Actionpunjab

Action Punjab Logo
Breaking News

Author name: Action Punjab

Action Punjab
Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 28 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 23,747 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਅਤੇ ਅੰਮ੍ਰਿਤਸਰ ਕਲੱਸਟਰ ਵਿੱਚੋਂ 154 ਯਾਤਰਾਵਾਂ ਨਾਲ 6,160 ਸ਼ਰਧਾਲੂਆਂ ਨੂੰ ਦਰਸ਼ਨ-ਦੀਦਾਰੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਇਨ੍ਹਾਂ ਕਲੱਸਟਰਾਂ ਵਿੱਚੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਗਈ। ਉਨ੍ਹਾਂ ਦੱਸਿਆ ਕਿ 27 ਨਵੰਬਰ, 2023 ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਮੁੱਖ ਮੰਤਰੀ ਤੀਰਥ ਯਾਤਰਾ” ਦੇ ਪਹਿਲੇ ਪੜਾਅ ਤਹਿਤ ਲਗਭਗ 35,500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ ਮੰਦਿਰ, ਮਥੁਰਾ ਅਤੇ ਸ੍ਰੀ ਵ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ), ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ ਅਤੇ ਮਾਤਾ ਵੈਸ਼ਨੋ ਦੇਵੀ ਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅਕਤੂਬਰ 2025 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ ‘ਤੇ ਲਿਜਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਗਿਆ।  

Punjab

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

*ਚੰਡੀਗੜ੍ਹ, 28 ਅਪ੍ਰੈਲ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ। ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ।  

Punjab

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ:– ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ ‘ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ ਪੁਛ ਪੜਤਾਲ ਕੀਤੀ। ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸ ਤਹਿਤ ਪੂਰੇ ਸੂਬੇ ਵਿਚ ਸੜਕਾਂ ਦਾ ਨਵੀਨੀਕਰਨ ਦਾ ਕਾਰਜ ਜੰਗੀ ਪੱਧਰ ‘ਤੇ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ ਇਹ ਵੀ ਦੱਸਿਆ ਗਿਆ ਕਿ ਇਕ ਕਿਲੋਮੀਟਰ ਪਲਾਨ ਰੋਡ(18 ਫੁੱਟੀ) ਉਤੇ 450 ਟਨ ਪ੍ਰੀਮਿਕਸ ਮਾਲ ਪੈਂਦਾ ਹੈ ਅਤੇ ਇਸ ਸਮੇਂ ਸੂਬੇ ਵਿੱਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਰਾਜ ਭਰ ਦੇ ਹੋਟ ਟਾਈਪ ਮਿਕਸ ਪਲਾਂਟ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਪਲਾਂਟ ਨੂੰ ਸਵੇਰੇ 5 ਵਜੇ ਚਾਲੂ ਕਰ ਲਿਆ ਕਰ ਲੈਣ ਤਾਂ ਜ਼ੋ ਹੋਟ ਮਿਕਸ ਪਲਾਂਟ ਦੀ ਸਮਰੱਥਾ ਹੋਰ ਵਧ ਸਕੇ। ਖਾੜੀ ਮੁਲਕਾਂ ਵਿੱਚ ਜੰਗੀ ਹਲਾਤਾਂ ਦੇ ਮੱਦੇਨਜ਼ਰ ਸੜਕ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਉਪਲਬੱਧਤਾ ਰਿਫਾਇਨਰੀਆਂ ਨਾਲ ਤਾਲਮੇਲ ਰੱਖ ਕੇ ਸੁਨਿਸ਼ਚਿਤ ਕੀਤੀ ਜਾ ਰਹੀ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਸੜਕਾਂ ਦੇ ਨਿਰਮਾਣ ਦਾ ਕਾਰਜ ਜੰਗੀ ਪੱਧਰ ਤੇ ਚਲ ਰਿਹਾ ਹੈ ਤਾਂ ਜੋ ਮਾਨਸੂਨ ਦੀ ਆਮਦ ਤੋਂ ਪਹਿਲਾਂ 30 ਜੂਨ 2026 ਤੱਕ ਇਹ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਸਕੇ। ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਚੰਗੇ ਮਿਆਰ ਦੇ ਕੰਮ ਕਰਨ ਬਾਰੇ ਵੀ ਸੁਚੇਤ ਕੀਤਾ।   ਇਸ ਮੌਕੇ ਵਿਭਾਗ ਦੇ ਇੰਜਨੀਅਰ ਸਨ ਚੀਫ਼ ਗਗਨਦੀਪ ਸਿੰਘ ਸਮੇਤ ਚੀਫ਼ ਇੰਜੀਨੀਅਰ, ਐਕਸੀਅਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।  

Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ‘ਤੇ ਪੂਰੀ ਤਰ੍ਹਾਂ ਨਕੇਲ ਪਾਉਣ ਲਈ ਪੁਲਿਸ ਵੱਲੋਂ ਖਾਸ ਮੁਹਿੰਮ ਚਲਾਈ ਜਾ ਰਹੀ ਹੈ। ਸਰਤਾਜ ਸਿੰਘ ਚਾਹਲ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤੌਰ ‘ਤੇ ਪੁਲਿਸ ਨਾਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਜ ਵਿਰੋਧੀ ਤੱਤਾਂ ਦਾ ਖੁਰਾ ਖੋਜ ਮਿਟਾਇਆ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਇਸ ਦੌਰਾਨ ਵੀਡੀਸੀਜ਼ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਜੋ ਇਸ ਮੁਹਿੰਮ ਦੀ ਸਫਲਤਾ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਜਿੱਤਣ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਏ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਵੇ। ਮੀਟਿੰਗ ਦੌਰਾਨ ਏਡੀਸੀ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਪਾਪੜਾ ਸਮੇਤ ਸਮੂਹ ਐਸ ਡੀ ਐਮਜ਼, ਡੀਐਸਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

Punjab

ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

ਬਰਨਾਲਾ, 28 ਅਪ੍ਰੈਲ-       ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ ‘ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।   ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ‘ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਗਿਆ ਹੈ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਫ਼ਸਰ ਨਿਯੁਕਤ ਕੀਤੇ ਹੋਏ ਹਨ ਜੋ ਫੀਲਡ ਵਿੱਚ ਰਹਿ ਕੇ ਅਜਿਹੇ ਮਾਮਲਿਆਂ ਉੱਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਓਹਨਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਪਿਛਲੇ ਸਮੇਂ ਪਰਾਲੀ ਨੂੰ ਅੱਗ ਲਾਉਣ ਦੇ ਜਿਆਦਾ ਮਾਮਲੇ ਆਏ ਸਨ, ਓਹਨਾਂ ਦੀ ਵਿਸ਼ੇਸ਼ ਨਜ਼ਰਸਾਨੀ ਕੀਤੀ ਜਾ ਰਹੀ ਹੈ। ਓਹਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਣ ਫੈਲਦਾ ਹੈ, ਓਥੇ ਮਨੁੱਖੀ ਸਿਹਤ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।  ਓਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜੇ ਕਰਨ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

Punjab

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ  28 ਅਪ੍ਰੈਲ-                             ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।                        ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵਲੋ 143768 ਮੀਟਰਕ ਟਨ, ਮਾਰਕਫੈਡ  ਏਜੰਸੀ ਵਲੋ 152910 ਮੀਟਰਕ ਟਨ, ਪਨਸਪ ਏਜੰਸੀ ਵਲੋ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵਲੋ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ                         ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ੲੈਜੰਸੀਆਂ ਵਲੋਂ  226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵਲੋਂ  1240.553389 ਕਰੋੜ ਰੁਪਏ ਦੀ  ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।                         ਉਹਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੁਆ—ਢੁਆਈ ਲਈ ਤਕਰੀਬਨ  772 ਟਰਕਾਂ ਅਤੇ ਵਹੀਕਲਾਂ ਤੇ  ਵੀ.ਟੀ.ਐਸ / ਜੀ.ਪੀ.ਐਸ ਟਰੇਕਿੰਗ ਸਿਸਟਮ ਲਗਾ ਕੀਤੀ ਜਾ ਰਹੀ ਹੈ ਤਾਂ ਜੋ ਢੋਆਂ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ । ਉਹਨਾਂ ਇਹ ਵੀ ਦੱਸਿਆਂ ਕਿ ਲਿਫਟਿੰਗ ਦੀ ਕੋਈ ਸਮੱਸਿਆਂ ਨਹੀਂ ਹੈ । 

Punjab

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਚੰਡੀਗੜ੍ਹ, 28 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ ਹੈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਆਪਣੇ ਯੋਗਦਾਨ ਰਾਹੀਂ ਸੇਵਾ ਅਤੇ ਸਮਰਪਣ ਦੀਆਂ ਬੇਮਿਸਾਲ ਉਦਾਹਰਣਾਂ ਸਥਾਪਤ ਕਰਨ ਲਈ ਇਸ ਪੁਰਸਕਾਰ ਵਾਸਤੇ ਚੁਣੀਆਂ ਗਈਆਂ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਵਿਸ਼ੇਸ਼ ਸਮਾਰੋਹ ਦੇ ਆਯੋਜਨ ਲਈ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸਨਮਾਨ ਦਾ ਪਲ ਹੈ ਕਿ ਉਹ ਸਭ ਤੋਂ ਯੋਗ ਸ਼ਖਸੀਅਤਾਂ ਨੂੰ ‘ਭਾਰਤ ਵਿਭੂਸ਼ਣ ਸਨਮਾਨ 2026’ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੰਚ ‘ਤੇ ਅਜਿਹੀਆਂ ਬੇਮਿਸਾਲ ਸ਼ਖਸੀਅਤਾਂ ਨੂੰ ‘ਭਾਰਤ ਵਿਭੂਸ਼ਣ ਸਨਮਾਨ’ ਵਰਗੇ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਸੱਚਮੁੱਚ ਸਾਡੇ ਸਾਰਿਆਂ ਲਈ ਇੱਕ ਪ੍ਰੇਰਨਾਦਾਇਕ ਪਲ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪੁਰਸਕਾਰ ਵੰਡ ਸਮਾਰੋਹ ਨਹੀਂ ਹੈ ਬਲਕਿ ਇਹ ਭਾਰਤ ਦੇ ਬੇਮਿਸਾਲ ਹੁਨਰ ਅਤੇ ਅਟੁੱਟ ਸਮਰਪਣ ਨੂੰ ਵੀ ਦਰਸਾਉਂਦਾ ਹੈ। ਸਾਡੇ ਸਤਿਕਾਰਯੋਗ ਗੁਰੂਆਂ ਨੇ ਸਾਨੂੰ ‘ਸਰਬੱਤ ਦਾ ਭਲਾ’  (ਸਾਰਿਆਂ ਦੀ ਭਲਾਈ) ਦਾ ਰਾਹ ਦਿਖਾਇਆ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਇੱਥੇ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖਸੀਅਤਾਂ ਨੇ ਨਿਰਸਵਾਰਥ ਸੇਵਾ ਨੂੰ ਆਪਣੇ ਜੀਵਨ ਦਾ ਅੰਤਮ ਉਦੇਸ਼ ਬਣਾਇਆ ਹੈ। ਇਹ ਉੱਘੇ ਵਿਅਕਤੀ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਹੋਣ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਸਮਾਜ ਲਈ ਪ੍ਰੇਰਨਾਦਾਇਕ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ, ਵਿਗਿਆਨ, ਕਲਾ, ਸਾਹਿਤ, ਸਮਾਜ ਸੇਵਾ, ਉਦਯੋਗ ਜਾਂ ਕਿਸੇ ਹੋਰ ਖੇਤਰ ਦਾ ਹਿੱਸਾ ਹੋਣ ਦੇ ਨਾਤੇ ਸਾਰਿਆਂ ਨੇ ਆਪਣੀ ਅਣਥੱਕ ਮਿਹਨਤ, ਸਮਰਪਣ ਅਤੇ ਦੂਰਦਰਸ਼ਤਾ ਦੁਆਰਾ ਸਮਾਜ, ਸੂਬੇ ਅਤੇ ਦੇਸ਼ ਲਈ ਨਾਮਣਾ ਖੱਟਿਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਤੁਹਾਡੀਆਂ ਪ੍ਰਾਪਤੀਆਂ ਤੋਂ ਸਾਬਤ ਹੁੰਦਾ ਹੈ ਕਿ ਸੱਚੇ ਜਜ਼ਬੇ ਅਤੇ ਵਚਨਬੱਧਤਾ ਨਾਲ ਕੋਈ ਵੀ ਟੀਚਾ ਸਰ ਕੀਤਾ ਜਾ ਸਕਦਾ ਹੈ। ਤੁਸੀਂ ਨਾ ਸਿਰਫ਼ ਨਿੱਜੀ ਸਫਲਤਾ ਹਾਸਲ ਕੀਤੀ ਸਗੋਂ ਸਮਾਜ ਅਤੇ ਰਾਸ਼ਟਰ ਦੋਵਾਂ ਦੇ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਅੱਜ ਦੇ ਸਮਾਰੋਹ ਦੇ ਪ੍ਰਬੰਧਕ, ਆਈਐਸਐਚਆਰਈ ਨਾਲ ਜੁੜੀਆਂ ਸਾਰੀਆਂ ਉੱਘੀਆਂ ਸ਼ਖਸੀਅਤਾਂ ਨੂੰ ਅਜਿਹੇ ਸਫਲ ਸਮਾਗਮ ਕਰਵਾਉਣ ਲਈ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਸੰਸਥਾ ਦੇ ਇਸ ਸ਼ਲਾਘਾਯੋਗ ਯਤਨ ਲਈ ਧੰਨਵਾਦ ਕੀਤਾ ਜੋ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਪਿਛੋਕੜਾਂ ਵਾਲੇ ਹੁਨਰਮੰਦਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਦੀ ਹੈ ਅਤੇ “ਅਨੇਕਤਾ ਵਿੱਚ ਏਕਤਾ” ਦੀ ਸਾਡੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਯਤਨ ਅਤੇ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੇਹੱਦ ਸੁਭਾਗਾ ਹੈ ਕਿ ਦੇਸ਼ ਨੂੰ ਆਈਐਸਐਚਆਰਈ ਵਰਗੇ ਸਮਾਜਿਕ ਤੌਰ ‘ਤੇ ਚੇਤੰਨ ਸੰਗਠਨ ਦੀ ਨਿਰਸਵਾਰਥ ਸੇਵਾ ਤੋਂ ਲਾਭ ਪ੍ਰਾਪਤ ਹੁੰਦਾ ਹੈ। ਇਹ ਸੰਸਥਾ ਨਾ ਸਿਰਫ਼ ਸਾਡੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ, ਔਰਤਾਂ ਅਤੇ ਬੱਚਿਆਂ ਨੂੰ ਉੱਤਮ ਸੇਵਾਵਾਂ ਪ੍ਰਦਾਨ ਕਰਦੀ ਹੈ ਸਗੋਂ ਸਿੱਖਿਆ, ਸਿਹਤ ਸੰਭਾਲ, ਜਾਨਵਰਾਂ ਦੀ ਭਲਾਈ, ਤਕਨਾਲੋਜੀ, ਮੀਡੀਆ ਅਤੇ ਸਾਹਿਤ ਸਮੇਤ ਸਮਾਜ ਦੇ ਲਗਭਗ ਹਰ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹੁਨਰਮੰਦ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਨਮਾਨਿਤ ਕਰਨ ਲਈ ਵੀ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਈਐਸਐਚਆਰਈ ਦੇ ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਉੱਤਮਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਦੇ ਰਹਿਣਗੇ ਅਤੇ ਦੇਸ਼ ਦਾ ਸਿਰ ਉੱਚਾ ਕਰਦੇ ਰਹਿਣਗੇ।   ਇਨਾਮ ਵੰਡ ਸਮਾਰੋਹ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਅਧਿਆਤਮਿਕ ਗੁਰੂ ਸਵਾਮੀ ਬ੍ਰਹਮ ਮੁਨੀ ਜੀ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਅਧਿਆਤਮਿਕ ਗੁਰੂ ਬ੍ਰਹਮ ਮੁਨੀ ਜੀ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ। ਇਸ ਤੋਂ ਇਲਾਵਾ ਆਈਐਸਐਚਆਰਈ ਨੇ ਵੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਕੱਤਰ ਪੰਜਾਬ ਵਿਧਾਨ ਸਭਾ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ। ਸਮਾਰੋਹ ਦੇ ਅਖੀਰ ਵਿੱਚ, ਉਨ੍ਹਾਂ ਨੇ ਇੱਕ ਵਾਰ ਫਿਰ ਸਾਰੇ ਪੁਰਸਕਾਰ ਜੇਤੂਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।  

Punjab

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਚੰਡੀਗੜ੍ਹ, 28 ਅਪ੍ਰੈਲ– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ  ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ  ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ 2026 ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਲੋੜੀਂਦੇ ਫੰਡਾਂ ਦੀ ਸਰਕਾਰ ਕੋਲ ਕੋਈ ਕਮੀ ਨਹੀਂ ਹੈ ਅਤੇ ਕੰਮਾਂ ਨੂੰ ਪੂਰੇ ਜੋਰ ਨਾਲ ਮਿੱਥੋ ਗਏ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।  ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਬਠਿੰਡਾ ਰਿਫਾਇਨਰੀ ਤੋਂ ਲੁੱਕ ਦੀ ਉਪਲੱਬਧਤਾ ਨਾ ਹੋਣ ਕਾਰਨ ਕੰਮ ਵਿੱਚ ਆਈ ਖੜੌਤ ਨੂੰ ਖ਼ਤਮ ਨੂੰ ਕਰਨ ਲਈ  ਪਾਨੀਪਤ, ਮਥੁਰਾ ਰਿਫਾਇਨਰੀ ਜਾਂ ਹੋਰ ਸਰੋਂਤਾ ਤੋਂ ਲੁੱਕ ਦੀ ਸਪਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ। ਮੀਟਿੰਗ ਵਿੱਚ ਸਪੈਸ਼ਲ ਸੱਕਤਰ ਲੋਕ ਨਿਰਮਾਣ ਸ਼੍ਰੀਮਤੀ ਹਰਗੁਨਜੀਤ ਕੌਰ, ਸੰਯੁਕਤ ਸੱਕਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ ਇੰਨ ਚੀਫ ਸ਼੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ਼੍ਰੀ ਅਨਿਲ ਗੁਪਤਾ, ਸਮੂਹ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ।  

Punjab

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

*ਚੰਡੀਗੜ੍ਹ/ਅੰਮ੍ਰਿਤਸਰ, 28 ਅਪ੍ਰੈਲ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ। ਦੱਸ ਦੇਈਏ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ ‘ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ ‘ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ। ਇਨ੍ਹਾਂ ਕਮੇਟੀਆਂ ਨੇ 132 ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਸੀ ਅਤੇ ਇਨ੍ਹਾਂ ਸਾਰੀਆਂ ਥਾਵਾਂ ‘ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ, 2026 ਤੱਕ ਮੁਕੰਮਲ ਕਰ ਲਏ ਜਾਣਗੇ। ਜਲ ਸਰੋਤ ਮੰਤਰੀ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ ਅਤੇ ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ। ਸ੍ਰੀ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਜਨਾਲਾ ਹਲਕੇ ਦੇ ਕਈ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ ਅਤੇ ਮਾਨ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ ਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ।  

Punjab

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਚੰਡੀਗੜ੍ਹ, 28 ਅਪ੍ਰੈਲ– ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿੱਚ ਸੁਧਾਰ ਹੋਵੇਗਾ ਜਿਸ ਨਾਲ ਪੰਜਾਬ ਦੇ ਲਗਭਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਕਿਸਾਨਾਂ ਤੋਂ ਦੁੱਧ ਖ਼ਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਵੀ ਆਪਣੀਆਂ ਖਰੀਦ ਕੀਮਤਾਂ ਵਿੱਚ ਵਾਧਾ ਕਰਨਾ ਪਵੇਗਾ ਤਾਂ ਜੋ ਇਹ ਕੀਮਤਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ। ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਦੁੱਧ ਸਹਿਕਾਰੀ ਸੰਸਥਾ ਹੈ ਜੋ ਜਿਆਦਾਤਰ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਸਰਗਰਮ ਹੈ। ਦੇਸ਼ ਦੇ ਇਸ ਖੇਤਰ ਦੇ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ, ਮਿਲਕਫੈੱਡ ਵੱਲੋਂ ਦੁੱਧ ਖਰੀਦ ਕੀਮਤਾਂ ਵਿੱਚ ਵਾਧੇ ਦਾ ਵਿਆਪਕ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ।  

Scroll to Top