ਹੁਸ਼ਿਆਰਪੁਰ, 7 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ ‘ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ। ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤੇ ਜਣੇਪਾ ਸੰਭਾਲ ਸੇਵਾਵਾਂ ਨਾਲ ਲੈਸ ਹੈ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਹਰ ਕੋਨੇ ਤੱਕ ਸਿਹਤ ਸੰਭਾਲ ਪਹੁੰਚ ਦੇ ਵਿਸਥਾਰ ਲਈ ਹਲਕੇ ਵਿੱਚ ਸੱਤ ਵਾਧੂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਆਖਰੀ ਪੱਧਰ ਤੱਕ ਸਿਹਤ ਸੰਭਾਲ ਪ੍ਰਦਾਨ ਕਰਨ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਨੇ ਹਲਕੇ ਵਿੱਚ ਸੱਤ ਹੋਰ ਹੈਲਥ ਤੇ ਵੈਲਨੈੱਸ ਕੇਂਦਰਾਂ ਦੇ ਨਾਲ-ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਪਹੁੰਚਾਉਣ ਲਈ 9.18 ਕਰੋੜ ਰੁਪਏ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ। ਵਿਕਾਸ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 99 ਕਰੋੜ ਰੁਪਏ ਦੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜੋ 105 ਕਿਲੋਮੀਟਰ ਲੰਬਾ ਕੋਰੀਡੋਰ ਹੈ, ਜੋ ਚੰਡੀਗੜ੍ਹ, ਪਠਾਨਕੋਟ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਪਰਕ ਵਧਾਉਣ, ਜੰਮੂ ਅਤੇ ਦਿੱਲੀ ਵਿਚਕਾਰ ਯਾਤਰਾ ਦੇ ਸਮੇਂ ਨੂੰ ਘਟਾਉਣ ਅਤੇ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਸੁਚਾਰੂ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ। ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਦੇ 70 ਸਾਲਾਂ ਤੋਂ ਵੱਧ ਸਮੇਂ ਤੱਕ ਰਵਾਇਤੀ ਵਿਰੋਧੀ ਪਾਰਟੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇਨ੍ਹਾਂ ਪਾਰਟੀਆਂ ਦੀਆਂ ਪਿਛਾਖੜੀ ਅਤੇ ਵੰਡਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਰਫ਼ਤਾਰ ਤੋਂ ਪਛੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਨੁਕਸਾਨ ਝੱਲਣਾ ਪਿਆ ਸੀ। ਹਾਲਾਂਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਗਿਆ ਹੈ ਅਤੇ ਪਹਿਲੀ ਵਾਰ ਸੂਬਾ ਸਰਕਾਰ ਨੇ ਇੰਨੇ ਘੱਟ ਸਮੇਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਦੇ ਵਿਕਾਸ ਨੂੰ ਸਹੀ ਰਾਹ ਤੇ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘੇ ਦਿਨ ਨਾਲ ਆਪਣੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ ਹੁਣ ਰੰਗਲਾ ਪੰਜਾਬ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ‘ਆਪ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਲਈ ਚੋਣ ਮਨੋਰਥ ਪੱਤਰ ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।” ਵੱਡੀਆਂ ਵਿਕਾਸ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਸ਼ਾਮ ਚੁਰਾਸੀ ਵਿਖੇ 385 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਇਸ ਖੇਤਰ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਣਗੇ।” ਉਨ੍ਹਾਂ ਅੱਗੇ ਕਿਹਾ, “ਹੁਸ਼ਿਆਰਪੁਰ ਵਿਖੇ 268 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 300 ਬਿਸਤਰਿਆਂ ਵਾਲਾ ਹਸਪਤਾਲ ਬਣੇਗਾ, ਜੋ ਆਮ ਲੋਕਾਂ ਲਈ ਵੱਡਾ ਤੋਹਫ਼ਾ ਹੋਵੇਗਾ। ਇਹ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਨੂੰ ਡਾਕਟਰੀ ਸਿੱਖਿਆ ਦੇ ਕੇਂਦਰ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗਾ।” ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਕਿਉਂਕਿ ਉਹ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ। ਇਹ ਆਗੂ ਇਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੇ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਵਾਰੀ-ਵਾਰੀ ਰਾਜ ਕਰਨ ਦੀਆਂ ਖੇਡਾਂ ਖੇਡਦੇ ਸਨ ਪਰ ‘ਆਪ ਸਰਕਾਰ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖ਼ਲ ਕਰ ਕੇ ਇਸ ਖੇਡ ਨੂੰ ਬੰਦ ਕਰ ਦਿੱਤਾ, ਜਿਸ ਨਾਲ ਆਮ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਹੋ ਰਹੀਆਂ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਚੰਡੀਗੜ੍ਹ ਵਿੱਚ ਮੁੱਖ ਮੰਤਰੀਆਂ ਲਈ ਬਣੇ ਸਰਕਾਰੀ ਨਿਵਾਸ ਵਿੱਚ ਨਹੀਂ ਰਹੇ। ਇਸ ਦੀ ਬਜਾਏ ਇਹ ਆਗੂ ਆਪਣੇ ਹੀ ਮਹਿਲਾਂ ਵਰਗੇ ਘਰਾਂ ਵਿੱਚ ਰਹਿੰਦੇ ਸਨ, ਜੋ ਚੰਡੀਗੜ੍ਹ ਵਿੱਚ ਬਣਾਏ ਗਏ ਹਨ ਕਿਉਂਕਿ ਉਹ ਸਰਕਾਰੀ ਘਰਾਂ ਵਿੱਚ ਆਰਾਮਦਾਇਕ ਮਹਿਸੂਸ ਨਹੀਂ ਕਰਦੇ ਸਨ। ਅਕਾਲੀਆਂ ਨੂੰ ਸੂਬੇ ਵਿੱਚ ਸ਼ਾਸਨ ਕਰਨ ਦੇ ਪੰਜ ਮੌਕੇ ਮਿਲੇ ਪਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੇ ਲੋਕਾਂ ਅਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ।” ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਇਹੀ ਨਹੀਂ ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਧਰਮ ਨੂੰ ਵਰਤ ਕੇ ਲੋਕਾਂ ਨਾਲ ਧੋਖਾ ਕੀਤਾ। ਸਰਵਉੱਚ ਤਖ਼ਤਾਂ ਦੇ ਜਥੇਦਾਰ ਅਕਾਲੀ ਆਗੂਆਂ ਦੀਆਂ ਜੇਬਾਂ ‘ਚੋਂ ਚੁਣੇ ਜਾਂਦੇ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਦਾ ਵੱਡਾ ਵਿਕਾਸ ਹੋਇਆ ਪਰ ਕੋਟਕਪੁਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ‘ਤੇ ਉਹ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਕਸੂਰ ਮਾਰੇ ਗਏ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ? ਅਕਾਲੀ ਦਲ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ‘ਤੇ ਕੁਚਲਣ ਅਤੇ ਸੂਬੇ ਵਿੱਚ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦੇਣ ਤੋਂ ਇਲਾਵਾ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਇਹ ਵਧਿਆ-ਫੁੱਲਿਆ। ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸੁੱਖ-ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਅਤੇ ਸਟੈਂਡ ਬਦਲਦੇ ਹਨ।