Actionpunjab

Action Punjab Logo
Breaking News

Author name: Action Punjab

Action Punjab
Punjab

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਚੰਡੀਗੜ੍ਹ, 20 ਮਈ: ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਅਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਤ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ। ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, “ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਫੂਡ ਬਿਜ਼ਨਸ ਆਪਰੇਟਰ (ਐਫਬੀਓ) ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕੀਤੀ ਜਾਵੇਗੀ।” ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਸਬੰਧਤ ਅਧਿਕਾਰੀਆਂ ਨੂੰ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਕਰਕੇ ਇਸ ਮਿਸ਼ਨ ਵਿੱਚ ਸਾਥ ਦੇਣ ਦੀ ਵੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਸ ਪਨੀਰ ਸੈਂਪਲਿੰਗ ਮੁਹਿੰਮ ਤੋਂ ਪਹਿਲਾਂ ਐਫਡੀਏ ਪੰਜਾਬ ਵੱਲੋਂ 6 ਅਤੇ 7 ਮਈ, 2026 ਨੂੰ ਦੋ ਰੋਜ਼ਾ ਸੂਬਾ ਪੱਧਰੀ ਦੁੱਧ ਸੈਂਪਲਿੰਗ ਮੁਹਿੰਮ ਵੀ ਚਲਾਈ ਗਈ ਸੀ। ਦੁੱਧ ਸੈਂਪਲਿੰਗ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਦੁੱਧ ਦੇ ਕੁੱਲ 204 ਸੈਂਪਲ ਇਕੱਤਰ ਕੀਤੇ ਗਏ ਜਿਹਨਾਂ ਵਿੱਚੋਂ 68 ਸੈਂਪਲ ਗੁਣਵੱਤਾ ਮਿਆਰਾਂ ‘ਤੇ ਅਸਫਲ ਰਹੇ, ਜਦੋਂ ਕਿ ਇੱਕ ਨਮੂਨਾ ਅਸੁਰੱਖਿਅਤ ਪਾਇਆ ਗਿਆ। ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਨਿਰੰਤਰ ਅਤੇ ਠੋਸ ਮੁਹਿੰਮ ਦਾ ਹਿੱਸਾ ਹੈ ਜੋ “ਸਿਹਤਮੰਦ ਅਤੇ ਰੰਗਲਾ ਪੰਜਾਬ” ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਜਾਰੀ ਰਹੇਗੀ। ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਕਮਿਸ਼ਨਰ ਐਫਡੀਏ ਕੰਵਲ ਪ੍ਰੀਤ ਬਰਾੜ, ਆਈਏਐਸ ਨੇ ਕਿਹਾ ਕਿ ਫੂਡ ਸੇਫਟੀ ਅਫਸਰ (ਐਫਐਸਓ) ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਾਫ-ਸਫਾਈ ਅਤੇ ਸੁਚੱਜੇ ਸਟੋਰੇਜ ਅਭਿਆਸਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਭਲਾਈ ਲਈ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਰਕਰਾਰ ਰੱਖਣਾ ਬੇਹੱਦ ਲਾਜ਼ਮੀ ਹੈ।  

Punjab

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 20 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਮ ਉਰਫ਼ ਓਮੀ (23) ਵਾਸੀ ਪਿੰਡ ਲੇਲੀ ਵਾਲਾ (ਫ਼ਿਰੋਜ਼ਪੁਰ), ਅਨੀਕੇਤ ਕੁਮਾਰ (22) ਅਤੇ ਸੁਮਿਤ (23) ਦੋਵੇਂ ਵਾਸੀ ਸ਼ਾਂਤੀ ਨਗਰ ( ਫਿਰੋਜ਼ਪੁਰ), ਵਜੋਂ ਹੋਈ ਹੈ । ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ05 ਯੂ 9776 )ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੋਵਾਂ ਨੈੱਟਵਰਕਾਂ ਵਿੱਚ ਇੱਕ ਸੰਗਠਿਤ ਡਰੱਗ ਸਪਲਾਈ ਚੇਨ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਦੋਵਾਂ ਨੈੱਟਵਰਕਾਂ ਦੇ ਸਰੋਤਾਂ, ਡਿਲੀਵਰੀ ਦੇ ਟਿਕਾਣਿਆਂ ਅਤੇ ਹੋਰ ਮੈਂਬਰਾਂ ਦੀ ਪਛਾਣ ਲਈ ਅਗਲੇ ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ। ਪਹਿਲੇ ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਚਾਰਜ ਸੀ.ਆਈ.ਏ. ਸਟਾਫ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਾਲੀ ਟੀਮ ਨੇ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦਿਆਂ, ਖਾਈ ਫੇਮੇ ਕੇ ਤੋਂ ਪਿੰਡ ਹਬੀਬ ਕੇ ਰੋਡ ’ਤੇ ਇੱਕ ਇੱਟਾਂ ਦੇ ਭੱਠੇ ਨੇੜੇ ਓਮ ਉਰਫ਼ ਓਮੀ ਨੂੰ ਹਿਰਾਸਤ ਵਿਚ ਲਿਆ ਅਤੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 10.125 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ। ਦੂਜੇ ਅਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਆਰਿਫ ਕੇ ਦੇ ਐਸ.ਐਚ.ਓ., ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਪੁਖ਼ਤਾ  ਇਤਲਾਹ ਮਿਲੀ ਸੀ ਕਿ ਅਨਿਕੇਤ ਕੁਮਾਰ ਅਤੇ ਸੁਮਿਤ ਕੁਮਾਰ ਵਜੋਂ ਪਛਾਣੇ ਗਏ ਵਿਅਕਤੀ, ਜੋ ਸਿੰਥੈਟਿਕ ਡਰੱਗਜ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਵਪਾਰ ਕਰਦੇ ਹਨ, ਮੋਟਰਸਾਈਕਲ ’ਤੇ ਮੱਲਾਂਵਾਲਾ ਵਾਲੇ ਪਾਸਿਓਂ ਫਿਰੋਜ਼ਪੁਰ ਸੜਕ ਵੱਲ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਆਈ.ਸੀ.ਈ. ਡਰੱਗ ਅਤੇ ਇੱਕ .30 ਬੋਰ ਤੁਰਕੀ ਦਾ ਬਣਿਆ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ – ਐਫਆਈਆਰ ਨੰਬਰ 183 ਮਿਤੀ 19.05.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਸਦਰ ਫਿਰੋਜ਼ਪੁਰ ਵਿਖੇ ਅਤੇ ਐਫਆਈਆਰ ਨੰਬਰ 62 ਮਿਤੀ 19.05.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਆਰਿਫ ਕੇ ਵਿਖੇ ਦਰਜ ਕੀਤੇ ਗਏ ਹਨ।  

Punjab

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

*ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿੱਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ। ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ। ਸੂਬੇ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜ ਦਿੱਤਾ ਹੈ ਅਤੇ ਇਹਨਾਂ ਸਾਰੇ ਸੂਬਿਆਂ ਨੂੰ ਪ੍ਰਚੇਸ਼ਟਾ- ਗ੍ਰੇਡ 2 ਵਿੱਚ ਰੱਖਿਆ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੀਜੀਆਈ 2.0 ਦਰਜਾ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਛੇ ਖੇਤਰਾਂ ਵਿੱਚ ਉਨ੍ਹਾਂ ਦੀ ਸੰਯੁਕਤ ਕਾਰਗੁਜ਼ਾਰੀ ਦੇ ਆਧਾਰ ‘ਤੇ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ, ਪਹੁੰਚ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਅਤੇ ਸਿਖਲਾਈ ਸ਼ਾਮਲ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ 150.4 ਦੇ ਪ੍ਰਭਾਵਸ਼ਾਲੀ ਸਕੋਰ ਨਾਲ ਸਭ ਤੋਂ ਮਹੱਤਵਪੂਰਨ ਖੇਤਰ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਲਈ ਭਾਸ਼ਾ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿੱਚ ਵਿਦਿਆਰਥੀਆਂ ਦੀ ਮੁਹਾਰਤ ਦਾ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਇਹ ਵਿਦਿਅਕ ਗੁਣਵੱਤਾ ਦੇ ਮੁਲਾਂਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਪਦੰਡ ਹੈ। ਜ਼ਿਲ੍ਹਿਆਂ ਲਈ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ-ਡੀ) 2024-25 ਵਿੱਚ, ਬਰਨਾਲਾ ਨੇ 461 ਦੇ ਸਕੋਰ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਵੱਕਾਰੀ ਉੱਤਮ-2 ਗ੍ਰੇਡ ਹਾਸਲ ਕੀਤਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ, ਸੰਗਰੂਰ, ਤਰਨ ਤਾਰਨ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦਾ ਨਾਂ ਸ਼ਾਮਲ ਹੈ। ਇਸ ਨਾਲ ਸਾਬਤ ਹੁੰਦਾ ਹੈ ਕਿ ਸਾਰੇ ਜ਼ਿਲ੍ਹਿਆਂ ਵਿੱਚ ਕਲਾਸਰੂਮਾਂ ‘ਚ ਉੱਤਮਤਾ ਨੂੰ ਯਕੀਨੀ ਬਣਾਇਆ ਗਿਆ ਹੈ। ਪੀਜੀਆਈ-ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹਨ। ਇਸ ਪ੍ਰਾਪਤੀ ਲਈ ਮਿਹਨਤੀ ਅਤੇ ਸਮਰਪਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਤੁਹਾਡੀ ਜਿੱਤ ਹੈ। ਤੁਹਾਡੇ ਸਾਂਝੇ ਯਤਨਾਂ ਸਦਕਾ ਸਿੱਖਿਆ ਕ੍ਰਾਂਤੀ ਇੱਕ ਸੋਚ ਤੋਂ ਹਕੀਕਤ ਬਣ ਗਈ ਹੈ। ਦੇਸ਼ ਭਰ ਵਿੱਚ ਸਿੱਖਣ ਦੇ ਨਤੀਜਿਆਂ ਦੇ ਖੇਤਰ ਵਿੱਚ ਸਿਖਰ ‘ਤੇ ਹੋਣਾ ਦਰਸਾਉਂਦਾ ਹੈ ਕਿ ਸਿੱਖਿਆ ਨੂੰ ਰੱਟਣ ਦੀ ਬਜਾਏ ਸਮਝਣ ਨੂੰ ਦਿੱਤੀ ਜਾ ਰਹੀ ਤਰਜੀਹ ਨਾਲ ਇਹ ਨਤੀਜੇ ਹਾਸਲ ਕੀਤੇ ਗਏ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਪੁਰਾਣੀ ਰਿਵਾਇਤ ਨੂੰ ਖਤਮ ਕਰ ਦਿੱਤਾ ਹੈ। ਕੇਰਲਾ, ਦਿੱਲੀ ਅਤੇ ਮਹਾਰਾਸ਼ਟਰ ਨੂੰ ਪਛਾੜਨਾ ਹਰ ਪੰਜਾਬੀ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਲਈ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਅਸੀਂ ਸਿਰਫ਼ ਸਕੂਲ ਨਹੀਂ ਬਣਾ ਰਹੇ ਹਾਂ। ਅਸੀਂ ਅਜਿਹਾ ਪੰਜਾਬ ਸਿਰਜ ਰਹੇ ਹਾਂ ਜੋ ਭਵਿੱਖ ਲਈ ਪੂਰੀ ਤਰ੍ਹਾਂ ਤਿਆਰ ਹੈ।”  

Punjab

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. , ਸਾਬਕਾ ਸੀਨੀਅਰ ਐਕਸੀਅਨ ਅਤੇ ਕਲੋਨਾਈਜ਼ਰ ਗ੍ਰਿਫ਼ਤਾਰ

ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ਕਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਦੀ ਐਨਓਸੀ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹੁੰਦੇ ਅਤੇ ਕਿਉਂਕਿ ਕਲੋਨੀਆਂ ਆਪਸ ਵਿੱਚ ਜੁੜੀਆਂ ਹੁੰਦੀਆਂ ਹਨ ਅਤੇ ਨਾਲ-ਨਾਲ ਸਥਿਤ ਹੁੰਦੀਆਂ ਹਨ, ਇਸ ਲਈ ਬਿਜਲੀ ਦੇ ਸਾਰੇ ਲੋਡ ਦਾ ਹਿਸਾਬ ਇਕੱਠੇ ਲਗਾਇਆ ਜਾਂਦਾ, ਤਾਂ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਦੀ ਸਾਰੀ ਲਾਗਤ ਕਲੋਨਾਈਜ਼ਰ ਵੱਲੋਂ ਸਹਿਣ ਕੀਤੀ ਜਾਂਦੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚਲਦਿਆਂ ਬਿਜਲੀ ਮੰਤਰਾਲੇ ਵੱਲੋਂ ਸਬਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿਲੋਮੀਟਰ ਦੂਰ ਖੇਤਾਂ ਵਿੱਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਚੀਫ ਮੈਨੇਜਿੰਗ ਡਾਇਰੈਕਟਰ ਵੱਲੋਂ ਪ੍ਰਸਤਾਵ ਵਿੱਚ ਜਾਂ ਬਾਅਦ ਵਿੱਚ ਕਿਸੇ ਵੀ ਦਫ਼ਤਰ ਵਿੱਚ ਨਹੀਂ ਕੀਤਾ ਗਿਆ ਸੀ। ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਅਣਵਿਕਸਿਤ ਕਲੋਨੀਆਂ ਅਤੇ ਖੇਤਾਂ ਵਿੱਚ ਸਥਿਤ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬਸਟੇ ਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ। ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫੀਲਡ ਵਿੱਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ 66 ਕੇਵੀਐਚ ਸਬਸਟੇਸ਼ਨ ਬਸੰਤ ਐਵੇਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿੱਚ ਉਕਤ ਸਬਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਅਤੇ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਜਿਸ ਕਾਰਨ ਬਸੰਤ ਐਵੇਨਿਊ ਕਲੋਨੀ ਨੂੰ ਸਿੱਧਾ ਲਾਭ ਹੋਇਆ। ਮੁਲਜ਼ਮ ਕੇ.ਡੀ. ਚੌਧਰੀ, ਸੰਜੀਵ ਪ੍ਰਭਾਕਰ ਅਤੇ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Punjab

'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

ਚੰਡੀਗੜ੍ਹ, 20 ਮਈ: ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 13,007 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17,711 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1,108 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 120ਵੇਂ ਦਿਨ, ਪੁਲਿਸ ਟੀਮਾਂ ਨੇ 557 ਥਾਵਾਂ ‘ਤੇ ਛਾਪੇਮਾਰੀ ਕਰਕੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 10 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਉਸੇ ਜੋਸ਼ ਨਾਲ ਜਾਰੀ ਰਹੇਗੀ। ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ । ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 445ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.8 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), 873 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 445 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,844 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਨਵੀਂ ਦਿੱਲੀ/ਪੰਜਾਬ, 20 ਮਈ     ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ। ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ ਜਦੋਂ ਕੇਜਰੀਵਾਲ ਜੀ ਨੇ ਨੀਟ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਮਦਦ ਦੀ ਮੰਗ ਕੀਤੀ। 21 ਜੂਨ ਨੂੰ ਨੀਟ ਦੀ ਪ੍ਰੀਖਿਆ ਹੈ। ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਸਾਰੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ। ਬੱਸ ਆਪਣਾ ਐਡਮਿਟ ਕਾਰਡ ਦਿਖਾ ਦਿਓ, ਤੁਹਾਡੀ ਟਿਕਟ ਨਹੀਂ ਲੱਗੇਗੀ। ਪ੍ਰਮਾਤਮਾ ਤੁਹਾਨੂੰ ਸਫ਼ਲਤਾ ਬਖਸ਼ੇ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ ‘ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ। 

Punjab

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਕਰ ਰਹੇ ਹਨ। ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 10 ਲੱਖ ਰੁਪਏ ਦੇ ਸਿਹਤ ਬੀਮੇ, ਬਿਹਤਰ ਸੜਕਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਰਗੀਆਂ ਵੱਡੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕਰਕੇ ਦਿਖਾਇਆ ਹੈ ਜਿੰਨਾ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ।   2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਖ਼ਿਲਾਫ਼ ਕੋਈ ਐਂਟੀ-ਇਨਕੰਬੈਂਸੀ ਨਹੀਂ ਹੈ, ਸਗੋਂ ਲੋਕਾਂ ਵਿੱਚ ਮਜ਼ਬੂਤ ਸਰਕਾਰ ਪੱਖੀ ਭਾਵਨਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿੱਥੇ ਸਰਕਾਰ ਜਨਤਕ ਭਲਾਈ ਅਤੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਕੋਲ ਜਨਤਾ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ, ਸਿਵਾਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾ ਕੇ ਗਾਲ੍ਹਾਂ ਕੱਢਣ ਅਤੇ ਨਿੱਜੀ ਹਮਲੇ ਕਰਨ ਦੇ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਇਨ੍ਹਾਂ ਬੇਮਿਸਾਲ ਪਹਿਲਕਦਮੀਆਂ ਕਾਰਨ ‘ਆਪ’ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਅਤੇ ਪਾਰਟੀ ਪਹਿਲਾਂ ਨਾਲੋਂ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਪਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਮਾਹੌਲ ਹੈ ਅਤੇ 2027 ਵਿੱਚ ‘ਆਪ’ ਆਪਣਾ ਪਿਛਲਾ ਰਿਕਾਰਡ ਤੋੜੇਗੀ।   ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰ ਰਹੇ ਹਨ। ਮੁਫ਼ਤ ਬਿਜਲੀ ਤੋਂ ਲੈ ਕੇ ਨਹਿਰੀ ਪਾਣੀ ਰਾਹੀਂ ਸਿੰਚਾਈ ਸਹੂਲਤਾਂ ਤੱਕ, 10 ਲੱਖ ਰੁਪਏ ਦੇ ਸਿਹਤ ਬੀਮੇ ਤੋਂ ਲੈ ਕੇ ਬਿਹਤਰ ਸੜਕਾਂ ਤੱਕ, ਸਮਾਜ ਦਾ ਹਰ ਵਰਗ ਲਾਭ ਉਠਾ ਰਿਹਾ ਹੈ।   ਕੇਜਰੀਵਾਲ ਨੇ ਅੱਗੇ ਕਿਹਾ ਕਿ ਹਰ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਮਾਵਾਂ-ਧੀਆਂ ਸਤਕਾਰ ਯੋਜਨਾ ਤਹਿਤ ਔਰਤਾਂ ਨੂੰ ਜਲਦੀ ਹੀ 1,000 ਤੋਂ 1500 ਰੁਪਏ ਮਿਲਣੇ ਵੀ ਸ਼ੁਰੂ ਹੋ ਜਾਣਗੇ।   ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਮੋਹਰੀ ਬਣ ਕੇ ਉਭਰੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। “ਇਹ ਰਿਕਾਰਡ ‘ਤੇ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕੀਤਾ ਹੈ ਜਿੰਨਾ ਪਿਛਲੀਆਂ ਸਰਕਾਰਾਂ ਪਿਛਲੇ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ।   ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਜਨਤਕ ਭਲਾਈ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ। ਵਿਰੋਧੀ ਪਾਰਟੀਆਂ ਕੋਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਕੁਝ ਨਹੀਂ ਬਚਿਆ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਕੇ ਮੂੰਹ ਤੋੜਵਾਂ ਜਵਾਬ ਦੇਣਗੇ।   ਐਕਸ ‘ਤੇ ਪੋਸਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਲਿਖਿਆ: “ਪੰਜਾਬ ਦੇ ਕੋਨੇ-ਕੋਨੇ ਵਿੱਚ ਸਾਡੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਹੈ.. 4 ਸਾਲਾਂ ਬਾਅਦ ਵੀ ਸਰਕਾਰ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ, ਸਗੋਂ ਸਰਕਾਰ ਦੇ ਪੱਖ ਵਿੱਚ ਲਹਿਰ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰੇਗੀ।” 

Punjab

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਚੰਡੀਗੜ੍ਹ, 20 ਮਈ-   ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ। ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਈਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਦੀਪ ਲੁੱਧੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। 

Punjab

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

*ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਤ ਆਪਣੇ-ਆਪ ਠੀਕ ਹੋ ਜਾਵੇ, ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ। ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ ਕਰਕੇ ਨਿੱਜੀ ਹਸਪਤਾਲਾਂ ਵਿੱਚ। ਕਈ ਮਾਮਲਿਆਂ ਵਿੱਚ ਇਲਾਜ ਦੀ ਲਾਗਤ ਲੋਕਾਂ ਨੂੰ ਲੰਬੇ ਸਮੇਂ ਲਈ ਗਰੀਬੀ ਵੱਲ ਧੱਕ ਦਿੰਦੀ ਹੈ। ਇਹ ਇਸ ਗੱਲ ਦਾ ਸਪੱਸ਼ਟ ਸੰਕੇਤ ਸੀ ਕਿ ਬੀਮਾਰੀ ਸਿਰਫ਼ ਸਿਹਤ ਸਮੱਸਿਆ ਨਹੀਂ, ਸਗੋਂ ਆਰਥਿਕ ਸੰਕਟ ਦਾ ਵੀ ਵਿਸ਼ਾ ਹੈ। ਪਰ ਅੱਜ ਪੰਜਾਬ ਵਿੱਚ ਇੱਕ ਵੱਖਰੀ ਤਸਵੀਰ ਉੱਭਰਦੀ ਹੋਈ ਦਿਖਾਈ ਦੇ ਰਹੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਦੇ ਸਿਹਤ ਸੇਵਾਵਾਂ ਨਾਲ ਜੁੜੇ ਤਜ਼ਰਬੇ ਵਿੱਚ ਇੱਕ ਸ਼ਾਂਤ ਪਰ ਪ੍ਰਭਾਵਸ਼ਾਲੀ ਬਦਲਾਅ ਵਜੋਂ ਉੱਭਰੀ ਹੈ। ਪਹਿਲੀ ਵਾਰ ਕਈ ਲੋਕਾਂ ਨੂੰ ਇਹ ਭਰੋਸਾ ਮਿਲ ਰਿਹਾ ਹੈ ਕਿ ਇਲਾਜ ਦਾ ਮਤਲਬ ਹੁਣ ਆਰਥਿਕ ਸੰਕਟ ਨਹੀਂ ਹੋਵੇਗਾ। ਪੰਜਾਬ ਵਿੱਚ, ਜਿੱਥੇ ਕਦੇ ਹਸਪਤਾਲਾਂ ਦੇ ਬਿਲ ਪਰਿਵਾਰਾਂ ਨੂੰ ਕਰਜ਼ੇ ਅਤੇ ਨਿਰਾਸ਼ਾ ਵੱਲ ਧੱਕ ਦਿੰਦੇ ਸਨ, ਉੱਥੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਜ਼ਿੰਦਗੀ ਬਦਲ ਰਹੀ ਹੈ। ₹10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਾਲੀ ਇਸ ਯੋਜਨਾ ਤਹਿਤ ਹੁਣ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਹਾਇਤਾ ਮਿਲ ਚੁੱਕੀ ਹੈ। ਆਮ ਪਰਿਵਾਰਾਂ ਲਈ ਇਹ ਯੋਜਨਾ ਕਿਸੇ ਰਾਹਤ ਤੋਂ ਘੱਟ ਨਹੀਂ, ਜੋ ਪਹਿਲਾਂ ਬੀਮਾਰੀ ਦੇ ਡਰ ਤੋਂ ਹੀ ਘਬਰਾਉਂਦੇ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਾਡਾ ਉਦੇਸ਼ ਹੈ ਕਿ ਜਟਿਲ ਸਰਜਰੀਆਂ ਅਤੇ ਦਿਲ ਦੀਆਂ ਬੀਮਾਰੀਆਂ ਦੇ ਇਲਾਜ ਤੋਂ ਲੈ ਕੇ ਡਾਇਲਿਸਿਸ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਗੰਭੀਰ ਬੀਮਾਰੀਆਂ ਦੇ ਇਲਾਜ ਤੱਕ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ ਵਾਸਤਵਿਕ ਨਿਵਾਸੀਆਂ, ਜਿੰਨ੍ਹਾਂ ਵਿੱਚ ਮੱਧ ਵਰਗੀ ਪਰਿਵਾਰ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਸ਼ਾਮਲ ਹਨ, ਨੂੰ ਪ੍ਰਤੀ ਪਰਿਵਾਰ ਸਾਲਾਨਾ ₹10 ਲੱਖ ਤੱਕ ਦੀ ਕੈਸ਼ਲੈੱਸ ਸਿਹਤ ਕਵਰੇਜ ਪ੍ਰਦਾਨ ਕਰਦੀ ਹੈ।” ਇਹ ਯੋਜਨਾ ਅੱਪਡੇਟ ਕੀਤੇ ਗਏ ਹੈਲਥ ਬੈਨੀਫਿਟ ਪੈਕੇਜ 2.2 ਫਰੇਮਵਰਕ ਤਹਿਤ ਚੱਲ ਰਹੀ ਹੈ, ਜਿਸ ਵਿੱਚ ਲਗਭਗ 2,300 ਹੈਲਥ ਬੈਨੀਫਿਟ ਪੈਕੇਜ ਸ਼ਾਮਲ ਹਨ। ਇਹ ਸਹੂਲਤਾਂ 839 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹਨ। ਇਸ ਤੋਂ ਇਲਾਵਾ, 98 ਵਿਸ਼ੇਸ਼ ਇਲਾਜ ਪੈਕੇਜ ਸਿਰਫ਼ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਕੀਤੇ ਗਏ ਹਨ। ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਦਿਖਾਈ ਦੇਣ ਲੱਗਾ ਹੈ। 16 ਮਈ ਤੱਕ 1.59 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਸੀ ਅਤੇ 3.11 ਲੱਖ ਤੋਂ ਵੱਧ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਗਈਆਂ। ਹੁਣ ਤੱਕ ₹522 ਕਰੋੜ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਹਰ ਅੰਕੜੇ ਦੇ ਪਿੱਛੇ ਇੱਕ ਕਹਾਣੀ ਹੈ— ਇੱਕ ਕਿਸਾਨ ਦੀ, ਜਿਸਨੂੰ ਸਰਜਰੀ ਲਈ ਆਪਣੀ ਜ਼ਮੀਨ ਨਹੀਂ ਵੇਚਣੀ ਪਈ; ਇੱਕ ਬੱਚੇ ਦੀ, ਜਿਸਦਾ ਇਲਾਜ ਬਿਨਾਂ ਦੇਰੀ ਸ਼ੁਰੂ ਹੋ ਗਿਆ; ਅਤੇ ਉਸ ਪਰਿਵਾਰ ਦੀ, ਜੋ ਗੰਭੀਰ ਬੀਮਾਰੀ ਤੋਂ ਬਾਅਦ ਕਰਜ਼ੇ ਦੇ ਚੱਕਰ ਵਿੱਚ ਫਸਣ ਤੋਂ ਬਚ ਗਿਆ। ਲੁਧਿਆਣਾ ਦੀਆਂ ਰੁਸ਼ਦਾਰ ਗਲੀਆਂ ਤੋਂ ਲੈ ਕੇ ਤਰਨ ਤਾਰਨ ਦੇ ਸ਼ਾਂਤ ਪਿੰਡਾਂ ਤੱਕ ਯੋਜਨਾ ਬਾਰੇ ਜਾਗਰੂਕਤਾ ਵੀ ਤੇਜ਼ੀ ਨਾਲ ਵਧ ਰਹੀ ਹੈ। ਹੁਣ ਤੱਕ 44 ਲੱਖ ਤੋਂ ਵੱਧ ਸਿਹਤ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਯੋਜਨਾ ਦੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ ਖ਼ਾਸ ਤੌਰ ‘ਤੇ ਮਜ਼ਬੂਤ ਨਾਮਾਂਕਨ ਦੇਖਿਆ ਜਾ ਰਿਹਾ ਹੈ, ਕਿਉਂਕਿ ਪਰਿਵਾਰ ਹੁਣ ਡਰ ਕਰਕੇ ਨਹੀਂ, ਸਗੋਂ ਤਿਆਰੀ ਨਾਲ ਅੱਗੇ ਆ ਰਹੇ ਹਨ। ਇਸ ਯੋਜਨਾ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਸਾਦਗੀ ਹੈ। ਰਜਿਸਟ੍ਰੇਸ਼ਨ ਕਾਮਨ ਸਰਵਿਸ ਸੈਂਟਰਾਂ, ਸਰਕਾਰੀ ਹਸਪਤਾਲਾਂ, ਜ਼ਿਲ੍ਹਾ ਦਫ਼ਤਰਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਕਰਵਾਇਆ ਜਾ ਸਕਦਾ ਹੈ। ਆਧਾਰ ਕਾਰਡ ਅਤੇ ਵੋਟਰ ਕਾਰਡ ਵਰਗੇ ਆਮ ਦਸਤਾਵੇਜ਼ ਹੀ ਕਾਫ਼ੀ ਹਨ। ਯੋਜਨਾ ਵਿੱਚ ਸਿਰਫ਼ ਹਸਪਤਾਲ ਵਿੱਚ ਦਾਖ਼ਲੇ ਦਾ ਖ਼ਰਚ ਹੀ ਨਹੀਂ, ਸਗੋਂ ਇਲਾਜ ਤੋਂ ਪਹਿਲਾਂ ਦੀ ਜਾਂਚ ਅਤੇ ਇਲਾਜ ਤੋਂ ਬਾਅਦ ਦੀ ਦੇਖਭਾਲ ਵੀ ਸ਼ਾਮਲ ਹੈ, ਜਿਸ ਨਾਲ ਬੀਮਾਰੀ ਤੋਂ ਬਾਅਦ ਹੋਣ ਵਾਲੇ ਛੁਪੇ ਹੋਏ ਖਰਚਿਆਂ ਤੋਂ ਵੀ ਰਾਹਤ ਮਿਲਦੀ ਹੈ। *ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਪਰਿਵਾਰ ਇਸ ਤਰ੍ਹਾਂ ₹10 ਲੱਖ ਤੱਕ ਦੀ ਬਚਤ ਕਰ ਸਕਦੇ ਹਨ:* • ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ, ਜਿਸ ਨਾਲ ਸਿੱਧੇ ਮੈਡੀਕਲ ਖ਼ਰਚ ਘਟਦੇ ਹਨ। • ਸਰਜਰੀ, ਡਾਇਲਿਸਿਸ, ਕੈਂਸਰ ਇਲਾਜ, ਨਵਜਾਤ ਬੱਚਿਆਂ ਦੀ ਦੇਖਭਾਲ ਅਤੇ ਐਮਰਜੈਂਸੀ ਸੇਵਾਵਾਂ ਸ਼ਾਮਲ ਹਨ। • ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚ ਵੀ ਕਵਰ ਕੀਤੇ ਜਾਂਦੇ ਹਨ, ਜਿਸ ਨਾਲ ਛੁਪੇ ਹੋਏ ਆਰਥਿਕ ਬੋਝ ਤੋਂ ਰਾਹਤ ਮਿਲਦੀ ਹੈ। • ਸਥਾਨਕ ਕੇਂਦਰਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੌਖੀ ਰਜਿਸਟ੍ਰੇਸ਼ਨ ਪ੍ਰਕਿਰਿਆ। • ਬੀਮਾਰੀ ਦੇ ਸਮੇਂ ਕਰਜ਼ਾ ਲੈਣ, ਜਾਇਦਾਦ ਵੇਚਣ ਅਤੇ ਉੱਚ ਵਿਆਜ ‘ਤੇ ਉਧਾਰ ਲੈਣ ਦੀ ਲੋੜ ਨਹੀਂ ਪੈਂਦੀ। ਸਿਹਤ ਵਿਸ਼ੇਸ਼ਗਿਆਨਾਂ ਦਾ ਮੰਨਣਾ ਹੈ ਕਿ ਇਹ ਯੋਜਨਾ ਹੌਲੀ-ਹੌਲੀ ਪੰਜਾਬ ਦੀ ਸਿਹਤ ਸੇਵਾਵਾਂ ਦੀ ਹਕੀਕਤ ਨੂੰ ਬਦਲ ਸਕਦੀ ਹੈ। ਇੱਕ ਅਜਿਹੇ ਖੇਤਰ ਵਿੱਚ, ਜਿੱਥੇ ਨਿੱਜੀ ਮੈਡੀਕਲ ਖ਼ਰਚ ਤੇਜ਼ੀ ਨਾਲ ਵਧੇ ਹਨ, ਇਹ ਯੋਜਨਾ ਸਿਰਫ਼ ਪੈਸਾ ਨਹੀਂ ਸਗੋਂ ਨਿਸ਼ਚਿਤਤਾ ਵੀ ਪ੍ਰਦਾਨ ਕਰਦੀ ਹੈ— ਜੋ ਪੈਸੇ ਤੋਂ ਵੀ ਵੱਧ ਦੁਰਲੱਭ ਚੀਜ਼ ਹੈ ਅਤੇ ਲੱਖਾਂ ਪਰਿਵਾਰਾਂ ਲਈ ਇਹ ਨਿਸ਼ਚਿਤਤਾ ਲੰਬੇ ਸਮੇਂ ਤੱਕ ਸਾਹ ਰੋਕਣ ਤੋਂ ਬਾਅਦ ਮੁੜ ਖੁੱਲ੍ਹ ਕੇ ਸਾਹ ਲੈਣ ਵਾਂਗ ਮਹਿਸੂਸ ਹੁੰਦੀ ਹੈ। 

Punjab

ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

ਹੁਸ਼ਿਆਰਪੁਰ/ਸ਼ਾਮਚੁਰਾਸੀ, 20 ਮਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜਾਨਾਂ ਦੇ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਹੈਜਿਸਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਬਾਹਦ ਵਿੱਚ ਬਣਨ ਵਾਲਾ ਇਹ ਸੀਵਰੇਜ ਪ੍ਰੋਜੈਕਟ ਪਿੰਡ ਦੇ ਨਿਕਾਸੀ ਪ੍ਰਬੰਧਾਂ ਨੂੰ ਮਜ਼ਬੂਤ ਕਰੇਗਾ ਅਤੇ ਲੋਕਾਂ ਨੂੰ ਗੰਦਗੀ ਅਤੇ ਪਾਣੀ ਖੜ੍ਹਾ ਹੋਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਮਾਨ ਸਰਕਾਰ ਵੱਲੋਂ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾਣਗੇ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਸਰਪੰਚ ਅਰਮਿਂਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ, ਰਜਿੰਦਰ ਸਿੰਘ, ਰਘਬੀਰ ਸਿੰਘ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ ।ਕੈਪਸ਼ਨ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡ ਬਾਹਦ ਵਿਖੇ ਸੀਵਰੇਜ ਪ੍ਰਾਜੈਕਟ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡ ਬਾਹਦ ਵਿਖੇ ਗਲੀ ਦਾ ਉਦਘਾਟਨ ਕਰਦੇ ਹੋਏ।  

Scroll to Top