Actionpunjab

Action Punjab Logo
Breaking News

Author name: Action Punjab

Action Punjab
Punjab

ਕੁਦਰਤ ਦਾ ਕਹਿਰ: ਯੂਪੀ, ਬਿਹਾਰ ਅਤੇ ਕਰਨਾਟਕ ਵਿੱਚ ਤੇਜ਼ ਹਨੇਰੀ ਤੇ ਮੀਂਹ ਕਾਰਨ 32 ਮੌਤਾਂ

ਪਿਛਲੇ 2 ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਮੌਸਮ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ। ਉੱਤਰ ਪ੍ਰਦੇਸ਼, ਬਿਹਾਰ ਅਤੇ ਕਰਨਾਟਕ ਵਿੱਚ ਆਈ ਤੇਜ਼ ਹਨੇਰੀ, ਗਰਜ ਅਤੇ ਬਿਜਲੀ ਡਿੱਗਣ ਕਾਰਨ ਹੁਣ ਤੱਕ 32 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਕੁਦਰਤੀ ਆਫ਼ਤ ਨੇ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਭਾਰੀ ਮਾਲੀ ਨੁਕਸਾਨ ਵੀ ਹੋਇਆ ਹੈ।   ਬਿਹਾਰ: ਬਿਹਾਰ ਵਿੱਚ ਸਭ ਤੋਂ ਵੱਧ ਤਬਾਹੀ ਦੇਖਣ ਨੂੰ ਮਿਲੀ ਹੈ। ਇੱਥੇ ਬਿਜਲੀ ਡਿੱਗਣ ਅਤੇ ਦਰੱਖਤ ਡਿੱਗਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਮੌਤਾਂ ਹੋਈਆਂ ਹਨ। ਪਟਨਾ, ਸਾਰਨ ਅਤੇ ਦਰਭੰਗਾ ਵਰਗੇ ਇਲਾਕੇ ਸਭ ਤੋਂ ਵੱਧ ਪ੍ਰਭਾਵਿਤ ਹਨ। ਕਰਨਾਟਕ: ਬੈਂਗਲੁਰੂ ਸਮੇਤ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਬੈਂਗਲੁਰੂ ਵਿੱਚ ਇੱਕ ਹਸਪਤਾਲ ਦੀ ਕੰਧ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ ਮਾਸੂਮ ਬੱਚੇ ਅਤੇ ਬਾਹਰਲੇ ਰਾਜਾਂ ਤੋਂ ਆਏ ਸੈਲਾਨੀ ਵੀ ਸ਼ਾਮਲ ਸਨ। ਉੱਤਰ ਪ੍ਰਦੇਸ਼ (UP): ਪੱਛਮੀ ਯੂਪੀ ਅਤੇ ਬੁੰਦੇਲਖੰਡ ਦੇ ਇਲਾਕਿਆਂ ਵਿੱਚ ਤੇਜ਼ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਕਈ ਮੌਤਾਂ ਦੀ ਪੁਸ਼ਟੀ ਹੋਈ ਹੈ। ਪ੍ਰਸ਼ਾਸਨ ਦੀ ਕਾਰਵਾਈ ਸਬੰਧਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਰਨਾਟਕ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।

Punjab

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ*

ਸੰਗਰੂਰ; 30 ਅਪ੍ਰੈਲ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ।   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਸੀਂ ਪਿੰਡ ਕੌਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਜੈਕਟ 13.23 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਸੈਂਟਰ ਵਿੱਚ 30 ਬੈੱਡ ਉਪਲਬਧ ਹਨ।” ਇਸਦੇ ਪਿਛੋਕੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦਾ ਜਸ਼ਨ ਮਨਾ ਰਹੇ ਹਨ।” ਉਨ੍ਹਾਂ ਕਿਹਾ, “ਇਹ ਕਮਿਊਨਿਟੀ ਹੈਲਥ ਸੈਂਟਰ ਅਸਲ ਵਿੱਚ 1962 ਵਿੱਚ ਇੱਕ ਪ੍ਰਾਇਮਰੀ ਹੈਲਥ ਸੈਂਟਰ ਵਜੋਂ ਸਥਾਪਿਤ ਕੀਤਾ ਗਿਆ ਸੀ।”   ਬੁਨਿਆਦੀ ਢਾਂਚੇ ਬਾਰੇ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਵੇਂ ਕਮਿਊਨਿਟੀ ਹੈਲਥ ਸੈਂਟਰ ਵਿੱਚ ਚਾਰ ਓਪੀਡੀ (ਆਊਟਪੇਸ਼ੈਂਟ ਵਿਭਾਗ), ਇੱਕ ਐਮਰਜੈਂਸੀ ਬਲਾਕ, ਦੋ ਲੇਬਰ ਆਪ੍ਰੇਸ਼ਨ ਥੀਏਟਰ, ਇੱਕ ਮਾਈਨਰ ਆਪ੍ਰੇਸ਼ਨ ਥੀਏਟਰ ਅਤੇ ਦੋ ਵੱਡੇ ਆਪ੍ਰੇਸ਼ਨ ਥੀਏਟਰ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਇਸ ਵਿੱਚ ਇੱਕ ਨਰਸਿੰਗ ਸਟੇਸ਼ਨ, ਦੋ ਜਨਰਲ ਵਾਰਡ, ਇੱਕ ਅਲਟਰਾਸਾਊਂਡ ਰੂਮ, ਇੱਕ ਲੈਬ, ਇੱਕ ਐਕਸ-ਰੇ ਰੂਮ, ਤਿੰਨ ਡਾਕਟਰ ਕੰਸਲਟਿੰਗ ਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹੋਣਗੀਆਂ।”   ਇਸਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਵੇਂ ਸੀਐਚਸੀ ਨਾਲ ਪਿੰਡ ਦੇ 4,100 ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਸ ਤੋਂ ਇਲਾਵਾ, ਇਹ ਆਲੇ-ਦੁਆਲੇ ਦੇ 85 ਪਿੰਡਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਸ ਨਾਲ ਲਗਭਗ 35,000 ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣਗੀਆਂ।”   24 ਘੰਟੇ ਦੇਖਭਾਲ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵਿੱਚ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣਗੀਆਂ ਅਤੇ ਗੰਭੀਰ ਬਿਮਾਰੀਆਂ ਲਈ ਸਰਜਰੀਆਂ ਅਤੇ ਇਲਾਜ ਲਈ ਡਾਕਟਰ ਮੌਜੂਦ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਸੀਐਚਸੀ ਵਿੱਚ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗ ਮਾਹਰ ਵੀ ਹੋਣਗੇ ਅਤੇ ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ।”   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰੀਜ਼ਾਂ ਨੂੰ ਮੁਫ਼ਤ ਐਕਸ-ਰੇ, ਈਸੀਜੀ ਅਤੇ ਖੂਨ ਦੇ ਟੈਸਟਾਂ ਦੀਆਂ ਸਹੂਲਤਾਂ ਮਿਲਣਗੀਆਂ, ਅਤੇ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸੀਐਚਸੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਉਪਲਬਧ ਹੋਵੇਗਾ।”   ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਹੀ ਸੀਮਤ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਉੱਤੇ ਖਰਚ ਕਰਨਾ ਜਾਰੀ ਰੱਖੇਗੀ।”   ਵਿਸ਼ੇਸ਼ ਦੇਖਭਾਲ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਇੱਕ ਮਾਹਰ ਦੰਦਾਂ ਦੇ ਡਾਕਟਰ ਵੱਲੋਂ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਨਸ਼ਾ ਛੁਡਾਊ ਇਲਾਜ ਲਈ, ਇੱਕ ਓਟ ਸੈਂਟਰ (ਓਪੀਓਇਡ ਐਗੋਨਿਸਟ ਥੈਰੇਪੀ ਸੈਂਟਰ) ਨਸ਼ਾ ਪੀੜਤਾਂ ਨੂੰ ਦਵਾਈਆਂ ਅਤੇ ਇਲਾਜ ਪ੍ਰਦਾਨ ਕਰੇਗਾ।”   ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆਂ ਕੀਤਾ ਪਰ ਭਗਵੰਤ ਮਾਨ ਸਰਕਾਰ ਨੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰਕੇ ਇਸਦਾ ਮਾਣ ਵਧਾਇਆ ਹੈ।”   ਸਰਕਾਰ ਵੱਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਤੇ ਦਿੱਤੀ ਜਾ ਰਹੀ ਤਰਜੀਹ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸਦਾ ਸਭ ਤੋਂ ਵੱਡਾ ਸਬੂਤ ਹੈ।”

Punjab

*ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸੰਗਰੂਰ; 30 ਅਪ੍ਰੈਲ 2026   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।   ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।” ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।”   ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।”   ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।”   ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।”   ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।”

Punjab

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਚੰਡੀਗੜ੍ਹ, 30 ਅਪ੍ਰੈਲ, 2026:– ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ। ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਸੀਵਰ ਵਿੱਚੋਂ ਸਮੇਂ ਸਿਰ ਗਾਰ ਕੱਢਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਂਦਾ ਹੈ, ਭਾਰੀ ਬਾਰਿਸ਼ ਦੌਰਾਨ ਪਾਣੀ ਭਰਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ ਅਤੇ ਸੀਵਰ ਲਾਈਨਾਂ ਦੇ ਓਵਰਫਲੋ ਨੂੰ ਰੋਕਦਾ ਹੈ, ਜਿਸ ਨਾਲ ਸ਼ਹਿਰਾਂ ਵਿੱਚ ਸਫਾਈ ਬਣੀ ਰਹਿੰਦੀ ਹੈ। ਇਹ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ। ਸੀਵਰੇਜ ਦੀ ਸਫਾਈ ਨਾਲ ਇਸਦੇ ਬੁਨਿਆਦੀ ਢਾਂਚੇ ਦੀ ਸਮੁੱਚੀ ਕੁਸ਼ਲਤਾ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ਨਾਲ ਸੜਕਾਂ ਅਤੇ ਜਨਤਕ ਸੰਪਤੀ ਨੂੰ ਖੜ੍ਹੇ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਂਦਾ ਹੈ ਅਤੇ ਬਾਰਸ਼ ਦੌਰਾਨ ਪੈਦਾ ਹੋਣ ਵਾਲੀ ਅਸੁਵਿਧਾ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਹਿਰਾਂ, ਖਾਸ ਕਰਕੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ, ਵਿੱਚ ਬਿਹਤਰ ਜਨਤਕ ਸਿਹਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਸਫਾਈ ਸਬੰਧੀ ਸਮੱਸਿਆਵਾਂ ਦੇ ਅਗਾਊਂ ਨਿਪਟਾਰੇ ਰਾਹੀਂ ਐਮਰਜੈਂਸੀ ਰੱਖ-ਰਖਾਅ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ। ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਵਾਬਦੇਹੀ ‘ਤੇ ਜ਼ੋਰ ਦਿੰਦਿਆਂ ਕਿ ਉਨ੍ਹਾਂ ਪ੍ਰਗਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਸੂਬੇ ਦੇ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।  

Punjab

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।  ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜੋ ਕਿ ਰਵਾਇਤੀ ਸਿੰਚਾਈ ਸਮਾਂ-ਸਾਰਣੀ ਤੋਂ ਮਹੱਤਵਪੂਰਨ ਤਬਦੀਲੀ ਹੈ।ਉਨ੍ਹਾਂ ਅੱਗੇ ਕਿਹਾ, “ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ।” ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪਾਣੀ ਦੀ ਇੱਕ-ਇੱਕ ਬੂੰਦ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ।”ਪੰਜਾਬ ਦੇ ਪਾਣੀਆਂ ‘ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਪਾਕਿਸਤਾਨ ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।” ਉਨ੍ਹਾਂ ਨੇ ਦਹਾਕਿਆਂ ਤੋਂ ਲਗਾਤਾਰ ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਨਾਲ ਚਿੰਤਾਜਨਕ ਪੱਧਰ ਤੱਕ ਪਾਣੀ ਘਟਣ ਦੀ ਚੁਣੌਤੀ ਪੈਦਾ ਹੋਈ ਹੈ ਅਤੇ ਇਸ ਲਈ ਪਹੁੰਚ ਵਿੱਚ ਤੁਰੰਤ ਤਬਦੀਲੀ ਦੀ ਲੋੜ ‘ਤੇ ਜ਼ੋਰ ਦਿੱਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਕਿਹਾ “ਧਰਤੀ ਹੇਠਲਾ ਪਾਣੀ ਇੱਕ ਕੀਮਤੀ ਅਤੇ ਸੀਮਤ ਸਰੋਤ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਚਾਹੀਦਾ ਹੈ। ਆਪਣੀ ਸੋਚ ਵਿੱਚ ਸਮੂਹਿਕ ਤਬਦੀਲੀ ਲਿਆਉਣ ਦਾ ਸਮਾਂ ਆ ਗਿਆ ਹੈ। ਨਹਿਰੀ ਪਾਣੀ ਸਿਰਫ਼ ਬਦਲ ਨਹੀਂ ਹੈ, ਇਹ ਪੰਜਾਬ ਦੀ ਖੇਤੀਬਾੜੀ ਦਾ ਭਵਿੱਖ ਹੈ।”ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਰਚ, 2026 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਸਿੰਚਾਈ ਪ੍ਰੋਜੈਕਟਾਂ ‘ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਹੋਰ ਖਾਲੇ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਕਾਰਜਸ਼ੀਲ ਹੋ ਜਾਣਗੀਆਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ‘ਤੇ ਵਿਕਸਿਤ ਕੀਤਾ ਗਿਆ ਹੈ ਅਤੇ ਇਹ ਪੰਜਾਬ ਦੇ ਸਿੰਚਾਈ ਨੈੱਟਵਰਕ ਨੂੰ ਆਧੁਨਿਕ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਇਸ ਢਾਂਚੇ ਦੀ ਵਿਆਪਕਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਤਹਿਤ ਸਮਰਪਿਤ ਯੋਜਨਾਵਾਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਲੰਬੇ ਸਮੇਂ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।ਉਨ੍ਹਾਂ ਕਿਹਾ, “ਇਹ ਸਿਰਫ਼ ਮੌਜੂਦਾ ਫ਼ਸਲੀ ਚੱਕਰ ਬਾਰੇ ਨਹੀਂ ਹੈ ਸਗੋਂ ਇਹ ਪੰਜਾਬ ਦੀ ਖੇਤੀਬਾੜੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਬਾਰੇ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਥਾਈ ਈਕੋਸਿਸਟਮ ਬਰਕਰਾਰ ਰੱਖਿਆ ਜਾ ਸਕੇ।”ਮੁੱਖ ਮੰਤਰੀ ਨੇ ਕਿਹਾ, “ਇਹ ਮੇਰਾ ਪਿੰਡ ਅਤੇ ਮੇਰੇ ਆਪਣੇ ਲੋਕ ਹਨ। ਮੈਂ ਇੱਥੇ ਸਾਰਿਆਂ ਨੂੰ ਨਿੱਜੀ ਤੌਰ ‘ਤੇ ਜਾਣਦਾ ਹਾਂ ਅਤੇ ਇਹ ਇਸ ਫੇਰੀ ਨੂੰ ਹੋਰ ਵੀ ਖਾਸ ਬਣਾਉਂਦਾ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ, “ਟਿਊਬਵੈੱਲਾਂ ਰਾਹੀਂ ਜ਼ਿਆਦਾ ਜ਼ਮੀਨੀ ਪਾਣੀ ਨਾ ਕੱਢੋ। ਅੱਜ ਬਚਾਈ ਗਈ ਹਰ ਬੂੰਦ ਸਾਡੇ ਭਵਿੱਖ ਦੀ ਰਾਖੀ ਕਰੇਗੀ।”ਹੋਰ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਨੈੱਟਵਰਕਾਂ ਦੇ ਨਾਲ-ਨਾਲ ਹਰ 20 ਮੀਟਰ ਦੇ ਅੰਤਰਾਲ ‘ਤੇ ਰੀਚਾਰਜ ਪੁਆਇੰਟ ਸਥਾਪਤ ਕੀਤੇ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਦੀ ਕੁਦਰਤੀ ਤੌਰ ‘ਤੇ ਭਰਪਾਈ ਵਿੱਚ ਮਦਦ ਮਿਲ ਸਕੇ।ਵਿਧਾਨਕ ਸੰਦਰਭ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਦਾ ਪਾਸ ਹੋਣਾ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ, “ਇਸ ਕਾਨੂੰਨ ਤਹਿਤ ਬੇਅਦਬੀ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਈ ਗਈ ਹੈ ਜਿਸ ਨਾਲ ਇੱਕ ਸਪੱਸ਼ਟ ਸੰਦੇਸ਼ ਮਿਲਦਾ ਹੈ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”  ਉਨ੍ਹਾਂ ਅੱਗੇ ਕਿਹਾ, “ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾ ਸਿਰਫ਼ ਧਰਮ ਦੇ ਖਿਲਾਫ ਅਪਰਾਧ ਹਨ ਸਗੋਂ ਮਨੁੱਖਤਾ ਖਿਲਾਫ ਵੀ ਅਪਰਾਧ ਹਨ, ਜਿਨ੍ਹਾਂ ਦਾ ਉਦੇਸ਼ ਅਕਸਰ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਹੁੰਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਹਮੇਸ਼ਾ ਨੇਕੀ ਅਤੇ ਏਕਤਾ ਦੇ ਰਾਹ ‘ਤੇ ਚੱਲਣ ਦੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ, “ਇਸ ਕਾਨੂੰਨ ਦੇ ਲਾਗੂ ਹੋਣ ਨਾਲ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ। ਇਹ ਇੱਕ ਮਜ਼ਬੂਤ ਰੋਕਥਾਮ ਉਪਾਅ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਅਜਿਹੇ ਘਿਨਾਉਣੇ ਕੰਮ ਦੁਬਾਰਾ ਨਾ ਹੋਣ।”ਇੱਕ ਹੋਰ ਵੱਡੇ ਸੁਧਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।” ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਇਸ ਸਮੇਂ ਲਾਗੂਕਰਨ ਦੇ ਪੜਾਅ ਅਧੀਨ ਹੈ ਅਤੇ ਜਲਦ ਹੀ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਨੁੱਖੀ ਜੀਵਨ ਲਈ ਜ਼ੋਖਮ ਨੂੰ ਖਤਮ ਕਰੇਗਾ, ਫਸਲਾਂ ਦੇ ਨੁਕਸਾਨ ਨੂੰ ਰੋਕੇਗਾ ਅਤੇ ਖੇਤੀਬਾੜੀ ਕਾਰਜਾਂ ਵਿੱਚ ਇਹਨਾਂ ਤਾਰਾਂ ਕਾਰਨ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰੇਗਾ। ਇਹ ਪ੍ਰਾਜੈਕਟ ਕਿਸਾਨਾਂ ਦੇ ਜੀਵਨ ਵਿੱਚ ਸਾਰਥਕ ਬਦਲਾਅ ਲਿਆਏਗਾ।”

Punjab

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ: ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਸਥਾਈ ਹੱਲ ਲਈ ਕੁੱਲ ਕਰੀਬ 25 ਕਰੋੜ ਰੁਪਏ ਦੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਕੇ ਇੱਕ ਸਾਲ ਦੇ ਅੰਦਰ-ਅੰਦਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਰੋਜ਼ਾਨਾ ਦੀ ਪਾਣੀ ਦੀ ਕਮੀ ਤੋਂ ਵੱਡੀ ਰਾਹਤ ਮਿਲੇਗੀ, ਸਗੋਂ ਸਿਹਤ ਅਤੇ ਜੀਵਨ ਮਿਆਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ। “ਸਾਫ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ,” ਉਨ੍ਹਾਂ ਕਿਹਾ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਸਦਾ ਲਾਭ ਪਹੁੰਚ ਸਕੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਅੰਤ ਵਿੱਚ, ਇਸ ਮੌਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦਾ ਤਹਿ ਦਿਲੋਂ ਸਵਾਗਤ ਕੀਤਾ।   

Punjab

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 30 ਅਪ੍ਰੈਲ – ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ ‘ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ ‘ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਸਮੇਤ ਪ੍ਰਮੁੱਖ ਲੋਹਾ ਅਤੇ ਸਟੀਲ ਬੈਲਟ ‘ਤੇ ਕੇਂਦਰਿਤ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ।” ਫੜੇ ਗਏ ਮਾਲ ਦੇ ਪੱਧਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਖੁਲਾਸਾ ਕੀਤਾ, “ਇਸ ਵਿਸ਼ੇਸ਼ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ। ਇਸ ਕਾਰਵਾਈ ਵਿੱਚ ਸ਼ਾਮਲ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸ ਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ। ਮੁੱਢਲੀ ਜਾਂਚ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਕਈ ਖੇਪਾਂ ਜਾਂ ਤਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ ਜਾਂ ਉਨ੍ਹਾਂ ਨਾਲ ਸ਼ੱਕੀ ਜਾਅਲੀ ਦਸਤਾਵੇਜ਼ ਲਗਾਏ ਗਏ ਸਨ।” ਵਿਭਾਗ ਦੀਆਂ ਅਗਲੀਆਂ ਕਾਰਵਾਈਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ, “ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤ੍ਰਿਤ ਪੜਤਾਲ ਅਤੇ ਫੈਸਲੇ ‘ਤੇ ਨਿਰਭਰ ਕਰੇਗਾ।” ਸਰਕਾਰੀ ਖਜ਼ਾਨੇ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅੱਗੇ ਕਿਹਾ, “ਇਨਫੋਰਸਮੈਂਟ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰੀ ਮਾਲੀਏ ਨੂੰ ਸੁਰੱਖਿਅਤ ਰੱਖਣ ਲਈ ਬਕਾਇਆ ਟੈਕਸ ਅਤੇ ਜੁਰਮਾਨੇ ਦੀ ਤੁਰੰਤ ਵਸੂਲੀ ਸਮੇਤ ਤੇਜ਼ੀ ਨਾਲ ਜਾਂਚ ਕਰਨ ਅਤੇ ਫੌਰੀ ਤੌਰ ‘ਤੇ ਅਗਲੀ ਕਾਰਵਾਈ ਨੂੰ ਅੰਜਾਮ ਦੇਣ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਜਾਅਲੀ ਬਿਲਿੰਗ ਜਾਂ ਬਿਨਾਂ ਅਧਿਕਾਰਤ ਮਨਜ਼ੂਰੀ ਤੋਂ ਮਾਲ ਦੀ ਢੋਆ-ਢੁਆਈ ਰਾਹੀਂ ਟੈਕਸ ਚੋਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੂਰੇ ਸੂਬੇ ਵਿੱਚ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ, ਅਤੇ ਸਾਰੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।” ਵਿੱਤ ਮੰਤਰੀ ਨੇ ਟੈਕਸ ਚੋਰਾਂ ਨੂੰ ਆਪਣੀ ਮਰਜ਼ੀ ਨਾਲ ਕਾਨੂੰਨ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਸਖ਼ਤ ਜੁਰਮਾਨੇ ਅਤੇ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕਰ ਵਿਭਾਗ ਟੈਕਸ ਚੋਰੀ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦੇ ਹੋਏ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਕਾਇਮ ਰੱਖੇਗਾ।

Punjab

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ:*-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ‘ਤੇ ਹਨ। ਜ਼ਿਲ੍ਹਾ ਅੰਮ੍ਰਿਤਸਰ ਅਤੇ ਜਲੰਧਰ ਤੋਂ ਬਾਅਦ ਅੱਜ ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਨਿਰੀਖਣ ਕੀਤਾ। ਸ੍ਰੀ ਗੋਇਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਸੰਜੀਦਾ ਉਪਰਾਲੇ ਕਰਦਿਆਂ ਏਨੀ ਵੱਡੀ ਰਕਮ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖ਼ਰਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਦੀਆਂ ਸਰਕਾਰ ਸਿਰਫ਼ ਹੜ੍ਹ ਰੋਕੂ ਕਾਰਜਾਂ ਦੀ ਖਾਨਾਪੂਰਤੀ ਲਈ ਹੀ ਕੰਮ ਕਰਦੀਆਂ ਸਨ, ਜਿਸ ਦਾ ਸੂਬਾ ਵਾਸੀਆਂ ਨੂੰ ਬਹੁਤ ਵੱਡਾ ਖ਼ਾਮਿਆਜ਼ਾ ਭੁਗਤਨਾ ਪੈਂਦਾ ਸੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਮਾਨਸੂਨ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਦੀ ਰੋਕਥਾਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਪਿੱਛੋਂ ਵਿਭਾਗ ਦੇ ਦੋ ਸੁਪਰੀਡੈਂਟਿੰਗ ਇੰਜੀਨੀਅਰਾਂ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਕਮੇਟੀ ਵੱਲੋਂ ਪੰਜਾਬ ਦੇ ਦਰਿਆਵਾਂ ‘ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਵਰਗੇ ਹਲਾਤਾਂ ਦੌਰਾਨ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ  ਅਧਿਕਾਰੀਆ ਨੂੰ ਸਖ਼ਤੀ ਨਾਲ ਕਿਹਾ ਕਿ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।    

Punjab

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਚਾਰ ਮੋਬਾਈਲ ਫੋਨ, ਇੱਕ ਸਿਮ-ਅਧਾਰਤ ਸੀਸੀਟੀਵੀ ਕੈਮਰੇ ਅਤੇ ਇੱਕ ਵਾਈਫਾਈ ਸੈੱਟ ਸਮੇਤ ਗ੍ਰਿਫਤਾਰ ਕਰਕੇ ਦੂਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਵੱਖ-ਵੱਖ ਥਾਵਾਂ ‘ਤੇ ਰਣਨੀਤਕ ਤੌਰ ‘ਤੇ ਸਿਮ-ਅਧਾਰਤ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ ਤਾਂ ਜੋ ਰੱਖਿਆ ਬਲਾਂ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਕੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜੀ ਜਾ ਸਕੇ। ਉਨ੍ਹਾਂ ਕਿਹਾ, “ਇਹ ਚੀਨੀ ਕੈਮਰੇ ਆਫ-ਗਰਿੱਡ ਨਿਗਰਾਨੀ ਲਈ ਉਚਿਤ ਹਨ ਕਿਉਂਕਿ ਇਹ ਰਵਾਇਤੀ ਵਾਇਰਿੰਗ ਦੀ ਬਜਾਏ 4ਜੀ ਕਨੈਕਟੀਵਿਟੀ ਅਤੇ ਸੂਰਜੀ ਊਰਜਾ ਰਾਹੀਂ ਕੰਮ ਕਰਦੇ ਹਨ।” ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ। ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ। ਕਪੂਰਥਲਾ ਮਾਡਿਊਲ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਆਰਮੀ ਕੈਂਟ ਨੇੜੇ ਨਿਗਰਾਨੀ ਸਬੰਧੀ ਸੂਚਨਾ ਦੇ ਆਧਾਰ ‘ਤੇ, ਮਾਡਲ ਟਾਊਨ, ਕਪੂਰਥਲਾ ਵਿਖੇ ਇੱਕ ਦੁਕਾਨ ‘ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਫੌਜੀ ਗਤੀਵਿਧੀਆਂ ਦੀ ਨਿਗਰਾਨੀ ਲਈ ਨੇੜਲੇ ਖੰਭੇ ‘ਤੇ ਸਿਮ-ਅਧਾਰਤ ਕੈਮਰਾ ਲਗਾਉਣ ਲਈ ਦੁਕਾਨ ਕਿਰਾਏ ‘ਤੇ ਲਈ ਸੀ। ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ‘ਫੌਜੀ’ ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਸੰਦੀਪ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ  ਵੀ ਸ਼ਾਮਲ ਸੀ, ਜਿਸਨੇ ਉਸੇ ਪਾਕਿਸਤਾਨੀ ਹੈਂਡਲਰ ਦੁਆਰਾ ਡਰੋਨ ਰਾਹੀਂ ਭੇਜੀ ਗਈ 1 ਕਿਲੋ ਹੈਰੋਇਨ ਅੱਗੇ ਸਪਲਾਈ ਕਰਨ ਲਈ 50,000 ਰੁਪਏ ਲਏ ਸਨ। ਇਸ ਸਬੰਧੀ ਦੋ ਵੱਖ-ਵੱਖ ਕੇਸ ਥਾਣਾ ਸਿਟੀ ਕਪੂਰਥਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ 61 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 138 ਮਿਤੀ 28/4/2026 ਅਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਬੀਐਨਐਸ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4, 5 ਅਤੇ 9 ਤਹਿਤ ਐਫਆਈਆਰ ਨੰਬਰ 26 ਮਿਤੀ 29/4/2026 ਦਰਜ ਕੀਤੇ ਗਏ ਹਨ।

Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਚੰਡੀਗੜ੍ਹ, 30 ਅਪ੍ਰੈਲ:-ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਪੀਐਸਈਬੀ ਦੀ ਵੈੱਬਸਾਈਟ ‘ਤੇ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ। ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2025 ਦਰਮਿਆਨ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਉਨ੍ਹਾਂ ਦੇ ਰੀਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖਤਮ ਹੋ ਗਏ ਹਨ ਜਾਂ ਜੋ ਆਪਣੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਇਸ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਹਨਾਂ ਨੇ ਮਾਰਚ 2010 ਅਤੇ ਮਾਰਚ 2026 ਦਰਮਿਆਨ ਪ੍ਰੀਖਿਆ ਦਿੱਤੀ ਸੀ ਅਤੇ ਫੇਲ੍ਹ ਹੋ ਗਏ ਸਨ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ। ਇਹ ਮੌਕਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟ੍ਰੀਮ ਦੇ ਵਿਦਿਆਰਥੀਆਂ ਲਈ ਵੀ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀ ਫਾਰਮ ਅਤੇ ਵਿਆਪਕ ਦਿਸ਼ਾ-ਨਿਰਦੇਸ਼ ਪੀਐਸਈਬੀ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਉਪਲਬਧ ਹਨ। ਸ. ਬੈਂਸ ਨੇ ਕਿਹਾ ਕਿ ਇਹ ਸਪੈਸ਼ਲ ਮਰਸੀ ਚਾਂਸ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਸਾਬਤ ਹੋਵੇਗਾ ਜੋ ਆਪਣੀ ਅਧੂਰੀ ਸਿੱਖਿਆ ਨੂੰ ਪੂਰਾ ਕਰਨਾ ਅਤੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਲਈ ਉਮੀਦ ਦੇ ਨਵੇਂ ਰਾਹ ਖੋਲ੍ਹ ਰਹੀ ਹੈ।  

Scroll to Top