Actionpunjab

Action Punjab Logo
Breaking News

Author name: Action Punjab

Action Punjab
Punjab

ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਹਸਪਤਾਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਲਈ “ਹਸਪਤਾਲ ਸਫ਼ਾਈ, ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਅਤੇ ਇਨਫੈਕਸ਼ਨ ਕੰਟਰੋਲ” ਵਿਸ਼ੇ ‘ਤੇ ਇੱਕ ਰੋਜ਼ਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ।   ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਬਾਇਓ ਮੈਡੀਕਲ ਵੇਸਟ ਦੀ ਸਹੀ ਤਰੀਕੇ ਨਾਲ ਛਟਾਈ ਅਤੇ ਹਸਪਤਾਲਾਂ ਵਿੱਚ ਸਫ਼ਾਈ ਬਣਾਈ ਰੱਖਣ ਬਾਰੇ ਡਾ. ਹਰਲੀਨ ਕੌਰ, ਡਾ. ਰਮਨਦੀਪ ਕੌਰ (ਨੋਡਲ ਅਫਸਰ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ) ਅਤੇ ਸ਼੍ਰੀ ਸਾਗਰ ਸੈਣੀ, ਫੈਸਿਲਿਟੀ ਮੈਨੇਜਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ।    ਇਸ ਟ੍ਰੇਨਿੰਗ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ, ਬਾਇਓ ਮੈਡੀਕਲ ਵੇਸਟ ਦੀ ਸੰਭਾਲ ਅਤੇ ਇਕੱਠਾ ਕਰਨ ਦੇ ਤਰੀਕੇ, ਨੀਡਲ ਸਟਿਕ ਇੰਜਰੀ ਤੋਂ ਬਚਾਅ ਅਤੇ ਇਸ ਦੀ ਸੰਭਾਲ, ਸਪਿੱਲ ਮੈਨੇਜਮੈਂਟ ਅਤੇ ਹਸਪਤਾਲ ਵਿੱਚ ਸਫ਼ਾਈ ਅਤੇ ਸੁਰੱਖਿਆ ਬਣਾਈ ਰੱਖਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਦੇ ਨਿਯਮਾਂ ਦੀ ਪਾਲਣਾ ਕਰਨ ਉੱਤੇ ਵੀ ਜ਼ੋਰ ਦਿੱਤਾ ਗਿਆ।ਅਧਿਕਾਰੀਆਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਸੁਰੱਖਿਅਤ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਲਈ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਸਮੇਂ-ਸਮੇਂ ‘ਤੇ ਕਰਵਾਉਣ ਬਹੁਤ ਜ਼ਰੂਰੀ ਹਨ।   ਇਸ ਮੌਕੇ ਡਾ. ਉਰਮਿਲ ਗਰਗ, ਡਿਪਟੀ ਮੈਡੀਕਲ ਕਮਿਸ਼ਨਰ, ਰੂਪਨਗਰ ਅਤੇ ਡਾ. ਰੁਪਿੰਦਰ ਸਿੰਘ ਗਿੱਲ, ਸੀਨੀਅਰ ਮੈਡੀਕਲ ਅਫਸਰ ਇੰਚਾਰਜ, ਸਿਵਲ ਹਸਪਤਾਲ ਰੂਪਨਗਰ ਵੀ ਹਾਜ਼ਰ ਰਹੇ। ਉਨ੍ਹਾਂ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। 

Punjab

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

ਬਰਨਾਲਾ, 16 ਮਈ-         ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।       ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ।    ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਕੋਤਾਹੀ ਨੂੰ ਅਣਦੇਖਿਆ ਨਹੀਂ ਕੀਤਾ ਜਾਵੇਗਾ।    ਓਹਨਾਂ ਦੱਸਿਆ ਕਿ ਇਹਨਾਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਕਾਇਤ ਸੈੱਲ ਦੇ ਨੰਬਰ 9876737961 ਜਾਂ ਈਮੇਲ ਆਈ ਡੀ sdobarnala01@gmail.com ਜਾਂ ਓਹਨਾਂ ਦੀ ਚੋਣਾਂ ਦੌਰਾਨ ਰਿਹਾਇਸ਼ ਪੀਡਬਲਿਊਡੀ ਰੈਸਟ ਹਾਊਸ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ। ਓਹਨਾਂ ਦੱਸਿਆ ਕਿ ਚੋਣਾਂ ਮਿਤੀ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਹੋਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ ਦਿਨ ਸ਼ੁੱਕਰਵਾਰ ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਿਣਤੀ ਕੇਂਦਰਾਂ ‘ਤੇ ਹੋਵੇਗੀ।  

Punjab

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਸਮਾਣਾ/ਚੰਡੀਗੜ੍ਹ, 16 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ। ਬੇਅਦਬੀ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਕਾਰਨ ਕਈ ਸਾਲਾਂ ਤੋਂ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਕਾਨੂੰਨੀ ਪ੍ਰਬੰਧਾਂ ਕਾਰਨ ਦੋਸ਼ੀ ਲੋਕ ਮਾਨਸਿਕ ਬੀਮਾਰੀ ਜਾਂ ਕਾਨੂੰਨੀ ਖਾਮੀਆਂ ਦਾ ਹਵਾਲਾ ਦੇ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਨਵਾਂ ਕਾਨੂੰਨ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ ਅਤੇ ਪੁਰਾਣੀਆਂ ਖਾਮੀਆਂ ਨੂੰ ਖ਼ਤਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਬੇਅਦਬੀ ਦੇ ਮਾਮਲਿਆਂ ਵਿੱਚ ਮਾਨਸਿਕ ਤੌਰ ‘ਤੇ ਅਸਥਿਰ ਦੋਸ਼ੀਆਂ ਦੇ ਦੇਖਭਾਲ ਕਰਨ ਵਾਲਿਆਂ, ਸਰਪ੍ਰਸਤਾਂ ਜਾਂ ਪਰਿਵਾਰਕ ਮੈਂਬਰਾਂ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਵਿੱਚ ਡਰ ਪੈਦਾ ਕਰਨ ਲਈ ਕਾਨੂੰਨ ਵਿੱਚ ਉਮਰ ਕੈਦ ਅਤੇ ਭਾਰੀ ਜੁਰਮਾਨੇ ਸ਼ਾਮਲ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਅਜਿਹਾ ਕਾਨੂੰਨ ਬਣਾਉਣ ਦੀ ਸਿਆਸੀ ਇੱਛਾ ਸ਼ਕਤੀ ਦੀ ਘਾਟ ਸੀ ਕਿਉਂਕਿ ਉਨ੍ਹਾਂ ਵਿੱਚੋਂ ਕਈ ਖੁਦ ਬੇਅਦਬੀ ਦੀਆਂ ਘਟਨਾਵਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਸਨ, ਪਰ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਕਾਨੂੰਨ ਨੂੰ ਕਮਜ਼ੋਰ ਰੱਖਿਆ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਸਿਆਸੀ ਹਿੱਤਾਂ ਲਈ ਪੰਜਾਬ ਨਾਲ ਲਗਾਤਾਰ ਧ੍ਰੋਹ ਕਮਾਇਆ ਹੈ। ਉਨ੍ਹਾਂ ਨੇ ਬਾਦਲ ਪਰਿਵਾਰ ‘ਤੇ ਤਨਜ਼ ਕਸਦਿਆਂ ਕਿਹਾ ਕਿ ਕਦੇ ਉਹ ਪੰਜਾਬ ‘ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਦੇ ਸਨ, ਪਰ ਅੱਜ ਉਨ੍ਹਾਂ ਦੇ ਨਾਲ 25 ਵਫ਼ਾਦਾਰ ਵਰਕਰ ਵੀ ਨਹੀਂ ਬਚੇ। ਪੰਜਾਬੀਆਂ ਦੀ ਮਿਹਨਤੀ ਪ੍ਰਵਿਰਤੀ ਦੀ ਸ਼ਲਾਘਾ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਪਰ ਪੰਜਾਬ ਖੁਦ ਪਿੱਛੇ ਰਹਿ ਗਿਆ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਅਜਿਹਾ ਸਿਸਟਮ ਬਣਾਇਆ ਜਿਸ ਨੇ ਇਮਾਨਦਾਰ ਤਰੱਕੀ ਨੂੰ ਨਿਰਉਤਸ਼ਾਹਿਤ ਕੀਤਾ ਅਤੇ ਭ੍ਰਿਸ਼ਟਾਚਾਰ ਤੇ ਸਿਆਸੀ ਦਖਲਅੰਦਾਜ਼ੀ ਨੂੰ ਬੜ੍ਹਾਵਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਆਸੀ ਕਮਿਸ਼ਨਖੋਰੀ ਦੇ ਦੌਰ ਦਾ ਖ਼ਾਤਮਾ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਭਗਵੰਤ ਮਾਨ ਦਾ ਰੇਤ ਦੀ ਮਾਈਨਿੰਗ, ਟ੍ਰਾਂਸਪੋਰਟ ਦੇ ਠੇਕਿਆਂ, ਢਾਬਿਆਂ ਜਾਂ ਹੋਰ ਕਾਰੋਬਾਰੀ ਸੌਦਿਆਂ ਵਿੱਚ ਕੋਈ ਵਿੱਤੀ ਹਿੱਤ ਨਹੀਂ ਹੈ। ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੀ ਬਜਾਏ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਨੂੰ ਖਰੀਦ ਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਸਰਕਾਰੀ ਅਦਾਰਿਆਂ ਨੂੰ ਘਾਟੇ ਵਿੱਚ ਧੱਕਿਆ ਅਤੇ ਫਿਰ ਨਿੱਜੀ ਮੁਨਾਫ਼ੇ ਲਈ ਉਨ੍ਹਾਂ ਨੂੰ ਵੇਚ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਜਲਦੀ ਹੀ ਵੱਡੇ ਪੱਧਰ ‘ਤੇ ਜ਼ਮੀਨਦੋਜ਼ ਬਿਜਲੀ ਦਾ ਬੁਨਿਆਦੀ ਢਾਂਚਾ ਤਿਆਰ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣੇਗਾ। ਮਾਨ ਨੇ ਕਿਹਾ ਕਿ ਬਿਜਲੀ ਦੀਆਂ ਤਾਰਾਂ ਅਤੇ ਖੰਭਿਆਂ ਨੂੰ ਹੌਲੀ-ਹੌਲੀ ਹਟਾ ਕੇ ਉਨ੍ਹਾਂ ਦੀ ਥਾਂ ਅੰਡਰ ਗਰਾਊਂਡ ਫਾਈਬਰ ਪ੍ਰਣਾਲੀ ਲਗਾਈ ਜਾਵੇਗੀ ਤਾਂ ਜੋ ਬਿਜਲੀ ਦੇ ਨੁਕਸਾਨ, ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਤੂਫ਼ਾਨਾਂ ਦੌਰਾਨ ਹੋਣ ਵਾਲੇ ਨੁਕਸਾਨ ਨੂੰ ਘਟਾਇਆ ਜਾ ਸਕੇ। ਸਿੰਚਾਈ ਸੁਧਾਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੂਰੇ ਪੰਜਾਬ ਵਿੱਚ ਨਹਿਰੀ ਨੈੱਟਵਰਕ ਦਾ ਵੱਡਾ ਵਿਸਥਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਿਰਫ਼ 25-26 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ, ਜਦੋਂ ਕਿ ਹੁਣ ਇਹ ਅੰਕੜਾ ਲਗਭਗ 78 ਫੀਸਦੀ ਤੱਕ ਪਹੁੰਚ ਗਿਆ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਇਸ ਦੇ ਹੋਰ ਵਧਣ ਦੀ ਉਮੀਦ ਹੈ। ਮਾਨ ਨੇ ਦਾਅਵਾ ਕੀਤਾ ਕਿ ਹਜ਼ਾਰਾਂ ਕਿਲੋਮੀਟਰ ਲੰਬੀਆਂ ਨਹਿਰਾਂ ਅਤੇ ਸੂਇਆਂ ਨੂੰ ਬਹਾਲ ਕੀਤਾ ਗਿਆ ਹੈ, ਜਿਸ ਨਾਲ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚੇ। ਉਨ੍ਹਾਂ ਨਹਿਰੀ ਪਾਣੀ ਨੂੰ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਖੇਤੀਬਾੜੀ ਲਈ ਬਹੁਤ ਫਾਇਦੇਮੰਦ ਦੱਸਿਆ। ਸਿੱਖਿਆ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਕਲਾਸਰੂਮਾਂ, ਬਿਜਲੀ ਦੀ ਉਪਲਬਧਤਾ, ਵਿਦਿਆਰਥੀ-ਅਧਿਆਪਕ ਅਨੁਪਾਤ ਅਤੇ ਬਿਹਤਰ ਅਕਾਦਮਿਕ ਪ੍ਰਦਰਸ਼ਨ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਇੱਕ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਉਨ੍ਹਾਂ ਨੇ ਖਾਸ ਤੌਰ ‘ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆਵਾਂ ਵਿੱਚ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਲਈ ਸ਼ਲਾਘਾ ਕੀਤੀ। ਰੁਜ਼ਗਾਰ ਦੇ ਮੁੱਦੇ ‘ਤੇ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਦੇ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ 65,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੁਹਰਾਇਆ ਕਿ ਸਿਆਸੀ ਦਖਲਅੰਦਾਜ਼ੀ ਕਾਰਨ ਕਿਸੇ ਵੀ ਯੋਗ ਉਮੀਦਵਾਰ ਦੇ ਹੱਕਾਂ ਨਾਲ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਆਪਣੇ ਸੰਬੋਧਨ ਦੇ ਅਖੀਰ ਵਿੱਚ ਮਾਨ ਨੇ ਕਿਹਾ ਕਿ ਇੱਕ ਖ਼ੁਸ਼ਹਾਲ ਅਤੇ ਚੜ੍ਹਦੀ ਕਲਾ ਵਾਲਾ “ਰੰਗਲਾ ਪੰਜਾਬ” ਬਣਾਉਣ ਲਈ ਪੰਜਾਬੀਆਂ ਨੂੰ ਆਪਣੇ ਪਾਣੀ, ਖੇਤੀਬਾੜੀ ਅਤੇ ਜਵਾਨੀ ਦੀ ਮਿਲ ਕੇ ਰਾਖੀ ਕਰਨੀ ਪਵੇਗੀ।  

Punjab

'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*- ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ ‘ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ “ਜਾਅਲੀ ਵੋਟਾਂ” ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ ‘ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ। ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ (ਈ.ਸੀ.) ਨੂੰ ਐਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਅਤੇ ਜਨਤਕ ਇਤਰਾਜ਼ਾਂ ਦਾ ਨਿਪਟਾਰਾ ਬਿਨਾਂ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ, ਇਮਾਨਦਾਰੀ, ਨਿਰਪੱਖਤਾ ਅਤੇ ਜਵਾਬਦੇਹੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹਰ ਯੋਗ ਵੋਟਰ ਬਿਨਾਂ ਕਿਸੇ ਡਰ ਜਾਂ ਨਿਰਵਿਘਨ ਢੰਗ ਨਾਲ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕੇ। ਪੂਰੀ ਪ੍ਰਕਿਰਿਆ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸਰਗਰਮੀ ਨਾਲ ਸ਼ਾਮਲ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕਿਤੇ ਵੀ ਕੋਈ ਹੇਰਾਫੇਰੀ ਨਾ ਹੋਵੇ।” ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਸੂਬਿਆਂ ਵਿੱਚ ਯੋਗ ਵੋਟਾਂ ਨੂੰ ਹਟਾਉਣ ਅਤੇ ਜਾਅਲੀ ਐਂਟਰੀਆਂ ਕਰਨ ਬਾਰੇ ਪੈਦਾ ਹੋਏ ਖਦਸ਼ਿਆਂ ਕਾਰਨ ਨਾਗਰਿਕਾਂ ਦਰਮਿਆਨ ਚਿੰਤਾ ਪੈਦਾ ਹੋ ਗਈ ਹੈ, ਜਿਸ ਕਾਰਨ ਚੋਣ ਕਮਿਸ਼ਨ ਲਈ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਕੰਮ ਕਰਨਾ ਲਾਜ਼ਮੀ ਹੋ ਗਿਆ ਹੈ। ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਹੇਰਾਫੇਰੀ ਬਾਰੇ ਵੱਖ-ਵੱਖ ਸੂਬਿਆਂ ਤੋਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ, ਪਰ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੇ ਅਮਲਾਂ ਦੀ ਇਜ਼ਾਜਤ ਨਹੀਂ ਦੇਣਗੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਵੋਟਰ ਸੂਚੀਆਂ ਦੀ ਦਰੁਸਤੀ ਅਤੇ ਚੋਣਾਂ ਕਰਵਾਉਣ ਵਾਲੀਆਂ ਸੰਵਿਧਾਨਕ ਸੰਸਥਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਘਟਣਾ ਸ਼ੁਰੂ ਹੋ ਜਾਵੇ ਤਾਂ ਲੋਕਤੰਤਰ ਦੀ ਬੁਨਿਆਦ ਖ਼ਤਰੇ ਵਿੱਚ ਪੈ ਸਕਦੀ ਹੈ।” ਉਨ੍ਹਾਂ ਅੱਗੇ ਕਿਹਾ, “ਚੋਣ ਕਮਿਸ਼ਨ ਨੂੰ ਹਰੇਕ ਯੋਗ ਵੋਟਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਪੂਰੀ ਇਮਾਨਦਾਰੀ, ਪਾਰਦਰਸ਼ੀ ਅਤੇ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨਾ ਚਾਹੀਦਾ ਹੈ।” ਵੋਟਰ ਸੂਚੀਆਂ ਦੀ ਸੋਧ ਬਾਰੇ ‘ਆਪ’ ਦੇ ਸਟੈਂਡ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮ੍ਰਿਤਕ ਵਿਅਕਤੀਆਂ ਜਾਂ ਵਿਦੇਸ਼ੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਸਥਾਈ ਤੌਰ ‘ਤੇ ਵਿਦੇਸ਼ ਚਲੇ ਗਏ ਲੋਕਾਂ ਦੇ ਨਾਮ ਵੋਟਰ ਸੂਚੀਆਂ ਤੋਂ ਹਟਾ ਦਿੱਤੇ ਜਾਣੇ ਚਾਹੀਦੇ ਹਨ ਪਰ ਪੰਜਾਬ ਦੇ ਕਿਸੇ ਵੀ ਅਸਲ ਨਿਵਾਸੀ ਨੂੰ ਕਿਸੇ ਵੀ ਹਾਲਤ ਵਿੱਚ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਜਾਂ ਉਸ ਦੇ ਵੋਟ ਦੇਣ ਦੇ ਅਧਿਕਾਰ ਤੋਂ ਉਸ ਨੂੰ ਵਾਂਝਾ ਨਹੀਂ ਕਰਨਾ ਚਾਹੀਦਾ।” ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਪਗ 83 ਫ਼ੀਸਦੀ ਵੋਟਰ ਮੈਪਿੰਗ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਤਸਦੀਕ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ, “ਚੋਣ ਕਮਿਸ਼ਨ ਨੂੰ ਸਮੁੱਚੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਤੁਰੰਤ ਤੇ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ।” 

Punjab

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*   ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ ‘ਆਪ’ ਵਿੱਚ ਸ਼ਾਮਲ ਹੋਏ।   ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।   ਮੁੱਖ ਮੰਤਰੀ ਨੇ ਸਮੁੱਚੇ ਰੱਖੜਾ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ ‘ਆਪ ਪੰਜਾਬ ਪਰਿਵਾਰ’ ਵਿੱਚ ਸ਼ਾਮਲ ਹੋਣ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਕਈ ਵਾਰ ਆਗੂਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਕੰਮ ਕਰਨਾ ਪੈਂਦਾ ਹੈ।   ਮਾਨ ਨੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਵਾਰ-ਵਾਰ ਅਕਾਲੀ ਦਲ ਨੂੰ ਅੰਦਰੋਂ ਸੁਧਾਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪਾਰਟੀ ਆਪਣੇ ਰਾਹ ਤੋਂ ਭਟਕ ਗਈ ਅਤੇ ਗਲਤ ਹੱਥਾਂ ਵਿੱਚ ਚਲੀ ਗਈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਨਿਭਾਈ ਭੂਮਿਕਾ ਅਤੇ ਲੋਕ-ਵਿਰੋਧੀ ਸਿਆਸਤ ਕਾਰਨ ਲੋਕ ਪਹਿਲਾਂ ਹੀ ਅਕਾਲੀ ਲੀਡਰਸ਼ਿਪ ਨੂੰ ਨਕਾਰ ਚੁੱਕੇ ਹਨ।   ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਕਦੇ ਪੰਜਾਬ ‘ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਆਗੂਆਂ ਦੀ ਪਾਰਟੀ ਵਿੱਚ ਅੱਜ 25 ਲੋਕ ਵੀ ਨਹੀਂ ਬਚੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੰਨਾ ਕਮਜ਼ੋਰ ਹੋ ਚੁੱਕਾ ਹੈ ਕਿ ਉਨ੍ਹਾਂ ਲਈ ਕਮੇਟੀਆਂ ਬਣਾਉਣੀਆਂ ਵੀ ਔਖੀਆਂ ਹੋ ਗਈਆਂ ਹਨ।   ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੜ ਨਿਰਮਾਣ ਅਤੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਸੂਬੇ ਨੂੰ ਤਜਰਬੇਕਾਰ ਅਤੇ ਇਮਾਨਦਾਰ ਲੋਕਾਂ ਦੀ ਲੋੜ ਹੈ। ਉਨ੍ਹਾਂ ਰੱਖੜਾ ਪਰਿਵਾਰ ਨੂੰ ਏਕਤਾ ਅਤੇ ਮਿਹਨਤ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਦਾ ਪੰਜਾਬ ਅਤੇ ਪਾਰਟੀ ਨੂੰ ਵੱਡਾ ਫਾਇਦਾ ਹੋਵੇਗਾ।   ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਵਿੱਚ ਸਵਾਗਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਰੋਮਣੀ ਅਕਾਲੀ ਦਲ ਛੱਡਣ ਦਾ ਉਨ੍ਹਾਂ ਦਾ ਫੈਸਲਾ ਸਿੱਧੇ ਤੌਰ ‘ਤੇ ਬੇਅਦਬੀ ਦੇ ਮੁੱਦੇ ਅਤੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ ਨਾਲ ਜੁੜਿਆ ਹੋਇਆ ਹੈ।   ਰੱਖੜਾ ਨੇ ਦੱਸਿਆ ਕਿ ਉਹ ਪਿਛਲੇ ਕਰੀਬ ਡੇਢ ਸਾਲ ਤੋਂ ਲਗਾਤਾਰ ਸਮਾਣਾ ਮੋਰਚੇ ‘ਤੇ ਜਾਂਦੇ ਰਹੇ ਹਨ, ਜਿੱਥੇ ਗੁਰਜੀਤ ਸਿੰਘ ਖਾਲਸਾ ਬੇਅਦਬੀ ਖਿਲਾਫ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ 400 ਫੁੱਟ ਉੱਚੇ ਟਾਵਰ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਦਿਲੋਂ ਮਹਿਸੂਸ ਕਰਦੇ ਸਨ ਕਿ ਅਜਿਹਾ ਕਾਨੂੰਨ ਬਹੁਤ ਜ਼ਰੂਰੀ ਹੈ।   ਰੱਖੜਾ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਜੇਕਰ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਂਦੀ ਹੈ, ਤਾਂ ਉਹ ਪਾਰਟੀ ਦਾ ਸਾਥ ਦੇਣ। ਰੱਖੜਾ ਨੇ ਕਿਹਾ ਕਿ ਉਨ੍ਹਾਂ ਵਾਅਦਾ ਕੀਤਾ ਸੀ ਕਿ ਜੇਕਰ ਅਜਿਹਾ ਕਾਨੂੰਨ ਪਾਸ ਹੋ ਗਿਆ ਤਾਂ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਲ ਹੋਣ ਵਿੱਚ ਕੋਈ ਝਿਜਕ ਨਹੀਂ ਹੋਵੇਗੀ।   ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਆਸੀ ਇੱਛਾ ਸ਼ਕਤੀ ਦੀ ਘਾਟ ਕਾਰਨ ਕੋਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਵਿੱਚ ਨਾਕਾਮ ਰਹੀਆਂ, ਜਦੋਂ ਕਿ ਮਾਨ ਸਰਕਾਰ ਨੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਸ ਪੁਰਾਣੀ ਮੰਗ ਨੂੰ ਪੂਰਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਪਾਸ ਹੋ ਗਿਆ, ਤਾਂ ਮੈਨੂੰ ਆਪਣਾ ਵਾਅਦਾ ਨਿਭਾਉਣਾ ਹੀ ਸੀ।   ਰੱਖੜਾ ਨੇ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਅਤੇ ਪੰਜਾਬ ਨੂੰ ਮਾਰੂਥਲ (ਰੇਗਿਸਤਾਨ) ਬਣਨ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਦੇ ਜਲ ਸਰੋਤਾਂ ਨੂੰ ਸੁਰਜੀਤ ਕਰਨ ਲਈ ਮਾਨ ਸਰਕਾਰ ਦੇ ਉਪਰਾਲਿਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਦੀ ਵਧਦੀ ਵਰਤੋਂ ਨੇ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਵੀਂ ਉਮੀਦ ਜਗਾਈ ਹੈ। 

Punjab

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

*ਚੰਡੀਗੜ੍ਹ/ਮਜੀਠਾ 16 ਮਈ , 2026*-    ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਵਾਂਗੇ। ਦੂਜੇ ਪਾਸੇ ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ ‘ਆਪ’ ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।  

Punjab

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ ‘ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ ‘ਤੇ ਕਾਬਜ਼ ਲੋਕ ਖਰਚਿਆਂ ਵਿੱਚ ਕਟੌਤੀ ਅਤੇ ਬੱਚਤ ਕਰਨ ਬਾਰੇ ਨਾਗਰਿਕਾਂ ਨੂੰ ਭਾਸ਼ਣ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਮਹਿੰਗਾਈ, ਵਧਦੀ ਆਵਾਜਾਈ ਲਾਗਤ ਅਤੇ ਵਧਦੇ ਘਰੇਲੂ ਖਰਚਿਆਂ ਦੀ ਮਾਰ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਨਾਗਰਿਕਾਂ ਨੂੰ ਨਿੱਜੀ ਖਰਚ ਘਟਾਉਣ ਲਈ ਕਹਿ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ।” ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਵਾਰ-ਵਾਰ ਬੇਲੋੜੀ ਯਾਤਰਾ ਤੋਂ ਬਚਣ ਅਤੇ ਖਰਚੇ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਜਨਤਕ ਖਰਚੇ ‘ਤੇ ਲਗਾਤਾਰ ਵਿਦੇਸ਼ੀ ਦੌਰੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਦੇਸ਼ ਦੇ ਲੋਕਾਂ ਨੂੰ ਵਿਦੇਸ਼ ਯਾਤਰਾ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਘਰੋਂ ਕੰਮ ਕਰਨਾ ਚਾਹੀਦਾ ਹੈ, ਤਾਂ ਕੀ ਪ੍ਰਧਾਨ ਮੰਤਰੀ ਘਰੋਂ ਕੰਮ ਨਹੀਂ ਕਰ ਸਕਦੇ?” ਉਨ੍ਹਾਂ ਅੱਗੇ ਕਿਹਾ ਕਿ ਪੂਰੀ ਦੁਨੀਆ ਜੰਗ ਅਤੇ ਵਿਸ਼ਵਵਿਆਪੀ ਆਰਥਿਕਤਾ ਦੇ ਉਤਾਰ-ਚੜਾਅ ਤੋਂ ਪ੍ਰਭਾਵਿਤ ਹੋਈ ਹੈ ਪਰ ਕਿਸੇ ਹੋਰ ਦੇਸ਼ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਨਾਗਰਿਕਾਂ ਨੂੰ ਬੱਚਤ ਕਰਨ ਦੀ ਸਲਾਹ ਨਹੀਂ ਦਿੱਤੀ। ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁਕਰ ਹੈ, ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸਿਰਫ਼ ਪੈਸੇ ਬਚਾਉਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਥਾਲੀਆਂ ਵਜਾਉਣ ਅਤੇ ਤਾੜੀਆਂ ਵਜਾਉਣ ਲਈ ਨਹੀਂ ਕਿਹਾ।” ਉਨ੍ਹਾਂ ਕਿਹਾ ਕਿ ਬੇਤੁਕੀਆਂ ਸਲਾਹਾਂ ਅਤੇ ਭਾਸ਼ਣਾਂ ਦੀ ਬਜਾਏ ਲੋਕ ਮਹਿੰਗਾਈ ਨੂੰ ਕੰਟਰੋਲ ਕਰਨ ਅਤੇ ਘਰਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰਾਂ ‘ਤੇ ਵਿੱਤੀ ਬੋਝ ਘਟਾਉਣ ਲਈ ਠੋਸ ਕਦਮਾਂ ਦੀ ਉਮੀਦ ਕਰਦੇ ਹਨ। ਵਿਸ਼ਵਵਿਆਪੀ ਪ੍ਰਭਾਵ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੰਗ ਅਤੇ ਆਰਥਿਕ ਅਸਥਿਰਤਾ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਪਰ ਹੋਰ ਦੇਸ਼ਾਂ ਦੀਆਂ ਸਰਕਾਰਾਂ ਉੱਚ ਕੀਮਤਾਂ ਅਤੇ ਖਰਚਿਆਂ ‘ਤੇ ਨੈਤਿਕ ਭਾਸ਼ਣਾਂ ਰਾਹੀਂ ਜਨਤਾ ‘ਤੇ ਬੋਝ ਪਾਉਣ ਦੀ ਬਜਾਏ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਜੰਗ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ ਪਰ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਿਸੇ ਹੋਰ ਦੇਸ਼ ਦੇ ਮੁਖੀ ਨੇ ਆਪਣੇ ਨਾਗਰਿਕਾਂ ਨੂੰ ਇਸ ਤਰ੍ਹਾਂ ਬੱਚਤ ‘ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਨਹੀਂ ਦਿੱਤੀ।” *ਪੰਜਾਬ ਕਿਸੇ ਵੀ ਦਬਾਅ ਹੇਠ ਆਪਣੇ ਪਾਣੀ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗਾ; ਹਰਿਆਣਾ ਨੂੰ ਸਿਰਫ਼ ਕਾਨੂੰਨੀ ਤੌਰ ‘ਤੇ ਨਿਰਧਾਰਤ ਕੋਟੇ ਅਤੇ ਸਮਾਂ-ਸੀਮਾ ਅਨੁਸਾਰ ਹੀ ਪਾਣੀ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਭਾਖੜਾ ਦੇ ਪਾਣੀ ਦੀ ਵੰਡ ਦੇ ਸੰਵੇਦਨਸ਼ੀਲ ਮੁੱਦੇ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਾਲ ਹੀ ਵਿੱਚ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਹਰ ਕੀਮਤ ‘ਤੇ ਆਪਣੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੇ ਕਾਨੂੰਨੀ ਤੌਰ ‘ਤੇ ਨਿਰਧਾਰਤ ਕੋਟੇ ਅਨੁਸਾਰ ਹੀ ਪਾਣੀ ਮਿਲੇਗਾ ਅਤੇ ਇਹ ਪਾਣੀ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਨਹੀਂ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕਿਸੇ ਵੀ ਦਬਾਅ ਹੇਠ ਆਪਣੇ ਪਾਣੀ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗਾ।” ਉਨ੍ਹਾਂ ਅੱਗੇ ਕਿਹਾ ਕਿ ਪਾਣੀ ਪੰਜਾਬ ਨਾਲ ਭਾਵਨਾਤਮਕ ਤੌਰ ‘ਤੇ ਜੁੜਿਆ ਹੋਇਆ ਹੈ ਅਤੇ ਇਹ ਸੂਬੇ ਦੀ ਆਰਥਿਕਤਾ ਅਤੇ ਖੇਤੀਬਾੜੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਹਰ ਬੂੰਦ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। *ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ; ਹਰ ਬੂੰਦ ਸੂਬੇ ਦੇ ਕਿਸਾਨਾਂ, ਆਰਥਿਕਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜੀ ਹੋਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਪੰਜਾਬ ਦੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਅਤੇ ਖੇਤੀਬਾੜੀ ‘ਤੇ ਨਿਰਭਰ ਕਿਸਾਨਾਂ ਤੇ ਪੇਂਡੂ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। *ਲੋਕ ‘ਆਪ’ ਦਾ ਸਮਰਥਨ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਬੇਤੁਕੀ ਸਿਆਸੀ ਬਿਆਨਬਾਜ਼ੀ ਅਤੇ ਜ਼ਮੀਨੀ ਪੱਧਰ ‘ਤੇ ਕੀਤੇ ਗਏ ਵਿਕਾਸ ਵਿਚਲੇ ਅੰਤਰ ਨੂੰ ਸਪੱਸ਼ਟ ਦੇਖ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਸਥਾਨਕ ਇਕਾਈਆਂ ਦੀਆਂ ਅਗਾਮੀ ਚੋਣਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਰਕਾਰ ਦਾ ਜ਼ੋਰਦਾਰ ਸਮਰਥਨ ਕਰ ਰਹੇ ਹਨ ਕਿਉਂਕਿ ਜ਼ਮੀਨੀ ਪੱਧਰ ‘ਤੇ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋ ਰਿਹਾ ਹੈ, ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋ ਰਿਹਾ ਹੈ, ਸੜਕਾਂ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਟੋਲ ਪਲਾਜ਼ਾ ਬੰਦ ਕੀਤੇ ਜਾ ਰਹੇ ਹਨ ਅਤੇ ਸੂਬੇ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਲਈ ਕਰੋੜਾਂ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਲਾਂ ਦੇ ਰਾਜਨੀਤਿਕ ਪਤਨ ਅਤੇ ਲੋਕਾਂ ਦੀਆਂ ਉਮੀਦਾਂ ਟੁੱਟਣ ਕਾਰਨ ਲਗਾਤਾਰ ਜਨਤਕ ਸਮਰਥਨ ਅਤੇ ਭਰੋਸੇਯੋਗਤਾ ਗੁਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਅਕਾਲੀਆਂ ‘ਤੇ ਪਹਿਲਾ ਵਾਂਗ ਭਰੋਸਾ ਨਹੀਂ ਰਿਹਾ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਹਰ ਪੰਜਾਬੀ ਅਤੇ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ, ਅਕਾਲੀਆਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਪਾਪਾਂ ਲਈ ਕਦੇ ਮੁਆਫ ਨਹੀਂ ਕਰਨਗੇ। 

Punjab

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

*ਚੰਡੀਗੜ੍ਹ, 16 ਮਈ 2026*- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ, ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਦੇ ਨਾਲ-ਨਾਲ ਭਾਰੀ ਚਿਕਿਤਸਾ ਖਰਚਿਆਂ ਤੋਂ ਵੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ “ਸਾਇਲੈਂਟ ਕਿਲਰ” ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਹਸਪਤਾਲਾਂ ਵਿੱਚ ਬਜ਼ੁਰਗ ਪੁਰਸ਼ ਜਾਂਚ ਰਿਪੋਰਟਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ, ਮਹਿਲਾਵਾਂ ਆਪਣੇ ਪਰਸ ਵਿੱਚ ਦਵਾਈਆਂ ਦੀਆਂ ਪਰਚੀਆਂ ਸੰਭਾਲ ਕੇ ਰੱਖਦੀਆਂ ਹਨ, ਜਦਕਿ ਨੌਜਵਾਨ ਮਰੀਜ਼ ਵੀ ਬਲੱਡ ਪ੍ਰੈਸ਼ਰ ਦੀਆਂ ਵਧਦੀਆਂ ਰੀਡਿੰਗਾਂ ਨੂੰ ਲੈ ਕੇ ਚਿੰਤਾ ਵਿਅਕਤ ਕਰਦੇ ਦਿਖਾਈ ਦਿੰਦੇ ਹਨ। ਹਰ ਮਰੀਜ਼ ਦੀ ਫਾਈਲ ਦੇ ਪਿੱਛੇ ਇੱਕ ਪਰਿਵਾਰ ਹੁੰਦਾ ਹੈ ਜੋ ਬੀਮਾਰੀ ਅਤੇ ਵਧਦੇ ਇਲਾਜ ਖਰਚਿਆਂ ਵਿਚਕਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੁੰਦਾ ਹੈ। ਵਿਸ਼ਵ ਸਿਹਤ ਸੰਗਠਨ (WHO) ਅਨੁਸਾਰ ਭਾਰਤ ਵਿੱਚ ਉੱਚ ਰਕਤਚਾਪ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸਦੇ ਮੁੱਖ ਕਾਰਨ ਗਲਤ ਖ਼ੁਰਾਕ, ਤਣਾਅ, ਤੰਬਾਕੂ ਦਾ ਸੇਵਨ, ਸਰੀਰਕ ਗਤੀਵਿਧੀ ਦੀ ਕਮੀ ਅਤੇ ਅਨਿਯਮਿਤ ਜੀਵਨਸ਼ੈਲੀ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਕਈ ਮਰੀਜ਼ਾਂ ਨੂੰ ਇਸ ਬੀਮਾਰੀ ਦਾ ਪਤਾ ਤਦ ਲੱਗਦਾ ਹੈ ਜਦੋਂ ਗੰਭੀਰ ਜਟਿਲਤਾਵਾਂ ਪੈਦਾ ਹੋ ਚੁੱਕੀਆਂ ਹੁੰਦੀਆਂ ਹਨ। ਇਸ ਵਧਦੇ ਸਿਹਤ ਸੰਕਟ ਵਿਚਕਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਮਹੱਤਵਪੂਰਨ ਸੁਰੱਖਿਆ ਕਵਚ ਸਾਬਤ ਹੋ ਰਹੀ ਹੈ। ਇਹ ਯੋਜਨਾ ਹਜ਼ਾਰਾਂ ਮਰੀਜ਼ਾਂ ਨੂੰ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਜਟਿਲਤਾਵਾਂ ਦਾ ਇਲਾਜ ਬਿਨਾਂ ਮਹਿੰਗੇ ਖਰਚਿਆਂ ਦੇ ਬੋਝ ਤੋਂ ਪ੍ਰਾਪਤ ਕਰਨ ਵਿੱਚ ਮਦਦ ਕਰ ਰਹੀ ਹੈ। ਅਨਿਯੰਤਰਿਤ ਰਕਤਚਾਪ ਦੇ ਕਾਰਨ ਹੋਣ ਵਾਲੇ ਸਟ੍ਰੋਕ, ਹਿਰਦੇ ਸੰਬੰਧੀ ਗੰਭੀਰ ਐਮਰਜੈਂਸੀ, ਕਿਡਨੀ ਨਾਲ ਜੁੜੀਆਂ ਬੀਮਾਰੀਆਂ ਦੇ ਇਲਾਜ ਅਤੇ ਹਸਪਤਾਲ ਵਿੱਚ ਦਾਖ਼ਲੇ ਦਾ ਖ਼ਰਚਾ ਹੁਣ ਇਸ ਯੋਜਨਾ ਤਹਿਤ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਮਾਨਸਿਕ ਤਣਾਅ ਨਾਲ ਜੂਝ ਰਹੇ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ। ਪੰਜਾਬ ਵਿੱਚ ਜ਼ਿਆਦਾਤਰ ਮਰੀਜ਼ ਅਜੇ ਵੀ ਮੱਧ ਉਮਰ ਅਤੇ ਬਜ਼ੁਰਗ ਵਰਗ ਨਾਲ ਸੰਬੰਧਿਤ ਹਨ, ਜਿੰਨ੍ਹਾਂ ਵਿੱਚ 40 ਤੋਂ 80 ਸਾਲ ਵਾਲਾ ਉਮਰ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੈ। ਰਾਜ ਸਿਹਤ ਏਜੰਸੀ ਦੇ ਅੰਕੜਿਆਂ ਅਨੁਸਾਰ ਗੁਰਦਾਸਪੁਰ ਵਿੱਚ 94 ਸਾਲ ਤੱਕ ਦੀ ਉਮਰ ਦੇ ਮਰੀਜ਼ ਦਰਜ ਕੀਤੇ ਗਏ, ਜਦਕਿ ਐੱਸ.ਏ.ਐੱਸ. ਨਗਰ ਵਿੱਚ 98 ਸਾਲ ਦੀ ਉਮਰ ਤੱਕ ਦੇ ਮਰੀਜ਼ ਦਰਜ ਕੀਤੇ ਗਏ, ਜੋ ਇਸ ਬੀਮਾਰੀ ਦੀ ਗਹਿਰੀ ਪਹੁੰਚ ਨੂੰ ਦਰਸਾਉਂਦੇ ਹਨ। ਪਟਿਆਲਾ, ਐੱਸ.ਏ.ਐੱਸ. ਨਗਰ, ਹੁਸ਼ਿਆਰਪੁਰ, ਜਲੰਧਰ ਅਤੇ ਫ਼ਰੀਦਕੋਟ ਵਰਗੇ ਜ਼ਿਲ੍ਹਿਆਂ ਵਿੱਚ ਪੁਰਸ਼ ਅਤੇ ਮਹਿਲਾਵਾਂ ਦੋਵਾਂ ਵਿੱਚ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਹੋਏ ਹਨ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਹਸਪਤਾਲ ਰਿਕਾਰਡਾਂ ਵਿੱਚ 50 ਤੋਂ 77 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਵਿੱਚ ਮਾਮਲਿਆਂ ਦੀ ਗਿਣਤੀ ਵਧੀ ਹੋਈ ਮਿਲੀ ਹੈ। ਡਾ. ਸੌਰਭ ਸ਼ਰਮਾ, ਜੋ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਵਿੱਚ ਕਾਰਡੀਓਲੋਜੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਅਤੇ ਵਿਭਾਗ ਮੁਖੀ ਹਨ, ਕਹਿੰਦੇ ਹਨ ਕਿ ਉੱਚ ਰਕਤਚਾਪ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਆਧੁਨਿਕ ਜੀਵਨਸ਼ੈਲੀ ਹਰ ਉਮਰ ਵਰਗ ਲਈ ਨਵੀਆਂ ਸਿਹਤ ਚੁਣੌਤੀਆਂ ਲੈ ਕੇ ਆ ਰਹੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਤਣਾਅ, ਖਰਾਬ ਖ਼ੁਰਾਕ, ਕਸਰਤ ਦੀ ਕਮੀ ਅਤੇ ਅਨਿਯਮਿਤ ਦਿਨਚਰਿਆ ਮੁੱਖ ਕਾਰਨ ਹਨ, ਅਤੇ ਹੁਣ ਇਹ ਜਟਿਲਤਾਵਾਂ ਪਹਿਲਾਂ ਨਾਲੋਂ ਜ਼ਿਆਦਾ ਜਲਦੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਟ੍ਰੋਕ, ਹਾਰਟ ਫੇਲਿਅਰ ਅਤੇ ਕਿਡਨੀ ਰੋਗ ਵਰਗੀਆਂ ਜਟਿਲਤਾਵਾਂ ਵੀ ਹੁਣ ਜਲਦੀ ਦਿਖਾਈ ਦੇ ਰਹੀਆਂ ਹਨ। ਡਾਕਟਰ ਸ਼ਰਮਾ ਦੇ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਇਸ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਮਰੀਜ਼ਾਂ ਨੂੰ ਆਰਥਿਕ ਡਰ ਕਾਰਨ ਇਲਾਜ ਟਾਲਣ ਤੋਂ ਰੋਕਦੀ ਹੈ। ਉਨ੍ਹਾਂ ਕਿਹਾ ਕਿ ਉੱਚ ਰਕਤਚਾਪ ਐਮਰਜੈਂਸੀ ਵਿੱਚ ਦੇਰੀ ਕਈ ਵਾਰ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਬਣ ਸਕਦੀ ਹੈ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਯੋਜਨਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਸਿਰਫ਼ ਇਲਾਜ ਨਹੀਂ, ਸਗੋਂ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾਉਣਾ ਹੈ। ਪਹਿਲਾਂ ਕਈ ਪਰਿਵਾਰ ਆਰਥਿਕ ਡਰ ਕਾਰਨ ਮਰੀਜ਼ ਨੂੰ ਹਸਪਤਾਲ ਲੈ ਕੇ ਜਾਣ ਵਿੱਚ ਦੇਰੀ ਕਰਦੇ ਸਨ, ਜੋ ਕਈ ਵਾਰ ਘਾਤਕ ਸਾਬਤ ਹੁੰਦੀ ਸੀ। ਹੁਣ ਮਰੀਜ਼ ਸਮੇਂ ਸਿਰ ਇਲਾਜ ਲੈ ਰਹੇ ਹਨ, ਜਿਸ ਨਾਲ ਸੁਧਾਰ ਦੀ ਸੰਭਾਵਨਾ ਵਧੀ ਹੈ। ਮੱਧ ਵਰਗ ਦੇ ਘਰਾਂ, ਪੈਨਸ਼ਨਰਾਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਹ ਯੋਜਨਾ ਭਾਰੀ ਚਿਕਿਤਸਾ ਖਰਚਿਆਂ ਤੋਂ ਸੁਰੱਖਿਆ ਦਾ ਇੱਕ ਮਜ਼ਬੂਤ ਸਹਾਰਾ ਬਣ ਗਈ ਹੈ। ਇਸ ਵਿਸ਼ਵ ਉੱਚ ਰਕਤਚਾਪ ਦਿਵਸ ‘ਤੇ, ਸਿਹਤ ਕਾਰਡ ਦੀ ਸਭ ਤੋਂ ਵੱਡੀ ਉਪਲੱਬਧੀ ਸਿਰਫ਼ ਨਿਪਟਾਏ ਗਏ ਮਾਮਲਿਆਂ ਦੀ ਗਿਣਤੀ ਨਹੀਂ, ਸਗੋਂ ਉਹ ਸਨਮਾਨ ਅਤੇ ਆਤਮ-ਵਿਸ਼ਵਾਸ ਹੈ ਜੋ ਇਸਨੇ ਮਰੀਜ਼ਾਂ ਨੂੰ ਦਿੱਤਾ ਹੈ, ਜਿਸ ਕਰਕੇ ਹੁਣ ਉਹ ਆਰਥਿਕ ਮੁਸ਼ਕਲਾਂ ਦੇ ਡਰ ਤੋਂ ਬਿਨਾਂ ਇਲਾਜ ਕਰਵਾ ਸਕਦੇ ਹਨ। ———– 

Punjab

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ :       ਨਗਰ  ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ  ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ. ਐਸ) ਨੇ ਅੱਜ ਇਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜਦਗੀਆਂ ਦਾਖ਼ਲ ਕਰਨ ਦੇ ਅੱਜ ਅੰਤਿਮ ਦਿਨ ਪੱਟੀ ਅਤੇ ਭਿੱਖੀਵਿੰਡ ਵਿਖੇ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਏ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਬਣੀ ਰਹੇ। ਉਨ੍ਹਾਂ ਆਸ ਪ੍ਰਗਟਾਈ ਕਿ ਚੋਣ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋਵੇਗੀ ਅਤੇ  ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸਮੱਸਿਆ ਬਾਰੇ ਉਨਾਂ ਨਾਲ ਮੋਬਾਈਲ ਨੰਬਰ   9988565609 ਅਤੇ ਈਮੇਲvikas_heera@yahoo.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਇਸ  ਤੋਂ ਪਹਿਲਾਂ ਆਬਜ਼ਰਵਰ ਵਿਕਾਸ ਹੀਰਾ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਅਤੇ ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐਸ.ਡੀ.ਐਮ ਪੱਟੀ ਅਮਨਦੀਪ ਅਤੇ ਐਸ.ਡੀ.ਐਮ ਭਿੱਖੀਵਿੰਡ ਜਗਦੀਪ ਸਿੰਘ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਿਤ ਹੋਰ ਅਧਿਕਾਰੀ ਹਾਜ਼ਰ ਸਨ।  

Punjab

ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

ਚੰਡੀਗੜ੍ਹ, 16 ਮਈ     ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ‘ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਆਪਣੇ ਅਧਿਕਾਰਾਂ ‘ਤੇ ਕਿਸੇ ਵੀ ਤਰ੍ਹਾਂ ਦਾ ਡਾਕਾ ਨਹੀਂ ਪੈਣ ਦੇਵੇਗਾ। ਮੀਟਿੰਗ ਦੌਰਾਨ ਆਪਣੀ ਪਹਿਲੀ ਅਤੇ ਮੁੱਖ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਵਿਵਸਥਾ ਰਹੀ ਹੈ ਕਿ ਇਸ ਵਿੱਚ ਪਾਵਰ (ਬਿਜਲੀ) ਦਾ ਮੈਂਬਰ ਪੰਜਾਬ ਤੋਂ ਅਤੇ ਇਰੀਗੇਸ਼ਨ (ਸਿੰਚਾਈ) ਦਾ ਮੈਂਬਰ ਹਰਿਆਣਾ ਤੋਂ ਨਿਯੁਕਤ ਹੁੰਦਾ ਆਇਆ ਹੈ। ਇਹ 50 ਸਾਲਾਂ ਤੋਂ ਚਲੀ ਆ ਰਹੀ ਇੱਕ ਸਥਾਪਿਤ ਪਰੰਪਰਾ ਹੈ। ਪਰ ਕੇਂਦਰ ਸਰਕਾਰ ਨੇ 13 ਅਪ੍ਰੈਲ ਨੂੰ ਨਿਯਮਾਂ ਵਿੱਚ ਸੋਧ ਕਰਕੇ ਇਹ ਪ੍ਰਾਵਧਾਨ ਕਰ ਦਿੱਤਾ ਕਿ ਮੈਂਬਰ ਕਿਤੇ ਦਾ ਵੀ ਹੋ ਸਕਦਾ ਹੈ ਪਰੰਤੂ ਪੰਜਾਬ ਤੇ ਹਰਿਆਣਾ ਨੂੰ ਸਿਰਫ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜਦੋਂ ਇੰਨੇ ਦਹਾਕਿਆਂ ਤੋਂ ਇਹ ਵਿਵਸਥਾ ਬਿਨਾਂ ਕਿਸੇ ਸ਼ਿਕਾਇਤ ਦੇ ਸੁਚਾਰੂ ਢੰਗ ਨਾਲ ਚੱਲ ਰਹੀ ਸੀ, ਤਾਂ ਇਸ ਬਦਲਾਅ ਦੀ ਕੀ ਲੋੜ ਸੀ? ‘ਤਰਜੀਹ’ ਸ਼ਬਦ ਪੰਜਾਬ ਦੇ ਮਨ ਵਿੱਚ ਵੱਡੀ ਚਿੰਤਾ ਪੈਦਾ ਕਰਦਾ ਹੈ, ਇਸ ਲਈ ਦਹਾਕਿਆਂ ਪੁਰਾਣੇ ਇਸ ਰਵਾਇਤੀ ਢਾਂਚੇ ਨੂੰ ਹੀ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਸੁਰੱਖਿਆ ਦੇ ਮੁੱਦੇ ‘ਤੇ ਕੇਂਦਰ ਦੇ ਰੁਖ ਦਾ ਜ਼ੋਰਦਾਰ ਵਿਰੋਧ ਕਰਦਿਆਂ ਉਨ੍ਹਾਂ ਨੇ ਸੀਆਈਐਸਐਫ ਦੀ ਤਾਇਨਾਤੀ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹੁਤ ਹੀ ਸਮਰੱਥ ਅਤੇ ਵਿਸ਼ਵ ਪ੍ਰਸਿੱਧ ਫੋਰਸ ਹੈ, ਜਿਸ ਨੇ ਅੱਤਵਾਦ ਦੇ ਦੌਰ ਵਿੱਚ ਦੇਸ਼ ਦੀ ਅਖੰਡਤਾ ਲਈ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਕੁਰਬਾਨੀਆਂ ਦਿੱਤੀਆਂ ਹਨ। ਸਾਡੇ ਡੈਮਾਂ ਦੀ ਸੁਰੱਖਿਆ ਸ਼ੁਰੂ ਤੋਂ ਹੀ ਪੰਜਾਬ ਪੁਲਿਸ ਕਰਦੀ ਆ ਰਹੀ ਹੈ। ਅੱਜ ਵੀ ਸਰਹੱਦ ਦੇ ਨੇੜੇ ਸਥਿਤ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੀ ਸੁਰੱਖਿਆ ਪੰਜਾਬ ਪੁਲਿਸ ਹੀ ਸੰਭਾਲ ਰਹੀ ਹੈ। ਅਜਿਹੇ ਵਿੱਚ ਬੀਬੀਐਮਬੀ ਕੰਪਲੈਕਸਾਂ ਵਿੱਚ ਸੀਆਈਐਸਐਫ ਨੂੰ ਤਾਇਨਾਤ ਕਰਨ ਦਾ ਕੀ ਤਰਕ ਹੈ? ਜਦੋਂ ਕਿਸੇ ਵੀ ਭਾਈਵਾਲ ਰਾਜ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ‘ਤੇ ਕੋਈ ਇਤਰਾਜ਼ ਨਹੀਂ ਸੀ, ਤਾਂ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਦਖਲਅੰਦਾਜ਼ੀ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ। ਕੈਬਨਿਟ ਮੰਤਰੀ ਨੇ ਪਾਣੀ ਦੇ ਮੁੱਦੇ ‘ਤੇ ਪੰਜਾਬ ਦੀ ਉਦਾਰਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਕਦੇ ਵੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਿਆ। ਸੂਬਾ ਆਪਣਾ ਕੀਮਤੀ ਜ਼ਮੀਨਦੋਜ਼ ਪਾਣੀ ਗੁਆਉਣ ਦੀ ਕੀਮਤ ‘ਤੇ ਵੀ ਸਾਰੇ ਭਾਈਵਾਲ ਰਾਜਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਪੂਰੀ ਖੁਸ਼ੀ ਨਾਲ ਦੇ ਰਿਹਾ ਹੈ। ਉਨ੍ਹਾਂ ਨੇ ਪੁਰਜ਼ੋਰ ਸ਼ਬਦਾਂ ਵਿੱਚ ਕਿਹਾ ਕਿ ਕਿਉਂਕਿ ਨਦੀਆਂ ਪੰਜਾਬ ਵਿੱਚੋਂ ਹੋ ਕੇ ਵਗਦੀਆਂ ਹਨ, ਉਨ੍ਹਾਂ ਦੀ ਦੇਖਭਾਲ ਪੰਜਾਬ ਕਰਦਾ ਹੈ ਅਤੇ ਹੜ੍ਹਾਂ ਦੇ ਸਮੇਂ ਨੁਕਸਾਨ ਵੀ ਪੰਜਾਬ ਹੀ ਝੱਲਦਾ ਹੈ, ਇਸ ਲਈ ਪਾਣੀ ਨੂੰ ਡੈਮਾਂ ਵਿੱਚ ਇਕੱਠਾ ਕਰਨ ਅਤੇ ਇਸ ਦੇ ਪ੍ਰਬੰਧਨ ਨਾਲ ਜੁੜੇ ਫੈਸਲਿਆਂ ਵਿੱਚ ਪੰਜਾਬ ਨੂੰ ਤਰਜੀਹ ਮਿਲਣੀ ਚਾਹੀਦੀ ਹੈ। ਬੀਬੀਐਮਬੀ ਦੇ ਹਰ ਅਹਿਮ ਫੈਸਲੇ ਵਿੱਚ ਪੰਜਾਬ ਨੂੰ ਉਸਦਾ ਯੋਗ ਸਥਾਨ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਪਾਣੀ ਨੂੰ ਸੰਭਾਲਣ ਦੀ ਮੁੱਖ ਜ਼ਿੰਮੇਵਾਰੀ ਪੰਜਾਬ ਦੀ ਹੀ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਦੀ ਤਰਫੋਂ ਕਿਸੇ ‘ਚੂਕ’ ਹੋਣ ਕਾਰਨ ਸੀਆਈਐਸਐਫ ਲਗਾਉਣ ਦੇ ਦਿੱਤੇ ਗਏ ਬਿਆਨ ‘ਤੇ ਹੈਰਾਨੀ ਪ੍ਰਗਟ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਤੋਂ ਕੋਈ ਚੂਕ ਨਹੀਂ ਹੋਈ ਹੈ, ਬਲਕਿ ਪੰਜਾਬ ਨੇ ਕੇਵਲ ਆਪਣੇ ਹੱਕ ‘ਤੇ ਪਹਿਰਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਣੀ ਦੀ ਵੰਡ ਦੀ ਤੈਅ ਵਿਵਸਥਾ ਤਹਿਤ ਹਰਿਆਣਾ ਮਾਰਚ ਮਹੀਨੇ ਵਿੱਚ ਹੀ ਆਪਣੇ ਹਿੱਸੇ ਦਾ ਪਾਣੀ ਇਸਤੇਮਾਲ ਕਰ ਚੁੱਕਾ ਸੀ ਅਤੇ ਉਸ ਤੋਂ ਬਾਅਦ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਲੈਣਾ ਚਾਹੁੰਦਾ ਸੀ, ਜਿਸਦਾ ਪੰਜਾਬ ਨੇ ਵਿਰੋਧ ਕੀਤਾ। ਹਰਿਆਣਾ ਨੂੰ ਵਾਰ-ਵਾਰ ਪਾਣੀ ਦਾ ਧਿਆਨ ਨਾਲ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਗਈ ਸੀ, ਪਰ ਉਨ੍ਹਾਂ ਨੇ ਇਸ ਵੱਲ ਗੌਰ ਨਹੀਂ ਕੀਤਾ। ਕੇਂਦਰੀ ਮੰਤਰੀ ਖੱਟਰ ‘ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਖੱਟਰ ਸਾਹਿਬ ਹੁਣ ਕੇਂਦਰ ਵਿੱਚ ਮੰਤਰੀ ਬਣ ਚੁੱਕੇ ਹਨ, ਪਰ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦਾ ਹਰਿਆਣਾ ਪ੍ਰਤੀ ਮੋਹ ਅਜੇ ਛੁੱਟਿਆ ਨਹੀਂ ਹੈ ਅਤੇ ਉਹ ਵਾਰ-ਵਾਰ ਉੱਥੇ ਹੀ ਅਟਕ ਜਾਂਦੇ ਹਨ। ਮੰਤਰੀ ਗੋਇਲ ਨੇ ਕਿਹਾ ਕਿ ਜਦੋਂ ਸਾਰੇ ਭਾਈਵਾਲ ਰਾਜ ਆਪਸੀ ਤਾਲਮੇਲ ਨਾਲ ਬਿਹਤਰ ਢੰਗ ਨਾਲ ਕੰਮ ਕਰ ਰਹੇ ਹਨ, ਤਾਂ ਕੇਂਦਰ ਸਰਕਾਰ ਨੂੰ ਇਸ ਤਰ੍ਹਾਂ ਦੀ ਬੇਲੋੜੀ ਦਖਲਅੰਦਾਜ਼ੀ ਕਰਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਸਾਫ਼ ਕੀਤਾ ਕਿ ਬੀਬੀਐਮਬੀ ਵੱਲੋਂ ਲਏ ਗਏ ਹਰ ਜਾਇਜ਼ ਅਤੇ ਸਹੀ ਫੈਸਲੇ ਦੀ ਉਨ੍ਹਾਂ ਨੇ ਹਮੇਸ਼ਾ ਸ਼ਲਾਘਾ ਕੀਤੀ ਹੈ ਅਤੇ ਪੰਜਾਬ ਅੱਗੇ ਵੀ ਮਿਲ ਕੇ ਚੱਲਣ ਲਈ ਤਿਆਰ ਹੈ। ਪਰ, ਜੇਕਰ ਕੇਂਦਰ ਸਰਕਾਰ ਜਾਂ ਬੀਬੀਐਮਬੀ ਇਹ ਸੋਚਦੀ ਹੈ ਕਿ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਕੇ ਪੰਜਾਬ ਵਿਰੋਧੀ ਜਾਂ ਕੋਈ ਗਲਤ ਫੈਸਲੇ ਥੋਪੇ ਜਾ ਸਕਦੇ ਹਨ, ਤਾਂ ਪੰਜਾਬ ਅਜਿਹੇ ਕਿਸੇ ਵੀ ਗਲਤ ਫੈਸਲੇ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ ਕਰੇਗਾ। 

Scroll to Top