧਾਰ ‘ਤੇ 30 ਲੱਖ ਨਾਗਰਿਕਾਂ ਦੀ ਪਹੁੰਚ ਅਤੇ 8.20 ਕਰੋੜ ਤੋਂ ਵੱਧ ਸੇਵਾਵਾਂ ਦੀ ਡਲਿਵਰੀ ਦੇ ਨਾਲ ਡਿਜੀਟਲ ਪੰਜਾਬ ਵੱਲ ਤੇਜ਼ੀ ਨਾਲ ਕਦਮ ਵਧਾਉਣ ਪਾਰਦਰਸ਼ੀ ਪ੍ਰਸ਼ਾਸਨ, ਹੁਨਰ ਵਿਕਾਸ ਅਤੇ ਪ੍ਰਣਾਲੀਗਤ ਸੁਧਾਰਾਂ ਵੱਲ ਵਿਆਪਕ ਸੁਧਾਰਾਂ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਹੈ। ਵੱਖ-ਵੱਖ ਵਿਭਾਗਾਂ ਦੇ ਰਿਪੋਰਟ ਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਡਿਜੀਟਲ ਹੱਬ ਵਜੋਂ ਉਭਰ ਰਿਹਾ ਹੈ, ਜਿਸ ਨੇ ਆਪਣੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਅਤੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ 16,308 ਨੌਕਰੀਆਂ, ਪੰਜਾਬ ਪੁਲਿਸ ਵਿੱਚ 12,966 ਨੌਕਰੀਆਂ, ਬਿਜਲੀ ਵਿਭਾਗ ਵਿੱਚ 8,765 ਨੌਕਰੀਆਂ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਵਿੱਚ 16,320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5771 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੋਂ ‘ਚੋਂ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਹਿਜਰਤ ਦੇ ਰੁਝਨ ਨੂੰ ਠੱਲ੍ਹ ਪਈ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਇਨ੍ਹਾਂ ਨੌਕਰੀਆਂ ਦਾ ਲਾਭ ਹੋਇਆ ਹੈ। ਭਰਤੀ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਨਿਰੋਲ ਮੈਰਿਟ ਅਤੇ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਉਮੀਦਵਾਰਾਂ ਨੂੰ ਤਾਂ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਵਾਰ ਨੌਕਰੀਆਂ ਵੀ ਮਿਲੀਆਂ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਨੌਜਵਾਨ ਇਹ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਕੇ ਵਾਪਸ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਦਾਲਤਾਂ ਵਿੱਚ ਚੁਣੌਤੀ ਦੇ ਚਲਦਿਆਂ ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਹੋਣ ਆਮ ਗੱਲ ਸੀ, ਜਿਸ ਦੇ ਚਲਦਿਆਂ ਅਕਸਰ ਕਈ ਉਮੀਦਵਾਰ ਦੀ ਉਮਰ ਨਿਰਧਾਰਤ ਸੀਮਾ ਤੋਂ ਪਾਰ ਲੰਘ ਜਾਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਆਈਲੈਟਸ ਸੈਂਟਰਾਂ ਵਿੱਚ ਜਾਣ ਦੀ ਬਜਾਏ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਮੌਜੂਦਾ ਗਵਰਨੈਂਸ ਮਾਡਲ ਦੀ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਬਜਾਏ ਆਪਣੇ ਹੀ ਪਰਿਵਾਰਾਂ ਦਾ ਪੱਖ ਪੂਰਿਆ ਪਰ ਸੂਬਾ ਸਰਕਾਰ ਨੇ ਸਭ ਦੀ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚਲਦਿਆਂ ਪ੍ਰਾਈਵੇਟ ਕੰਪਨੀਆਂ ਵਿੱਚ ਵੀ ਸੱਤ ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ। ਉਨ੍ਹਾਂ ਅੱਗੇ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਲੁਧਿਆਣਾ ਵਿੱਚ ਪੰਜ ਬਹੁ-ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹੁਣ ਤੱਕ 1.25 ਲੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 73,250 ਨੂੰ ਰੋਜ਼ਗਾਰ ਵੀ ਮਿਲ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਈਕਰੋਸਾਫਟ ਅਤੇ ਆਈਬੀਐਮ ਵਰਗੀਆਂ ਕੰਪਨੀਆਂ ਨਾਲ ਏਆਈ, ਸਾਈਬਰ ਸੁਰੱਖਿਆ ਅਤੇ ਕਲਾਉਡ ਤਕਨਾਲੋਜੀ ਵਿੱਚ ਸਿਖਲਾਈ ਲਈ ਐਮ.ਓ.ਯੂ. ਸਾਈਨ ਕੀਤੇ ਗਏ ਹਨ। ਰੋਜ਼ਗਾਰ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1,799 ਸਵੈ-ਰੁਜ਼ਗਾਰ ਕੈਂਪਾਂ ਨੇ 1,99,000 ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਹਾਸਲ ਕਰਨ ਵਿੱਚ ਮਦਦ ਕੀਤੀ ਅਤੇ 6,724 ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਨੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ 11 ਸਿਖਲਾਈ ਕੇਂਦਰਾਂ ਦਾ ਆਧੁਨਿਕੀਕਰਨ ਕਰਨ ਦੇ ਨਾਲ-ਨਾਲ ਤਿੰਨ ਨਵੇਂ ਕੈਂਪ ਸਥਾਪਿਤ ਕੀਤੇ ਗਏ ਹ ਅਤੇ ਅੱਗੇ ਕਿਹਾ ਕਿ 36,342 ਨੌਜਵਾਨਾਂ ਨੂੰ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 5,509 ਭਰਤੀ ਹੋ ਚੁੱਕੇ ਹਨ। ਰੱਖਿਆ ਸਿਖਲਾਈ ਸੰਸਥਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 218 ਲੜਕਿਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 106 ਐੱਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਗਏ ਅਤੇ 85 ਕਮਿਸ਼ਨਡ ਅਫਸਰ ਬਣ ਗਏ ਹਨ, ਜਦੋਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 199 ਲੜਕੀਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 24 ਕਮਿਸ਼ਨਡ ਅਫਸਰ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਲਦੀ ਹੀ ਇੱਕ ਨਵਾਂ ਇੰਸਟੀਚਿਊਟ ਸ਼ੁਰੂ ਕੀਤਾ ਜਾਵੇਗਾ। ਡਿਜੀਟਲ ਗਵਰਨੈਂਸ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਡਿਜੀਟਲ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ ਕਿਉਂਕਿ 544 ਸੇਵਾ ਕੇਂਦਰ 465 ਤੋਂ ਵੱਧ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 30 ਲੱਖ ਲੋਕ ਇਨ੍ਹਾਂ ਕੇਂਦਰਾਂ ਤੋਂ ਹਰ ਮਹੀਨੇ ਸੇਵਾਵਾਂ ਲੈ ਰਹੇ ਹਨ, ਭਾਵ ਰੋਜ਼ਾਨਾ ਇੱਕ ਲੱਖ ਲੋਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਤੱਕ 8,20 ਕਰੋੜ ਡਿਜੀਟਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਨਮ, ਮੌਤ ਅਤੇ ਵਿਆਹ ਵਰਗੇ ਸਰਟੀਫਿਕੇਟ ਐਸਐਮਐਸ ਅਤੇ ਵਟਸਐਪ ਰਾਹੀਂ ਭੇਜੇ ਜਾ ਰਹੇ ਹਨ ਅਤੇ ਇੱਕ ਕਰੋੜ ਤੋਂ ਵੱਧ ਸਰਟੀਫਿਕੇਟ ਡਿਜੀਟਲ ਰੂਪ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸੇਵਾਵਾਂ ਦੀ ਬਕਾਇਆ ਦਰ ਵਿੱਚ ਭਾਰੀ ਕਮੀ ਆਈ ਹੈ, ਜੋ 14 ਫੀਸਦ ਤੋਂ ਘਟ ਕੇ ਸਿਰਫ 0.52 ਫੀਸਦ ਰਹਿ ਗਈ ਹੈ।” ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਸਕੀਮ ਦਸੰਬਰ 2023 ਵਿੱਚ ਲੁਧਿਆਣਾ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਨਾਗਰਿਕ 1076 ਹੈਲਪਲਾਈਨ ਰਾਹੀਂ ਘਰ ਬੈਠੇ 437 ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਦਫ਼ਤਰਾਂ ‘ਚ ਜਾ ਕੇ ਆਪਣਾ ਕੰਮ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਵਧੇਰੇ ਮਦਦਗਾਰ ਸਾਬਤ ਹੋ ਰਹੀ ਹੈ