Actionpunjab

Action Punjab Logo
Breaking News

Punjab

Punjab

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ, 11 ਜੂਨ *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੀਤੀ ਆਯੋਗ ਪਾਸੋਂ ਪਹਾੜੀ ਸੂਬਿਆਂ, ਉੱਤਰੀ ਪੂਰਬੀ ਸੂਬਿਆਂ ਅਤੇ ਜੰਮੂ ਕਸ਼ਮੀਰ ਦੀ ਤਰਜ਼ ’ਤੇ 90:10 ਫੰਡਿੰਗ ਨਾਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ (ਸਪੈਸ਼ਲ ਕੈਟਾਗਿਰੀ ਸਟੇਟਸ) ਦੇਣ ਦੀ ਮੰਗ ਵੀ ਰੱਖੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀ ਖਾਹਿਸ਼ਾਂ ਤੇ ਉਮੀਦਾਂ ‘ਵਿਕਸਤ ਭਾਰਤ-2047’ ਦੇ ਕੌਮੀ ਟੀਚੇ ਨਾਲ ਮੇਲ ਖਾਂਦੀਆਂ ਹਨ।  ਮੋਹਰੀ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਸ਼ੇਸ਼ ਇਮਦਾਦ ਦਾ ਹੱਕਦਾਰ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ ‘ਤੇ ਪੱਖ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਮੋਹਰੀ ਸੂਬਾ ਹੈ ਜਿਸ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਾਂਝੀ ਸਰਹੱਦ ਹੈ। ਸੂਬਾ ਗੰਭੀਰ ਅਤੇ ਬਹੁ-ਪੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਵਿੱਚ ਲਗਾਤਾਰ ਸਰਹੱਦ ਪਾਰੋਂ ਅੱਤਵਾਦ, ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਚੁਣੌਤੀਆਂ ਸ਼ਾਮਲ ਹੈ। ਇਸ ਦੇ ਨਤੀਜੇ ਵਜੋਂ ਹੀ ਨੌਜਵਾਨਾਂ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ, ਸੰਗਠਿਤ ਅਪਰਾਧ ਅਤੇ ਬੀ.ਐਸ.ਐਫ. ਦੀ ਨਿਗਰਾਨੀ ਹੇਠ ਕੰਡਿਆਲੀ ਤਾਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਵਿਚਕਾਰਲੀ ਜ਼ਮੀਨ ‘ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।” ਕੁਦਰਤੀ ਆਫ਼ਤਾਂ ਅਤੇ ਸੁਰੱਖਿਆ ਨਾਲ ਸਬੰਧਤ ਸਮੱਸਿਆਵਾਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਲ 2025 ਵਿੱਚ ਆਏ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਦੀ ਮਾਰ ਨੂੰ ਬੁਰੀ ਤਰ੍ਹਾਂ ਝੱਲਿਆ ਹੈ, ਜਿਸ ਨਾਲ 2,300 ਤੋਂ ਵੱਧ ਪਿੰਡਾਂ ਨੂੰ ਨੁਕਸਾਨ ਪਹੁੰਚਿਆ ਅਤੇ ਲਗਭਗ 12,905 ਕਰੋੜ ਰੁਪਏ ਦਾ ਨੁਕਸਾਨ ਹੋਇਆ। ‘ਆਪ੍ਰੇਸ਼ਨ ਸਿੰਦੂਰ’ (Operation Sindoor) ਤੋਂ ਬਾਅਦ ਪੰਜਾਬ ਦੇ ਵਸਨੀਕਾਂ ਨੂੰ ਜਿਸ ਮਾਰ ਦਾ ਸਾਹਮਣਾ ਕਰਨਾ ਪਿਆ, ਉਸ ਦਾ ਮੰਜ਼ਰ ਪੂਰੇ ਦੇਸ਼ ਨੇ ਦੇਖਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਸੰਘਣੀ ਆਬਾਦੀ ਵਾਲੇ ਪਿੰਡ ਤੇ ਕਸਬੇ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਹੋਏ ਆਰਥਿਕ ਵਿਕਾਸ ਤੋਂ ਵਿਰਵੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਦੀ ਬੇਯਕੀਨੀ ਅਤੇ ਜ਼ੋਖਮ ਦੇ ਨਤੀਜੇ ਵਜੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਿਵੇਸ਼ ਬਿਲਕੁਲ ਨਾਮਾਤਰ ਰਿਹਾ ਹੈ ਅਤੇ ਕਈ ਮਾਮਲਿਆਂ ਵਿੱਚ ਤਾਂ ਪੂੰਜੀ ਵੀ ਬਾਹਰ ਚਲੀ ਗਈ ਹੈ ਅਤੇ ਉਦਯੋਗ ਬੰਦ ਹੋ ਗਏ ਹਨ ਜਾਂ ਦੂਜੀਆਂ ਥਾਵਾਂ ‘ਤੇ ਹਿਜਰਤ ਕਰ ਗਏ। ਉਨ੍ਹਾਂ ਕਿਹਾ, “ਹਾਲਾਂਕਿ, ਸਾਡੇ ਦੁਸ਼ਮਣ ਗੁਆਂਢੀ ਮੁਲਕ ਦੇ ਵਿਰੁੱਧ ਪੰਜਾਬ, ਭਾਰਤ ਲਈ ਢਾਲ ਬਣ ਕੇ ਖੜ੍ਹਾ ਹੈ, ਪਰ ਭਾਰਤ ਸਰਕਾਰ ਵੱਲੋਂ ਸੂਬੇ ਅਤੇ ਇਸ ਦੇ ਸਰਹੱਦੀ ਖੇਤਰਾਂ ਲਈ ਦਿੱਤੀ ਗਈ ਸਹਾਇਤਾ ਬਹੁਤ ਹੀ ਨਾਕਾਫ਼ੀ ਰਹੀ ਹੈ।” ਵਿਕਾਸ ਕਾਰਜਾਂ ਵਿੱਚ ਵਿਤਕਰੇ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ‘ਵਾਈਬ੍ਰੈਂਟ ਵਿਲੇਜ-II’ (ਗਤੀਸ਼ੀਲ ਪਿੰਡ-2) ਪ੍ਰੋਗਰਾਮ ਤਹਿਤ ਸੂਬੇ ਦੇ ਸਿਰਫ਼ 107 ਪਿੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ 2,000 ਤੋਂ ਵੱਧ ਪਿੰਡ ਅਤੇ ਕਸਬੇ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹਨ।” ਕੇਂਦਰ ਨੂੰ ਪੰਜਾਬ ਦੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਨੂੰ ਅੰਤਰਰਾਸ਼ਟਰੀ ਸਰਹੱਦ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਦਰਪੇਸ਼ ਬਹੁਪੱਖੀ ਚੁਣੌਤੀਆਂ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਵਾਰ-ਵਾਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਨਾਲ ਲੱਗਦੀ ਸਾਡੀ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਬਣਾਉਣ, ਇਸ ਨੂੰ ਭਵਿੱਖ ਲਈ ਤਿਆਰ ਕਰਨ ਅਤੇ ਪੰਜਾਬ ਨੂੰ ਦਰਪੇਸ਼ ਬਹੁ-ਪੱਖੀ ਸੰਕਟ ਨੂੰ ਹੱਲ ਕਰਨ ਲਈ, ਅਸੀਂ ਕਈ ਮੌਕਿਆਂ ‘ਤੇ ਕੇਂਦਰ ਸਰਕਾਰ ਦੇ ਸਾਹਮਣੇ ਸਬੰਧਤ ਮੰਗਾਂ ਤੁਰੰਤ ਰੱਖੀਆਂ ਹਨ। ਹਾਲਾਂਕਿ, ਕੇਂਦਰ ਨੇ ਢੁਕਵਾਂ ਹੁੰਗਾਰਾ ਨਹੀਂ ਦਿੱਤਾ, ਜੋ ਕਿ ਬੇਹੱਦ ਮੰਦਭਾਗਾ ਅਤੇ ਅਣਉਚਿਤ ਹੈ।” ਮੁੱਖ ਮੰਤਰੀ ਨੇ ਦੁਹਰਾਇਆ ਕਿ ਮਈ, 2025 ਵਿੱਚ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੰਗਾਂ ਦੇ ਨਾਲ-ਨਾਲ ਮੌਜੂਦਾ ਮੀਟਿੰਗ ਦੌਰਾਨ ਪੇਸ਼ ਕੀਤੀਆਂ ਗਈਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਬੇਨਤੀ ਹੈ ਕਿ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਦੌਰਾਨ ਮੇਰੇ ਵੱਲੋਂ ਉਠਾਈਆਂ ਗਈਆਂ ਅਤੇ ਅੱਜ ਦੁਹਰਾਈਆਂ ਗਈਆਂ ਪੰਜਾਬ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।” ਵਿਕਸਿਤ ਭਾਰਤ ਲਈ ਸੁਰੱਖਿਅਤ ਤੇ ਖੁਸ਼ਹਾਲ ਪੰਜਾਬ ਜ਼ਰੂਰੀ ਪ੍ਰਧਾਨ ਮੰਤਰੀ ਨੂੰ ਪੰਜਾਬ ਨੂੰ ਹੋਰ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਆਪਣੇ ਨੁਕਸਾਨ ਦੀ ਕੀਮਤ ‘ਤੇ ਵੀ ਦੇਸ਼ ਅਤੇ ਇਸ ਦੀਆਂ ਸਰਹੱਦਾਂ ਨੂੰ ਦੁਸ਼ਮਣ ਗੁਆਂਢੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹਨ।” ਪੰਜਾਬ ਦੇ ਸਰੋਕਾਰਾਂ ਨੂੰ ਹਾਂ-ਪੱਖੀ ਹੁੰਗਾਰਾ ਮਿਲਣ ਦੀ ਉਮੀਦ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ, “ਮੈਨੂੰ ਉਮੀਦ ਹੈ ਕਿ ਸੂਬੇ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਦੇਸ਼ ਦੇ ਆਰਥਿਕ ਵਿਕਾਸ ਵਿੱਚ ਉਸ ਦੀ ਬਣਦੀ ਮਾਨਤਾ ਅਤੇ ਹਿੱਸਾ ਦਿੱਤਾ ਜਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ‘ਵਿਕਸਿਤ ਭਾਰਤ-2047’ ਦੇ ਵਿਜ਼ਨ ਨੂੰ ਹਾਸਲ ਕਰਨ ਲਈ ਕੇਂਦਰ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਭਾਰਤ ਨੂੰ 2047 ਤੱਕ ‘ਵਿਕਸਿਤ ਭਾਰਤ’ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ। ਇੱਕ ਸੁਰੱਖਿਅਤ, ਮਹਿਫੂਜ਼ ਅਤੇ ਖੁਸ਼ਹਾਲ ਪੰਜਾਬ ਹੀ ‘ਵਿਕਸਿਤ ਭਾਰਤ @ 2047’ ਦੀ ਗਾਰੰਟੀ ਦੇ ਸਕਦਾ ਹੈ।” ‘ਰੰਗਲਾ ਪੰਜਾਬ’ ਦਾ ਸੁਪਨਾ ਕੌਮੀ ਤਰਜੀਹਾਂ ਨਾਲ ਮੇਲ ਖਾਂਦਾ ਪੰਜਾਬ ਦੇ ਵਿਕਾਸ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਿੰਮਤ, ਉਮੀਦ ਅਤੇ ਸਮਰੱਥਾ ਦੀ ਧਰਤੀ, ਪੰਜਾਬ ਦੇ ਮੁੱਖ ਮੰਤਰੀ ਵਜੋਂ ਮੈਨੂੰ ‘ਰੰਗਲਾ ਪੰਜਾਬ’ ਲਈ ਸਾਡਾ ਸਮੂਹਿਕ ਵਿਜ਼ਨ ਪੇਸ਼ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ, ਜੋ 2047 ਤੱਕ ‘ਵਿਕਸਿਤ ਭਾਰਤ’ ਦੇ ਸਫਰ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਦ੍ਰਿੜ ਹੈ।” ਉਨ੍ਹਾਂ ਕਿਹਾ ਕਿ ਜਿਵੇਂ ਕਿ ਪੰਜਾਬ ਦੀਆਂ ਇੱਛਾਵਾਂ ਕੌਮੀ ਤਰਜੀਹਾਂ ਨਾਲ ਮੇਲ ਖਾਂਦੀਆਂ ਹਨ, ਮਾਨਵ ਪੂੰਜੀ ਦੇ ਵਿਕਾਸ  ‘ਤੇ ਕੇਂਦਰਿਤ ਵਿਚਾਰ-ਚਰਚਾ ਸਮੇਂ ਸਿਰ ਅਤੇ ਬਹੁਤ ਮਹੱਤਵਪੂਰਨ ਹੈ। ਮੁੱਖ ਮੰਤਰੀ ਨੇ ਪਰਿਵਾਰ-ਕੇਂਦਰਿਤ ਵਿਕਾਸ ਮਾਡਲ ਦੀ ਉਮੀਦ ਪ੍ਰਗਟਾਈ ਜੋ ਹਰ ਬੱਚੇ ਦੀ ਭਲਾਈ ਨੂੰ ਯਕੀਨੀ ਬਣਾਉਣ, ਕੰਮ ਕਰਨ ਦੀ ਉਮਰ ਵਾਲੀ ਆਬਾਦੀ ਨੂੰ ਉਤਪਾਦਕ ਅਤੇ ਨਵੀਨਤਾਕਾਰੀ ਬਣਨ ਲਈ ਸਮਰੱਥ ਬਣਾਉਣ ਅਤੇ ਬਜ਼ੁਰਗਾਂ ਨੂੰ ਮਾਣ-ਸਤਿਕਾਰ ਅਤੇ ਦੇਖਭਾਲ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, “ਇਸ ਲਈ ਸਾਨੂੰ ਆਪਣੀਆਂ ਅੰਦਰੂਨੀ ਸ਼ਕਤੀਆਂ ਦੀ ਵਰਤੋਂ ਕਰਨ, ਨਵੀਨਤਾਕਾਰੀ ਹੱਲ ਨਾਲ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ, ਲੋਕਾਂ ਨੂੰ ਆਧੁਨਿਕ ਹੁਨਰਾਂ ਨਾਲ ਸਮਰੱਥ ਬਣਾਉਣ ਅਤੇ ਅਜਿਹਾ ਅਨੁਕੂਲ ਮਾਹੌਲ ਸਿਰਜਣ ਦੀ ਲੋੜ ਹੈ ਜੋ ਉਨ੍ਹਾਂ ਨੂੰ ਪੰਜਾਬ ਅਤੇ ਭਾਰਤ ਦੇ ਵਿਕਾਸ ਸਫਰ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੇ ਅਤੇ ਲਾਭਪਾਤਰੀ ਬਣਨ ਦੇ ਯੋਗ ਬਣਾਵੇ।” ਹਰੇਕ ਪਰਿਵਾਰ

Punjab

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ,ਪਰ ਹੁਣ ਮੁਨਕਰ ਕਿਉਂ

ਚੰਡੀਗੜ੍ਹ, 11 ਜੂਨ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱਲਿਆ ਨਹੀਂ ਹੈ, ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿੰਮੇਵਾਰ ਲੋਕਾਂ ਨੂੰ ਜਨਤਾ ਅਤੇ ਕਾਨੂੰਨ ਦੇ ਸਾਹਮਣੇ ਜਵਾਬ ਦੇਣਾ ਪਵੇਗਾ। ਸੁਖਬੀਰ ਸਿੰਘ ਬਾਦਲ ਦੇ ਇਕਬਾਲੀਆ ਬਿਆਨ ਦਾ ਇੱਕ ਵੀਡੀਓ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਅਦਾਲਤ ਅੱਗੇ ਗੁਨਾਹ ਕਬੂਲ ਕਰਨਾ ਅਤੇ ਫਿਰ ਜਨਤਕ ਤੌਰ ‘ਤੇ ਇਸ ਤੋਂ ਮੁਨਕਰ ਹੋਣਾ ਸੰਸਥਾ ਦੀ ਮਰਿਆਦਾ ਦੀ ਤੌਹੀਨ ਹੈ ਅਤੇ ਉਨ੍ਹਾਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਜੋ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ, ਉਦੋਂ ਅਕਾਲੀ-ਭਾਜਪਾ ਸਰਕਾਰਾਂ ਸੱਤਾ ਵਿੱਚ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨਸਾਫ਼ ਯਕੀਨੀ ਬਣਾਉਣ ਦੀ ਬਜਾਏ, ਉਨ੍ਹਾਂ ਸਰਕਾਰਾਂ ਨੇ ਮਾਮਲਿਆਂ ਨੂੰ ਦਬਾਉਣ ਦਾ ਕੰਮ ਕੀਤਾ ਅਤੇ ਦੋਸ਼ੀਆਂ ਨੂੰ ਬਚਾਇਆ। ਸਾਲ 1986 ਦੇ ਨਾਕੋਦਰ ਗੋਲੀਕਾਂਡ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਜਦੋਂ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਵੱਡਾ ਹਿੱਸਾ ਅਕਾਲੀ ਸ਼ਾਸਨ ਦੌਰਾਨ ਰਹੱਸਮਈ ਢੰਗ ਨਾਲ ਗਾਇਬ ਕਰ ਦਿੱਤਾ ਗਿਆ ਤਾਂ ਜੋ ਸੱਚਾਈ ਸਾਹਮਣੇ ਨਾ ਆ ਸਕੇ। ਉਸ ਦੌਰਾਨ ਅਹਿਮ ਅਹੁਦਿਆਂ ‘ਤੇ ਤਾਇਨਾਤ ਅਧਿਕਾਰੀਆਂ ਨੂੰ ਬਾਅਦ ਵਿੱਚ ਅਕਾਲੀ ਦਲ ਵੱਲੋਂ ਸੀਨੀਅਰ ਅਹੁਦਿਆਂ ਅਤੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ ਗਿਆ। ਸਾਲ 2015 ਦੀਆਂ ਘਟਨਾਵਾਂ ਨਾਲ ਸਮਾਨਤਾ ਦਿਖਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੱਚ ਨੂੰ ਦਬਾਉਣ ਦਾ ਉਹੀ ਤਰੀਕਾ ਉਦੋਂ ਵੀ ਸਾਹਮਣੇ ਆਇਆ ਜਦੋਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਅਤੇ ਭੜਕਾਊ ਪੋਸਟਰ ਲਗਾਏ ਗਏ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। ਜਨਤਾ ਦੇ ਭਾਰੀ ਰੋਸ ਦੇ ਬਾਵਜੂਦ, ਤਤਕਾਲੀ ਅਕਾਲੀ-ਭਾਜਪਾ ਸਰਕਾਰ ਠੋਸ ਕਾਰਵਾਈ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਲੋਕ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਲਈ ਸੜਕਾਂ ‘ਤੇ ਉਤਰੇ, ਤਾਂ ਸਰਕਾਰ ਨੇ ਇਨਸਾਫ਼ ਦੇਣ ਦੀ ਬਜਾਏ ਤਾਕਤ ਦੀ ਵਰਤੋਂ ਕੀਤੀ। ਕੋਟਕਪੂਰਾ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੌਛਾਰਾਂ, ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਦੋਂ ਕਿ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ ਨੇ ਦੋ ਬੇਗੁਨਾਹ ਸਿੱਖਾਂ ਦੀ ਜਾਨ ਲੈ ਲਈ। ਸਰਕਾਰ ਨੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ, ਉਨ੍ਹਾਂ ‘ਤੇ ਅੰਨ੍ਹਾ ਤਸ਼ੱਦਦ ਕੀਤਾ, ਜਿਸ ਤੋਂ ਬਾਅਦ ਜਨਤਕ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ। ਸੁਖਬੀਰ ਸਿੰਘ ਬਾਦਲ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਤਤਕਾਲੀ ਗ੍ਰਹਿ ਮੰਤਰੀ ਆਪਣੇ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦਾਇਰ ਕੀਤੀ ਚਾਰਜਸ਼ੀਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੋਟ ਕੀਤਾ ਕਿ ਅਦਾਲਤਾਂ ਨੇ ਵੀ ਇਸ ਘਟਨਾ ਨੂੰ ਸੰਭਾਲਣ ਦੇ ਤਰੀਕੇ ਬਾਰੇ ਗੰਭੀਰ ਟਿੱਪਣੀਆਂ ਕੀਤੀਆਂ ਸਨ। ਬਲਤੇਜ ਪੰਨੂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਘਟਨਾਕ੍ਰਮ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਕੋਲ ਦਰਜ ਕਰਵਾਇਆ ਗਿਆ ਬਿਆਨ ਹੈ। ਸਾਬਕਾ ਜਥੇਦਾਰ ਨੇ ਪੁਸ਼ਟੀ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਇਹ ਇਕਬਾਲੀਆ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ ‘ਤੇ ਕੀਤਾ ਗਿਆ ਸੀ ਅਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ। ਇਹ ਰਿਕਾਰਡਿੰਗ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਵਿੱਚ ਸੁਰੱਖਿਅਤ ਹੈ। ਅਕਾਲੀ ਦਲ ਦੇ ਪ੍ਰਧਾਨ ਦੇ ਸਟੈਂਡ ‘ਤੇ ਸਵਾਲ ਉਠਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜ਼ਿੰਮੇਵਾਰੀ ਕਬੂਲ ਕੀਤੀ ਸੀ, ਤਾਂ ਉਹ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਇਸ ਤੋਂ ਇਨਕਾਰ ਕਿਵੇਂ ਕਰ ਸਕਦੇ ਹਨ? ਜੇਕਰ ਉਹ ਸੱਚਮੁੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ, ਤਾਂ ਉਹ ਆਪਣੇ ਹੀ ਇਕਬਾਲੀਆ ਬਿਆਨ ਦੇ ਉਲਟ ਕਿਉਂ ਜਾ ਰਹੇ ਹਨ? ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੁਆਫੀ ਮੰਗ ਕੇ ਬਾਹਰ ਆ ਕੇ ਇਹ ਦਾਅਵਾ ਨਹੀਂ ਕਰ ਸਕਦੇ ਕਿ ਕੁਝ ਹੋਇਆ ਹੀ ਨਹੀਂ। ਇਹ ਸਿਰਫ਼ ਇੱਕ ਸਿਆਸੀ ਵਿਰੋਧਾਭਾਸ ਨਹੀਂ ਹੈ, ਬਲਕਿ ਇਹ ਉਸ ਸੰਸਥਾ ਦੀ ਪਵਿੱਤਰਤਾ ਦਾ ਅਪਮਾਨ ਹੈ ਜਿਸਦੇ ਸਾਹਮਣੇ ਇਹ ਗੁਨਾਹ ਕਬੂਲਿਆ ਗਿਆ ਸੀ। ‘ਆਪ’ ਸਰਕਾਰ ਦੀ ਪਹੁੰਚ ‘ਤੇ ਚਾਨਣਾ ਪਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿਭਗਵੰਤ ਮਾਨ ਸਰਕਾਰ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਐਸ.ਆਈ.ਟੀਜ਼ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ’ ਸਰਕਾਰ ਨੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਹ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ ਹੈ। ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਅਤੇ ਉਸ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ, ਭਾਵੇਂ ਉਨ੍ਹਾਂ ਦਾ ਸਿਆਸੀ ਰੂਤਬਾ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ। 

Punjab

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਫਿਰੋਜ਼ਪੁਰ, 11 ਜੂਨ-      ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਕਾਮਯਾਬੀ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਹੋਣਹਾਰ ਖਿਡਾਰੀ ਰਸ਼ਮੀਨ ਕੌਰ ਹਾਂਡਾ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਸ਼ੁੱਭ ਇਛਾਵਾਂ ਪ੍ਰਗਟ ਕੀਤੀਆਂ|     ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਪਿੰਡ ਜਮੀਤਪੁਰ ਢੇਰੂ ਦੀ ਧੀ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੇ ਸਦਕਾ ਭਾਰਤੀ ਟੀਮ ਵਿਚ ਅਹਿਮ ਸਥਾਨ ਹਾਸਲ ਕੀਤਾ ਹੈ। ਇਕ ਤੇਜ਼-ਤਰਾਰ ਅਤੇ ਫੁਰਤੀਲੀ ਮਿਡ ਫੀਲਡਰ ਵਜੋਂ ਉਸ ਨੇ ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੱਖਣੀ ਕੋਰੀਆ ਨੂੰ 3-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਉਪਲਬਧੀ ਵਿਚ ਰਸ਼ਮੀਨ ਕੌਰ ਅਤੇ ਉਸ ਦੀਆਂ ਸਾਥੀ ਖਿਡਾਰਨਾਂ ਦੇ ਜਜ਼ਬੇ, ਮਿਹਨਤ ਅਤੇ ਟੀਮ ਵਰਕ ਦਾ ਵੱਡਾ ਯੋਗਦਾਨ ਰਿਹਾ। ਉਨਾ ਆਸ ਪ੍ਰਗਟ ਕੀਤੀ ਗਈ ਭਵਿੱਖ ਵਿੱਚ ਵੀ ਇਹ ਖਿਡਾਰਨ ਇਸੇ ਤਰ੍ਹਾਂ ਆਪਣੇ ਪਿੰਡ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰੇਗੀ| ਉਨ੍ਹਾਂ ਨੇ ਖਿਡਾਰਣ ਦੇ ਮਾਪਿਆਂ ਤੇ ਕੋਚਾਂ ਨੂੰ ਵੀ ਮੁਬਾਰਕਬਾਦ ਦਿੱਤੀ|    ਇਸ ਮੌਕੇ ਜ਼ਿਲ੍ਹਾ ਖੇਡ ਅਫਸਰ  ਗੁਰਦੀਪ ਸਿੰਘ ਗਰੇਵਾਲ, ਹਾਕੀ ਕੋਚ ਮਨਮੀਤ ਸਿੰਘ ਰੂਬਲ, ਖਿਡਾਰਣ ਦੇ ਪਿਤਾ ਸੁਖਵਿੰਦਰ ਸਿੰਘ,  ਮਾਤਾ ਸੁਖਵਿੰਦਰ ਕੌਰ, ਭਰਾ ਵਤਨਜੀਤ ਸਿੰਘ, ਦਾਦਾ ਸ. ਨਗਿੰਦਰ ਸਿੰਘ, ਚਾਚਾ ਮਾਸਟਰ ਕਸ਼ਮੀਰ ਸਿੰਘ ਅਤੇ ਖੇਡ ਵਿਭਾਗ ਦੇ ਹੋਰ ਕੋਚ ਤੇ ਸਟਾਫ਼ ਹਾਜ਼ਰ ਸਨ| 

Punjab

ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 11 ਜੂਨ: “ਮੇਰੀ ਧਰਤੀ ਮੇਰਾ ਜਨੂੰਨ” ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁਲਾਂ ਦੇ ਨਿਰਮਾਣ ਦਾ ਐਲਾਨ ਕੀਤਾ ਹੈ। ਇਹ ਪ੍ਰੋਜੈਕਟ ਇਲਾਕੇ ਦੀ ਪੁਰਾਣੀ ਮੰਗ ਨੂੰ ਪੂਰਾ ਕਰੇਗਾ ਅਤੇ ਦਰਜਨਾਂ ਪਿੰਡਾਂ ਦੀ ਕਨੈਕਟੀਵਿਟੀ ਨੂੰ ਮਜ਼ਬੂਤ ਬਣਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੇ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ 9 ਜੁਲਾਈ ਨੂੰ ਖੋਲ੍ਹੇ ਜਾਣਗੇ, ਜਿਸ ਤੋਂ ਬਾਅਦ ਅਗਸਤ ਮਹੀਨੇ ਵਿੱਚ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ।        ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਪਹਿਲੀ ਵਾਰ ਆਪਣੇ ਇਲਾਕੇ ਦੇ ਨੌਜਵਾਨ ਨੂੰ ਮੌਕਾ ਦਿੱਤਾ ਹੈ ਅਤੇ ਉਹ ਇਸ ਭਰੋਸੇ ‘ਤੇ ਖਰਾ ਉਤਰਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗਰ ਇਲਾਕੇ ਵਿੱਚ ਪਹਿਲਾਂ ਲੋਕਾਂ ਨੂੰ ਵਿਕਾਸ ‘ਤੇ ਯਕੀਨ ਨਹੀਂ ਸੀ, ਪਰ ਹੁਣ ਉੱਥੇ ਚੱਲ ਰਹੇ ਕੰਮਾਂ ਨੇ ਲੋਕਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਪ੍ਰੋਜੈਕਟ ਨੂੰ ਖੁਦ ਮਾਨੀਟਰ ਕਰਦੇ ਹਨ ਤਾਂ ਜੋ ਕੰਮ ਸਮੇਂ ਸਿਰ ਅਤੇ ਗੁਣਵੱਤਾ ਨਾਲ ਮੁਕੰਮਲ ਹੋਵੇ।        ਪ੍ਰੋਜੈਕਟਾਂ ਦੇ ਵੇਰਵੇ ਦਿੰਦਿਆਂ ਸ.ਬੈਂਸ ਨੇ ਦੱਸਿਆ ਕਿ ਚੰਦਪੁਰ ਵਿੱਚ 26 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਪੁਲ ਬਣਾਇਆ ਜਾਵੇਗਾ, ਜੋ ਪੁਰਾਣੇ 40-50 ਸਾਲ ਪੁਰਾਣੇ ਪੁਲ ਦਾ ਬਦਲ ਹੋਵੇਗਾ। ਇਸ ਦੇ ਨਾਲ ਹੀ ਸ਼ਾਹਪੁਰ ਬੇਲਾ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਤਿਆਰ ਕੀਤਾ ਜਾਵੇਗਾ। ਨੱਕੀਆਂ ਪਿੰਡ ਵਿੱਚ 4 ਕਰੋੜ ਨਾਲ ਪੁਲ ਬਣੇਗਾ, ਜਦਕਿ ਪੀਘਬੜੀ ਵਿੱਚ 6 ਕਰੋੜ ਦੀ ਲਾਗਤ ਨਾਲ ਵੱਡਾ ਪੁਲ ਤਿਆਰ ਕੀਤਾ ਜਾਵੇਗਾ। ਗੰਭੀਰਪੁਰ ਵਿੱਚ 1 ਕਰੋੜ ਨਾਲ ਢਾਂਚਾਗਤ ਸੁਧਾਰ ਕੀਤੇ ਜਾਣਗੇ ਅਤੇ ਬੇਲਾ ਧਿਆਨੀ ਵਿੱਚ 16 ਕਰੋੜ ਨਾਲ ਨਵਾਂ ਪੁਲ ਬਣੇਗਾ ਜੋ ਇਲਾਕਿਆਂ ਨੂੰ ਸਿੱਧਾ ਜੋੜੇਗਾ।    ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਲਕੇ ਵਿੱਚ ਛੋਟੇ-ਵੱਡੇ ਪੁਲ ਅਤੇ ਪੁਲੀਆਂ ਬਣਾਈਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਪਿੰਡ ਬਿਨਾਂ ਸੰਪਰਕ ਤੋ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਵੀ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਸੁਗਮ ਬਣ ਸਕੇ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਨਾਲ ਸਿੱਧੀ ਪਹੁੰਚ ਮਿਲੇ।        ਸ੍ਰ.ਬੈਂਸ ਨੇ ਕਿਹਾ ਕਿ ਇਹ ਪੁਲ ਬਣਨ ਨਾਲ ਨਾ ਸਿਰਫ ਆਵਾਜਾਈ ਆਸਾਨ ਹੋਵੇਗੀ, ਸਗੋਂ ਇਲਾਕੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਬਲ ਮਿਲੇਗਾ। ਖਾਸ ਕਰਕੇ ਬੇਲਾ ਧਿਆਨੀ ਅਤੇ ਅਜੌਲੀ ਵਰਗੇ ਪਿੰਡਾਂ ਲਈ ਇਹ ਪ੍ਰੋਜੈਕਟ ਕਿਸਮਤ ਬਦਲਣ ਵਾਲਾ ਸਾਬਤ ਹੋਵੇਗਾ, ਕਿਉਂਕਿ ਲੋਕਾਂ ਨੂੰ ਹਾਈਵੇ ‘ਤੇ ਜਾਣ ਦੀ ਲੋੜ ਘੱਟ ਪਵੇਗੀ ਅਤੇ ਸਿੱਧੀ ਸੜਕ ਸਹੂਲਤ ਮਿਲੇਗੀ। ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਦਾ ਇੱਕੋ ਜਨੂੰਨ ਹੈ, ਆਪਣੀ ਧਰਤੀ ਲਈ ਕੰਮ ਕਰਨਾ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਪੰਜਾਬ ਦਾ ਮਾਡਲ ਹਲਕਾ ਬਣਾਇਆ ਜਾ ਸਕੇ। 

Punjab

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 11 ਜੂਨ    ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨ, ਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂ, ਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਵਧੇਗੀ ਅਤੇ ਯੋਗਤਾ ਦੇ ਆਧਾਰ ਤੇ ਅੱਗੇ ਵਧਣ ਦਾ ਵਿਸ਼ਵਾਸ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਭਵਿੱਖ ਵਿੱਚ ਪੰਜਾਬ ਨੂੰ ਹੋਰ ਤਰੱਕੀਸ਼ੀਲ ਅਤੇ ਖੁਸ਼ਹਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸੇਵਾ, ਪਾਰਦਰਸ਼ਤਾ ਅਤੇ ਵਿਕਾਸ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ। ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਸਿਹਤ ਸੁਰੱਖਿਆ ਯੋਜਨਾ ਅਤੇ ਮਾਵਾਂ-ਧੀਆਂ ਦੇ ਸਨਮਾਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇੱਕ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਕੈਂਪਾਂ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਯੋਜਨਾ ਦਾ ਲਾਭ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਹੈ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ। 

Punjab

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਚੰਡੀਗੜ੍ਹ, 11 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 36,023  ਹੋ ਗਈ ਹੈ। ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 467ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 1.2 ਕਿਲੋ ਹੈਰੋਇਨ, 3 ਕਿਲੋ ਭੁੱਕੀ, 257 ਨਸ਼ੀਲੀਆਂ ਗੋਲੀਆਂ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 467 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,833 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Punjab

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੀ ਫਤਿਹ ਸਿੰਘ ਕਲੋਨੀ ਦੇ ਰਹਿਣ ਵਾਲੇ ਗੌਤਮ (24), ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਕਬੀਰ ਉਰਫ਼ ਕਾਕੂ (22), ਅੰਮ੍ਰਿਤਸਰ ਦੇ ਰਹਿਣ ਵਾਲੇ ਸਮੀਰ ਉਰਫ਼ ਸਭਰਵਾਲ (18), ਅੰਮ੍ਰਿਤਸਰ ਦੀ ਔਰਚਿਡ ਵੈਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਕੀੜਾ (18) ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਨਸ਼ਿਆਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੁਬਈ ਅਧਾਰਤ ਤਸਕਰ ਨਾਲ ਸੰਪਰਕ ਵਿੱਚ ਸਨ ਜੋ ਸਰਹੱਦ ਪਾਰੋਂ ਹੈਰੋਇਨ ਤਸਕਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੁਬਈ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਉਕਤ ਮੁਲਜ਼ਮ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਅੱਗੇ ਪੰਜਾਬ ਭਰ ‘ਚ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਵਿੱਤੀ ਸਰੋਤਾਂ ਦਾ ਪਤਾ ਲਗਾ ਕੇ ਸੰਭਾਵਿਤ ਹਵਾਲਾ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਗੌਤਮ ਨੂੰ ਉਸਦੇ ਦੋ ਨਾਬਾਲਗ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ 30.045 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੌਤਮ ਦੇ ਖੁਲਾਸੇ ‘ਤੇ ਤਿੰਨ ਹੋਰ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ ਅਤੇ ਗੁਰਪ੍ਰੀਤ ਸਿੰਘ ਉਰਫ਼ ਕੀੜਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਅਨੁਸਾਰ ਦੁਬਈ ਅਧਾਰਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਂਡ ਹੈ, ਜੋ ਪੁਲਿਸ ਨੂੰ ਪਹਿਲਾਂ ਹੀ 42 ਕਿਲੋ ਹੈਰੋਇਨ ਰਿਕਵਰੀ ਕੇਸ ਅਤੇ 10 ਕਿਲੋਆਈਸੀਈ ਰਿਕਵਰੀ ਕੇਸ ਸਮੇਤ ਤਿੰਨ ਵੱਡੇ ਐਨਡੀਪੀਐਸ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਦੁਬਈ ‘ਚ ਬੈਠ ਕੇ ਕੰਮ ਕਰਦਿਆਂ ਉਕਤ ਮੁਲਜ਼ਮ ਨੌਜਵਾਨਾਂ, ਜਿਨ੍ਹਾਂ ਵਿੱਚ ਨਾਬਾਲਗ ਵੀ ਸ਼ਾਮਲ ਹਨ, ਨੂੰ ਪੈਸੇ ਦਾ ਲਾਲਚ ਦੇ ਕੇ ਲੁਭਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਨਸ਼ਿਆਂ ਦੀ ਖੇਪ ਹਾਸਲ ਕਰਨ ਤੋਂ ਲੈ ਕੇ ਇਨ੍ਹਾਂ ਦੀ ਅੱਗੇ ਸਪਲਾਈ ਵਰਗੇ ਕੰਮਾਂ ਲਈ ਵਰਤਦਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 122 ਮਿਤੀ 03.06.2026 ਦਰਜ ਹੈ।  

Punjab

ਦਿੱਲੀ 'ਚ ਡੇਂਗੂ-ਮਲੇਰੀਆ ਦਾ ਕਹਿਰ: 32 ਹਜ਼ਾਰ ਤੋਂ ਵੱਧ ਘਰਾਂ 'ਚ ਮਿਲਿਆ ਮੱਛਰਾਂ ਦਾ ਲਾਰਵਾ

ਨਵੀਂ ਦਿੱਲੀ। ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਰਾਜਧਾਨੀ ਦਿੱਲੀ ਵਿੱਚ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਰਿਹਾ ਹੈ। ਦਿੱਲੀ ਨਗਰ ਨਿਗਮ (MCD) ਦੀ 6 ਜੂਨ ਤੱਕ ਦੀ ਹਫ਼ਤਾਵਾਰੀ ਰਿਪੋਰਟ ਦੇ ਅਨੁਸਾਰ, ਇਸ ਸਾਲ ਹੁਣ ਤੱਕ ਮਲੇਰੀਆ ਦੇ 39 ਅਤੇ ਡੇਂਗੂ ਦੇ 152 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਚਿਕਨਗੁਨੀਆ ਦੇ 8 ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਮਲੇਰੀਆ ਦੇ 66 ਮਾਮਲੇ ਸਾਹਮਣੇ ਆਏ ਸਨ, ਪਰ ਨਿਗਮ ਸੰਤੁਸ਼ਟ ਹੋਣ ਦੇ ਮੂਡ ਵਿੱਚ ਨਹੀਂ ਹੈ। MCD ਨੇ ਮੱਛਰਾਂ ਨੂੰ ਕੰਟਰੋਲ ਕਰਨ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਹੁਣ ਤੱਕ 30,948 ਕਾਨੂੰਨੀ ਨੋਟਿਸ ਜਾਰੀ ਕੀਤੇ ਗਏ ਹਨ ਜਿੱਥੇ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਪਾਏ ਗਏ ਸਨ। ਨਿਯਮਾਂ ਦੀ ਉਲੰਘਣਾ ਕਰਨ ਲਈ 3,547 ਵਿਅਕਤੀਆਂ ਵਿਰੁੱਧ ਮੁਕੱਦਮਾ ਵੀ ਸ਼ੁਰੂ ਕੀਤਾ ਗਿਆ ਹੈ। 1.62 ਕਰੋੜ ਘਰਾਂ ਦਾ ਸਰਵੇਖਣ ਕਾਰਪੋਰੇਸ਼ਨ ਨੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਪਛਾਣ ਕਰਨ ਲਈ 1.62 ਕਰੋੜ ਤੋਂ ਵੱਧ ਘਰਾਂ ਦਾ ਸਰਵੇਖਣ ਕੀਤਾ। ਇਨ੍ਹਾਂ ਵਿੱਚੋਂ 32,558 ਘਰਾਂ ਵਿੱਚ ਮੱਛਰਾਂ ਦੇ ਪ੍ਰਜਨਨ ਦਾ ਪਤਾ ਲੱਗਿਆ। ਇਸ ਤੋਂ ਇਲਾਵਾ, 1,72,174 ਘਰਾਂ ਵਿੱਚ ਕੀਟਨਾਸ਼ਕ ਛਿੜਕਾਅ ਰਾਹੀਂ ਲਾਰਵੇ ਨੂੰ ਨਸ਼ਟ ਕਰਨ ਦੇ ਉਪਾਅ ਕੀਤੇ ਗਏ। ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਾਨਸੂਨ ਤੋਂ ਪਹਿਲਾਂ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖਤਮ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਛਿੜਕਾਅ ਕਾਰਜਾਂ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ, ਜਿੱਥੇ ਮੱਛਰਾਂ ਦਾ ਪ੍ਰਜਨਨ ਪਾਇਆ ਗਿਆ ਹੈ।

Punjab

ਹਰਦੀਪ ਸਿੰਘ ਮੁੰਡੀਆਂ ਨੇ ਨਿਯੁਕਤੀ ਪੱਤਰ ਸੌਂਪੇ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 11 ਉਮੀਦਵਾਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 37 ਉਮੀਦਵਾਰਾਂ ਦੀ ਚੋਣ ਕੀਤੀ ਗਈ। ਦੱਸਣਯੋਗ ਹੈ ਕਿ ਸਾਰੇ ਚੁਣੇ ਗਏ ਉਮੀਦਵਾਰ ਡਾਇਰੈਕਟਰ ਲੈਂਡ ਰਿਕਾਰਡਜ਼, ਜਲੰਧਰ ਵਿਖੇ ਦੋ ਮਹੀਨਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਇੱਕ ਮਹੀਨੇ ਦੀ ਮਾਲੀਆ ਸਿਖਲਾਈ ਅਤੇ ਇੱਕ ਮਹੀਨੇ ਦੀ ਫੀਲਡ ਸਿਖਲਾਈ ਸ਼ਾਮਲ ਹੋਵੇਗੀ ਤਾਂ ਜੋ ਉਨ੍ਹਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਪੇਸ਼ੇਵਰ ਹੁਨਰ ਅਤੇ ਖੇਤਰੀ ਤਜਰਬਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਕਿਹਾ ਕਿ ਇਹ ਭਰਤੀ ਯੋਗ ਸਟਾਫ਼ ਰਾਹੀਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਲਈ ਅਹਿਮ ਕਦਮ ਸਾਬਤ ਹੋਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਸਿਰਜਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ, “ਸੂਬੇ ਵਿੱਚ ਪਾਰਦਰਸ਼ੀ ਭਰਤੀ ਵਿਧੀ ਰਾਹੀਂ ਨੌਜਵਾਨਾਂ ਨੂੰ 66,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਨੌਜਵਾਨਾਂ ਦਾ ਸਰਕਾਰੀ ਤੰਤਰ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ।” ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਸਮਰਪਣ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਅਤੇ ਸੂਬੇ ਭਰ ਵਿੱਚ ਲੈਂਡ ਰਿਕਾਰਡਜ਼ ਪ੍ਰਸ਼ਾਸਨ ਦੇ ਆਧੁਨਿਕੀਕਰਨ ਅਤੇ ਨਾਗਰਿਕ-ਪੱਖੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ। ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਲੋਕ-ਸੇਵਾ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਗੁੰਮਰਾਹਕੁੰਨ ਸਲਾਹਾਂ ਜਾਂ ਕਿਸੇ ਕਿਸਮ ਦੇ ਦਬਾਅ ਹੇਠ ਨਾ ਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਹਿਮ ਲੋਕ ਸੇਵਾ ਪ੍ਰਣਾਲੀ ਨਾਲ ਜੁੜਨ ਦੇ ਨਾਤੇ, ਉਨ੍ਹਾਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ ਅਤੇ ਸੂਬਾ ਸਰਕਾਰ ਦੇ “ਰੰਗਲਾ ਪੰਜਾਬ” ਸਿਰਜਣ ਦੇ ਵਿਜ਼ਨ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਕਾਰੀ ਦੀ ਸਾਖ ਉਸ ਦੇ ਵਿਹਾਰ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨਾਲ ਬਣਦੀ ਹੈ, ਇਸ ਲਈ ਉਹ ਪੇਸ਼ੇਵਰਾਨਾ ਢੰਗ ਨਾਲ ਉੱਚੇ ਮਿਆਰਾਂ ਨੂੰ ਕਾਇਮ ਰੱਖਦਿਆਂ ਹਰ ਜ਼ਿੰਮੇਵਾਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਉਣ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਸਿਫਾਰਸ਼ ਜਾਂ ਪ੍ਰਭਾਵ ਦੇ ਪੂਰੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ, ਜ਼ਮੀਨ ਅਤੇ ਜ਼ਮੀਨ ਨਾਲ ਸਬੰਧਤ ਸੇਵਾਵਾਂ ਨਾਲ ਡੂੰਘਾ ਅਤੇ ਅਟੁੱਟ ਸਬੰਧ ਰੱਖਦਾ ਹੈ, ਜਿਸ ਨਾਲ ਮਾਲ ਵਿਭਾਗ ਵਿੱਚ ਡੀ.ਐਸ.ਐਮ. ਅਤੇ ਏ.ਐਸ.ਐਮ. ਦੀ ਭੂਮਿਕਾ ਬਹੁਤ ਅਹਿਮ ਹੋ ਜਾਂਦੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬੇ ਭਰ ਦੇ ਜ਼ਮੀਨੀ ਰਿਕਾਰਡਾਂ ਨੂੰ ਡਿਜੀਟਾਈਜ਼ਡ ਕਰ ਦਿੱਤਾ ਗਿਆ ਹੈ, ਇਸ ਲਈ ਆਧੁਨਿਕ ਤਕਨੀਕੀ ਪ੍ਰਣਾਲੀਆਂ ਰਾਹੀਂ ਇਨ੍ਹਾਂ ਰਿਕਾਰਡਾਂ ਨੂੰ ਸੰਭਾਲਣ, ਅਪਡੇਟ ਕਰਨ ਅਤੇ ਪ੍ਰਬੰਧਨ ਕਰਨ ਦੀ ਜ਼ਿੰਮੇਵਾਰੀ ਮੁੱਖ ਤੌਰ ‘ਤੇ ਇਨ੍ਹਾਂ ਅਧਿਕਾਰੀਆਂ ਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਅਧਿਕਾਰੀ ਆਪਣੀ ਤਕਨੀਕੀ ਮੁਹਾਰਤ, ਸਮਰਪਣ ਅਤੇ ਇਮਾਨਦਾਰੀ ਦੀ ਵਰਤੋਂ ਕੁਸ਼ਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੂਬੇ ਦੀ ਡਿਜੀਟਲ ਭੂਮੀ ਰਿਕਾਰਡ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਰਨਗੇ। ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਮਾਲ ਵਿਭਾਗ, ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਅਤੇ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਅਧਿਕਾਰੀ ਸ਼ਾਮਲ ਸਨ।  

Punjab

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ

ਚੰਡੀਗੜ੍ਹ,10 ਜੂਨ 2026– ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ ਵਿਕਸਤ ਕਰਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਸੰਵਾਦ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਸਕੂਲੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਅਗਸਤ, 2023 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਦੇ ਚੋਣਵੇਂ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਇਸ ਪ੍ਰੋਗਰਾਮ ਦਾ ਲਾਭ ਲੈ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਪ੍ਰੋਗਰਾਮ ਤਹਿਤ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਇੱਕ ਇਨਡੋਰ ਅਤੇ ਦੋ ਆਊਟਡੋਰ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ। ਇਸ ਤੋਂ ਇਲਾਵਾ ਐਸਪੀਸੀ ਵਿਦਿਆਰਥੀਆਂ ਨੂੰ ਡੀਸੀਜ਼ ਅਤੇ ਐੱਸਐੱਸਪੀਜ਼ ਦਫ਼ਤਰਾਂ, ਪੁਲਿਸ ਥਾਣਿਆਂ, ਸਾਂਝ ਕੇਂਦਰਾਂ, ਸਟੇਟ ਪੁਲਿਸ ਅਕੈਡਮੀ ਅਤੇ ਹੋਰ ਵਿੱਦਿਅਕ ਮਹੱਤਵ ਵਾਲੇ ਸਥਾਨਾਂ ਦਾ ਦੌਰਾ ਕਰਨ ਦਾ ਮੌਕਾ ਵੀ ਦਿੱਤਾ ਜਾਂਦਾ ਹੈ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ 450 ਐੱਸਪੀਸੀ ਕੈਡੇਟਾਂ ਨੇ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਐੱਸਪੀਸੀ ਪ੍ਰੋਗਰਾਮ ਦੀ ਰੂਪ-ਰੇਖਾ ਅਤੇ ਸਾਈਬਰ ਸੁਰੱਖਿਆ ਸਬੰਧੀ ਸੈਸ਼ਨਾਂ ਵਿੱਚ ਭਾਗ ਲਿਆ, ਵਿਚਾਰ-ਵਟਾਂਦਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਅਜਾਇਬਘਰ, ਲਾਇਬ੍ਰੇਰੀ ਅਤੇ ਫਿਲੌਰ ਕਿਲ੍ਹੇ ਵਰਗੀਆਂ ਮਹੱਤਵਪੂਰਨ ਥਾਂਵਾਂ ਦਾ ਦੌਰਾ ਕੀਤਾ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਅਫੇਅਰਜ਼ ਅਤੇ ਵੂਮੈਨ ਅਫੇਅਰਜ਼) ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਅਜਿਹੇ ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਲਈ ਨਵੀਆਂ ਸੰਭਾਵਨਾਵਾਂ ਉਜਾਗਰ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਮਾਹੌਲ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਦੇ ਹਨ। ਇਸ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਦਾ ਹੈ। ਉਹ ਪੁਲਿਸ ਪ੍ਰਬੰਧ ਨੂੰ ਸਮਝਣ ਅਤੇ ਉਸ ਦਾ ਸਤਿਕਾਰ ਕਰਨ ਲੱਗਦੇ ਹਨ। ਅਜਿਹੇ ਪ੍ਰੋਗਰਾਮ ਨੌਜਵਾਨਾਂ ਦੇ ਬੌਧਿਕ ਵਿਕਾਸ ਵਿੱਚ ਸਹਾਇਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਰਕਾਰ ਅਤੇ ਪੁਲਿਸ ਪ੍ਰਣਾਲੀ ਦੀ ਕਾਰਜਪ੍ਰਣਾਲੀ ਨਾਲ ਜਾਣੂ ਕਰਵਾਉਂਦੇ ਹਨ। ਇਸ ਨਾਲ ਪੁਲਿਸ ਪ੍ਰਤੀ ਡਰ ਖ਼ਤਮ ਹੁੰਦਾ ਹੈ ਅਤੇ ਲੋੜ ਪੈਣ ‘ਤੇ ਸਰਕਾਰੀ ਸੰਸਥਾਵਾਂ ਨਾਲ ਸੰਪਰਕ ਕਰਨ ਦਾ ਵਿਸ਼ਵਾਸ ਪੈਦਾ ਹੁੰਦਾ ਹੈ।” ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਐੱਸਪੀਸੀ ਵਿਦਿਆਰਥੀਆਂ, ਚੋਣਵੇਂ ਸਕੂਲਾਂ ਦੇ ਅਧਿਆਪਕਾਂ ਅਤੇ ਪੰਜਾਬ ਦੇ ਸਾਂਝ ਕੇਂਦਰਾਂ ਦੇ ਅਧਿਕਾਰੀਆਂ ਲਈ ਇੱਕ ਦਿਨ ਦਾ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਅਤੇ ਪੁਲਿਸ ਅਕੈਡਮੀ ਦੀਆਂ ਵੱਖ-ਵੱਖ ਸਹੂਲਤਾਂ ਦਾ ਦੌਰਾ ਵੀ ਸ਼ਾਮਲ ਸੀ। ਐੱਸਪੀਸੀ ਵਿਦਿਆਰਥੀਆਂ ਨੇ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਬਠਿੰਡਾ, ਐੱਸਏਐੱਸ ਨਗਰ, ਬਰਨਾਲਾ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫਾਜ਼ਿਲਕਾ, ਐੱਸਬੀਐੱਸ ਨਗਰ ਅਤੇ ਗੁਰਦਾਸਪੁਰ ਵਿੱਚ ਕਰਵਾਈਆਂ ਗਈਆਂ ਗਣਤੰਤਰ ਦਿਵਸ ਪਰੇਡਾਂ ਵਿੱਚ ਭਾਗ ਲਿਆ। ਹਰ ਜ਼ਿਲ੍ਹੇ ਤੋਂ 40 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਇਹ ਪਹਿਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਈ। ਪਰੇਡ ਵਿੱਚ ਭਾਗ ਲੈਣ ਵਾਲੇ ਕੁੱਲ 440 ਐੱਸਪੀਸੀ ਵਿਦਿਆਰਥੀਆਂ ਨੂੰ ਵਰਦੀਆਂ ਵੀ ਮੁਹੱਈਆ ਕਰਵਾਈਆਂ ਗਈਆਂ। ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਨੌਜਵਾਨ ਅਕਸਰ ਆਪਣੇ ਸਾਥੀਆਂ ਦੇ ਦਬਾਅ ਅਤੇ ਮਾਪਿਆਂ ਦੀ ਸਹੀ ਅਗਵਾਈ ਦੀ ਘਾਟ ਕਾਰਨ ਗਲਤ ਗਤੀਵਿਧੀਆਂ ਵੱਲ ਆਕਰਸ਼ਿਤ ਹੋ ਜਾਂਦੇ ਹਨ। ਉਨ੍ਹਾਂ ਨੂੰ ਗਲਤ ਰਾਹ ‘ਤੇ ਜਾਣ ਤੋਂ ਰੋਕਣ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਨਾਲ ਜੁੜੇ ਸਮਾਜਿਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਪ੍ਰੋਗਰਾਮ ਰਾਹੀਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਆਪਣੀ ਅਸਲ ਸਮਰੱਥਾ ਨੂੰ ਪਛਾਣਨ ਅਤੇ ਪੁਲਿਸ ਨਾਲ ਖੁੱਲ੍ਹ ਕੇ ਸੰਵਾਦ ਕਰਨ ਲਈ ਮੰਚ ਪ੍ਰਦਾਨ ਕੀਤਾ ਹੈ, ਜਿੱਥੇ ਪੁਲਿਸ ਉਨ੍ਹਾਂ ਦੇ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਂਦੀ ਹੈ।” ਐੱਸਪੀਸੀ ਪਹਿਲ ਤਹਿਤ ਪੁਲਿਸ ਵਿਭਾਗ ਸਿੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰਦਾ ਹੈ। ਇਸ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਾਂਝ ਕੇਂਦਰਾਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਜਾਣ-ਪਛਾਣ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਸਾਂਝ ਕੇਂਦਰ ਪੰਜਾਬ ਪੁਲਿਸ ਦੀਆਂ ਕਮਿਊਨਿਟੀ ਪੁਲਿਸਿੰਗ ਇਕਾਈਆਂ ਹਨ। ਇਹ ਪਹਿਲ ਪੰਜਾਬ ਸਰਕਾਰ ਦੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੀ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ ਕਿਉਂਕਿ ਇਸ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਨ੍ਹਾਂ ਵਿੱਚ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਵਿਕਸਿਤ ਕੀਤੀ ਜਾ ਰਹੀ ਹੈ।  

Scroll to Top