Actionpunjab

Action Punjab Logo
Breaking News

Author name: Action Punjab

Action Punjab
Punjab

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਬਰਨਾਲਾ, 29 ਅਪ੍ਰੈਲ-    ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।       ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਸਬੰਧਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਵਿੱਚ ਤਾਇਨਾਤ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਨਾੜ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਨਾ ਆਵੇ।  ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਕੀਤਾ ਜਾਵੇ। 

Punjab

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 29 ਅਪ੍ਰੈਲ: ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਅਤਿ-ਆਧੁਨਿਕ ਜਿੰਮ ਸਥਾਪਤ ਕਰਨੇ ਅਤੇ ਖੇਡ ਕਿੱਟਾਂ ਦੀ ਵੰਡ ਕਰਨਾ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਇਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਨੌਜਵਾਨਾਂ ਨੂੰ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪਹੁੰਚਯੋਗ ਸਥਾਨ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਵਿੱਚ ਚਾਰਦਿਵਾਰੀ, ਗੇਟ, ਜੌਗਿੰਗ ਟਰੈਕ, ਪੱਧਰੇ ਖੇਡ ਮੈਦਾਨ, ਵਾਲੀਬਾਲ ਕੋਰਟ, ਸਟੋਰੇਜ ਰੂਮ ਅਤੇ ਬੂਟੇ ਲਗਾਉਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ “ਚੋਣਵੇਂ ਮਾਡਲ ਸਟੇਡੀਅਮਾਂ” ਨੂੰ ਟਰਫ ਅਤੇ ਹੋਰ ਉੱਨਤ ਬੁਨਿਆਦੀ ਢਾਂਚੇ ਨਾਲ ਵਿਕਸਤ ਕੀਤਾ ਜਾਵੇਗਾ। ਸ. ਸੌਂਦ ਨੇ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 3,000 ਅਤਿ-ਆਧੁਨਿਕ ਜਿੰਮ ਵੀ ਸਥਾਪਤ ਕੀਤੇ ਜਾਣਗੇ। ਪਹਿਲੇ ਪੜਾਅ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ 1,000 ਸਥਾਨਾਂ ‘ਤੇ ਜਿੰਮ ਸਥਾਪਤ ਕੀਤੇ ਜਾਣਗੇ। ਪਿੰਡਾਂ ‘ਚ ਬਣਾਏ ਜਾਣ ਵਾਲੇ ਜਿੰਮ ਵਿੱਚ ਬਾਰਬੈਲ, ਵੇਟਲਿਫਟਿੰਗ ਸੈੱਟ, ਬੈਂਚ, ਡੰਬਲ, ਕੇਟਲਬੈਲ, ਰੈਕ ਅਤੇ ਫਲੋਰ ਮੈਟ ਸਮੇਤ ਆਧੁਨਿਕ ਫਿਟਨੈਸ ਉਪਕਰਣ ਹੋਣਗੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਜ਼ਮੀਨੀ ਪੱਧਰ ‘ਤੇ ਗੁਣਵੱਤਾ ਵਾਲੇ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਵੰਡੇਗੀ। ਹਰੇਕ ਕਿੱਟ ਵਿੱਚ ਸਥਾਨਕ ਖਿਡਾਰੀਆਂ ਲਈ ਕ੍ਰਿਕਟ ਦਾ ਸਮਾਨ, ਵਾਲੀਬਾਲ ਅਤੇ ਫੁੱਟਬਾਲ ਸੈੱਟ ਸ਼ਾਮਲ ਹੋਵੇਗਾ। ਸ. ਸੌਂਦ ਨੇ ਅੱਗੇ ਕਿਹਾ, “ਸਾਡਾ ਧਿਆਨ ਸਿਰਫ਼ ਬੁਨਿਆਦੀ ਢਾਂਚੇ ਦੇ ਨਿਰਮਾਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਜ਼ਮੀਨੀ ਪੱਧਰ ‘ਤੇ ਇੱਕ ਮਜ਼ਬੂਤ ਖੇਡ ਸੱਭਿਆਚਾਰ ਤਿਆਰ ਕਰਨਾ ਹੈ। ਆਧੁਨਿਕ ਸਹੂਲਤਾਂ ਅਤੇ ਮਿਆਰੀ ਉਪਕਰਣ ਪ੍ਰਦਾਨ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪਿੰਡ ਦੇ ਹਰ ਨੌਜਵਾਨ ਨੂੰ ਖੇਡਾਂ ਅਤੇ ਚੰਗੀ ਸਿਹਤ ਦਾ ਬਰਾਬਰ ਮੌਕਾ ਮਿਲੇ। ਇਹ ਪਹਿਲ ਹੁਨਰ ਨੂੰ ਨਿਖਾਰਣ ਅਤੇ ਇੱਕ ਸਿਹਤਮੰਦ ਅਤੇ ਅਨੁਸ਼ਾਸਿਤ ਪੀੜ੍ਹੀ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।” ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੌਂਦ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਚੰਗੀ ਸਿਹਤ ਸਬੰਧੀ ਗਤੀਵਿਧੀਆਂ ਵੱਲ ਲਿਜਾ ਕੇ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਹੈ ਅਤੇ ਉਨ੍ਹਾਂ ਨੂੰ ਨਵੀਆਂ ਬੁਲੰਦੀਆਂ ਛੋਹਣ ਦੇ ਮੌਕੇ ਪ੍ਰਦਾਨ ਕਰਨਾ ਹੈ।  

Punjab

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਚੰਡੀਗੜ੍ਹ, 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋ ਰਿਹਾ ਹੈ, ਜੋ ਕਿ ਸੂਬੇ ਦੀ ਜਲ ਪ੍ਰਬੰਧਨ ਰਣਨੀਤੀ ਵਿੱਚ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਜਲ ਸਰੋਤਾਂ, ਖੇਤੀਬਾੜੀ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸਾਡਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ।” ਉਨ੍ਹਾਂ ਅੱਗੇ ਕਿਹਾ, “ਸਿੰਜਾਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦਾ ਇਤਿਹਾਸਕ ਨਿਵੇਸ਼ ਕੀਤਾ ਗਿਆ ਹੈ। ਇਸ ਸੀਜ਼ਨ ਵਿੱਚ 14,000 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਅਤੇ 4,000 ਕਿਲੋਮੀਟਰ ਨਵੀਆਂ ਨਹਿਰਾਂ ਦੇ ਨਿਰਮਾਣ ਨਾਲ 1 ਮਈ ਤੋਂ ਨਹਿਰਾਂ ਵਿੱਚ ਪੂਰਾ ਪਾਣੀ ਛੱਡਿਆ ਜਾਵੇਗਾ। ਫਾਜ਼ਿਲਕਾ ਅਤੇ ਅਬੋਹਰ ਵਰਗੇ ਟੇਲਾਂ ਉੱਤੇ ਪੈਂਦੇ ਖੇਤਰਾਂ ਨੂੰ ਵੀ 2 ਮਈ ਤੱਕ ਪਾਣੀ ਮਿਲ ਜਾਵੇਗਾ। ਪਾਣੀ ਰੀਚਾਰਜ ਕਰਨ ਦੇ ਯਤਨਾਂ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਦੇ ਨਾਲ ਬਿਜਲੀ ਬਚਾਉਣ ਅਤੇ ਮਜ਼ਦੂਰਾਂ ਲਈ ਸਹੂਲਤ ਯਕੀਨੀ ਬਣਾਉਣ ਲਈ ਝੋਨੇ ਦੀ ਬਿਜਾਈ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਅਤੇ 1 ਜੂਨ ਤੋਂ ਨਹਿਰੀ ਪਾਣੀ ਦੀ ਸਪਲਾਈ ਪੜਾਅਵਾਰ ਢੰਗ ਨਾਲ ਪ੍ਰਦਾਨ ਕੀਤੀ ਜਾਵੇਗੀ। ਮੈਂ ਇਹ ਵੀ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਆਸਟਰੇਲੀਆ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।” ਉਨ੍ਹਾਂ ਪੋਸਟ ਵਿੱਚ ਕਿਹਾ, “ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਪਾਣੀ ਦੀ ਹਰ ਬੂੰਦ ਨੂੰ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਪਹਿਲੀ ਮਈ ਤੋਂ ਸੂਬੇ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਪਾਣੀ ਦੀ ਹਰ ਬੂੰਦ ਬਚਾਉਣ ਲਈ ਵਚਨਬੱਧ ਹੈ। ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਦਿੱਤੀ ਗਈ, ਨਾ ਹੀ ਪਾਕਿਸਤਾਨ ਨੂੰ ਕੋਈ ਪਾਣੀ ਭੇਜਿਆ ਜਾ ਰਿਹਾ ਹੈ।” ਟਿਕਾਊ ਸਿੰਜਾਈ ਸਾਧਨਾਂ ਵੱਲ ਤਬਦੀਲੀ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਤੇ ਨਿਰਭਰਤਾ ਵਧਾਈ ਜਾਵੇ ਤਾਂ ਜੋ ਟਿਊਬਵੈੱਲਾਂਤੇ ਦਬਾਅ ਘਟਾਇਆ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਮਾਰਚ 2026 ਤੱਕ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਸਿੰਜਾਈ ਕਾਰਜਾਂ `ਤੇ 6,700 ਕਰੋੜ ਰੁਪਏ ਖ਼ਰਚ ਕੀਤੇ ਹਨ।” ਹੋਰ ਵਿਸਥਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਰਕਮ ਦੀ ਵਰਤੋਂ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਉਣ ਅਤੇ ਕਸੀਆਂ ਬਣਾਉਣ ਲਈ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਝੋਨੇ ਦੇ ਸੀਜ਼ਨ ਤੋਂ ਪਹਿਲਾਂ, 4,000 ਕਿਲੋਮੀਟਰ ਨਵੇਂ ਬਣੇ ਰਜਬਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਕਸੀਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਕਿਸੇ ਵੀ ਕਮੀ ਨੂੰ ਦੂਰ ਕੀਤਾ ਜਾ ਸਕੇ।” ਇਸ ਪਹਿਲਕਦਮੀ ਦੇ ਪੱਧਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਛੱਡਿਆ ਜਾ ਰਿਹਾ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਕਿਸਾਨਾਂ ਨੂੰ ਬਹੁਤ ਲਾਭ ਪਹੁੰਚਾਏਗਾ।” ਉਨ੍ਹਾਂ ਅੱਗੇ ਕਿਹਾ, “ਇਹ ਖਾਸ ਤੌਰ ਉੱਤੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਬਾਗਾਂ ਅਤੇ ਕਪਾਹ, ਮੱਕੀ ਅਤੇ ਚਾਰੇ ਵਰਗੀਆਂ ਫਸਲਾਂ ਦੀ ਬਿਜਾਈ ਦੇ ਨਾਲ-ਨਾਲ ਝੋਨੇ ਦੀ ਕਾਸ਼ਤ ਲਈ ਖੇਤ ਤਿਆਰ ਕਰਨ ਵਿੱਚ ਮਦਦ ਕਰੇਗਾ।” ਇਸ ਦੇ ਲੰਮੇ ਸਮੇਂ ਲਈ ਲਾਭਕਾਰੀ ਹੋਣ ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਣੀ ਵੱਖ-ਵੱਖ ਰੀਚਾਰਜ ਸਕੀਮਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ।” ਉਨ੍ਹਾਂ ਅੱਗੇ ਕਿਹਾ, “ਬਾਗਬਾਨੀ, ਖਾਸ ਕਰਕੇ ਫਾਜ਼ਿਲਕਾ ਅਤੇ ਅਬੋਹਰ ਇਲਾਕਿਆਂ ਵਿੱਚ ਇਸ ਨਾਲ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਹੁਣ ਟਿਊਬਵੈੱਲਾਂਤੇ ਨਿਰਭਰ ਨਹੀਂ ਰਹਿਣਾ ਪਵੇਗਾ।” ਧਰਤੀ ਹੇਠਲੇ ਪਾਣੀ ਦੀ ਸੰਭਾਲ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਦਾ ਵਜੂਦ ਇਸ ਦੇ ਪਾਣੀਆਂ ਨਾਲ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦੀ ਕੋਈ ਹੋਂਦ ਨਹੀਂ ਹੈ।” ਹੋਰ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਇੱਕ ਸਾਲ ਵਿੱਚ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ।” ਫਸਲ ਯੋਜਨਾਬੰਦੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਜ਼ੋਨ-ਵਾਰ ਕਾਸ਼ਤ ਸਹੀ ਯੋਜਨਾਬੰਦੀ ਅਤੇ ਪ੍ਰਬੰਧਾਂ ਨਾਲ ਕੀਤੀ ਜਾਵੇਗੀ।” ਮੁੱਖ ਮੰਤਰੀ ਨੇ ਕਿਹਾ, “ਸਾਰੇ ਜ਼ਿਲ੍ਹਿਆਂ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼਼ੁਰੂ ਹੋਵੇਗੀ, ਜਿਸ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਐਸ.ਏ.ਐਸ. ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ।” ਉਨ੍ਹਾਂ ਅੱਗੇ ਦੱਸਿਆ, “ਪੰਜ ਜੂਨ ਤੋਂ ਫ਼ਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਬਿਜਾਈ ਸ਼ੁਰੂ ਹੋ ਜਾਵੇਗੀ ਅਤੇ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ਼਼ੁਰੂ ਹੋ ਜਾਵੇਗੀ।”  

Punjab

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 29 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ।” ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ।”ਧੋਖੇਬਾਜ਼ ਟਰੈਵਲ ਏਜੰਟਾਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੇ ਭੋਲੇ-ਭਾਲੇ ਲੋਕ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਫਸ ਜਾਂਦੇ ਹਨ ਜੋ ਉਨ੍ਹਾਂ ਨੂੰ ਝੂਠੇ ਵਾਅਦਾ ਕਰਕੇ ਵਿਦੇਸ਼ ਭੇਜ ਦਿੰਦੇ ਹਨ। ਇਹ ਲੋਕ ਵੱਡੀਆਂ ਉਮੀਦਾਂ ਨਾਲ ਵਿਦੇਸ਼ ਚਲੇ ਜਾਂਦੇ ਹਨ ਪਰ ਅੰਤ ਵਿੱਚ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਅਜਿਹੇ ਦੁਖਾਂਤ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਪ੍ਰਤੀ ਨਾਗਰਿਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।ਨੌਜਵਾਨਾਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ।” 

Punjab

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹਨ।ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਨੂੰ ਰਾਸ਼ਟਰਪਤੀ ਭਵਨ ਤੋਂ ਪੁਸ਼ਟੀ ਹੋ ਗਈ ਹੈ ਅਤੇ 5 ਮਈ ਨੂੰ ਅਸੀਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸੱਤ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਛੇ ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਵਾਂਗੇ। ਇਹ ਸੰਸਦ ਮੈਂਬਰ ਜਿਨ੍ਹਾਂ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਕੀਤਾ ਹੈ, ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ ਹਨ।”ਉਨ੍ਹਾਂ ਅੱਗੇ ਕਿਹਾ, “ਜੋ ਲੋਕ ਇਸ ਦਲ ਬਦਲੀ ਨੂੰ ਅੱਜ-ਕੱਲ੍ਹ ਦਾ ਰੁਝਾਨ ਜਾਂ ਪਰੰਪਰਾ ਦੱਸ ਰਹੇ ਹਨ, ਉਹ ਲੋਕਾਂ ਦੇ ਫਤਵੇ ਪ੍ਰਤੀ ਇਸ ਗੰਭੀਰ ਅਣਦੇਖੀ ਨੂੰ ਜਾਇਜ਼ ਠਹਿਰਾ ਰਹੇ ਹਨ। ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਲੱਗਦਾ ਹੈ, ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਵਾਲੇ ਲੋਕ ਆਪਣੀ ਵਫ਼ਾਦਾਰੀ ਬਦਲਣ ਦੀ ਤਿਆਰੀ ਕਰ ਰਹੇ ਹਨ।”ਬਜਟ ਅਤੇ ਹਰੇਕ ਬਿੱਲ ਦਾ ਸੁਚਾਰੂ ਢੰਗ ਨਾਲ ਪਾਸ ਹੋਣਾ ਵਿਧਾਨ ਸਭਾ ਵਿੱਚ ਸਾਡੇ ਬਹੁਮਤ ਨੂੰ ਸਾਬਤ ਕਰਦਾ ਹੈ; ਆਲੋਚਕਾਂ ਨੂੰ ਪਹਿਲਾਂ ਕੇਂਦਰ ਦੀਆਂ ਅਧੂਰੀਆਂ ਗਰੰਟੀਆਂ ‘ਤੇ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਆਪਣੀ ਸਰਕਾਰ ਦੀ ਤਾਕਤ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਪੂਰਨ ਸਮਰਥਨ ਹੈ, ਜਿਸ ਕਰਕੇ ਫਲੋਰ ਟੈਸਟ ਦੀ ਕੋਈ ਵੀ ਮੰਗ ਬੇਲੋੜੀ ਹੈ। ਉਨ੍ਹਾਂ ਅੱਗੇ ਕਿਹਾ,”ਜਿੱਥੇ ਬਜਟ ਸੁਚਾਰੂ ਢੰਗ ਨਾਲ ਪਾਸ ਹੋਇਆ ਹੈ, ਉੱਥੇ ਹੀ ਹਰ ਛੋਟੇ ਜਾਂ ਵੱਡੇ ਬਿੱਲ ਨੇ ਸਫ਼ਲਤਾਪੂਰਵਕ ਫਲੋਰ ਟੈਸਟ ਪਾਸ ਕੀਤਾ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਸਰਕਾਰ ਕੋਲ ਸਦਨ ਵਿੱਚ ਪੂਰਨ ਬਹੁਮਤ ਹੈ।” ਆਲੋਚਕਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ, “ਜੋ ਲੋਕ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਤਰਕ ‘ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਸਾਡੇ ‘ਤੇ ਸਵਾਲ ਉਠਾਉਣ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਦਾ ਜਵਾਬ ਦੇਣਾ ਚਾਹੀਦਾ ਹੈ।”ਪੰਜਾਬ ਸਰਕਾਰ ਰੇਲਵੇ ਟਰੈਕ ਧਮਾਕੇ ਦੀ ਘਟਨਾ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਵਿੱਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਾਲ ਹੀ ਵਿੱਚ ਰੇਲਵੇ ਟਰੈਕ ਧਮਾਕੇ ਦੀ ਘਟਨਾ ‘ਤੇ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ “ਅਗਲੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”ਪਾਣੀ ਦੀ ਵੰਡ ਦੇ ਮੁੱਦੇ ‘ਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੇ ਇਸ ਸਾਲ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਵਧੇਰੇ ਸਮਝਦਾਰੀ ਨਾਲ ਕੀਤੀ ਹੈ, ਜਿਸ ਨਾਲ ਵਿਵਾਦਾਂ ਤੋਂ ਬਚਾਅ ਰਿਹਾ ਹੈ।ਕੇਂਦਰ ਨੇ ਅਨਾਜ ਦੀ ਚੁਕਾਈ ਨੂੰ ਤੇਜ਼ ਕੀਤਾ; ਝੋਨੇ ਦੀ ਸਟੋਰੇਜ ਨੂੰ ਯਕੀਨੀ ਬਣਾਉਣ ਲਈ 290 ਵਿਸ਼ੇਸ਼ ਰੇਲਗੱਡੀਆਂ ਲਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ, ਪੰਜਾਬ ‘ਚੋਂ ਅਨਾਜ ਦੀ ਚੁਕਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਰਾਜ ਤੋਂ ਅਨਾਜ ਦੀ ਢੋਆ-ਢੁਆਈ ਲਈ 290 ਵਿਸ਼ੇਸ਼ ਰੇਲਗੱਡੀਆਂ ਇਸ ਕਾਰਜ ਵਿੱਚ ਲਗਾਈਆਂ ਗਈਆਂ ਹਨ, ਜਿਸ ਨਾਲ ਝੋਨੇ ਦੀ ਫਸਲ ਲਈ ਢੁਕਵੀਂ ਸਟੋਰੇਜ ਯਕੀਨੀ ਬਣੇਗੀ।” 

Punjab

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਪ੍ਰੈਲ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ  ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ। ਸ. ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।  

Punjab

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:ਸ਼ੰਭੂ ਰੇਲਵੇ ਟਰੈਕ ‘ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇਡ, ਪੰਜ ਮੈਗਜ਼ੀਨਾਂ ਅਤੇ 84 ਜ਼ਿੰਦਾ ਕਾਰਤੂਸ ਸਮੇਤ ਤਿੰਨ ਪਿਸਤੌਲਾਂ – ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ-18 ਸੀਐਕਸ ‘ਆਸਟ੍ਰੀਆ’, ਇੱਕ .30 ਬੋਰ ਪੀਐਕਸ5 ਸਟੌਰਮ ਅਤੇ ਇੱਕ .30 ਬੋਰ ਸਟਾਰ ਮਾਰਕ— ਸ਼ਾਮਲ ਹਨ, ਤੋਂ ਇਲਾਵਾ ਦੋ ਵਾਇਰਲੈੱਸ ਸੈੱਟ ਬਾਓਫੇਂਗ, ਇੱਕ ਹੈੱਡਫੋਨ ਅਤੇ ਦੋ ਟਾਈਮਰ ਸਵਿੱਚ ਸ਼ਾਮਲ ਹਨ। ਇਹ ਸਫ਼ਲਤਾ ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਹੋਏ ਧਮਾਕੇ, ਜਿਸ ਵਿੱਚ ਆਈਈਡੀ ਫਿੱਟ ਕਰਨ ਦੀ ਕੋਸ਼ਿਸ਼ ਵਿੱਚ ਇਸਦੇ ਸਮੇਂ ਤੋਂ ਪਹਿਲਾਂ ਫਟਣ ਕਰਕੇ ਜਗਰੂਪ ਸਿੰਘ ਉਰਫ਼ ਜੂਪਾ ਦੀ ਮੌਤ ਹੋ ਗਈ ਸੀ, ਦੀ ਜਾਂਚ ‘ਚ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ ਬੱਗਾ, ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਤਕਨੀਕੀ ਵਾਲੇ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਬਰਾਮਦਗੀ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਤਨਾਮ ਉਰਫ ਸੱਤਾ ਦੇ ਖੁਲਾਸਿਆਂ ਦੇ ਅਧਾਰ ‘ਤੇ ਹੋਈ ਹੈ, ਜੋ ਆਈਈਡੀ ਫਿੱਟ ਕਰਦਿਆਂ ਮਰਨ ਵਾਲੇ ਮੁੱਖ ਦੋਸ਼ੀ ਜਗਰੂਪ ਸਿੰਘ ਦਾ ਭਰਾ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਅੱਤਵਾਦੀ ਮਾਡਿਊਲ ਨੂੰ ਮਲੇਸ਼ੀਆ ਸਥਿਤ ਇੱਕ ਸੰਸਥਾ ਦੁਆਰਾ ਸਮਰਥਨ ਪ੍ਰਾਪਤ ਸੀ, ਜਿਸ ਵੱਲੋਂ ਇਸ ਮਾਡਿਊਲ ਨੂੰ ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਰਾਹੀਂ ਮਲੇਸ਼ੀਆਂ ਜ਼ਰੀਏ ਵਿੱਤੀ ਸਹਾਇਤਾ ਭੇਜੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜੁਝਾਰ ਸਿੰਘ, ਜੋ ਇਸ ਮਾਡਿਊਲ ਦੇ ਸੰਚਾਲਕਾਂ ਨੂੰ ਕੰਟਰੋਲ ਕਰ ਰਿਹਾ ਸੀ, ਅਮਰੀਕਾ ਸਥਿਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਪਹਿਲਾਂ ਕਈ ਅੱਤਵਾਦੀ ਮਾਡਿਊਲਾਂ ਵਿੱਚ ਸ਼ਾਮਲ ਰਿਹਾ ਹੈ, ਦੇ ਸੰਪਰਕ ਵਿੱਚ ਸੀ,  ਜਦੋਂ ਕਿ ਪਾਕਿਸਤਾਨ ਸਥਿਤ ਰਣਜੀਤ ਸਿੰਘ ਉਰਫ਼ ਨੀਟਾ- ਇੱਕ ਮਨੋਨੀਤ ਵਿਅਕਤੀਗਤ ਅੱਤਵਾਦੀ – ਵੀ ਇੱਕ ਖੁਫ਼ੀਆਂ ਨੈੱਟਵਰਕ ਜ਼ਰੀਏ ਇਸ ਮਾਡਿਊਲ ਦੇ ਸੰਪਰਕ ਵਿੱਚ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਜਾਂਚ ਵਿੱਚ 23 ਜਨਵਰੀ, 2026 ਨੂੰ ਹੋਏ ਸਰਹਿੰਦ ਰੇਲਵੇ ਟਰੈਕ ਆਈਈਡੀ ਬਲਾਸਟ ਕੇਸ ਅਤੇ 6-7 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਸੀਆਈਏ ਮੋਗਾ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਇਸ ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਖੁਲਾਸਾ ਕੀਤਾ ਹੈ ਕਿ ਇਸ ਖੇਪ ਦਾ ਵੱਡਾ ਹਿੱਸਾ ਉਸਨੇ ਅਤੇ ਜਗਰੂਪ ਸਿੰਘ ਨੇ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਆਪਣੇ ਤਬੇਲੇ ਅਤੇ ਕਾਰ ਵਿੱਚ ਛੁਪਾਇਆ ਸੀ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਖੁਲਾਸੇ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਅਤੇ ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨਾਂ ਦੀ ਤਲਾਸ਼ੀ ਲੈਣ ਲਈ ਇੱਕ ਸਾਂਝੀ ਟੀਮ ਬਣਾਈ ਅਤੇ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕਰਨ ਵਿੱਚ ਸਫ਼ਲ ਰਹੇ। ਇਸ ਸਬੰਧ ਵਿੱਚ  ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 111 , ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13, 16, 18 ਤੇ 20 ਤਹਿਤ ਪੁਲਿਸ ਸਟੇਸ਼ਨ ਕੋਤਵਾਲੀ ਪਟਿਆਲਾ ਵਿਖੇ ਪਹਿਲਾਂ ਹੀ ਐਫਆਈਆਰ ਨੰਬਰ 76 ਮਿਤੀ 28-4-2026 ਦਰਜ ਹੈ।  

Punjab

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

*ਚੰਡੀਗੜ੍ਹ/ਜਲੰਧਰ, 29 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ‘ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ ‘ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਬੰਨ੍ਹ ਦੀ ਚੌੜਾਈ ਨੂੰ 6-7 ਫੁੱਟ ਤੋਂ ਵਧਾ ਕੇ 22 ਫੁੱਟ ਕਰ ਦਿੱਤਾ ਗਿਆ ਹੈ, ਜਦਕਿ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ ਮਜ਼ਬੂਤੀਕਰਨ ਦੇ ਕੰਮਾਂ ‘ਤੇ 16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਮਾਨਸੂਨ ਤੋਂ ਪਹਿਲਾਂ ਮੁਕੰਮਲ ਹੋ ਜਾਣਗੇ। ਆਪਣੇ ਦੌਰੇ ਦੌਰਾਨ ਸ੍ਰੀ ਗੋਇਲ ਨੇ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠਾਂ ਚੱਲ ਰਹੇ ਗਾਰ ਕੱਢਣ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਭਾਰੀ ਬਾਰਸ਼ ਦੌਰਾਨ ਦਰਿਆ ਦੇ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਲਈ ਚੈਨਲ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗਿੱਦੜਪਿੰਡੀ ਵਿੱਚ ਮੌਜੂਦਾ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਣਾਏ ਜਾ ਰਹੇ ਐਕਸਟੈਂਸ਼ਨ ਬੰਨ੍ਹ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜੋ ਪਿਛਲੇ ਸਮੇਂ ਕਟਾਅ ਕਾਰਨ ਕਮਜ਼ੋਰ ਹੋ ਗਿਆ ਸੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਮੰਡਲਾ ਛੰਨਾ ਵਿੱਚ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਚੱਲ ਰਹੇ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰਾਜੈਕਟਾਂ ਵਿੱਚ ਲਿਆਂਦੀ ਜਾਵੇ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸ਼੍ਰੀ ਗੋਇਲ ਨੇ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਸਬੰਧੀ ਕਈ ਉਪਾਅ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਕਈ ਚੱਲ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੜ੍ਹ ਨਾਲ ਸਬੰਧਤ ਜੋਖਮਾਂ ਤੋਂ ਵਸਨੀਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਮੰਡਾਲਾ ਛੰਨਾ ਦੇ ਸਰਪੰਚ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਇੰਨੀ ਵੱਡੀ ਪੱਧਰ ‘ਤੇ ਹੜ੍ਹ ਰੋਕਥਾਮ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।  

Punjab

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਓਐੱਸਡੀ ਰਾਜਵੀਰ ਵੀ ਮੌਜੂਦ ਸਨ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ ‘ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤਪਾਲ ਸਿੰਘ ਵਰਗੇ ਜ਼ਮੀਨ ਨਾਲ ਜੁੜੇ ਖਿਡਾਰੀਆਂ ਦੇ ਆਉਣ ਨਾਲ ਪਾਰਟੀ ਦੀਆਂ ਜੜ੍ਹਾਂ ਹੋਰ ਡੂੰਘੀਆਂ ਹੋਣਗੀਆਂ। ਦੂਜੇ ਪਾਸੇ ਪਹਿਲਵਾਨ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਉਨ੍ਹਾਂ ਦੇ ਮਿਸ਼ਨ ਨੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਸੰਕਲਪ ਲਿਆ ਕਿ ਉਹ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਜਨਹਿੱਤ ਦੇ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਸਿਆਸੀ ਭਵਿੱਖ ਦੀ ਕਾਮਨਾ ਕੀਤੀ। 

Punjab

ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

 ਚੰਡੀਗੜ੍ਹ, 29 ਅਪ੍ਰੈਲ: ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ ‘ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ ‘ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ ‘ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ ‘ਤੇ ਹੈ। ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ। ਭੁਗਤਾਨ ਦੇ ਮਾਮਲੇ ਵਿੱਚ 25000 ਕਰੋੜ ਰੁਪਏ ਤੋਂ ਵੱਧ ਦਾ ਘੱਟੋ-ਘੱਟ ਸਮਰਥਨ ਮੁੱਲ ਮਨਜ਼ੂਰ ਹੋ ਚੁੱਕਾ ਹੈ, ਜਿਸ ਵਿੱਚੋਂ 24000 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਅਤੇ ਲਗਭਗ 986 ਆਰਜ਼ੀ ਯਾਰਡਾਂ  ਦੇ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ।  

Scroll to Top